ਸਫ਼ਾਈ ਵਿਵਸਥਾ ਦੀ ਬਦਹਾਲੀ ਦਾ ਮੁੱਦਾ ਭਖਿਆ, ਵਿਰੋਧੀ ਧਿਰ ਨੇ ਮੇਅਰ ਤੋਂ ਅਸਤੀਫ਼ਾ ਮੰਗਿਆ

ਨਬਜ਼-ਏ-ਪੰਜਾਬ, ਮੁਹਾਲੀ, 11 ਜੂਨ:
ਮੁਹਾਲੀ ਵਿੱਚ ਸਫ਼ਾਈ ਵਿਵਸਥਾ ਦੀ ਮਾੜੀ ਹਾਲਤ ਦਾ ਮੁੱਦਾ ਕਾਫ਼ੀ ਭਖ ਗਿਆ ਹੈ। ਵਿਰੋਧੀ ਧਿਰ ‘ਆਪ’ ਦੇ ਕੌਂਸਲਰਾਂ ਗੁਰਮੀਤ ਕੌਰ, ਸਰਬਜੀਤ ਸਿੰਘ ਸਮਾਣਾ, ਗੁਰਪ੍ਰੀਤ ਕੌਰ ਬੈਦਵਾਨ, ਕਰਮਜੀਤ ਕੌਰ ਮਟੌਰ, ਰਵਿੰਦਰ ਬਿੰਦਰਾ, ਅਰੁਣਾ ਵਿਸ਼ਿਸ਼ਟ, ਰਮਨਪ੍ਰੀਤ ਕੌਰ ਕੁੰਭੜਾ ਨੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਤੋਂ ਅਸਤੀਫ਼ਾ ਮੰਗਿਆ ਹੈ। ਅੱਜ ਇੱਥੇ ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਖ਼ੁਦ ਸ਼ਹਿਰ ਦੀ ਸਫ਼ਾਈ ਵਿਵਸਥਾ ’ਤੇ ਸਵਾਲ ਚੁੱਕਦਿਆਂ ਕਮਿਸ਼ਨਰ ਨੂੰ ਪੱਤਰ ਲਿਖ ਕੇ ਇਹ ਸਾਬਤ ਕੀਤਾ ਹੈ ਕਿ ਸ਼ਹਿਰ ਵਿੱਚ ਸਫ਼ਾਈ ਦਾ ਮਾੜਾ ਹਾਲ ਹੈ। ਲਿਹਾਜ਼ਾ ਮੇਅਰ ਜੀਤੀ ਸਿੱਧੂ ਨੂੰ ਹੁਣ ਨੈਤਿਕਤਾ ਦੇ ਆਧਾਰ ’ਤੇ ਅਸਤੀਫ਼ਾ ਦੇਣਾ ਚਾਹੀਦਾ ਹੈ।
‘ਆਪ’ ਦੇ ਕੌਂਸਲਰਾਂ ਨੇ ਕਿਹਾ ਕਿ ਡਿਪਟੀ ਮੇਅਰ ਕੁਲਜੀਤ ਬੇਦੀ ਨੂੰ ਪੱਤਰ ਲਿਖਣ ਦੀ ਥਾਂ ਖ਼ੁਦ ਦਿਲਚਸਪੀ ਲੈ ਕੇ ਕੰਮ ਕਰਵਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਕਾਬਜ਼ ਧਿਰ ਦੇ ਸ਼ਾਸ਼ਨ ਵਿੱਚ ਸ਼ਹਿਰ ਦੀ ਸਫ਼ਾਈ ਦਾ ਮਾੜਾ ਹਾਲ ਹੈ ਅਤੇ ਵਿਕਾਸ ਕੰਮਾਂ ਵਿੱਚ ਖੜੌਤ ਆਈ ਹੋਈ ਹੈ। ਜਿਸ ਕਾਰਨ ਸ਼ਹਿਰ ਵਾਸੀ ਅਨੇਕਾਂ ਸਮੱਸਿਆਵਾਂ ਨਾਲ ਜੂਝ ਰਹੇ ਹਨ। ਇਸ ਤੋਂ ਪਹਿਲਾਂ ਵੀ ਉਹ ਸਮੇਂ ਸਮੇਂ ’ਤੇ ਵਿਕਾਸ ਕੰਮਾਂ ਵਿੱਚ ਪੱਖਪਾਤ ਅਤੇ ਸਫ਼ਾਈ ਵਿਵਸਥਾ ਬਾਰੇ ਸ਼ਿਕਾਇਤਾਂ ਦਿੰਦੇ ਰਹੇ ਹਨ ਪ੍ਰੰਤੂ ਹੁਣ ਤੱਕ ਕੋਈ ਸੁਧਾਰ ਨਹੀਂ ਹੋਇਆ।
