Share on Facebook Share on Twitter Share on Google+ Share on Pinterest Share on Linkedin ਹੜ੍ਹਾਂ ਦੇ ਮੁੱਦੇ ’ਤੇ ਸਿਆਸਤ ਖੇਡਣ ਤੋਂ ਬਾਜ਼ ਨਾ ਆਈਆਂ ਵਿਰੋਧੀ ਪਾਰਟੀਆਂ-ਮੁੱਖ ਮੰਤਰੀ ਵੱਲੋਂ ਸਖਤ ਆਲੋਚਨਾ ਮੌਕਾਪ੍ਰਸਤ ਲੀਡਰਾਂ ਨੂੰ ਕਦੇ ਵੀ ਮੁਆਫ ਨਹੀਂ ਕਰਨਗੇ ਪੰਜਾਬ ਦੇ ਲੋਕ ਹੜ੍ਹ ਕਿਸੇ ਮਨੁੱਖ ਨੇ ਨਹੀਂ ਲਿਆਂਦੇ ਸਗੋਂ ਕੁਦਰਤੀ ਆਫ਼ਤ ਸਨ ਨਬਾਜ਼-ਏ-ਪੰਜਾਬ, ਚੰਡੀਗੜ੍ਹ, 26 ਸਤੰਬਰ: ਹੜ੍ਹਾਂ ਦੇ ਮੁੱਦੇ ਦੇ ਸਿਆਸੀਕਰਨ ਲਈ ਵਿਰੋਧੀ ਪਾਰਟੀਆਂ ਨੂੰ ਆੜੇ ਹੱਥੀਂ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕ ਸੰਕਟ ਦੀ ਘੜੀ ਵਿੱਚ ਸੂਬੇ ਨਾਲ ਦਗਾ ਕਮਾਉਣ ਵਾਲੇ ਸੰਵੇਦਨਹੀਣ ਅਤੇ ਮੌਕਾਪ੍ਰਸਤ ਸਿਆਸਤਦਾਨਾਂ ਨੂੰ ਕਦੇ ਮੁਆਫ ਨਹੀਂ ਕਰਨਗੇ। ਅੱਜ ਇੱਥੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਹੜ੍ਹਾਂ ’ਤੇ ਬਹਿਸ ਨੂੰ ਸਮੇਟਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮੰਦਭਾਗਾ ਹੈ ਕਿ ਹੜ੍ਹਾਂ ਦੇ ਸੰਕਟ ਵਾਲੇ ਸਮੇਂ ਇਕਜੁਟਤਾ ਪ੍ਰਗਟਾਉਣ ਦੀ ਬਜਾਏ ਸੂਬੇ ਦੇ ਇਹ ਅਖੌਤੀ ਤਜਰਬੇਕਾਰ ਸਿਆਸਤਦਾਨ ਸਰਕਾਰ ਵਿਰੁੱਧ ਜ਼ਹਿਰ ਉਗਲ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸਿਆਸਤਦਾਨ ਸਿਰਫ਼ ਆਪਣੇ ਨਿੱਜੀ ਸਿਆਸੀ ਹਿੱਤਾਂ ਦੀ ਪੂਰਤੀ ਲਈ ਇਸ ਮੁੱਦੇ ਦਾ ਸਿਆਸੀਕਰਨ ਕਰ ਰਹੇ ਹਨ ਜੋ ਕਿ ਗੈਰ-ਵਾਜਬ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਦੋਂ ਸੂਬੇ ਦੇ ਲੋਕ ਹੜ੍ਹਾਂ ਵਿੱਚ ਰਾਹਤ ਅਤੇ ਮੁੜ ਵਸੇਬੇ ਲਈ ਦਿਨ-ਰਾਤ ਕੋਸ਼ਿਸ਼ਾਂ ਕਰ ਰਹੇ ਸਨ ਤਾਂ ਉਸ ਵੇਲੇ ਇਹ ਸਿਆਸਤਦਾਨ ਮੀਡੀਆ ਦੀ ਸੁਰਖੀਆਂ ਬਟੋਰਨ ਲਈ ਤਰਲੋਮੱਛੀ ਹੋ ਰਹੇ ਸਨ। ਮੁੱਖ ਮੰਤਰੀ ਨੇ ਕਿਹਾ ਕਿ ਇਹ ਵਿਸ਼ੇਸ਼ ਸੈਸ਼ਨ ਹੜ੍ਹਾਂ ਤੋਂ ਬਾਅਦ ਸੂਬੇ ਦੇ ਮੁੜ ਵਸੇਬੇ ‘ਤੇ ਚਰਚਾ ਕਰਨ ਲਈ ਬੁਲਾਇਆ ਗਿਆ ਸੀ ਪਰ ਇਨ੍ਹਾਂ ਆਗੂਆਂ ਦੀ ਸੌੜੀ ਮਾਨਸਿਕਤਾ ਕਾਰਨ ਇਹ ਆਲੋਚਨਾ ਤੱਕ ਸਿਮਟ ਗਿਆ। ਉਨ੍ਹਾਂ ਕਿਹਾ ਕਿ ਪੰਜਾਬ, ਭਾਗਾਂ ਵਾਲੀ ਧਰਤੀ ਹੈ ਅਤੇ ਇੱਥੇ ਸਭ ਕੁਝ ਗੁਆ ਲੈਣ ਤੋਂ ਬਾਅਦ ਮੁੜ ਉਭਰਨ ਦੀ ਪ੍ਰਵਿਰਤੀ ਹੈ ਪਰ ਪਿੱਠ ਵਿੱਚ ਛੁਰਾ ਮਾਰਨ ਵਾਲੇ ਅਜਿਹੇ ਸਿਆਸਦਾਨਾਂ ਨੇ ਹਮੇਸ਼ਾ ਇਸ ਨੂੰ ਬਰਬਾਦ ਕਰਨ ਦੀ ਕੋਸ਼ਿਸ਼ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੁਦਰਤੀ ਆਫ਼ਤਾਂ ਵੀ ਪੰਜਾਬੀਆਂ ਦੀ ਸਖ਼ਤ ਮਿਹਨਤ ਅਤੇ ਦ੍ਰਿੜ ਇਰਾਦੇ ਅੱਗੇ ਝੁਕਦੀਆਂ ਹਨ। ਉਨ੍ਹਾਂ ਨੇ ਪੰਜਾਬੀਆਂ ਦੀ ਬਹਾਦਰੀ ਤੋਂ ਜਾਣੂੰ ਕਰਵਾਉਣ ਲਈ ਸਾਰਾਗੜ੍ਹੀ ਦੀ ਲੜਾਈ, ਲੌਂਗੇਵਾਲਾ ਦੀ ਲੜਾਈ ਅਤੇ ਹੋਰ ਇਤਿਹਾਸਕ ਘਟਨਾਵਾਂ ਦਾ ਹਵਾਲਾ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਵੀ ਦੇਸ਼ ਨੂੰ ਕੋਈ ਸਮੱਸਿਆ ਜਾਂ ਮੁਸ਼ਕਲ ਦਾ ਸਾਹਮਣਾ ਕਰਨਾ ਪਿਆ ਹੈ ਤਾਂ ਪੰਜਾਬ ਨੇ ਢਾਲ ਬਣ ਕੇ ਦੇਸ਼ ਨੂੰ ਬਚਾਇਆ ਹੈ, ਭਾਵੇਂ ਉਹ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਸਵੈ-ਨਿਰਭਰ ਬਣਾਉਣਾ ਹੋਵੇ, ਆਪਣੀਆਂ ਸਰਹੱਦਾਂ ਦੀ ਰਾਖੀ ਕਰਨਾ ਹੋਵੇ ਜਾਂ ਕੌਮੀ ਆਜ਼ਾਦੀ ਸੰਘਰਸ਼ ਹੋਵੇ। ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ਉਤੇ ਕੋਈ ਸੰਕਟ ਆਉਂਦਾ ਹੈ ਤਾਂ ਕੇਂਦਰ ਸਰਕਾਰ ਸਾਡੀਆਂ ਸਮੱਸਿਆਵਾਂ ਪ੍ਰਤੀ ਬੇਗਾਨਗੀ ਵਾਲਾ ਰਵੱਈਆ ਅਪਨਾਉਂਦੀ ਹੈ ਅਤੇ ਸੰਕਟ ਵਿੱਚ ਪੰਜਾਬ ਨੂੰ ਆਪਣੇ ਰਹਿਮੋ-ਕਰਮ ਉਤੇ ਛੱਡ ਦਿੰਦੀ ਹੈ। ਭਗਵੰਤ ਸਿੰਘ ਮਾਨ ਨੇ ਇਸ ਦਾ ਹਵਾਲਾ ਦਿੰਦਿਆਂ ਕਿਹਾ ਕਿ ਦੀਨਾਨਗਰ ਹਮਲੇ ਤੋਂ ਬਾਅਦ ਪੰਜਾਬ ਨੂੰ ਭਾਰਤੀ ਫੌਜ ਦੀ ਕੀਮਤ ਅਦਾ ਕਰਨ ਲਈ ਕਿਹਾ ਗਿਆ ਸੀ, ਜੋ ਸਰਹੱਦ ਪਾਰ ਤੋਂ ਹੋਏ ਅੱਤਵਾਦੀ ਹਮਲੇ ਨੂੰ ਬੇਅਸਰ ਕਰਨ ਲਈ ਪੰਜਾਬ ਆਈ ਸੀ। ਇਸ ਗੰਭੀਰ ਸੰਕਟ ਦੀ ਘੜੀ ਵਿੱਚ ਸਾਰੇ ਪੰਜਾਬੀਆਂ ਨੂੰ ਇਕਜੁੱਟ ਹੋਣ ਦਾ ਸੱਦਾ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੂੰ ਮੁੜ ਪੈਰਾਂ ਉਤੇ ਖੜ੍ਹਾ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜੇਕਰ ਲੋੜ ਪਈ ਤਾਂ ਉਹ ਪੰਜਾਬ ਦੀ ਖਾਤਰ ਪ੍ਰਧਾਨ ਮੰਤਰੀ ਦੀ ਰਿਹਾਇਸ਼ ਦੇ ਬਾਹਰ ਵਿਰੋਧ ਪ੍ਰਦਰਸ਼ਨ ਕਰਨ ਤੋਂ ਵੀ ਝਿਜਕਣਗੇ ਨਹੀਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਲੋਕਤੰਤਰ ਦੀ ਆਵਾਜ਼ ਨੂੰ ਦਬਾਉਣ ਲਈ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਤੋਂ ਨਹੀਂ ਡਰਦੇ ਅਤੇ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਲੜਦੇ ਰਹਿਣਗੇ। ਉਨ੍ਹਾਂ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿਉਂਕਿ ਇਤਿਹਾਸ ਉਨ੍ਹਾਂ ਸਾਰਿਆਂ ਨੂੰ ਯਾਦ ਰੱਖੇਗਾ ਜਿਨ੍ਹਾਂ ਨੇ ਇਸ ਸੰਕਟ ਦੀ ਘੜੀ ਵਿੱਚ ਸੂਬੇ ਦੀ ਭਲਾਈ ਲਈ ਕੰਮ ਕੀਤਾ ਅਤੇ ਜਿਨ੍ਹਾਂ ਨੇ ਰੁਕਾਵਟਾਂ ਖੜ੍ਹੀਆਂ ਕੀਤੀਆਂ। ਮੁੱਖ ਮੰਤਰੀ ਨੇ ਕਿਹਾ ਕਿ ਇਹ ਉਹ ਸਮਾਂ ਹੈ ਜਦੋਂ ਸਾਨੂੰ ਸਾਰਿਆਂ ਨੂੰ ਇਕੱਠੇ ਹੋ ਕੇ ਅਤੇ ਆਪਣੇ ਮਤਭੇਦ ਭੁਲਾ ਕੇ ਪੰਜਾਬ ਅਤੇ ਇਸ ਦੇ ਲੋਕਾਂ ਨੂੰ ਇਸ ਗੰਭੀਰ ਸੰਕਟ ਵਿੱਚੋਂ ਕੱਢਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਰੇ ਆਗੂਆਂ ਨੂੰ ਆਪਣੇ ਰਸੂਖ਼ ਦੀ ਵਰਤੋਂ ਕਰਕੇ ਸੂਬੇ ਦੇ ਲੋਕਾਂ ਨੂੰ ਇਸ ਸੰਕਟ ਵਿੱਚੋਂ ਬਾਹਰ ਕੱਢਣ ਵਿੱਚ ਮਦਦ ਕਰਨੀ ਚਾਹੀਦੀ ਹੈ ਅਤੇ ਇਹੀ ਪੰਜਾਬ ਦੀ ਅਸਲ ਸੇਵਾ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟਾਈ ਕਿ ਸੂਬਾ ਸਰਕਾਰ ਦੇ ਸਾਂਝੇ ਯਤਨਾਂ ਅਤੇ ਸਾਰੇ ਸਮਾਜ ਸੇਵੀ ਲੋਕਾਂ ਦੇ ਸਮਰਥਨ ਨਾਲ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਦੇਸ਼ ਵਿੱਚ ਮੋਹਰੀ ਸੂਬੇ ਵਜੋਂ ਮੁੜ ਉਭਰੇਗਾ। ਮੁੱਖ ਮੰਤਰੀ ਨੇ ਵਿਰੋਧੀ ਧਿਰ ਨੂੰ ਦੂਸ਼ਣਬਾਜ਼ੀ ਦੀ ਖੇਡ ਬੰਦ ਕਰਨ ਲਈ ਕਿਹਾ ਕਿਉਂਕਿ ਹੜ੍ਹ ਵਿਰੋਧੀਆਂ ਦੇ ਕਹਿਣ ਅਨੁਸਾਰ ਮਨੁੱਖ ਦੁਆਰਾ ਰਚੀ ਨਹੀਂ ਬਲਕਿ ਇੱਕ ਕੁਦਰਤੀ ਆਫ਼ਤ ਸੀ । ਉਨ੍ਹਾਂ ਵਿਰੋਧੀ ਧਿਰ ਨੂੰ ਇਹ ਸਪੱਸ਼ਟ ਕਰਨ ਦੀ ਚੁਣੌਤੀ ਦਿੱਤੀ ਕਿ ਕੀ ਹਿਮਾਚਲ ਪ੍ਰਦੇਸ਼, ਉਤਰਾਖੰਡ ਅਤੇ ਹੋਰ ਰਾਜਾਂ ਵਿੱਚ ਆਏ ਹੜ੍ਹ ਵੀ ਉਨ੍ਹਾਂ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੁਆਰਾ ਯੋਜਨਾਬੱਧ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਰੋਧੀ ਧਿਰ ਨੂੰ ਇਸ ਗੰਭੀਰ ਸੰਕਟ ਦੀ ਘੜੀ, ਜਦੋਂ ਸੂਬਾ ਆਪਣੀ ਸਭ ਤੋਂ ਵੱਡੀ ਆਫ਼ਤ ਦਾ ਸਾਹਮਣਾ ਕਰ ਰਿਹਾ ਹੈ, ਦੌਰਾਨ ਰਾਜਨੀਤੀ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਹੜ੍ਹਾਂ ਕਾਰਨ ਹੋਈ ਤਬਾਹੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਨਾਲ 2,300 ਤੋਂ ਵੱਧ ਪਿੰਡ ਡੁੱਬ ਗਏ ਹਨ, 20 ਲੱਖ ਤੋਂ ਵੱਧ ਲੋਕ ਪ੍ਰਭਾਵਿਤ ਹੋਏ ਹਨ ਅਤੇ ਪੰਜ ਲੱਖ ਏਕੜ ਜ਼ਮੀਨ ਵਿੱਚ ਫਸਲਾਂ ਤਬਾਹ ਕਰ ਦਿੱਤੀਆਂ ਹਨ। ਮੁੱਖ ਮੰਤਰੀ ਨੇ ਦੁੱਖ ਪ੍ਰਗਟ ਕੀਤਾ ਕਿ ਇਸ ਤਬਾਹੀ ਵਿੱਚ 56 ਜਾਨਾਂ ਚਲੀਆਂ ਗਈਆਂ ਅਤੇ ਲਗਭਗ ਸੱਤ ਲੱਖ ਲੋਕ ਬੇਘਰ ਹੋ ਗਏ। ਉਨ੍ਹਾਂ ਅੱਗੇ ਕਿਹਾ ਕਿ 3,200 ਸਰਕਾਰੀ ਸਕੂਲ ਨੁਕਸਾਨੇ ਗਏ, 19 ਕਾਲਜ ਮਲਬੇ ਵਿੱਚ ਬਦਲ ਗਏ, 1,400 ਕਲੀਨਿਕ ਅਤੇ ਹਸਪਤਾਲ ਖੰਡਰ ਬਣ ਗਏ, 8,500 ਕਿਲੋਮੀਟਰ ਸੜਕਾਂ ਤਬਾਹ ਹੋ ਗਈਆਂ ਅਤੇ 2,500 ਪੁਲ ਢਹਿ ਗਏ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ੁਰੂਆਤੀ ਅਨੁਮਾਨਾਂ ਅਨੁਸਾਰ ਕੁੱਲ ਨੁਕਸਾਨ ਲਗਭਗ 13,800 ਕਰੋੜ ਰੁਪਏ ਹੈ, ਹਾਲਾਂਕਿ ਅਸਲ ਅੰਕੜਾ ਹੋਰ ਵੀ ਵੱਧ ਹੋ ਸਕਦਾ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