ਬਿਜਲੀ ਕਾਮਿਆਂ ਵੱਲੋਂ ਪੰਜਾਬ ਸਰਕਾਰ ਤੇ ਪਾਵਰਕੌਮ ਮੈਨੇਜਮੈਂਟ ਖ਼ਿਲਾਫ਼ ਰੋਸ ਮੁਜ਼ਾਹਰਾ

ਨਬਜ਼-ਏ-ਪੰਜਾਬ, ਮੁਹਾਲੀ, 4 ਨਵੰਬਰ:
ਪੰਜਾਬ ਰਾਜ ਪਾਵਰਕੌਮ ਕਾਰਪੋਰੇਸ਼ਨ ਦੇ ਮੁਲਾਜ਼ਮਾਂ ਦੀ ਸਿਰਮੌਰ ਜਥੇਬੰਦੀ ਟੈਕਨੀਕਲ ਸਰਵਿਸਜ ਯੂਨੀਅਨ (ਟੀਐਸਯੂ) ਦੀ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ 3 ਅਤੇ 4 ਨਵੰਬਰ ਨੂੰ ਪੰਜਾਬ ਦੇ ਸਬ ਡਵੀਜ਼ਨ/ਡਵੀਜ਼ਨ ਪੱਧਰ ’ਤੇ ਬਿਜਲੀ ਖੇਤਰ ਵਿੱਚ ਕੰਮ ਕਰਦੇ ਸਮੂਹ ਕਾਮਿਆਂ ਨੂੰ ਸ਼ਾਮਲ ਕਰਕੇ ਰੈਲੀਆਂ ਕਰਨ ਦੇ ਫ਼ੈਸਲੇ ਤਹਿਤ ਅੱਜ ਬਿਜਲੀ ਕਾਮਿਆਂ ਨੇ ਵਿਸ਼ਾਲ ਰੋਸ ਰੈਲੀ ਕੀਤੀ ਅਤੇ ਸੂਬਾ ਸਰਕਾਰ ਅਤੇ ਮੈਨੇਜਮੈਂਟ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਟੀਐਸਯੂ ਦੇ ਸਰਕਲ ਪ੍ਰਧਾਨ ਗੁਰਬਖ਼ਸ਼ ਸਿੰਘ, ਮੁੱਖ ਸਲਾਹਕਾਰ ਲੱਖਾ ਸਿੰਘ ਅਤੇ ਕਾਨੂੰਨੀ ਸਲਾਹਕਾਰ ਜਤਿੰਦਰ ਸਿੰਘ ਸਮੇਤ ਹੋਰਨਾਂ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਤੇ ਪਾਵਰਕਾਮ ਦੀ ਮੈਨੇਜਮੈਂਟ ਵੱਲੋੱ ਬਿਜਲੀ ਵਿਭਾਗ ਦੀਆਂ ਜ਼ਮੀਨਾਂ ਨੂੰ ਵੇਚਣ ਲਈ ਫੈਸਲੇ ਕੀਤੇ ਜਾ ਰਹੇ ਹਨ। ਜਥੇਬੰਦੀ ਵੱਲੋਂ ਮੰਗ ਕੀਤੀ ਗਈ ਕਿ ਇਹ ਫੈਸਲਾ ਵਾਪਸ ਲਿਆ ਜਾਵੇ। ਆਗੂਆਂ ਨੇ ਕਿਹਾ ਕਿ ਬਿਜਲੀ ਵਿਭਾਗ ਦੀ ਉਸਾਰੀ ਕਰਨ ਸਮੇਂ ਪੰਜਾਬ ਦੇ ਲੋਕਾਂ ਵੱਲੋਂ ਇਹ ਜ਼ਮੀਨਾਂ ਗਰਿੱਡ/ਬਿਜਲੀ ਘਰ ਬਣਾਉਣ ਲਈ ਸਰਕਾਰ ਨੂੰ ਦਾਨ ਦੇ ਰੂਪ ਵਿੱਚ ਦਿੱਤੀਆਂ ਗਈਆਂ ਸਨ, ਪਰ ਸਰਕਾਰ ਸਾਮਰਾਜੀ ਦਿਸ਼ਾ ਨਿਰਦੇਸ਼ਾਂ ਤਹਿਤ ਨਿੱਜੀਕਰਨ ਦੀ ਨੀਤੀ ਨੂੰ ਲਾਗੂ ਕਰਦੇ ਹੋਏ ਬਿਜਲੀ ਵਿਭਾਗ ਨੂੰ ਮੁਕੰਮਲ ਰੂਪ ਵਿੱਚ ਨਿੱਜੀ ਕੰਪਨੀਆਂ ਦੇ ਹਵਾਲੇ ਕਰਨ ਲਈ ਇਹ ਜ਼ਮੀਨਾਂ ਨਿੱਜੀ ਕੰਪਨੀਆਂ ਨੂੰ ਵੇਚਣ ਦਾ ਕਦਮ ਚੁੱਕ ਰਹੀਆਂ ਹਨ।
ਬੁਲਾਰਿਆਂ ਨੇ ਕਿਹਾ ਕਿ ਖਰੜ ਅਤੇ ਲਾਲੜੂ ਸਮੇਤ ਹੋਰਨਾਂ ਡਵੀਜਨਾਂ ਨੂੰ ਨਿੱਜੀ ਕੰਪਨੀਆਂ ਹਵਾਲੇ ਕਰਨ ਦੇ ਫੈਸਲੇ ਲਏ ਜਾ ਰਹੇ ਹਨ ਅਤੇ ਬਿਜਲੀ ਵਿਭਾਗ ਦੇ ਮੁਲਾਜ਼ਮਾਂ ਤੇ ਕੇਂਦਰ ਸਰਕਾਰ ਦੇ ਤਨਖਾਹ ਸਕੇਲ ਲਾਗੂ ਕੀਤੇ ਗਏ ਹਨ, ਇਸੇ ਨੀਤੀ ਤਹਿਤ ਪੰਜਾਬ ਦੇ ਕਿਸਾਨਾਂ ਦੀਆਂ ਜ਼ਮੀਨਾਂ ਖੋਹ ਕੇ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕੀਤੀਆਂ ਜਾ ਰਹੀਆਂ ਹਨ।
ਬੁਲਾਰਿਆਂ ਨੇ ਕਿਹਾ ਕਿ ਟੀਐਸਯੂ ਵੱਲੋਂ ਨਵੇਂ ਬਣਾਏ ਚਾਰ ਲੇਬਰ ਕੋਡ ਰੱਦ ਕਰਾਉਣ, ਬਿਜਲੀ ਐਕਟ 2003 ਅਤੇ 2022 ਰੱਦ ਕਰਾਉਣ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਾਉਣ, ਹਰ ਪ੍ਰਕਾਰ ਦੇ ਕੱਚੇ ਅਤੇ ਠੇਕੇ ਤੇ ਆਊਟ ਸੋਰਸਿੰਗ, ਇਨਲਿਸਟਮੈਂਟ ਆਦਿ ਕਾਮਿਆਂ ਦੀਆਂ ਸੇਵਾਵਾਂ ਨੂੰ ਪੱਕਾ ਕਰਾਉਣ, ਸਮੂਹ ਰੈਗੂਲਰ ਆਊਟਸੋਰਸਡ ਅਤੇ ਠੇਕਾ ਕਾਮਿਆਂ ਲਈ ਘੱਟੋ-ਘੱਟ ਉਜ਼ਰਤ ਦੇ ਕਾਨੂੰਨ 1948 ਮੁਤਾਬਕ 15ਵੀਂ ਲੇਬਰ ਕਾਨਫਰੰਸ 1957 ਦੀਆਂ ਸ਼ਿਫਾਰਸ਼ਾਂ ਨੂੰ ਸ਼ਾਮਲ ਕਰਕੇ ਘੱਟੋ-ਘੱਟ ਤਨਖਾਹ ਨਿਸ਼ਚਿਤ ਕਰਨ, ਕੰਮ ਦੀ ਦਿਹਾੜੀ 8 ਘੰਟੇ ਤੋਂ 12 ਘੰਟੇ ਕਰਨ ਦਾ ਫੈਸਲਾ ਵਾਪਸ ਲੈਣ, ਮੁਲਾਜ਼ਮਾਂ ਅਤੇ ਪੈਨਸ਼ਨਰਾਂ ਤੇ 200 ਰੁਪਇਆ ਵਿਕਾਸ ਦੇ ਨਾਂ ਤੇ ਵਸੂਲਿਆ ਜਾਂਦਾ ਟੈਕਸ ਬੰਦ ਕਰਵਾਉਣ, ਪੱਕੀ ਭਰਤੀ ਕਰਾਉਣ, ਸਾਰੇ ਵਿਭਾਗਾਂ ਦੇ ਨਿੱਜੀਕਰਨ, ਨਿਗਮੀਕਰਨ, ਪੁਨਰਗਠਨ ਨੂੰ ਬੰਦ ਕਰਾਉਣ ਲਈ ਸੰਘਰਸ਼ ਕੀਤਾ ਜਾ ਰਿਹਾ ਹੈ। ਇਸ ਮੌਕੇ ਸਰਕਾਰ ਦਾ ਅਰਥੀ ਫੂਕ ਮੁਜਾਹਰਾ ਵੀ ਕੀਤਾ ਗਿਆ।
ਅੱਜ ਦੀ ਰੈਲੀ ਨੂੰ ਗੁਰਮੀਤ ਸਿੰਘ, ਬਿਕਰਮ ਸਿੰਘ, ਅਜੀਤ ਸਿੰਘ, ਜਗਜੀਤ ਸਿੰਘ, ਹਰਜੀਤ ਸਿੰਘ, ਸੌਦਾਗਰ ਸਿੰਘ, ਰਾਧੇ ਸ਼ਿਆਮ, ਜਗਦੀਪ ਸਿੰਘ ਸਰਕਲ ਸਕੱਤਰ ਟੀ.ਐਸ.ਯੂ., ਰਜਿੰਦਰ ਕੁਮਾਰ ਸਾਬਕਾ ਚੀਫ ਆਰਗੇਨਾਈਜ਼ਰ ਪੰਜਾਬ, ਪੈਨਸ਼ਨਰਜ਼ ਐਸੋਸੀਏਸ਼ਨ ਵੱਲੋੱ ਵਿਜੇ ਕੁਮਾਰ, ਸੁਰਿੰਦਰ ਮੱਲੀ, ਸਤਵੰਤ ਸਿੰਘ, ਬਲਵੀਰ ਸਿੰਘ, ਪਰਮਜੀਤ ਸਿੰਘ, ਦਿਲਬਰ ਸਿੰਘ ਆਦਿ ਨੇ ਵੀ ਸੰਬੋਧਨ ਕੀਤਾ।

Load More Related Articles
Load More By Nabaz-e-Punjab
Load More In Protest

Check Also

ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਖ਼ਿਲਾਫ਼ ਕੀਤੇ ਗਏ ਜਬਰ-ਜੁਲਮ ਵਿਰੁੱਧ ਵਿਸ਼ਾਲ ਰੈਲੀ

ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਖ਼ਿਲਾਫ਼ ਕੀਤੇ ਗਏ ਜਬਰ-ਜੁਲਮ ਵਿਰੁੱਧ ਵਿਸ਼ਾਲ ਰੈਲੀ ਨਬਜ਼-ਏ-ਪੰਜਾਬ, ਚੰਡੀਗੜ੍ਹ,…