ਇਲਾਕੇ ਦੇ ਲੋਕਾਂ ਨੇ ਅਕਾਲੀ ਦਲ ਦੀਆਂ ਮਾੜੀਆਂ ਨੀਤੀਆਂ ਨੂੰ ਨਕਾਰਿਆਂ: ਬਲਬੀਰ ਸਿੱਧੂ

ਮੁਹਾਲੀ ਸ਼ਹਿਰ ਸਮੇਤ ਸਮੁੱਚੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਨਵਾਂ ਮਾਸਟਰ ਪਲਾਨ ਤਿਆਰ ਕੀਤਾ ਜਾਵੇਗਾ: ਸਿੱਧੂ

ਅਮਨਦੀਪ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਮਾਰਚ:
ਮੁਹਾਲੀ ਹਲਕੇ ਤੋਂ ਚੋਣ ਜਿੱਤ ਕੇ ਤੀਜੀ ਵਾਰ ਵਿਧਾਇਕ ਚੁਣੇ ਗਏ ਬਲਬੀਰ ਸਿੰਘ ਸਿੱਧੂ ਨੇ ਕਿਹਾ ਹੈ ਕਿ ਇਲਾਕੇ ਦੇ ਲੋਕਾਂ ਨੇ ਅਕਾਲੀ ਦਲ ਦੀਆਂ ਮਾੜੀਆਂ ਨੀਤੀਆਂ ਨੂੰ ਨਕਾਰਦੇ ਹੋਏ ਕਾਂਗਰਸ ਦੇ ਹੱਕ ਵਿੱਚ ਫ਼ਤਵਾ ਦਿੱਤਾ ਹੈ। ਉਨ੍ਹਾਂ ਆਪਣੀ ਜਿੱਤ ਨੂੰ ਲੋਕਤੰਤਰ ਦੀ ਜਿੱਤ ਦੱਸਦੇ ਹੋਏ ਐਲਾਨ ਕੀਤਾ ਕਿ ਉਨ੍ਹਾਂ ਵੱਲੋਂ ਚੋਣਾਂ ਦੌਰਾਨ ਹਲਕੇ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਪੂਰੀ ਵਾਹ ਲਾਈ ਜਾਵੇਗੀ।
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਮੁਹਾਲੀ ਦੀ ਰਿਟਰਨਿੰਗ ਅਫ਼ਸਰ ਸ੍ਰੀਮਤੀ ਅਨੁਪ੍ਰੀਤਾ ਜੌਹਲ ਕੋਲੋਂ ਵਿਧਾਨ ਸਭਾ ਦੀ ਚੋਣ ਜਿੱਤਣ ਦਾ ਸਰਟੀਫਿਕੇਟ ਲੈਣ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਸਿੱਧੂ ਨੇ ਕਿਹਾ ਕਿ ਮੁਹਾਲੀ ਹਲਕੇ ਦੀਆਂ ਸਮੱਸਿਆਵਾਂ ਨੂੰ ਸਮੇਂ ਸਿਰ ਹੱਲ ਕਰਵਾਉਣ ਲਈ ਪੰਜਾਬ ਕੈਬਨਿਟ ਦੀ ਮੀਟਿੰਗ ਅਤੇ ਵਿਧਾਨ ਸਭਾ ਵਿੱਚ ਆਵਾਜ਼ ਚੁੱਕੀ ਜਾਵੇਗੀ ਅਤੇ ਸਥਾਨਕ ਲੋਕਾਂ ਨੂੰ ਪਹਿਲ ਦੇ ਆਧਾਰ ’ਤੇ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਵਾਉਣ ਸਮੇਤ ਵਿਕਾਸ ਕਾਰਜਾਂ ਲਈ ਹਮੇਸ਼ਾ ਯਤਨਸ਼ੀਲ ਰਹਿਣਗੇ। ਉਨ੍ਹਾਂ ਵੋਟਰਾਂ ਦੀ ਜਾਗਰੂਕਤਾ ਅੱਗੇ ਸਿਰ ਝੁਕਾਉਂਦਿਆਂ ਕਿਹਾ ਕਿ ਉਨ੍ਹਾਂ ਆਪਣੇ ਫਰਜ਼ ਅਤੇ ਲਗਨ ਨੂੰ ਸੁਹਿਰਦਤਾ ਨਾਲ ਨਿਭਾ ਕੇ ਲੋਕਤੰਤਰੀ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨ ਵਿੱਚ ਬਹੁਤ ਵੱਡਾ ਯੋਗਦਾਨ ਪਾਇਆ ਹੈ। ਇਲਾਕੇ ਦੇ ਸਰਬਪੱਖੀ ਵਿਕਾਸ ਅਤੇ ਤਰੱਕੀ ਲਈ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਸ੍ਰੀ ਸਿੱਧੂ ਨੇ ਵਾਅਦਾ ਕੀਤਾ ਕਿ ਉਹ ਭਵਿੱਖ ਵਿੱਚ ਮੁਹਾਲੀ ਦੀ ਨੁਹਾਰ ਬਦਲਣ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ।
ਉਨ੍ਹਾਂ ਮਜ਼ਾਕੀਆ ਲਹਿਜ਼ੇ ਵਿੱਚ ਕਿਹਾ ਕਿ ਉਹ ਕਰ ਤੇ ਆਬਕਾਰੀ ਮੰਤਰੀ ਬਣਨ ਦੀ ਬਜਾਏ ਸਥਾਨਕ ਸਰਕਾਰਾਂ ਵਿਭਾਗ ਲੈਣ ਨੂੰ ਤਰਜੀਹ ਦੇਣਗੇ ਅਤੇ ਇਸ ਮਹਿਕਮੇ ਵਿੱਚ ਰਹਿੰਦਿਆਂ ਵਿਕਾਸ ਪੱਖੋਂ ਮੁਹਾਲੀ ਦੀ ਨੁਹਾਰ ਬਦਲਣ ਲਈ ਕੋਈ ਕਸਰ ਨਾ ਛੱਡੀ ਜਾਵੇ। ਉਨ੍ਹਾਂ ਦੋਸ਼ ਲਾਇਆ ਕਿ ਪਿਛਲੇ 10 ਸਾਲਾਂ ਵਿੱਚ ਅਕਾਲੀਆਂ ਦੀ ਧੜੇਬੰਦੀ ਕਾਰਨ ਮੁਹਾਲੀ ਦਾ ਵਿਕਾਸ ਪ੍ਰਭਾਵਿਤ ਹੋਇਆ ਹੈ ਪਰ ਹੁਣ ਮੁਹਾਲੀ ਸ਼ਹਿਰ ਸਮੇਤ ਸਮੁੱਚੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਨਵਾਂ ਮਾਸਟਰ ਪਲਾਨ ਤਿਆਰ ਕੀਤਾ ਜਾਵੇਗਾ।
ਇਸ ਮੌਕੇ ਮੁਹਾਲੀ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਰਿਸਵ ਜੈਨ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਰਾਜਿੰਦਰ ਸਿੰਘ ਰਾਣਾ, ਯੂਥ ਆਗੂ ਅਮਰਜੀਤ ਸਿੰਘ ਜੀਤੀ ਸਿੱਧੂ, ਕਾਂਗਰਸ ਦੇ ਕੌਂਸਲਰ ਜਸਬੀਰ ਸਿੰਘ ਮਣਕੂ, ਪੰਜਾਬ ਕਾਂਗਰਸ ਦੇ ਸਕੱਤਰ-ਕਮ-ਮੀਡੀਆ ਇੰਚਾਰਜ ਹਰਕੇਸ਼ ਚੰਦ ਸ਼ਰਮਾ, ਬਲਾਕ ਪ੍ਰਧਾਨ ਇੰਦਰਜੀਤ ਸਿੰਘ ਖੋਖਰ, ਗੁਰਦੇਵ ਸਿੰਘ ਚੌਹਾਨ, ਮਾ. ਰਾਮ ਸਰੂਪ ਜੋਸ਼ੀ, ਰਾਜਪਾਲ ਸਿੰਘ ਵਿਲਖੂ, ਰਿਸ਼ਵ ਜੈਨ, ਅਮਰੀਕ ਸਿੰਘ ਸੋਮਲ, ਜਤਿੰਦਰ ਆਨੰਦ, ਭਗਤ ਸਿੰਘ ਨਾਮਧਾਰੀ, ਚੌਧਰੀ ਦੀਪ ਚੰਦ, ਠੇਕੇਦਾਰ ਮੋਹਨ ਸਿੰਘ ਬਠਲਾਣਾ, ਪਰਦੀਪ ਪੱਪੀ, ਜੀ.ਐਸ. ਰਿਆੜ, ਜੈਲਦਾਰ ਬਲਵਿੰਦਰ ਸਿੰਘ, ਉਦਯੋਗਪਤੀ ਐਸ.ਐਸ. ਸੰਧੂ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਮੌਜੂਦ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਵਿੱਚ ਰਾਜਨੀਤਕ ਬਦਲਾਅ ਲਿਆਏਗੀ ‘‘ਪੰਜਾਬ ਬਚਾਓ ਯਾਤਰਾ’’: ਐਨ.ਕੇ. ਸ਼ਰਮਾ

ਪੰਜਾਬ ਵਿੱਚ ਰਾਜਨੀਤਕ ਬਦਲਾਅ ਲਿਆਏਗੀ ‘‘ਪੰਜਾਬ ਬਚਾਓ ਯਾਤਰਾ’’: ਐਨ.ਕੇ. ਸ਼ਰਮਾ ਨਬਜ਼-ਏ-ਪੰਜਾਬ, ਡੇਰਾਬੱਸੀ, 1…