ਸੜਕ ਹਾਦਸਿਆਂ ਨੂੰ ਠੱਲ੍ਹ ਪਾਉਣ ਲਈ ਮੁੱਖ ਸੜਕਾਂ ’ਤੇ ਬਲੈਕ ਸਪੌਟਸ ਠੀਕ ਕਰਨ ਦੇ ਆਦੇਸ਼

ਏਡੀਸੀ ਨੇ ਸੇਫ਼ ਸਕੂਲ ਬੱਸ ਤੇ ਰੋਡ ਸੇਫ਼ਟੀ ਕਮੇਟੀ ਦੀ ਮੀਟਿੰਗ ਵਿੱਚ ਪ੍ਰਬੰਧਾਂ ਬਾਰੇ ਕੀਤੀ ਸਮੀਖਿਆ

ਨਬਜ਼-ਏ-ਪੰਜਾਬ, ਮੁਹਾਲੀ, 27 ਮਾਰਚ:
ਮੁਹਾਲੀ ਦੀ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਗੀਤਿਕਾ ਸਿੰਘ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਟਰਾਂਸਪੋਰਟ ਵਿਭਾਗ ਅਤੇ ਜ਼ਿਲ੍ਹਾ ਰੋਡ ਸੇਫ਼ਟੀ ਕਮੇਟੀ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ ਅਤੇ ਮੁਹਾਲੀ ਜ਼ਿਲ੍ਹੇ ਵਿੱਚ ਸੜਕ ਹਾਦਸਿਆਂ ਨੂੰ ਠੱਲ੍ਹ ਪਾਉਣ ਲਈ ਮੁੱਖ ਸੜਕਾਂ ਉੱਤੇ ਬਲੈਕ ਸਪੌਟਸ (ਦੁਰਘਟਨਾ ਸੰਭਾਵੀ ਥਾਵਾਂ) ਜਿਨ੍ਹਾਂ ਕਾਰਨ ਲੋਕਾਂ ਨੂੰ ਮੁਸ਼ਕਲਾਂ ਆ ਰਹੀਆਂ ਹਨ, ਉਨ੍ਹਾਂ ਨੂੰ ਪਹਿਲ ਦੇ ਆਧਾਰ ’ਤੇ ਠੀਕ ਕਰਨ ਲਈ ਕਿਹਾ।
ਏਡੀਸੀ ਨੇ ਕਿਹਾ ਕਿ ਮੁਹਾਲੀ ਜ਼ਿਲ੍ਹੇ ਵਿੱਚ ਸੜਕ ਦੁਰਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੈ। ਸੜਕ ਹਾਦਸਿਆਂ ਨੂੰ ਰੋਕਣ ਲਈ ਸ਼ਹਿਰ ਵਿੱਚ ਸਿਟੀ ਸਰਵੇਲੈਂਸ ਤੇ ਟਰੈਫ਼ਿਕ ਮੈਨੇਜਮੈਂਟ ਪ੍ਰਣਾਲੀ ਲਾਗੂ ਕੀਤੀ ਗਈ ਹੈ। ਨਗਰ ਨਿਗਮ ਅਤੇ ਗਮਾਡਾ ਨੂੰ ਹਦਾਇਤ ਕੀਤੀ ਗਈ ਹੈ ਕਿ ਪੁਲੀਸ ਨਾਲ ਮਿਲ ਕੇ ਸੜਕਾਂ ਉੱਤੇ ਆਵਾਜਾਈ ਚਿੰਨ੍ਹ ਜਿਵੇਂ ਕਿ ਜ਼ੈਬਰਾ ਕਰਾਸਿੰਗ, ਸਟਾਪ ਲਾਈਨਾਂ ਅਤੇ ਸਪੀਡ ਲਿਮਿਟ ਦੀ ਸਪੱਸ਼ਟਤਾ ਯਕੀਨੀ ਬਣਾਈ ਜਾਵੇ।
