Nabaz-e-punjab.com

ਮੁਲਤਾਨੀ ਕੇਸ: ਬਚਾਅ ਪੱਖ ਨੇ ਜਵਾਬ ਦਾਅਵਾ ਪੇਸ਼ ਕਰਨ ਲਈ ਮੋਹਲਤ ਮੰਗੀ

ਸਾਬਕਾ ਡੀਜੀਪੀ ਸੁਮੇਧ ਸੈਣੀ ਤੇ ਹੋਰਨਾਂ ਖ਼ਿਲਾਫ਼ ਮਟੌਰ ਥਾਣੇ ਵਿੱਚ ਦਰਜ ਹੈ ਅਪਰਾਧਿਕ ਮਾਮਲਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਜੁਲਾਈ:
ਸਿਟਕੋ ਦੇ ਜੂਨੀਅਰ ਇੰਜੀਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਚਰਚਿਤ ਸਾਬਕਾ ਡੀਜੀਪੀ ਸੁਮੇਧ ਸੈਣੀ ਤੇ ਹੋਰਨਾਂ ਸੇਵਾਮੁਕਤ ਪੁਲੀਸ ਅਫ਼ਸਰਾਂ ਖ਼ਿਲਾਫ਼ ਦਰਜ ਅਪਰਾਧਿਕ ਮਾਮਲੇ ਦੀ ਸੁਣਵਾਈ ਅੱਜ ਮੁਹਾਲੀ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਰਜਨੀਸ਼ ਗਰਗ ਦੀ ਅਦਾਲਤ ਵਿੱਚ ਹੋਈ। ਅਦਾਲਤ ਨੇ ਅਗਲੀ ਸੁਣਵਾਈ ਲਈ 7 ਅਗਸਤ ਦਾ ਦਿਨ ਨਿਰਧਾਰਿਤ ਕੀਤਾ ਹੈ।
ਪੰਜਾਬ ਸਰਕਾਰ ਵੱਲੋਂ ਸੈਣੀ ਕੇਸ ਦੀ ਪੈਰਵੀ ਲਈ ਨਿਯੁਕਤ ਸਪੈਸ਼ਲ ਪਬਲਿਕ ਪ੍ਰਾਸੀਕਿਊਟਰ ਸਰਤੇਜ ਸਿੰਘ ਨਰੂਲਾ, ਜ਼ਿਲ੍ਹਾ ਅਟਾਰਨੀ ਸੰਜੀਵ ਬੱਤਰਾ ਅਤੇ ਪੀੜਤ ਪਰਿਵਾਰ ਦੇ ਵਕੀਲ ਪਰਦੀਪ ਸਿੰਘ ਵਿਰਕ ਨੇ ਇਸ ਮਾਮਲੇ ਵਿੱਚ ਨਾਮਜ਼ਦ ਯੂਟੀ ਪੁਲੀਸ ਦੇ ਦੋ ਸੇਵਾਮੁਕਤ ਇੰਸਪੈਕਟਰਾਂ ਅਨੋਖ ਸਿੰਘ ਅਤੇ ਜਗੀਰ ਸਿੰਘ ਨੂੰ ਪਹਿਲਾਂ ਦਿੱਤੀ ਕੱਚੀ ਜ਼ਮਾਨਤ ਰੱਦ ਕਰਨ ਦੀ ਮੰਗ ਕੀਤੀ। ਬਚਾਅ ਪੱਖ ਦੇ ਵਕੀਲ ਐਚਐਸ ਧਨੋਆ ਨੇ ਮੁਲਜ਼ਮਾਂ ਨੂੰ ਪਹਿਲਾਂ ਦਿੱਤੀ ਕੱਚੀ ਜ਼ਮਾਨਤ ਬਰਕਰਾਰ ਰੱਖਣ ਦੀ ਮੰਗ ਕਰਦਿਆਂ ਕਿਹਾ ਕਿ ਉਹ ਧਾਰਾ 302 ਵਿੱਚ ਮੁਲਜ਼ਮਾਂ ਨੂੰ ਪੱਕੀ ਜ਼ਮਾਨਤ ਦੇਣ ਲਈ ਦਾਇਰ ਕੀਤੀ ਆਪਣੀ ਅਰਜ਼ੀ ਵਾਪਸ ਲੈ ਲੈਣਗੇ। ਕਿਉਂਕਿ ਪੁਲੀਸ ਵੱਲੋਂ ਹਾਲੇ ਤੱਕ ਕਿਸੇ ਮੁਲਜ਼ਮ ਖ਼ਿਲਾਫ਼ ਧਾਰਾ 302 ਦੇ ਜੁਰਮ ਦਾ ਵਾਧਾ ਨਹੀਂ ਕੀਤਾ ਗਿਆ ਹੈ। ਬਚਾਅ ਪੱਖ ਨੇ ਸਰਕਾਰੀ ਵਕੀਲ ਵੱਲੋਂ ਮੁਲਜ਼ਮਾਂ ਦੀਆਂ ਜ਼ਮਾਨਤਾਂ ਰੱਦ ਕਰਨ ਸਬੰਧੀ ਦਾਖ਼ਲ ਕੀਤੀ ਅਰਜ਼ੀ ਬਾਰੇ ਆਪਣਾ ਜਵਾਬ ਦਾਅਵਾ ਪੇਸ਼ ਕਰਨ ਲਈ ਅਦਾਲਤ ਤੋਂ ਕੁਝ ਦਿਨਾਂ ਦੀ ਮੋਹਲਤ ਮੰਗੀ ਗਈ। ਅਦਾਲਤ ਨੇ ਸਾਰੀਆਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮਾਮਲੇ ਦੀ ਸੁਣਵਾਈ 7 ਅਗਸਤ ’ਤੇ ਅੱਗੇ ਪਾ ਦਿੱਤੀ। ਉਧਰ, ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਹੇਠਲੀ ਅਦਾਲਤ ਵੱਲੋਂ ਪਹਿਲਾਂ ਦਿੱਤੀ ਪੱਕੀ ਜ਼ਮਾਨਤ ਰੱਦ ਕਰਵਾਉਣ ਲਈ ਪੰਜਾਬ ਸਰਕਾਰ ਦੀ ਹਾਈ ਕੋਰਟ ਵਿੱਚ ਪਟੀਸ਼ਨ ਪੈਂਡਿੰਗ ਪਈ ਹੈ।
ਉਧਰ, ਅਦਾਲਤ ਵਿੱਚ ਸਾਬਕਾ ਪੁਲੀਸ ਅਧਿਕਾਰੀ ਖ਼ਿਲਾਫ਼ ਪੁਰਾਣੇ ਗਵਾਹ ਨੂੰ ਧਮਕਾਉਣ ਦਾ ਮਾਮਲਾ ਵੀ ਉੱਠਿਆ। ਇਸ ਮਾਮਲੇ ਵਿੱਚ ਨਾਮਜ਼ਦ ਸਾਬਕਾ ਪੁਲੀਸ ਅਫ਼ਸਰਾਂ ਅਨੋਖ ਸਿੰਘ ਅਤੇ ਜਗੀਰ ਸਿੰਘ ਖ਼ਿਲਾਫ਼ ਕਥਿਤ ਤੌਰ ’ਤੇ ਗਵਾਹ ਨੂੰ ਧਮਕਾਉਣ ਦੇ ਦੋਸ਼ ਹੇਠ ਪਿਛਲੇ ਦਿਨੀਂ ਧਾਰਾ 195ਏ ਅਤੇ 500 ਤਹਿਤ ਵੱਖਰਾ ਕੇਸ ਦਰਜ ਕੀਤਾ ਗਿਆ ਹੈ। ਜਦੋਂਕਿ ਮੁਲਜ਼ਮਾਂ ਨੂੰ ਕੱਚੀ ਜ਼ਮਾਨਤ ਦੇਣ ਸਮੇਂ ਅਦਾਲਤ ਨੇ ਮੁਲਜ਼ਮਾਂ ਨੂੰ ਸਪੱਸ਼ਟ ਤੌਰ ’ਤੇ ਨਿਰਦੇਸ਼ ਦਿੱਤੇ ਸਨ ਕਿ ਜ਼ਮਾਨਤੀ ਪੀਰੀਅਡ ਦੌਰਾਨ ਉਹ ਸ਼ਿਕਾਇਤ ਕਰਤਾ, ਗਵਾਹ ਜਾਂ ਹੋਰ ਕਿਸੇ ਨੂੰ ਡਰਾਉਣ ਧਮਕਾਉਣ ਜਾਂ ਲਾਲਚ ਦੇਣ ਦੀ ਕੋਸ਼ਿਸ਼ ਨਹੀਂ ਕਰਨਗੇ, ਪ੍ਰੰਤੂ ਉਕਤ ਦੋਵੇਂ ਸਾਬਕਾ ਅਧਿਕਾਰੀਆਂ ਨੇ ਇਕ ਪੁਰਾਣੇ ਗਵਾਹ ਗੁਰਮੀਤ ਪਿੰਕੀ ਨੂੰ ਡਰਾ ਧਮਕਾ ਕੇ ਅਦਾਲਤ ਦੇ ਹੁਕਮਾਂ ਦੀ ਉਲੰਘਣਾ ਕੀਤੀ ਹੈ।

Load More Related Articles
Load More By Nabaz-e-Punjab
Load More In Police

Check Also

War on Gangsters: Punjab Police conducted 409 Raids, 132 held

War on Gangsters: Punjab Police conducted 409 Raids, 132 held Nabaz-e-Punjab, Chandigarh, …