ਪੱਕਾ ਮੋਰਚਾ: ਭੀਮ ਰਾਓ ਯਸ਼ਵੰਤ ਅੰਬੇਡਕਰ ਨੇ ਬੰਦੀ ਸਿੰਘਾਂ ਦੇ ਹੱਕ ’ਚ ਹਾਅ ਦਾ ਨਾਅਰਾ ਮਾਰਿਆ

ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ਉੱਤੇ ਇਨਸਾਫ਼ ਪਸੰਦ ਲੋਕਾਂ ਵੱਲੋਂ ਸਵਾ ਸਾਲ ਤੋਂ ਪੱਕਾ ਮੋਰਚਾ ਜਾਰੀ

ਨਬਜ਼-ਏ-ਪੰਜਾਬ, ਮੁਹਾਲੀ, 29 ਅਪਰੈਲ:
ਬੰਦੀ ਸਿੰਘਾਂ ਦੀ ਰਿਹਾਈ, ਬੇਅਦਬੀ ਦੀਆਂ ਘਟਨਾਵਾਂ ਅਤੇ ਬਹਿਬਲ ਕਲਾਂ ਗੋਲੀਕਾਂਡ ਸਮੇਤ ਹੋਰ ਸਿੱਖ ਮਸਲਿਆਂ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ਉੱਤੇ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਅਤੇ ਪੰਥਕ ਕਮੇਟੀ ਸਮੇਤ ਹੋਰ ਸਿੱਖ ਜਥੇਬੰਦੀਆਂ ਦਾ ਪੱਕਾ ਮੋਰਚਾ ਜਾਰੀ ਹੈ। ਸਵਾ ਸਾਲ ਤੋਂ ਪੱਕਾ ਮੋਰਚਾ ਲਗਾ ਕੇ ਬੈਠੇ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਵਿੱਚ ਸਮੇਂ ਦੀਆਂ ਸਰਕਾਰਾਂ ਪ੍ਰਤੀ ਭਾਰੀ ਰੋਸ ਹੈ।
ਉਧਰ, ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਬੀਆਰ ਅੰਬੇਡਕਰ ਦੇ ਪੋਤੇ ਭੀਮ ਰਾਓ ਯਸ਼ਵੰਤ ਅੰਬੇਡਕਰ ਨੇ ਅੱਜ ਆਪਣੇ ਸਾਥੀਆਂ ਪੱਕੇ ਮੋਰਚੇ ਵਿੱਚ ਸ਼ਮੂਲੀਅਤ ਕਰਕੇ ਬੰਦੀ ਸਿੰਘਾਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਦਿਆਂ ਸਿੱਖ ਮਸਲਿਆਂ ਨੂੰ ਲੈ ਕੇ ਵਿੱਢੇ ਸੰਘਰਸ਼ ਦੀ ਹਦਾਇਤ ਦਾ ਐਲਾਨ ਕੀਤਾ। ਇਸ ਮੌਕੇ ਐਡਵੋਕੇਟ ਓਪੀ ਇੰਦਰ, ਰੇਸ਼ਮ ਸਿੰਘ ਕਾਹਲੋਂ, ਗੁਰਮੁੱਖ ਸਿੰਘ ਢੋਲਣ ਮਾਜਰਾ, ਵੈਦ ਪ੍ਰਕਾਸ਼, ਰਾਮ ਸਨੇਹੀ, ਕਮਲ ਕੁਮਾਰ ਸਮੇਤ ਹੋਰ ਦਲਿਤ ਸੰਗਠਨਾਂ ਦੇ ਨੁਮਾਇੰਦੇ ਮੌਜੂਦ ਸਨ। ਪੱਕੇ ਮੋਰਚੇ ਵੱਲੋਂ ਇੰਦਰਵੀਰ ਸਿੰਘ ਅਤੇ ਜਥੇਦਾਰ ਰਾਜਾ ਰਾਜ ਸਿੰਘ ਨੇ ਇਨ੍ਹਾਂ ਸਾਰਿਆਂ ਦਾ ਸਵਾਗਤ ਕਰਦਿਆਂ ਬੰਦੀ ਸਿੰਘਾਂ ਦੀ ਰਿਹਾਈ ਲਈ ਪਿੰਡ ਪੱਧਰ ’ਤੇ ਲੋਕ ਲਹਿਰ ਬਣਾਉਣ ਦੀ ਅਪੀਲ ਕੀਤੀ।
ਇਸੇ ਦੌਰਾਨ ਕੌਮੀ ਇਨਸਾਫ਼ ਮੋਰਚੇ ਦੇ ਕਨਵੀਨਰ ਭਾਈ ਪਾਲ ਸਿੰਘ ਫਰਾਂਸ, ਗੁਰਸ਼ਰਨ ਸਿੰਘ ਅਤੇ ਭਾਈ ਜਸਵਿੰਦਰ ਸਿੰਘ ਰਾਜਪੁਰਾ ਨੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਸਿੱਖ ਵਿਰੋਧੀ ਦੱਸਦਿਆਂ ਕਿਹਾ ਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ ਹੈ। ਉਨ੍ਹਾਂ ਸਿੱਖਾਂ ਸਮੇਤ ਆਮ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਵੋਟਾਂ ਮੰਗਣ ਆਉਣ ਵਾਲੇ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰਾਂ ਨੂੰ ਸ਼ਾਂਤਮਈ ਤਰੀਕੇ ਨਾਲ ਆਪਣਾ ਵਿਰੋਧ ਪ੍ਰਗਟ ਕਰਦਿਆਂ ਇਸ ਸਬੰਧੀ ਸਵਾਲ ਪੁੱਛੇ ਜਾਣ।

Load More Related Articles
Load More By Nabaz-e-Punjab
Load More In General News

Check Also

ਮਾਤਾ ਸਾਹਿਬ ਕੌਰ ਨਰਸਿੰਗ ਕਾਲਜ ਦੀਆਂ ਵਿਦਿਆਰਥਣਾਂ ਨੇ ਨਰਸਿੰਗ ਹਫ਼ਤਾ ਮਨਾਇਆ

ਮਾਤਾ ਸਾਹਿਬ ਕੌਰ ਨਰਸਿੰਗ ਕਾਲਜ ਦੀਆਂ ਵਿਦਿਆਰਥਣਾਂ ਨੇ ਨਰਸਿੰਗ ਹਫ਼ਤਾ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 13 ਮਈ…