ਪੁਰਾਣੀ ਪੈਨਸ਼ਨ ਪ੍ਰਾਪਤੀ ਫ਼ਰੰਟ ਨੇ ਮਜ਼ਦੂਰ ਦਿਵਸ ’ਤੇ ‘ਆਪ’ ਵਿਧਾਇਕ ਦੇ ਦਫ਼ਤਰ ਬਾਹਰ ਧਰਨਾ ਦਿੱਤਾ

ਯੂਪੀਐੱਸ ਸਕੀਮ ਨੂੰ ਵਿਚਾਰਨ ਦੀ ਥਾਂ ਪੁਰਾਣੀ ਪੈਨਸ਼ਨ ਦਾ ਨੋਟੀਫ਼ਿਕੇਸ਼ਨ ਫੌਰੀ ਲਾਗੂ ਕਰੇ ਸਰਕਾਰ

ਨਬਜ਼-ਏ-ਪੰਜਾਬ, ਮੁਹਾਲੀ, 1 ਮਈ:
ਪੁਰਾਣੀ ਪੈਨਸ਼ਨ ਦੇ ਨੋਟੀਫ਼ਿਕੇਸ਼ਨ ਨੂੰ ਲਾਗੂ ਕਰਵਾਉਣ ਲਈ ਸੰਘਰਸ਼ ਨੂੰ ਤੇਜ਼ ਕਰਦਿਆਂ ਪੁਰਾਣੀ ਪੈਨਸ਼ਨ ਪ੍ਰਾਪਤੀ ਫ਼ਰੰਟ ਵੱਲੋਂ ਅੱਜ ਮਜ਼ਦੂਰ ਦਿਵਸ ’ਤੇ ਮੁਹਾਲੀ ਵਿਖੇ ‘ਆਪ’ ਵਿਧਾਇਕ ਕੁਲਵੰਤ ਸਿੰਘ ਦੇ ਦਫ਼ਤਰ ਬਾਹਰ ਜ਼ਿਲ੍ਹਾ ਪੱਧਰੀ ਧਰਨਾ ਦਿੱਤਾ ਗਿਆ। ਜ਼ਿਲ੍ਹਾ ਕਨਵੀਨਰ ਡਾ. ਹਰਿੰਦਰ ਸਿੰਘ ਅਤੇ ਡੀਟੀਐਫ਼ ਦੇ ਜ਼ਿਲ੍ਹਾ ਪ੍ਰਧਾਨ ਗੁਰਪਿਆਰ ਸਿੰਘ ਕੋਟਲੀ ਨੇ ਕਿਹਾ ਕਿ ਪੁਰਾਣੀ ਪੈਨਸ਼ਨ ਲਾਗੂ ਕਰਨ ਵਿੱਚ ‘ਆਪ’ ਸਰਕਾਰ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ 18 ਨਵੰਬਰ 2022 ਨੂੰ ਜਾਰੀ ਕੀਤੇ ‘ਕਾਗਜ਼ੀ ਨੋਟੀਫਿਕੇਸ਼ਨ’ ਦੇ ਤਿੰਨ ਸਾਲ ਬੀਤਣ ਮਗਰੋਂ ਵੀ ਪੰਜਾਬ ਵਿੱਚ ਪੁਰਾਣੀ ਪੈਨਸ਼ਨ ਦਾ ਮੁੱਦਾ ਜਿਉਂ ਦਾ ਤਿਉਂ ਲਟਕਿਆ ਹੋਇਆ ਹੈ।
ਡਾ. ਹਰਿੰਦਰ ਸਿੰਘ ਨੇ ਕਿਹਾ ਕਿ ਮਜ਼ਦੂਰ ਦਿਵਸ ਲੁਟੇਰੇ ਸਾਮਰਾਜੀ ਪ੍ਰਬੰਧ ਖ਼ਿਲਾਫ਼ ਸੰਘਰਸ਼ਾਂ ਦਾ ਪ੍ਰਤੀਕ ਹੈ ਜੋ ਮਿਹਨਤਕਸ਼ ਜਮਾਤ ਨੂੰ ਲੁੱਟ ਅਤੇ ਜਬਰ ਖ਼ਿਲਾਫ਼ ਜੂਝਣ ਲਈ ਪ੍ਰੇਰਦਾ ਹੈ। ਉਨ੍ਹਾਂ ਕਿਹਾ ਕਿ 1 ਜਨਵਰੀ 2004 ਤੋਂ ਬਾਅਦ ਪੁਰਾਣੀ ਪੈਨਸ਼ਨ ਸਕੀਮ ਬੰਦ ਕਰਕੇ ਲਿਆਂਦੀ ਗਈ ਐੱਨਪੀਐੱਸ ਸਕੀਮ ਵੀ ਸਾਮਰਾਜੀ ਨਿੱਜੀਕਰਨ ਅਤੇ ਕਾਰਪੋਰੇਟ ਮੁਨਾਫ਼ੇ ਨੂੰ ਵਧਾਉਣ ਵਾਲੀਆਂ ਨੀਤੀਆਂ ਦਾ ਹੀ ਅੰਗ ਹੈ।
