Share on Facebook Share on Twitter Share on Google+ Share on Pinterest Share on Linkedin ਹੜ੍ਹ ਪ੍ਰਭਾਵਿਤ ਇਲਾਕਿਆਂ ਦੀਆਂ ਮੰਡੀਆਂ ਵਿੱਚ ਲੋੜੀਂਦੀਆਂ ਮੈਡੀਕਲ ਅਤੇ ਸਫਾਈ ਸਹੂਲਤਾਂ ਯਕੀਨੀ ਬਣਾਉਣ ਦੇ ਆਦੇਸ਼ ਸਾਉਣੀ ਮੰਡੀਕਰਨ ਸੀਜ਼ਨ 2025-26 ਦੌਰਾਨ 190 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਲਈ ਕੀਤੇ ਜਾ ਰਹੇ ਹਨ ਪੁਖਤਾ ਪ੍ਰਬੰਧ ਨਬਜ਼-ਏ-ਪੰਜਾਬ, ਚੰਡੀਗੜ੍ਹ, 12 ਸਤੰਬਰ: ਝੋਨੇ ਦੇ ਆਗਾਮੀ ਖਰੀਦ ਸੀਜ਼ਨ ਦੇ ਮੱਦੇਨਜ਼ਰ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਤਨਦੇਹੀ ਨਾਲ ਕੰਮ ਕਰਨ ਲਈ ਪ੍ਰੇਰਿਤ ਕਰਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਸੂਬੇ ਵਿੱਚ ਹੜ੍ਹਾਂ ਦੀ ਸਥਿਤੀ ਨੂੰ ਦੇਖਦਿਆਂ, ਹੜ੍ਹ ਪ੍ਰਭਾਵਿਤ ਖੇਤਰਾਂ ਅਧੀਨ ਮੰਡੀਆਂ ਵਿੱਚ ਲੋੜੀਂਦੀਆਂ ਮੈਡੀਕਲ ਸਹੂਲਤਾਂ ਨੂੰ ਯਕੀਨੀ ਬਣਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਅੱਜ ਇੱਥੇ ਅਨਾਜ ਭਵਨ ਵਿਖੇ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਇੱਕ ਸਮੀਖਿਆ ਮੀਟਿੰਗ ਅਤੇ ਡੀ.ਐਫ.ਐਸ.ਸੀਜ਼ ਨਾਲ ਵੀਡੀਓ ਕਾਨਫਰੰਸਿੰਗ ਦੌਰਾਨ ਮੰਤਰੀ ਨੂੰ ਦੱਸਿਆ ਗਿਆ ਕਿ 190 ਲੱਖ ਮੀਟ੍ਰਿਕ ਟਨ (ਐਲ.ਐਮ.ਟੀ.) ਝੋਨੇ ਦੀ ਖਰੀਦ ਲਈ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ ਜਦੋਂ ਕਿ ਭਾਰਤ ਸਰਕਾਰ ਦੇ ਖੁਰਾਕ ਉਤਪਾਦਨ ਅਤੇ ਵੰਡ ਮੰਤਰਾਲੇ ਵੱਲੋਂ 173.13 ਐਲ.ਐਮ.ਟੀ. ਦਾ ਟੀਚਾ ਨਿਰਧਾਰਿਤ ਕੀਤਾ ਗਿਆ ਹੈ। ਸੂਬੇ ਵਿੱਚ ਚੌਲ ਮਿੱਲਾਂ ਦੀ ਗਿਣਤੀ 5049 ਹੈ ਜਦੋਂ ਕਿ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) 2389 ਰੁਪਏ ਪ੍ਰਤੀ ਕੁਇੰਟਲ ਨਿਰਧਾਰਿਤ ਕੀਤਾ ਗਿਆ ਹੈ। ਇਸ ਤੋਂ ਇਲਾਵਾ, ਚੌਲਾਂ ਦੇ ਭੰਡਾਰਨ ਲਈ ਲੋੜੀਂਦੀ ਥਾਂ ਯਕੀਨੀ ਬਣਾਉਣ ਸਬੰਧੀ ਆਪਣੇ ਸਖ਼ਤ ਯਤਨਾਂ ਦੇ ਹਿੱਸੇ ਵਜੋਂ, ਸੂਬਾ ਸਰਕਾਰ ਵੱਲੋਂ ਅਗਲੇ 3 ਮਹੀਨਿਆਂ ਲਈ ਪ੍ਰਤੀ ਮਹੀਨਾ ਘੱਟੋ-ਘੱਟ 10 ਐਲ.