ਪੱਕਾ ਮੋਰਚਾ: ਕੇਜਰੀਵਾਲ ਦੀ ਥਾਂ ਬੰਦੀ ਸਿੰਘਾਂ ਦੀ ਰਿਹਾਈ ਲਈ ਧਰਨੇ ਲਗਾਉਣ ‘ਆਪ’ ਵਲੰਟੀਅਰ

1 ਅਪਰੈਲ ਨੂੰ ਪਿੰਡ ਚਪੜ ਤੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਮੁਹਾਲੀ ਪਹੁੰਚੇਗਾ ‘ਇਨਸਾਫ਼ ਮਾਰਚ’

ਨਬਜ਼-ਏ-ਪੰਜਾਬ, ਮੁਹਾਲੀ, 26 ਮਾਰਚ:
ਬੰਦੀ ਸਿੰਘਾਂ ਦੀ ਰਿਹਾਈ, ਬੇਅਦਬੀ ਦੀਆਂ ਘਟਨਾਵਾਂ ਅਤੇ ਬਹਿਬਲ ਕਲਾਂ ਗੋਲੀਕਾਂਡ ਸਮੇਤ ਹੋਰ ਸਿੱਖ ਮਸਲਿਆਂ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ਉੱਤੇ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਅਤੇ ਪੰਥਕ ਕਮੇਟੀ ਸਮੇਤ ਹੋਰ ਸਿੱਖ ਜਥੇਬੰਦੀਆਂ ਦਾ ਪੱਕਾ ਮੋਰਚਾ ਜਾਰੀ ਹੈ। ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ’ਤੇ ਵਾਅਦਾਖ਼ਿਲਾਫ਼ੀ ਦਾ ਦੋਸ਼ ਲਗਾਉਂਦੇ ਹੋਏ ਹੁਕਮਰਾਨਾਂ ਨੂੰ ਰੱਜ ਕੇ ਕੋਸਿਆ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਿੱਖ ਆਗੂਆਂ ਪਾਲ ਸਿੰਘ ਫਰਾਂਸ, ਭਾਈ ਜਸਵਿੰਦਰ ਸਿੰਘ ਰਾਜਪੁਰਾ, ਵਕੀਲ ਗੁਰਸ਼ਰਨ ਸਿੰਘ ਅਤੇ ਹੋਰਨਾਂ ਆਗੂਆਂ ਨੇ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਅਤੇ ਵਿਧਾਇਕਾਂ ਨੂੰ ਜ਼ੋਰ ਦੇ ਕੇ ਆਖਿਆ ਕਿ ਉਹ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਈਡੀ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਰਿਹਾਈ ਦੀ ਥਾਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਸਿੱਖ ਕੈਦੀਆਂ ਦੀ ਰਿਹਾਈ ਲਈ ਧਰਨੇ ਲਗਾਉਣ। ਉਨ੍ਹਾਂ ਕਿਹਾ ਕਿ ਬੜੀ ਹੈਰਾਨੀ ਦੀ ਗੱਲ ਹੈ ਕਿ ਕੇਜਰੀਵਾਲ ਦੀ ਰਿਹਾਈ ਲਈ ਤਾਂ ‘ਆਪ’ ਵਰਕਰ ਦਿੱਲੀ ਪਹੁੰਚ ਗਏ ਪ੍ਰੰਤੂ ਉਨ੍ਹਾਂ ਕਦੇ ਵੀ ਬੰਦੀ ਸਿੰਘਾਂ ਦੀ ਰਿਹਾਈ ਦੀ ਗੱਲ ਨਹੀਂ ਕੀਤੀ। ਨਾ ਹੀ ਸੰਗਰੂਰ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲੇ ਵਿਅਕਤੀਆਂ ਦੇ ਪਰਿਵਾਰਾਂ ਦਾ ਦੁੱਖ ਵੰਡਾਇਆ ਹੈ। ਜਿਸ ਤੋਂ ਸਾਫ਼ ਜਾਹਰ ਹੁੰਦਾ ਹੈ ਕਿ ਆਮ ਆਦਮੀ ਪਾਰਟੀ ਪੰਜਾਬ ਅਤੇ ਪੰਥ ਲਈ ਨਹੀਂ ਬਲਕਿ ਕੇਜਰੀਵਾਲ ਲਈ ਹੀ ਕੰਮ ਕਰ ਰਹੀ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜਾਬ ਨਾਲੋਂ ਕੇਜਰੀਵਾਲ ਦਾ ਵੱਧ ਫ਼ਿਕਰ ਹੈ।
ਆਗੂਆਂ ਨੇ ਦੱਸਿਆ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ 1 ਅਪਰੈਲ ਨੂੰ ਪਿੰਡ ਚਪੜ (ਪਟਿਆਲਾ) ਤੋਂ ਇਨਸਾਫ਼ ਪਸੰਦ ਲੋਕਾਂ ਵੱਲੋਂ ਮੁਹਾਲੀ ਸਥਿਤ ਪੱਕੇ ਮੋਰਚੇ ਤੱਕ ਰੋਸ ਮਾਰਚ ਕੀਤਾ ਜਾਵੇਗਾ। ਉਨ੍ਹਾਂ ਸਿੱਖ ਸੰਗਤ ਅਤੇ ਨੌਜਵਾਨ ਵਰਗ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ ਸਮੇਤ ਇਸ ਮਾਰਚ ਵਿੱਚ ਸ਼ਮੂਲੀਅਤ ਕਰਨ ਤਾਂ ਜੋ ਸਰਕਾਰਾਂ ’ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਦਬਾਅ ਬਣਾਇਆ ਜਾ ਸਕੇ। ਅਕਾਲੀ ਦਲ ਤੇ ਭਾਜਪਾ ਦਾ ਸਿਆਸੀ ਗੱਠਜੋੜ ਨਾ ਹੋਣ ਬਾਰੇ ਆਗੂਆਂ ਨੇ ਕਿਹਾ ਕਿ ਇਨ੍ਹਾਂ ਦੋਵੇਂ ਪਾਰਟੀਆਂ ਨੇ ਪੰਜਾਬ ਨੂੰ ਬਰਬਾਦੀ ਦੇ ਕੰਢੇ ’ਛੇ ਲਿਆ ਖੜਾ ਕੀਤਾ ਹੈ। ਪੰਜਾਬ ਦੇ ਲੋਕਾਂ ਨੂੰ ਇਨ੍ਹਾਂ ਪਾਰਟੀਆਂ ਦੇ ਆਗੂਆਂ ਤੋਂ ਸੁਚੇਤ ਰਹਿਣ ਦੀ ਲੋੜ ਹੈ। ਇਸ ਮੌਕੇ ਬਾਬਾ ਕਰਮ ਸਿੰਘ, ਬਲਜੀਤ ਸਿੰਘ ਭਾਊ, ਭਾਈ ਦਵਿੰਦਰ ਸਿੰਘ, ਭਾਈ ਅਮਰੀਕ ਸਿੰਘ ਮਟੌਰ ਅਤੇ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੱਕਾ ਮੋਰਚਾ: ਭੀਮ ਰਾਓ ਯਸ਼ਵੰਤ ਅੰਬੇਡਕਰ ਨੇ ਬੰਦੀ ਸਿੰਘਾਂ ਦੇ ਹੱਕ ’ਚ ਹਾਅ ਦਾ ਨਾਅਰਾ ਮਾਰਿਆ

ਪੱਕਾ ਮੋਰਚਾ: ਭੀਮ ਰਾਓ ਯਸ਼ਵੰਤ ਅੰਬੇਡਕਰ ਨੇ ਬੰਦੀ ਸਿੰਘਾਂ ਦੇ ਹੱਕ ’ਚ ਹਾਅ ਦਾ ਨਾਅਰਾ ਮਾਰਿਆ ਮੁਹਾਲੀ-ਚੰਡੀਗ…