ਬਿਜਲੀ-ਪਾਣੀ ਦੀ ਸਮੱਸਿਆ ਨੂੰ ਲੈ ਕੇ ਲੋਕ ਸੜਕਾਂ ’ਤੇ ਉਤਰੇ, ਏਅਰਪੋਰਟ ਸੜਕ ’ਤੇ ਲਾਇਆ ਧਰਨਾ

ਸੋਹਾਣਾ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਤੇ ਪਾਵਰਕੌਮ ਵਿਰੁੱਧ ਕੀਤੀ ਨਾਅਰੇਬਾਜ਼ੀ

ਜੇ ਬਿਜਲੀ ਆਉਣੀ ਹੀ ਨਹੀਂ ਤਾਂ ਮੁਫ਼ਤ ਬਿਜਲੀ ਦਾ ਕੀ ਮਤਲਬ: ਪਰਵਿੰਦਰ ਸੋਹਾਣਾ

ਨਬਜ਼-ਏ-ਪੰਜਾਬ, ਮੁਹਾਲੀ, 16 ਜੂਨ:
ਬਿਜਲੀ ਦੇ ਅਣਐਲਾਨੇ ਕੱਟ ਅਤੇ ਪਾਣੀ ਦੀ ਸਮੱਸਿਆ ਨੂੰ ਲੈ ਕੇ ਅੱਜ ਇਤਿਹਾਸਕ ਨਗਰ ਸੋਹਾਣਾ ਦੇ ਵਸਨੀਕ ਅਤੇ ਲੋਕ ਨੁਮਾਇੰਦੇ ਸੜਕਾਂ ’ਤੇ ਉਤਰੇ ਅਤੇ ਮੁਹਾਲੀ ਏਅਰਪੋਰਟ ਸੜਕ ’ਤੇ ਧਰਨਾ ਦੇ ਕੇ ਪੰਜਾਬ ਸਰਕਾਰ ਤੇ ਪਾਵਰਕੌਮ ਵਿਰੁੱਧ ਨਾਅਰੇਬਾਜ਼ੀ ਕੀਤੀ। ਸ਼੍ਰੋਮਣੀ ਅਕਾਲੀ ਦਲ, ਮੁਹਾਲੀ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਕਿ ਸ਼ਹਿਰ ਅਤੇ ਨੇੜਲੇ ਪਿੰਡਾਂ ਦੇ ਵਸਨੀਕ ਬਿਜਲੀ ਦੇ ਅਣਐਲਾਨੇ ਕੱਟਾਂ ਤੋਂ ਬੇਹੱਦ ਦੁਖੀ ਹਨ। ਬੱਤੀ ਗੁੱਲ ਹੋਣ ਨਾਲ ਪਾਣੀ ਦੀ ਸਪਲਾਈ ਵੀ ਪ੍ਰਭਾਵਿਤ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਅੱਤ ਦੀ ਗਰਮੀ ਵਿੱਚ ਬਿਜਲੀ-ਪਾਣੀ ਦੀ ਬੇਹੱਦ ਲੋੜ ਹੁੰਦੀ ਹੈ ਪ੍ਰੰਤੂ ਸਰਕਾਰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਤੋਂ ਭੱਜ ਰਹੀ ਹੈ। ਉਨ੍ਹਾਂ ਕਿਹਾ ਕਿ ਜੇ ਬਿਜਲੀ ਆਉਣੀ ਹੀ ਨਹੀਂ ਤਾਂ ਮੁਫ਼ਤ ਬਿਜਲੀ ਦਾ ਕਹੀ ਮਤਲਬ ਹੈ।