ਵਿਰੋਧੀ ਧਿਰ ਨੇ ਦੋਸ਼ ਲਾਇਆ ਕਿ ਡਿਪਟੀ ਮੇਅਰ ਕਮਿਸ਼ਨਰ ਨੂੰ ਪੱਤਰ ਲਿਖਣ ਦਾ ਢੋਂਗ ਰਚ ਕੇ ਲੋਕਾਂ ਦੇ ਅੱਖਾਂ ਵਿੱਚ ਘੱਟਾ ਪਾ ਰਹੇ ਹਨ ਜਦੋਂਕਿ ਉਹ ਕਾਬਜ਼ ਧਿਰ ਨਾਲ ਸਬੰਧਤ ਹੋਣ ਕਰਕੇ ਹਰੇਕ ਫ਼ੈਸਲਾ ਲੈਣ ਦੇ ਸਮਰਥ ਹਨ। ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਇੱਕੋ ਪਾਰਟੀ ਦੇ ਹਨ। ਅਜਿਹੇ ਹਾਲਾਤਾਂ ਵਿੱਚ ਇਨ੍ਹਾਂ ਤੋਂ ਸ਼ਹਿਰ ਵਾਸੀ ਨੂੰ ਵਿਕਾਸ ਦੀ ਆਸ ਨਹੀਂ ਰੱਖਣੀ ਚਾਹੀਦੀ।
ਉਧਰ, ਇਸ ਸਬੰਧੀ ਸੰਪਰਕ ਕਰਨ ’ਤੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਂਸਲਰ ਜਾਣਬੁੱਝ ਕੇ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ‘ਆਪ’ ਦੀ ਸਰਕਾਰ ਹੈ ਅਤੇ ਅਫ਼ਸਰਸ਼ਾਹੀ ਵੀ ਇਨ੍ਹਾਂ ਮੁਤਾਬਕ ਹੀ ਕੰਮ ਕਰਦੀ ਹੈ। ਉਨ੍ਹਾਂ ਕਿਹਾ ਕਿ ਵਿਧਾਇਕ ਨੂੰ ਚਾਹੀਦਾ ਹੈ ਕਿ ਜੇਕਰ ਕੋਈ ਅਫ਼ਸਰ ਸਹੀ ਤਰੀਕੇ ਨਾਲ ਕੰਮ ਨਹੀਂ ਕਰ ਰਿਹਾ ਹੈ ਤਾਂ ਉਸ ਖ਼ਿਲਾਫ਼ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ ਜਾਂ ਉਨ੍ਹਾਂ ਤੋਂ ਸਖ਼ਤੀ ਨਾਲ ਕੰਮ ਕਰਵਾਇਆ ਜਾਵੇ ਕਿਉਂਕਿ ਮੇਅਰ ਕੋਲ ਅਜਿਹਾ ਕੋਈ ਅਧਿਕਾਰ ਨਹੀਂ ਹੈ। ਸਾਰੇ ਅਧਿਕਾਰੀ ਰਾਜ ਸਰਕਾਰ ਕੋਲ ਹਨ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…