ਉਨ੍ਹਾਂ ਨੇ ਸੜਕਾਂ ’ਤੇ ਬਲੈਕ ਸਪੋਟਾਂ ਨੂੰ ਫੌਰੀ ਸਹੀ ਕਰਨ ਲਈ ਵੱਖ-ਵੱਖ ਅਦਾਰਿਆਂ ਐਨਐਚਏਆਈ, ਗਮਾਡਾ, ਬੀ ਐਂਡ ਆਰ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਸੜਕਾਂ ਉੱਤੇ ਬਣੇ ਅਣਅਧਿਕਾਰਤ ਕੱਟ ਬੰਦ ਕਰਨ ਅਤੇ ਸੜਕਾਂ ਕਿਨਾਰੇ ਲਗਦੀਆਂ ਰੇੜ੍ਹੀਆਂ-ਫੜ੍ਹੀਆਂ ਅਤੇ ਵਾਹਨਾਂ ਦੀ ਗਲਤ ਪਾਰਕਿੰਗ ਨੂੰ ਰੋਕਣ ਲਈ ਲਗਾਤਾਰ ਚੈਕਿੰਗ ਕੀਤੀ ਜਾਵੇ।
ਏਡੀਸੀ ਨੇ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਸਕੂਲੀ ਬੱਸਾਂ ਵਿੱਚ ਬੱਚਿਆਂ ਦੀ ਸੁਰੱਖਿਆ ਸਬੰਧੀ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾਣ। ਬੱਸ ਡਰਾਈਵਰਾਂ ਅਤੇ ਲੇਡੀ ਅਟੈਂਡੈਂਟ ਨੂੰ ਸੇਫ਼ ਸਕੂਲ ਵਾਹਨ ਸਕੀਮ ਅਨੁਸਾਰ ਸਕੂਲੀ ਬੱਸਾਂ ਦੇ ਰੱਖ-ਰਖਾਓ, ਸੁਰੱਖਿਅਤ ਡਰਾਈਵਿੰਗ ਨਿਯਮਾਂ ਦੀ ਪਾਲਣਾ ਕਰਨ ਲਈ ਜਾਗਰੂਕ ਕੀਤਾ ਜਾਵੇ ਅਤੇ ਸਾਰੀਆਂ ਸਕੂਲੀ ਬੱਸਾਂ ਵਿੱਚ ਮੌਜੂਦ ਕੈਮਰੇ, ਅੱਗ ਬੁਝਾਊ ਯੰਤਰ ਅਤੇ ਫਾਸਟ ਏਡ ਬਾਕਸ ਦੀ ਵਿਵਸਥਾ ਕੀਤੀ ਜਾਵੇ। ਇਸ ਤੋਂ ਇਲਾਵਾ ਸਕੂਲਾਂ ਵਿੱਚ ਬੱਚਿਆਂ ਨੂੰ ਟਰੈਫ਼ਿਕ ਨਿਯਮਾਂ ਦਾ ਪਾਠ ਪੜ੍ਹਾਇਆ ਜਾਵੇ ਤਾਂ ਜੋ ਉਨ੍ਹਾਂ ਨੂੰ ਨਿਯਮਾਂ ਬਾਰੇ ਪਤਾ ਲੱਗ ਸਕੇ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਯੂਨੀਵਰਸਿਟੀ ਦੇ ਪੁਰਾਣੇ ਸੈਨੇਟ ਪ੍ਰਬੰਧ ਨੂੰ ਬਹਾਲ ਕਰਕੇ ਚੋਣਾਂ ਕਰਵਾਉਣ ਦੀ ਮੰਗ

ਪੰਜਾਬ ਯੂਨੀਵਰਸਿਟੀ ਦੇ ਪੁਰਾਣੇ ਸੈਨੇਟ ਪ੍ਰਬੰਧ ਨੂੰ ਬਹਾਲ ਕਰਕੇ ਚੋਣਾਂ ਕਰਵਾਉਣ ਦੀ ਮੰਗ ਨਬਜ਼-ਏ-ਪੰਜਾਬ, ਚੰਡ…