ਅਕਾਲੀ ਆਗੂ ਨੇ ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਹਰੇਕ ਫਰੰਟ ’ਤੇ ਫੇਲ੍ਹ ਸਾਬਤ ਹੋ ਰਹੀ ਹੈ ਅਤੇ ਭਗਵੰਤ ਮਾਨ ਸਰਕਾਰ ਝੂਠੇ ਪੋਸਟਰਾਂ ਵਾਲੀ ਸਰਕਾਰ ਬਣ ਕੇ ਰਹਿ ਗਈ ਹੈ। ਹੁਕਮਰਾਨਾਂ ਦੀ ਕਹਿਣੀ ਤੇ ਕਥਨੀ ਵਿੱਚ ਜ਼ਮੀਨ ਅਸਮਾਨ ਦਾ ਅੰਤਰ ਹੈ। ਉਨ੍ਹਾਂ ਮੰਗ ਕੀਤੀ ਕਿ ਪਿੰਡ ਸੋਹਾਣਾ ਨੂੰ ਨਹਿਰੀ ਪਾਣੀ ਸਪਲਾਈ ਕੀਤਾ ਜਾਵੇ ਅਤੇ ਸੈਕਟਰ-77 ਸਥਿਤ ਬੂਸਟਰ ਤੋਂ ਪਾਣੀ ਸਪਲਾਈ ਕੀਤਾ ਜਾਵੇ ਕਿਉਂਕਿ ਟਿਊਬਵੈੱਲ ਲੋਕਾਂ ਦੀ ਪਿਆਸ ਬੁਝਾਉਣ ਤੋਂ ਅਸਮਰੱਥ ਹਨ। ਜੇਕਰ ਇਹੀ ਹਾਲਾਤ ਰਹੇ ਤਾਂ ਲੋਕ ਸੰਘਰਸ਼ ਨੂੰ ਹੋਰ ਤੇਜ਼ ਕਰਨਗੇ ਅਤੇ ਮੁੱਖ ਸੜਕਾਂ ਜਾਮ ਕੀਤੀਆਂ ਜਾਣਗੀਆਂ।
ਇਸ ਮੌਕੇ ਨੰਬਰਦਾਰ ਹਰਵਿੰਦਰ ਸਿੰਘ, ਕੌਂਸਲਰ ਸੁੱਚਾ ਸਿੰਘ ਕਲੌੜ ਤੇ ਹਰਜਿੰਦਰ ਕੌਰ ਬੈਦਵਾਨ, ਗੁਰਦੀਪ ਸਿੰਘ ਸਾਬਕਾ ਸਰਪੰਚ, ਚਰਨਜੀਤ ਕੌਰ, ਬਲਬੀਰ ਕੌਰ, ਹਰਪ੍ਰੀਤ ਸਿੰਘ, ਮਨਜੀਤ ਸਿੰਘ ਪੱਪੀ ਅਤੇ ਹੋਰ ਪਤਵੰਤੇ ਹਾਜ਼ਰ ਸਨ। ਪਿੰਡ ਵਾਸੀਆਂ ਨੇ ਇਨਸਾਫ਼ ਦੀ ਮੰਗ ਕਰਦਿਆਂ ਚਿਤਾਵਨੀ ਦਿੱਤੀ ਕਿ ਜੇਕਰ ਬਿਜਲੀ-ਪਾਣੀ ਵਿੱਚ ਸੁਧਾਰ ਨਹੀਂ ਹੋਇਆ। ਧਰਨਿਆਂ ਦਾ ਦਾਇਰਾ ਵਧਾਇਆ ਜਾਵੇਗਾ ਅਤੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਜਨ ਅੰਦੋਲਨ ਵਿੱਢਿਆ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਕਿਸਾਨਾਂ ਦੀ ਸਹਿਮਤੀ ਨਾਲ ਹੀ ਜ਼ਮੀਨਾਂ ਐਕਵਾਇਰ ਕੀਤੀਆਂ ਜਾਣਗੀਆਂ: ਕੁਲਵੰਤ ਸਿੰਘ

ਕਿਸਾਨਾਂ ਦੀ ਸਹਿਮਤੀ ਨਾਲ ਹੀ ਜ਼ਮੀਨਾਂ ਐਕਵਾਇਰ ਕੀਤੀਆਂ ਜਾਣਗੀਆਂ: ਕੁਲਵੰਤ ਸਿੰਘ ਭਾਰਤੀ ਕਿਸਾਨ ਮਜ਼ਦੂਰ ਸੰਘਰਸ਼…