ਪੱਕਾ ਮੋਰਚਾ: ਦਲਿਤ ਸੰਗਠਨਾਂ ਵੱਲੋਂ ਐੱਸਐੱਸਪੀ ਦਫ਼ਤਰ ਦਾ ਘਿਰਾਓ ਕਰਨ ਦਾ ਐਲਾਨ

ਮੁਹਾਲੀ ਪੁਲੀਸ, ਕੇਸ ਦਰਜ ਕਰਕੇ ਦਲਿਤਾਂ ਦੀ ਸੰਘੀ ਘੁੱਟਣ ਦੇ ਰਾਹ ਪਈ: ਕੁੰਭੜਾ

ਨਬਜ਼-ਏ-ਪੰਜਾਬ, ਮੁਹਾਲੀ, 4 ਮਾਰਚ:
ਐਸਸੀ\ਬੀਸੀ ਮਹਾਂ ਪੰਚਾਇਤ ਪੰਜਾਬ ਦੇ ਬੈਨਰ ਹੇਠ ਇੱਥੋਂ ਦੇ ਟਰੈਫ਼ਿਕ ਲਾਈਟ ਪੁਆਇੰਟ ਫੇਜ਼-7 ਨੇੜੇ ਚਲ ਰਿਹਾ ਰਿਜ਼ਰਵੇਸ਼ਨ ਚੋਰ ਫੜੋ ਮੋਰਚੇ ਦਾ ਲੜੀਵਾਰ ਧਰਨਾ ਸੋਮਵਾਰ ਨੂੰ 74ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਇਸ ਦੌਰਾਨ ਸਿੰਘਾਂ ਬੰਦੀ ਦੀ ਰਿਹਾਈ ਲਈ ਸੰਘਰਸ਼ਸ਼ੀਲ ਕੌਮੀ ਇਨਸਾਫ਼ ਮੋਰਚਾ ਦੇ ਕਨਵੀਨਰ ਪਾਲ ਸਿੰਘ ਫਰਾਂਸ ਅਤੇ ਐਡਵੋਕੇਟ ਗੁਰਸ਼ਰਨ ਸਿੰਘ ਧਾਲੀਵਾਲ ਨੇ ਧਰਨੇ ਵਿੱਚ ਪਹੁੰਚ ਕੇ ਦਲਿਤ ਸੰਗਠਨਾਂ ਦੇ ਸੰਘਰਸ਼ ਦੀ ਹਮਾਇਤ ਕੀਤੀ।
ਉਧਰ, ਦਲਿਤ ਸੰਗਠਨਾਂ ਵੱਲੋਂ ਬੀਤੀ 28 ਫਰਵਰੀ ਨੂੰ ਚੌਂਕ ਵਿੱਚ ਮ੍ਰਿਤਕ ਪਸ਼ੂ ਅਤੇ ਮਰੇ ਹੋਏ ਡੰਗਰਾਂ ਦੀਆਂ ਖੱਲਾਂ ਅਤੇ ਕੂੜਾ ਸੁੱਟ ਕੇ ਕੀਤੇ ਗਏ ਰੋਸ ਪ੍ਰਦਰਸ਼ਨ ਸਬੰਧੀ ਮੁਹਾਲੀ ਪੁਲੀਸ ਵੱਲੋਂ ਅੱਤਿਆਚਾਰ ਤੇ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਦੇ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ ਅਤੇ ਉਸ ਦੀ ਪਤਨੀ ਗੁਰਨਾਮ ਕੌਰ ਵਿਰੁੱਧ ਦਰਜ ਕੀਤੇ ਗਏ ਪਰਚੇ ਦੀ ਸਖ਼ਤ ਨਿਖੇਧੀ ਕਰਦਿਆਂ ਪੁਲੀਸ ਦੀ ਇਸ ਕਾਰਵਾਈ ਨੂੰ ਦਲਿਤਾਂ ਦੀ ਸੰਘੀ ਘੁੱਟਣ ਦੇ ਬਰਾਬਰ ਦੱਸਿਆ। ਬੁਲਾਰਿਆਂ ਨੇ ਕਿਹਾ ਕਿ ਪੁਲੀਸ ਪਰਚੇ ਦਰਜ ਕਰਕੇ ਦਲਿਤ ਸੰਗਠਨਾਂ ਦੇ ਸੰਘਰਸ਼ ਨੂੰ ਤਾਰਪੀਡੋ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਇਹ ਧਰਨਾ ਵੱਖ-ਵੱਖ ਦਲਿਤ ਜਥੇਬੰਦੀਆਂ ਵੱਲੋਂ ਸਾਂਝੇ ਤੌਰ ’ਤੇ ਦਿੱਤਾ ਗਿਆ ਪ੍ਰੰਤੂ ਪੁਲੀਸ ਵੱਲੋਂ ਪਰਚਾ ਸਿਰਫ਼ ਕੁੰਭੜਾ ਪਰਿਵਾਰ ’ਤੇ ਦਰਜ ਕੀਤਾ ਗਿਆ ਹੈ। ਉਨ੍ਹਾਂ ਪੁਲੀਸ ਕੇਸ ਨੂੰ ਬਦਲਾਖੋਰੀ ਦੀ ਕਾਰਵਾਈ ਕਰਾਰ ਦਿੰਦਿਆਂ ਇਸ ਦੇ ਖ਼ਿਲਾਫ਼ 7 ਮਾਰਚ ਨੂੰ ਐੱਸਐੱਸਪੀ ਦਫ਼ਤਰ ਦਾ ਘਿਰਾਓ ਕਰਨ ਦਾ ਫ਼ੈਸਲਾ ਲਿਆ ਗਿਆ।