ਡੀਟੀਐਫ਼ ਦੇ ਜ਼ਿਲ੍ਹਾ ਪ੍ਰਧਾਨ ਗੁਰਪਿਆਰ ਸਿੰਘ ਕੋਟਲੀ ਨੇ ਕਿਹਾ ਕਿ ਕੌਮੀ ਖੇਤੀ ਮੰਡੀ ਨੀਤੀ ਦੇ ਖਰੜੇ ਨੂੰ ਰੱਦ ਕੀਤੇ ਜਾਣ ਦੀ ਤਰਜ਼ ’ਤੇ ਪੰਜਾਬ ਸਰਕਾਰ ਵੱਲੋਂ ਐੱਨਪੀਐੱਸ ਅਤੇ ਯੂਪੀਐੱਸ ਸਕੀਮ ਨੂੰ ਰੱਦ ਕਰਨ ਦਾ ਸਪੱਸ਼ਟ ਫ਼ੈਸਲਾ ਲਿਆ ਜਾਵੇ। ਉਨ੍ਹਾਂ ਕਿਹਾ ਕਿ ਪਿਛਲੇ ਤਿੰਨ ਸਾਲ ਤੋਂ ਪੁਰਾਣੀ ਪੈਨਸ਼ਨ ਦਾ ਨੋਟੀਫ਼ਿਕੇਸ਼ਨ ਲਟਕ ਰਿਹਾ ਹੈ, ਇੱਕ ਵੀ ਐੱਨਪੀਐੱਸ ਮੁਲਾਜ਼ਮ ਦਾ ਜੀਪੀਐੱਫ ਖਾਤਾ ਨਹੀਂ ਖੋਲ੍ਹਿਆ ਗਿਆ। ਹਾਲਾਂਕਿ ਪੁਰਾਣੀ ਪੈਨਸ਼ਨ ਲਾਗੂ ਕਰਨ ਦੀ ਝੂਠੀ ਇਸ਼ਤਿਹਾਰਬਾਜ਼ੀ ’ਤੇ ਸਰਕਾਰ ਨੇ ਕਰੋੜਾਂ ਰੁਪਏ ਖ਼ਰਚ ਕਰ ਦਿੱਤੇ ਹਨ ਪ੍ਰੰਤੂ ਜ਼ਮੀਨੀ ਹਕੀਕਤ ਕੁੱਝ ਹੋਰ ਹੈ। ਧਰਨੇ ਵਿੱਚ ਅਮਰੀਕ ਸਿੰਘ, ਰੌਸ਼ਨ ਲਾਲ, ਸ਼ਿਵ ਸ਼ੰਕਰ, ਹੀਰਾ ਸਿੰਘ, ਹਰਤੇਜ ਸਿੰਘ, ਰਮੇਸ਼ ਕੁਮਾਰ, ਰਾਜਵੀਰ ਕੌਰ, ਸਵੀਨ ਸਿੰਘ, ਮਨਦੀਪ ਕੌਰ, ਪਵਨਦੀਪ ਕੌਰ, ਟੀਨੂ ਸਿੰਗਲਾ, ਜਸਵੀਰ ਕੌਰ ਵੀ ਮੌਜੂਦ ਸਨ। ਇਸ ਮੌਕੇ ਵਿਧਾਇਕ ਦਫ਼ਤਰ ਦੇ ਸਟਾਫ਼ ਨੂੰ ਮੰਗ ਪੱਤਰ ਦਿੱਤਾ ਗਿਆ।
ਜ਼ਿਕਰਯੋਗ ਹੈ ਕਿ ਵਿੱਤ ਮੰਤਰੀ ਅਤੇ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਹਰਪਾਲ ਚੀਮਾ ਪੁਰਾਣੀ ਪੈਨਸ਼ਨ ਦੀ ਥਾਂ ਕੇਂਦਰੀ ਯੂਪੀਐੱਸ ਸਕੀਮ ਨੂੰ ਸਰਕਾਰ ਦੇ ਵਿਚਾਰ-ਅਧੀਨ ਹੋਣ ਬਾਰੇ ਲਗਾਤਾਰ ਬਿਆਨ ਦੇ ਰਹੇ ਹਨ। ਜਿਸ ਕਾਰਨ ਮੁਲਾਜ਼ਮਾਂ ਵਿੱਚ ਰੋਸ ਹੈ। ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਵੱਲੋਂ ਬਜਟ ਸੈਸ਼ਨ ਤੋਂ ਪਹਿਲਾਂ ਵੱਡੀ ਗਿਣਤੀ ਵਿੱਚ ਮੰਤਰੀਆਂ ਅਤੇ ਵਿਧਾਇਕਾਂ ਨੂੰ ਮੰਗ ਪੱਤਰ ਦੇ ਕੇ ਵਿਧਾਨ ਸਭਾ ਵਿੱਚ ਪੁਰਾਣੀ ਪੈਨਸ਼ਨ ਦਾ ਮਤਾ ਪਾਸ ਕਰਨ ਦੀ ਮੰਗ ਕੀਤੀ ਸੀ ਪਰ ਸਰਕਾਰ ਨੇ ਮੁਲਾਜ਼ਮਾਂ ਦੀ ਹੱਕੀ ਆਵਾਜ਼ ਸੁਣਨ ਦੀ ਥਾਂ ਪੈਨਸ਼ਨ ਦੇ ਮੁੱਦੇ ’ਤੇ ਚੁੱਪ ਧਾਰੀ ਹੋਈ ਹੈ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…