ਮੁਲਤਾਨੀ ਅਗਵਾ ਕੇਸ: ਵਾਅਦਾ ਮੁਆਫ਼ ਗਵਾਹ ਬਣੇ ਸਾਬਕਾ ਅਧਿਕਾਰੀਆਂ ਦੇ ਬਿਆਨ ਕਲਮਬੰਦ
ਸੁਮੇਧ ਸੈਣੀ ਖ਼ਿਲਾਫ਼ ਧਾਰਾ 302 ਦੇ ਜੁਰਮ ਦਾ ਵਾਧਾ ਕਰਨ ਜਾਂ ਨਾ ਕਰਨ ਬਾਰੇ ਫੈਸਲਾ ਸ਼ੁੱਕਰਵਾਰ ਤੱਕ ਰਾਖਵਾਂ
ਜੁਡੀਸ਼ਲ ਮੈਜਿਸਟਰੇਟ ਰਸਵੀਨ ਕੌਰ ਦੀ ਅਦਾਲਤ ਵਿੱਚ ਧਾਰਾ 164 ਤਹਿਤ ਹੋਏ ਬਿਆਨ ਦਰਜ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਅਗਸਤ:
ਪੰਜਾਬ ਦੇ ਸਾਬਕਾ ਆਈਏਐਸ ਅਧਿਕਾਰੀ ਦੇ ਬੇਟੇ ਅਤੇ ਸਿਟਕੋ ਦੇ ਜੂਨੀਅਰ ਇੰਜੀਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੇ ਖ਼ਿਲਾਫ਼ ਵਾਅਦਾ ਮੁਆਫ਼ ਗਵਾਹ ਬਣੇ ਯੂਟੀ ਪੁਲੀਸ ਦੇ ਦੋ ਸਾਬਕਾ ਇੰਸਪੈਕਟਰਾਂ ਜਗੀਰ ਸਿੰਘ ਅਤੇ ਕੁਲਦੀਪ ਸਿੰਘ ਸੰਧੂ ਦੇ ਬਿਆਨ ਕਲਮਬੰਦ ਕੀਤੇ ਗਏ। ਇਸ ਸਾਰੀ ਕਾਰਵਾਈ ਮੁਹਾਲੀ ਦੀ ਜੁਡੀਸ਼ਲ ਮੈਜਿਸਟਰੇਟ-ਕਮ-ਡਿਊਟੀ ਮੈਜਿਸਟਰੇਟ ਰਸਵੀਨ ਕੌਰ ਦੀ ਅਦਾਲਤ ਵਿੱਚ ਹੋਈ। ਜਿੱਥੇ ਜੱਜ ਦੇ ਸਾਹਮਣੇ ਦੋਵੇਂ ਸਾਬਕਾ ਅਧਿਕਾਰੀਆਂ ਦੇ ਸੀਆਰਪੀਸੀ ਦੀ ਧਾਰਾ 164 ਦੇ ਤਹਿਤ ਬਿਆਨ ਦਰਜ ਕੀਤੇ ਗਏ।
ਪਤਾ ਲੱਗਾ ਹੈ ਕਿ ਬਿਆਨ ਦਰਜ ਕਰਨ ਤੋਂ ਪਹਿਲਾਂ ਜੱਜ ਨੇ ਸਚਾਈ ਜਾਣਨ ਲਈ ਸਾਬਕਾ ਪੁਲੀਸ ਅਫ਼ਸਰਾਂ ਤੋਂ ਪੁੱਛਿਆ ਕਿ ਉਹ ਆਪਣੀ ਮਰਜ਼ੀ ਨਾਲ ਬਿਆਨ ਦੇ ਰਹੇ ਹਨ ਜਾਂ ਉਨ੍ਹਾਂ ’ਤੇ ਬਿਆਨ ਦੇਣ ਲਈ ਕਿਸੇ ਕਿਸਮ ਦਾ ਦਬਾਅ ਪਾਇਆ ਗਿਆ ਹੈ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਉਹ ਆਪਣੀ ਮਰਜ਼ੀ ਨਾਲ ਹੀ ਬਿਆਨ ਦੇਣ ਰਹੇ ਹਨ। ਉਨ੍ਹਾਂ ’ਤੇ ਕਿਸੇ ਦਾ ਕੋਈ ਦਬਾਅ ਨਹੀਂ ਹੈ ਅਤੇ ਨਾ ਹੀ ਉਹ ਕਿਸੇ ਲਾਲਚ ਵਿੱਚ ਆ ਕੇ ਅਜਿਹਾ ਕਰ ਰਹੇ ਹਨ। ਉਂਜ ਵੀ ਦੋਵੇਂ ਅਧਿਕਾਰੀ ਪਹਿਲਾਂ ਹੀ ਧਾਰਾ 306 ਦੇ ਤਹਿਤ ਲਿਖਤੀ ਰੂਪ ਵਿੱਚ ਆਪਣੇ ਬਿਆਨਾਂ ਦਾ ਨਮੂਨਾ ਦੇ ਚੁੱਕੇ ਹਨ। ਉਧਰ, ਵਾਅਦਾ ਮੁਆਫ਼ ਗਵਾਹਾਂ ਦੇ ਬਿਆਨਾਂ ਨੂੰ ਆਧਾਰ ਬਣਾ ਕੇ ਹੁਣ ਸਾਬਕਾ ਡੀਜੀਪੀ ਸੁਮੇਧ ਸੈਣੀ ਅਤੇ ਬਾਕੀ ਮੁਲਜ਼ਮਾਂ ਖ਼ਿਲਾਫ਼ ਧਾਰਾ 302 ਦੇ ਜੁਰਮ ਦਾ ਵਾਧਾ ਕੀਤਾ ਜਾ ਸਕਦਾ ਹੈ। ਇਸ ਸਬੰਧੀ ਅਦਾਲਤ ਨੇ ਸੈਣੀ ਤੇ ਹੋਰਨਾਂ ਖ਼ਿਲਾਫ਼ ਧਾਰਾ 302 ਦਾ ਵਾਧਾ ਕਰਨ ਜਾਂ ਨਾ ਕਰਨ ਬਾਰੇ ਆਪਣਾ ਫੈਸਲਾ ਭਲਕੇ 21 ਅਗਸਤ ਤੱਕ ਰਾਖਵਾਂ ਰੱਖ ਲਿਆ ਹੈ। ਵਾਅਦਾ ਮੁਆਫ਼ ਗਵਾਹਾਂ ਦੇ ਬਿਆਨ ਦਰਜ ਹੋਣ ਤੋੋਂ ਬਾਅਦ ਸੈਣੀ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਚੇਤੇ ਰਹੇ ਅਦਾਲਤ ਨੇ ਸੈਣੀ ਤੇ ਬਾਕੀ ਮੁਲਜ਼ਮਾਂ ਨੂੰ ਜ਼ਮਾਨਤ ਦੇਣ ਸਮੇਂ ਪੁਲੀਸ ਨੂੰ ਇਹ ਹਦਾਇਤ ਕੀਤੀ ਸੀ ਕਿ ਜੇਕਰ ਮੁਲਜ਼ਮਾਂ ਦੇ ਖ਼ਿਲਾਫ਼ ਧਾਰਾ 302 ਦੇ ਜੁਰਮ ਦਾ ਵਾਧਾ ਕੀਤਾ ਜਾਂਦਾ ਹੈ ਤਾਂ ਉਨ੍ਹਾਂ ਦੀ ਗ੍ਰਿਫ਼ਤਾਰੀ ਸਬੰਧੀ ਤਿੰਨ ਦਿਨ ਪਹਿਲਾਂ ਅਗਾਊਂ ਨੋਟਿਸ ਦੇਣਾ ਹੋਵੇਗਾ।
ਉਧਰ, ਫਿਲਹਾਲ ਇਹ ਕਹਿਣਾ ਮੁਸ਼ਕਲ ਹੈ ਕਿ ਸਾਬਕਾ ਪੁਲੀਸ ਅਫ਼ਸਰਾਂ ਨੇ ਅਦਾਲਤ ਵਿੱਚ ਕੀ ਬਿਆਨ ਦਰਜ ਕਰਵਾਏ ਹਨ ਪ੍ਰੰਤੂ ਸੂਤਰਾਂ ਦਾ ਕਹਿਣਾ ਹੈ ਕਿ ਕਿਸੇ ਸਮੇਂ ਸੁਮੇਧ ਸੈਣੀ ਦੇ ਖਾਸ ਰਹੇ ਇਨ੍ਹਾਂ ਸਾਬਕਾ ਅਫ਼ਸਰਾਂ ਨੇ ਆਪਣੇ ਬਿਆਨਾਂ ਵਿੱਚ ਪੂਰੇ ਘਟਨਾਕ੍ਰਮ ਤੋਂ ਜਾਣੂ ਕਰਵਾਉਂਦਿਆਂ ਦੱਸਿਆ ਹੈ ਕਿ ਕਿਵੇਂ ਨੌਜਵਾਨ ਨੂੰ ਮੁਹਾਲੀ ਸਥਿਤ ਉਸ ਦੇ ਘਰੋਂ ਚੁੱਕ ਕੇ ਚੰਡੀਗੜ੍ਹ ਦੇ ਸੈਕਟਰ-17 ਦੇ ਥਾਣੇ ਵਿੱਚ ਲਿਆਂਦਾ ਗਿਆ ਅਤੇ ਉੱਥੇ ਉਸ ਉੱਤੇ ਸੈਣੀ ਦੀ ਮੌਜੂਦਗੀ ਬੇਤਹਾਸ਼ਾ ਤਸ਼ੱਦਦ ਢਾਹਿਆ ਗਿਆ। ਉਨ੍ਹਾਂ ਨੇ ਪੁਲੀਸ ਹਿਰਾਸਤ ਵਿੱਚ ਹੋਈ ਨੌਜਵਾਨ ਦੀ ਮੌਤ ਤੋਂ ਬਾਅਦ ਉਸ ਦੀ ਲਾਸ਼ ਨੂੰ ਠਿਕਾਣੇ ਲਗਾਉਣ ਦਾ ਜ਼ਿਕਰ ਕਰਨ ਬਾਰੇ ਪਤਾ ਲੱਗਾ ਹੈ। ਉਧਰ, ਸਰਕਾਰੀ, ਪੀੜਤ ਪਰਿਵਾਰ ਅਤੇ ਬਚਾਅ ਪੱਖ ਵਕੀਲ ਅਦਾਲਤ ਦੇ ਹੁਕਮਾਂ ਦੀ ਕਾਪੀ ਮਿਲਣ ਦਾ ਇੰਤਜ਼ਾਰ ਕਰ ਰਹੇ ਹਨ।
ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਸਮੇਤ ਛੇ ਮੁਲਜ਼ਮਾਂ ਐਸਪੀ ਬਲਦੇਵ ਸਿੰਘ ਸੈਣੀ ਅਤੇ ਇੰਸਪੈਕਟਰ ਸਤਵੀਰ ਸਿੰਘ, ਹਰ ਸਹਾਏ ਸ਼ਰਮਾ (69) ਵਾਸੀ ਸੈਕਟਰ-51ਡੀ, ਜਗੀਰ ਸਿੰਘ (70) ਵਾਸੀ ਸੈਕਟਰ-51, ਅਨੋਖ ਸਿੰਘ (65) ਵਾਸੀ ਸੈਕਟਰ-21 ਅਤੇ ਕੁਲਦੀਪ ਸਿੰਘ ਸੰਧੂ (66) ਵਾਸੀ ਮਨੀਮਾਜਰਾ ਦੇ ਖ਼ਿਲਾਫ਼ ਮਟੌਰ ਥਾਣੇ ਵਿੱਚ ਧਾਰਾ 364, 201, 344, 330, 219 ਅਤੇ 120ਬੀ ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ। ਐਸਪੀ ਬਲਦੇਵ ਸਿੰਘ ਸੈਣੀ ਅਤੇ ਇੰਸਪੈਕਟਰ ਸਤਵੀਰ ਸਿੰਘ ਦੀ ਮੌਤ ਹੋ ਚੁੱਕੀ ਹੈ। ਇਨ੍ਹਾਂ ’ਤੇ 11 ਦਸੰਬਰ 1991 ਨੂੰ ਸਵੇਰੇ ਤੜਕੇ 4 ਵਜੇ ਇੱਥੋਂ ਦੇ ਫੇਜ਼-7 ਸਥਿਤ ਸਾਬਕਾ ਆਈਏਐਸ ਅਧਿਕਾਰੀ ਦੇ ਬੇਟੇ ਅਤੇ ਸਿਟਕੋ ਦੇ ਜੇਈ ਬਲਵੰਤ ਸਿੰਘ ਮੁਲਤਾਨੀ ਨੂੰ ਘਰੋਂ ਚੁੱਕ ਕੇ ਤਸ਼ੱਦਦ ਢਾਹੁਣ ਅਤੇ ਬਾਅਦ ਵਿੱਚ ਗਾਇਬ ਕਰਨ ਦਾ ਦੋਸ਼ ਹੈ।