ਜਗਤਪੁਰਾ ਆਰਐਮਸੀ ਪੁਆਇੰਟ ’ਤੇ ਕੂੜੇ ਦੇ ਢੇਰ ਲੱਗੇ, ਬਦਬੂ ਕਾਰਨ ਲੋਕ ਪ੍ਰੇਸ਼ਾਨ

ਡਿਪਟੀ ਮੇਅਰ ਕੁਲਜੀਤ ਬੇਦੀ ਨੇ ਫੌਰੀ ਕਾਰਵਾਈ ਮੰਗੀ, ਠੇਕੇਦਾਰ ਖ਼ਿਲਾਫ਼ ਕੇਸ ਦਰਜ ਹੋਵੇ

ਨਬਜ਼-ਏ-ਪੰਜਾਬ, ਮੁਹਾਲੀ, 17 ਮਾਰਚ:
ਮੁਹਾਲੀ ਦੇ ਫੇਜ਼-11 ਜਗਤਪੁਰਾ ਵਿੱਚ ਸਥਿਤ ਆਰਐਮਸੀ ਕੂੜਾ ਇਕੱਠਾ ਕਰਨ ਵਾਲੇ ਪੁਆਇੰਟ ਦੀ ਹਾਲਤ ਬਹੁਤ ਹੀ ਖਰਾਬ ਹੋ ਚੁੱਕੀ ਹੈ। ਇਸ ਮਾਮਲੇ ’ਤੇ ਗੰਭੀਰ ਚਿੰਤਾ ਜਤਾਉਂਦੇ ਹੋਏ ਮੁਹਾਲੀ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਇੱਥੇ ਕੂੜੇ ਦੇ ਢੇਰ ਲੱਗੇ ਹੋਏ ਹਨ ਅਤੇ ਪਿਛਲੇ ਕਈ ਹਫ਼ਤਿਆਂ ਤੋਂ ਕੂੜਾ ਚੁੱਕਿਆ ਨਹੀਂ ਜਾ ਰਿਹਾ, ਜਿਸ ਕਾਰਨ ਇਲਾਕੇ ਵਿੱਚ ਭਿਆਨਕ ਬਦਬੂ ਅਤੇ ਗੰਦਗੀ ਦਾ ਮਾਹੌਲ ਬਣ ਗਿਆ ਹੈ। ਇਹੀ ਨਹੀਂ ਇੱਥੇ ਤਾਂ ਪਲਾਂਟ ਤੱਕ ਜਾਣ ਦਾ ਰਸਤਾ ਵੀ ਬੰਦ ਪਿਆ ਹੈ।
ਉਨ੍ਹਾਂ ਦੱਸਿਆ ਕਿ ਪਲਾਂਟ ਤੱਕ ਪਹੁੰਚਣ ਲਈ ਕੋਈ ਢੰਗ ਦਾ ਰਸਤਾ ਨਹੀਂ ਹੈ ਅਤੇ ਲਾਈਟ ਦੀ ਵੀ ਵੱਡੀ ਸਮੱਸਿਆ ਹੈ, ਜਿਸ ਕਰਕੇ ਕੂੜਾ ਚੁੱਕਣ ਵਾਲੀਆਂ ਗੱਡੀਆਂ ਅੰਦਰ ਨਹੀਂ ਜਾ ਸਕਦੀਆਂ। ਪਿਛਲੇ ਤਿੰਨ ਹਫ਼ਤਿਆਂ ਤੋਂ ਇੱਥੇ ਬਿਜਲੀ ਗੁੱਲ ਹੈ॥ ਇਸ ਕਾਰਨ ਕੂੜਾ ਲਗਾਤਾਰ ਇਕੱਠਾ ਹੁੰਦਾ ਜਾ ਰਿਹਾ ਹੈ ਅਤੇ ਸ਼ਹਿਰ ਦੇ ਹੋਰ ਇਲਾਕਿਆਂ ਵਿੱਚ ਵੀ ਕੂੜਾ ਸੁੱਟਿਆ ਜਾ ਰਿਹਾ ਹੈ, ਜਿਸ ਨਾਲ ਸਫਾਈ ਪ੍ਰਣਾਲੀ ’ਤੇ ਵੱਡਾ ਅਸਰ ਪੈ ਰਿਹਾ ਹੈ।
ਡਿਪਟੀ ਮੇਅਰ ਨੇ ਦੋਸ਼ ਲਾਇਆ ਕਿ ਠੇਕੇਦਾਰ ਕੰਪਨੀ ਵੱਲੋਂ ਆਪਣੀ ਜ਼ਿੰਮੇਵਾਰੀ ਢੰਗ ਨਾਲ ਨਹੀਂ ਨਿਭਾਈ ਜਾ ਰਹੀ, ਜਿਸ ਨਾਲ ਸ਼ਹਿਰ ਦੀ ਸਫਾਈ ਪ੍ਰਣਾਲੀ ਪੂਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਗੰਭੀਰ ਲਾਪਰਵਾਹੀ ਕਾਰਨ ਲੋਕਾਂ ਦੀ ਸਿਹਤ ਨੂੰ ਵੀ ਖਤਰਾ ਪੈਦਾ ਹੋ ਗਿਆ ਹੈ ਅਤੇ ਇਲਾਕੇ ਵਿੱਚ ਰਹਿਣ ਵਾਲੇ ਲੋਕਾਂ ਲਈ ਹਾਲਾਤ ਬਦ ਤੋਂ ਬਦਤਰ ਹੋ ਰਹੇ ਹਨ।
ਉਨ੍ਹਾਂ ਇਹ ਵੀ ਜ਼ਿਕਰ ਕੀਤਾ ਕਿ ਮੁਹਾਲੀ ਵਿੱਚ ਪਹਿਲਾਂ ਹੀ ਕੋਈ ਪੱਕਾ ਡੰਪਿੰਗ ਗਰਾਊਂਡ ਮੌਜੂਦ ਨਹੀਂ ਹੈ, ਜਿਸ ਕਾਰਨ ਕੂੜੇ ਦੇ ਪ੍ਰਬੰਧਨ ਦੀ ਸਮੱਸਿਆ ਹੋਰ ਵੀ ਗੰਭੀਰ ਬਣਦੀ ਜਾ ਰਹੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸ਼ਹਿਰ ਦੇ ਹਾਲਾਤ ਖਰਾਬ ਹੋਣ ਤੋਂ ਪਹਿਲਾਂ ਹੀ ਆਰਐਮਸੀ ਪਾਇੰਟਾਂ ‘ਤੇ ਸੁਚੱਜੇ ਢੰਗ ਨਾਲ ਕਾਰਵਾਈ ਕੀਤੀ ਜਾਵੇ, ਕੂੜੇ ਦੀ ਨਿਯਮਿਤ ਲਿਫਟਿੰਗ ਯਕੀਨੀ ਬਣਾਈ ਜਾਵੇ ਅਤੇ ਕੂੜੇ ਨੂੰ ਸ਼ਹਿਰ ਤੋਂ ਬਾਹਰ ਸੁਟਵਾਉਣ ਲਈ ਦਿੱਤੇ ਗਏ ਠੇਕੇ ਨੂੰ ਵੀ ਪੂਰੀ ਤਰ੍ਹਾਂ ਅਤੇ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕੀਤਾ ਜਾਵੇ।
ਕੁਲਜੀਤ ਬੇਦੀ ਨੇ ਮੁਹਾਲੀ ਦੇ ਕਮਿਸ਼ਨਰ ਨੂੰ ਅਪੀਲ ਕੀਤੀ ਕਿ ਉਹ ਤੁਰੰਤ ਮੌਕੇ ’ਤੇ ਪਹੁੰਚ ਕੇ ਹਾਲਾਤਾਂ ਦਾ ਜਾਇਜ਼ਾ ਲੈਣ ਅਤੇ ਸੰਬੰਧਿਤ ਅਧਿਕਾਰੀਆਂ ਅਤੇ ਠੇਕੇਦਾਰ ਕੰਪਨੀ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਕੰਪਨੀ ਖ਼ਿਲਾਫ਼ ਤੁਰੰਤ ਪਰਚਾ ਦਰਜ ਕਰਕੇ ਜ਼ਿੰਮੇਵਾਰਾਂ ਨੂੰ ਸਜ਼ਾ ਦਿੱਤੀ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਸਮੇਂ ਸਿਰ ਕਾਰਵਾਈ ਨਾ ਕੀਤੀ ਗਈ ਤਾਂ ਸ਼ਹਿਰ ਵਿੱਚ ਸਫ਼ਾਈ ਸੰਕਟ ਹੋਰ ਵੀ ਗੰਭੀਰ ਹੋ ਸਕਦਾ ਹੈ, ਜਿਸ ਨਾਲ ਵੱਡੇ ਪੱਧਰ ’ਤੇ ਲੋਕਾਂ ਦੀ ਸਿਹਤ ਅਤੇ ਵਾਤਾਵਰਨ ਨੂੰ ਨੁਕਸਾਨ ਪਹੁੰਚ ਸਕਦਾ ਹੈ।

Load More Related Articles
Load More By Nabaz-e-Punjab
Load More In Protest

Check Also

ਮਹਿਲਾ ਕਾਂਗਰਸ ਵੱਲੋਂ ਅੌਰਤਾਂ ਦੀ ਸੁਰੱਖਿਆ ਦੇ ਮੁੱਦੇ ’ਤੇ ‘ਆਪ’ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

ਮਹਿਲਾ ਕਾਂਗਰਸ ਵੱਲੋਂ ਅੌਰਤਾਂ ਦੀ ਸੁਰੱਖਿਆ ਦੇ ਮੁੱਦੇ ’ਤੇ ‘ਆਪ’ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਨਬਜ਼-ਏ-ਪੰਜਾਬ…