ਐਮ.ਟੀ. ਕਣਕ ਦੀ ਚੁਕਾਈ ਲਈ ਨਿਯਮਿਤ ਤੌਰ ‘ਤੇ ਐਫ.ਸੀ.ਆਈ./ਭਾਰਤ ਸਰਕਾਰ ਕੋਲ ਮੁੱਦਾ ਉਠਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ 8 ਸਤੰਬਰ, 2025 ਨੂੰ ਕਸਟਮ ਮਿਲਿੰਗ ਨੀਤੀ 2025-26 ਨੂੰ ਨੋਟੀਫਾਈ ਕੀਤਾ ਗਿਆ ਹੈ ਅਤੇ ਚੌਲ ਮਿੱਲਾਂ ਦੀ ਅਲਾਟਮੈਂਟ ਤੇ ਚੌਲ ਮਿੱਲਾਂ ਨੂੰ ਮੰਡੀਆਂ ਨਾਲ ਜੋੜਨ ਦੀ ਪ੍ਰਕਿਰਿਆ ਜਾਰੀ ਹੈ। ਕੈਬਨਿਟ ਮੰਤਰੀ ਦੇ ਧਿਆਨ ਵਿੱਚ ਇਹ ਵੀ ਲਿਆਂਦਾ ਗਿਆ ਕਿ ਪੰਜਾਬ ਮੰਡੀ ਬੋਰਡ ਵੱਲੋਂ ਇਸ ਸੀਜ਼ਨ ਵਿੱਚ ਝੋਨੇ ਦੀ ਖਰੀਦ ਲਈ 1823 ਰੈਗੂਲਰ ਖਰੀਦ ਕੇਂਦਰਾਂ ਨੂੰ ਨੋਟੀਫਾਈ ਕੀਤਾ ਗਿਆ ਹੈ। ਇਸ ਮੌਕੇ ਮੰਤਰੀ ਨੂੰ ਦੱਸਿਆ ਗਿਆ ਕਿ 49,987 ਕਰੋੜ ਰੁਪਏ ਦੀ ਕੈਸ਼ ਕ੍ਰੈਡਿਟ ਲਿਮਟ (ਸੀ.ਸੀ.ਐਲ.) ਦੀ ਜ਼ਰੂਰਤ ਹੈ। ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਨੇ ਸਤੰਬਰ 2025 ਲਈ 15,018 ਕਰੋੜ ਰੁਪਏ ਦੀ ਪ੍ਰਵਾਨਗੀ ਦਿੱਤੀ ਹੈ ਅਤੇ ਬਕਾਇਆ ਸੀਮਾ ਸਤੰਬਰ ਦੇ ਆਖਰੀ ਹਫ਼ਤੇ ਵਿੱਚ ਪ੍ਰਦਾਨ ਕੀਤੀ ਜਾਵੇਗੀ। ਇਸ ਤੋਂ ਇਲਾਵਾ, ਮੁਫ਼ਤ ਰਾਸ਼ਨ ਯੋਜਨਾ ਦੇ 1.30 ਕਰੋੜ ਲਾਭਪਾਤਰੀਆਂ ਦੀ ਈ-ਕੇਵਾਈਸੀ ਪ੍ਰਕਿਰਿਆ ਮੁਕੰਮਲ ਹੋ ਗਈ ਹੈ। ਬਾਰਦਾਨੇ ਦੇ ਸਬੰਧ ਵਿੱਚ, ਪੰਜਾਬ ਨੂੰ 4.21 ਲੱਖ ਗੱਠਾਂ ਪ੍ਰਾਪਤ ਹੋਈਆਂ ਹਨ ਜਦੋਂਕਿ 39000 ਗੱਠਾਂ ਕੋਲਕਾਤਾ ਤੋਂ ਆ ਰਹੀਆਂ ਹਨ। ਇਸ ਤੋਂ ਇਲਾਵਾ ਪਿਛਲੇ ਸੀਜ਼ਨਾਂ ਦੀਆਂ 60000 ਬਾਰਦਾਨੇ ਦੀਆਂ ਗੱਠਾਂ ਵੀ ਉਪਲਬਧ ਹਨ। ਇਸ ਤੋਂ ਇਲਾਵਾ, 47500 ਤਰਪਾਲਾਂ ਦੀ ਸਪਲਾਈ ਵੀ ਪ੍ਰਗਤੀ ਅਧੀਨ ਹੈ। ਇਸ ਮੌਕੇ ਡਾਇਰੈਕਟਰ ਵਰਿੰਦਰ ਕੁਮਾਰ ਸ਼ਰਮਾ, ਵਧੀਕ ਸਕੱਤਰ ਪਨਗ੍ਰੇਨ ਕਮਲ ਕੁਮਾਰ ਗਰਗ, ਵਧੀਕ ਡਾਇਰੈਕਟਰ ਡਾ. ਅੰਜੁਮਨ ਭਾਸਕਰ ਅਤੇ ਅਜੇਵੀਰ ਸਿੰਘ ਸਰਾਓ ਅਤੇ ਜੀ.ਐਮ. (ਵਿੱਤ) ਸਰਵੇਸ਼ ਸ਼ਰਮਾ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