ਮੋਰਚੇ ਦੇ ਆਗੂਆਂ ਨੇ ਕਿਹਾ ਕਿ ਜੇਕਰ ਪੁਲੀਸ ਨੇ ਕੁੰਭੜਾ ਪਰਿਵਾਰ ਵਿਰੁੱਧ ਦਰਜ ਕੀਤਾ ਪਰਚਾ ਫੌਰੀ ਰੱਦ ਨਹੀਂ ਕੀਤਾ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਦਲਿਤ ਆਗੂ ਬਲਵਿੰਦਰ ਕੁੰਭੜਾ ਨੇ ਕਿਹਾ ਕਿ ਇਹ ਕੋਈ ਨਵੀਂ ਗੱਲ ਨਹੀਂ ਹੈ। ਇਸ ਤੋਂ ਪਹਿਲਾਂ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਨੇ ਵੀ ਸਮੇਂ ਸਮੇਂ ’ਤੇ ਉਨ੍ਹਾਂ ਵਿਰੁੱਧ ਪਰਚੇ ਦਰਜ ਕਰਕੇ ਹੱਕ ਤੇ ਸੱਚ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਉਨ੍ਹਾਂ ਐਲਾਨ ਕੀਤਾ ਕਿ ਉਹ ਪੁਲੀਸ ਵਧੀਕੀਆਂ ਖ਼ਿਲਾਫ਼ ਪਹਿਲਾਂ ਵਾਂਗ ਸਮਾਜਿਕ ਲੜਾਈ ਜਾਰੀ ਰੱਖੇਗਾ।
ਪਾਲ ਸਿੰਘ ਫਰਾਂਸ ਨੇ ਕਿਹਾ ਕਿ ਪੁਲੀਸ ਨੇ ਝੂਠਾ ਪਰਚਾ ਦਰਜ ਕਰਕੇ ਸ਼ਰਮਨਾਕ ਕਾਰਵਾਈ ਕੀਤੀ ਹੈ। ਇਸ ਤਰ੍ਹਾਂ ਸਰਕਾਰ ਲੋਕਾਂ ਨੂੰ ਡਰਾ ਧਮਕਾ ਕੇ ਸੰਘਰਸ਼ ਕਰਨ ਤੋਂ ਨਹੀਂ ਰੋਕ ਸਕਦੀ ਹੈ। ਐਡਵੋਕੇਟ ਗੁਰਸ਼ਰਨ ਸਿੰਘ ਧਾਲੀਵਾਲ ਨੇ ਕਿਹਾ ਕਿ ਪੁਲੀਸ ਨੇ ਸਮਾਜਿਕ ਚਿੰਤਕਾਂ ਨੂੰ ਡਰਾਉਣ ਲਈ ਝੂਠੇ ਕੇਸ ਦਰਜ ਕਰਨ ਦਾ ਪੱਕਾ ਲਾਇਸੈਂਸ ਲੈ ਲਿਆ ਹੈ। ਮੋਰਚੇ ਦੇ ਸੀਨੀਅਰ ਆਗੂ ਰੇਸ਼ਮ ਸਿੰਘ ਕਾਹਲੋਂ ਨੇ ਕਿਹਾ ਕਿ 7 ਮਾਰਚ ਨੂੰ ਐਸਸੀ\ਬੀਸੀ ਮਹਾਂ ਪੰਚਾਇਤ ਵੱਲੋਂ ਐੱਸਐੱਸਪੀ ਦਫ਼ਤਰ ਦਾ ਘਿਰਾਓ ਕਰਨ ਲਈ ਪਰਿਵਾਰਾਂ ਸਮੇਤ ਸ਼ਮੂਲੀਅਤ ਕੀਤੀ ਜਾਵੇਗੀ।
ਇਸ ਮੌਕੇ ਬਲਜੀਤ ਸਿੰਘ ਖਾਲਸਾ, ਲਖਵੀਰ ਸਿੰਘ ਵਡਾਲਾ, ਸ਼ਵਿੰਦਰ ਸਿੰਘ ਲੱਖੋਵਾਲ, ਬਲਜੀਤ ਸਿੰਘ ਕਕਰਾਲੀ, ਅਵਤਾਰ ਸਿੰਘ ਸੈਂਪਲਾ, ਹਰਚੰਦ ਸਿੰਘ ਜਖਵਾਲੀ, ਸੁਖਵਿੰਦਰ ਸਿੰਘ ਬਕਰਾਹਾ, ਬਲਵਿੰਦਰ ਸਿੰਘ ਗਿੱਲ, ਮੁਖ਼ਤਿਆਰ ਸਿੰਘ ਕਕਰਾਲਾ, ਪ੍ਰਿੰਸੀਪਲ ਬਨਵਾਰੀ ਲਾਲ, ਰਣਜੀਤ ਸਿੰਘ ਤਰਖਾਣ ਮਾਜਰਾ, ਅਨਿਲ ਕੁਮਾਰ ਸਮੇਤ ਹੋਰ ਪਤਵੰਤੇ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…