ਭਾਖੜਾ ਮੈਨੇਜਮੈਂਟ ਬੋਰਡ ਦੇ ਪੰਜਾਬ ਵਿਰੋਧੀ ਫ਼ੈਸਲਿਆਂ ਖ਼ਿਲਾਫ਼ ਸੰਘਰਸ਼ ਵਿੱਢਣ ਦੀ ਲੋੜ: ਸਤਵੀਰ ਧਨੋਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਫਰਵਰੀ:
ਪੰਜਾਬੀ ਵਿਰਸਾ ਸਭਿਆਚਾਰਕ ਸੁਸਾਇਟੀ ਦੇ ਪ੍ਰਧਾਨ ਤੇ ਸਾਬਕਾ ਕੌਂਸਲਰ ਸਤਵੀਰ ਸਿੰਘ ਧਨੋਆ ਨੇ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਦੀ ਘੋਰ ਅਣਗਹਿਲੀ ਕਾਰਨ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵੱਲੋਂ ਪੰਜਾਬ ਦੇ ਹਿੱਤਾਂ ਨੂੰ ਲਗਾਤਾਰ ਖੋਰਾ ਲਾਇਆ ਜਾ ਰਿਹਾ ਹੈ। ਅੱਜ ਇੱਥੇ ਸਤਵੀਰ ਧਨੋਆ ਨੇ ਕਿਹਾ ਕਿ ਬੋਰਡ ਦੇ ਰੂਲਜ਼ 2022 ਮੁਤਾਬਕ ਪੰਜਾਬ ਦੀ ਹੱਕੀ ਨੁਮਾਇੰਦਗੀ ਖ਼ਤਮ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪਾਣੀਆਂ ਅਤੇ ਮੁਲਾਜ਼ਮਾਂ ਦੇ ਕੋਟੇ ਦੇ ਮਾਮਲੇ ਵਿੱਚ ਸੂਬੇ ਨੂੰ ਸੋਚੀ-ਸਮਝੀ ਸਾਜ਼ਿਸ਼ ਤਹਿਤ ਇਸ ਦੇ ਹੱਕਾਂ ਤੋਂ ਵਾਂਝਾ ਕੀਤਾ ਜਾ ਰਿਹਾ ਹੈ, ਜੋ ਗੰਭੀਰ ਚਿੰਤਾ ਦਾ ਵਿਸ਼ਾ ਹੈ।
ਸਾਬਕਾ ਕੌਂਸਲਰ ਨੇ ਕਿਹਾ ਕਿ ਇਸ ਵੇਲੇ ਬੋਰਡ ਵਿੱਚ ਪੰਜਾਬ ਦੇ ਮਹਿਜ਼ 25 ਕੁ ਫੀਸਦੀ ਮੁਲਾਜ਼ਮ ਹੀ ਬਚੇ ਹਨ ਜਦਕਿ ਇਸ ਦਾ ਕੋਟਾ 54 ਫੀਸਦੀ ਹੈ। ਇਸ ਤੋਂ ਇਲਾਵਾ ਪਾਣੀਆਂ ਦੇ ਮਾਮਲੇ ਵਿੱਚ ਵੀ ਪੰਜਾਬ ਦੇ ਹੱਕ ਖੋਹੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨਾਲ ਇਸ ਵੱਡੀ ਬੇਇਨਸਾਫ਼ੀ ਲਈ ਜਿੱਥੇ ਸਮੇਂ ਦੀਆਂ ਸਰਕਾਰਾਂ ਜ਼ਿੰਮੇਵਾਰ ਹਨ, ਉੱਥੇ ਲੋਕ ਵੀ ਆਪਣੇ ਹੱਕਾਂ ਲਈ ਆਵਾਜ਼ ਬੁਲੰਦ ਕਰਨ ਵਿੱਚ ਨਾਕਾਮ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਹੱਕ ਲੈਣ ਵਾਲੇ ਹੀ ਅਵੇਸਲੇ ਪੈ ਜਾਣ ਤਾਂ ਹੱਕ ਦੇਣ ਵਾਲਾ ਹੱਕ ਕਿਉਂ ਦੇਵੇਗਾ?
ਸ੍ਰੀ ਧਨੋਆ ਨੇ ਕਿਹਾ ਕਿ ਪੰਜਾਬ ਕੋਲ ਪਾਣੀ ਦੀ ਪਹਿਲਾਂ ਹੀ ਬਹੁਤ ਵੱਡੀ ਘਾਟ ਹੈ ਅਤੇ ਧਰਤੀ ਹੇਠਲਾ ਪਾਣੀ ਲਗਾਤਾਰ ਡੂੰਘਾ ਹੁੰਦਾ ਜਾ ਰਿਹਾ ਹੈ ਪਰ ਪੰਜਾਬ ਸਰਕਾਰ ਬੋਰਡ ਤੋਂ ਆਪਣੇ ਹਿੱਸੇ ਦਾ ਪਾਣੀ ਲੈਣ ਵਿੱਚ ਵੀ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋ ਰਹੀ ਹੈ। ਇੰਜ ਹੀ ਚੰਡੀਗੜ੍ਹ ਅਤੇ ਪੰਜਾਬੀ ਬੋਲਦੇ ਇਲਾਕੇ ਲੈਣ ਵਿੱਚ ਵੀ ਅਸੀਂ ਬਹੁਤ ਪਛੜ ਗਏ ਹਾਂ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਰਕਾਰਾਂ ਕੋਲੋਂ ਝਾਕ ਰੱਖਣ ਦੀ ਬਜਾਏ ਖ਼ੁਦ ਆਪਣੇ ਹੱਕਾਂ ਲਈ ਜਾਗਰੂਕ ਹੋ ਕੇ ਫੈਸਲਾਕੁਨ ਸੰਘਰਸ਼ ਦਾ ਰਾਹ ਅਖ਼ਤਿਆਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਆਪਣੇ ਹੱਕ ਲੈਣ ਲਈ ਇਸ ਕੇਂਦਰੀ ਬੋਰਡ ਦੇ ਪੰਜਾਬ ਵਿਰੋਧੀ ਫੈਸਲਿਆਂ ਖ਼ਿਲਾਫ਼ ਜ਼ੋਰਦਾਰ ਤਰੀਕੇ ਨਾਲ ਆਵਾਜ਼ ਉਠਾ ਕੇ ਸੰਘਰਸ਼ ਦਾ ਪਿੜ ਮੱਲਣਾ ਪਵੇਗਾ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…