Share on Facebook Share on Twitter Share on Google+ Share on Pinterest Share on Linkedin ਚੋਣਵੇਂ ਉਮੀਦਵਾਰਾਂ ਦੀ ਖ਼ਬਰ ਦੇ ਰੂਪ ਵਿੱਚ ਉਸਤਤ ਕਰਨਾ ਹੈ ‘ਪੇਡ ਨਿਊਜ਼’ ਮੀਡੀਆ ਵਿੱਚ ਅਜਿਹੀਆਂ ਖ਼ਬਰਾਂ ਛਪਣ ’ਤੇ ਉਮੀਦਵਾਰ ਦੇ ਖਾਤੇ ਵਿੱਚ ਜੁੜੇਗਾ ਖਰਚਾ: ਸ੍ਰੀਮਤੀ ਜੈਨ ਨਬਜ਼-ਏ-ਪੰਜਾਬ, ਮੁਹਾਲੀ, 22 ਮਈ: ਚੋਣਵੇਂ ਉਮੀਦਵਾਰਾਂ ਦੀ ਅਖ਼ਬਾਰਾਂ ਵਿੱਚ ਖ਼ਬਰ ਦੇ ਰੂਪ ਵਿੱਚ ਕੀਤੀ ਉਸਤਤ ‘ਪੇਡ ਨਿਊਜ਼’ ਦੀ ਸ਼੍ਰੇਣੀ ਵਿੱਚ ਆਉਂਦੀਆਂ ਹਨ, ਜਿਸ ਦੀ ਪ੍ਰੈਸ ਕੌਂਸਲ ਆਫ਼ ਇੰਡੀਆ ਵੱਲੋਂ ਕੀਤੀ ਗਈ ਵਿਆਖਿਆ ਨੂੰ ਮੰਨਦੇ ਹੋਏ ਭਾਰਤ ਦੇ ਮੁੱਖ ਚੋਣ ਕਮਿਸ਼ਨ ਨੇ ਇਸ ਦਾ ਖਰਚਾ ਸਬੰਧਤ ਉਮੀਦਵਾਰ ਦੇ ਖਾਤੇ ਵਿੱਚ ਪਾਉਣ ਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਆਸ਼ਿਕਾ ਜੈਨ ਨੇ ਕਿਹਾ ਕਿ ਮੀਡੀਆ ਵਿੱਚ ਕੁਝ ਚੋਣਵੇਂ ਉਮੀਦਵਾਰਾਂ ਨੂੰ ਗਿਣੀ-ਮਿੱਥੀ ਥਾਂ ਮੁਹੱਈਆ ਕਰਵਾ ਕੇ ਉਨ੍ਹਾਂ ਦੀ ਚੋਣ ਮੁਹਿੰਮ ਵਿਸ਼ੇਸ਼ ਤੌਰ ’ਤੇ ਵੋਟਰਾਂ ਉੱਤੇ ਪ੍ਰਭਾਵ ਪਾਉਣ ਲਈ ਉਭਾਰੀ ਜਾਵੇਗੀ ਤਾਂ ਉਸ ਨੂੰ ‘ਪੇਡ ਨਿਊਜ਼’ ਮੰਨਿਆ ਜਾਵੇਗਾ। ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਅਜਿਹੀਆਂ ਖ਼ਬਰਾਂ ਦਾ ਉਸ ਅਖ਼ਬਾਰ ਦੇ ਇਸ਼ਤਿਹਾਰ ਦੇ (ਡੀਏਵੀਪੀ) ਰੇਟ ਅਨੁਸਾਰ ਖ਼ਰਚਾ ਉਮੀਦਵਾਰ ਦੇ ਖਾਤੇ ਵਿੱਚ ਜੋੜਿਆ ਜਾਵੇਗਾ। ਉਨ੍ਹਾਂ ਸਮੂਹ ਪ੍ਰਿੰਟ ਅਤੇ ਇਲੈਕਟ੍ਰੋਨਿਕ ਮੀਡੀਆ ਤੋਂ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਅਜਿਹੀਆਂ ਖ਼ਬਰਾਂ ਛਾਪਣ ਤੋਂ ਗੁਰੇਜ਼ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਸਿਆਸੀ ਪਾਰਟੀਆਂ ਤੋਂ ਇਲਾਵਾ ਮੀਡੀਆ ਹਾਊਸ ਅਤੇ ਸੰਸਦ ਭਵਨ ਵਿੱਚ ਮੈਂਬਰਾਂ ਵੱਲੋਂ ਵੀ ਇਹ ਮੁੱਦਾ ਚੁੱਕਿਆ ਗਿਆ ਹੈ। ਇਸ ਸਬੰਧੀ ਸਖ਼ਤੀ ਵਰਤਣ ਲਈ ਚੋਣ ਕਮਿਸ਼ਨ ਨੂੰ ਬੇਨਤੀ ਕੀਤੀ ਗਈ ਹੈ। ਇਸ ਸਬੰਧੀ ਚੋਣ ਕਮਿਸ਼ਨ ਨੇ ਜਨ ਪ੍ਰਤੀਨਿਧੀ ਐਕਟ 1951 ਵਿੱਚ ਤਰਮੀਮ ਕਰਕੇ ਦੋ ਸਾਲ ਦੀ ਸਜ਼ਾ ਦੇ ਪ੍ਰਾਵਧਾਨ ਦੀ ਤਜਵੀਜ਼ ਹੈ। ਅਖ਼ਬਾਰਾਂ, ਟੀਵੀ ਅਤੇ ਸੋਸ਼ਲ ਮੀਡੀਆ ਵਿੱਚ ਨਸ਼ਰ ਹੋ ਰਹੀਆਂ ਖ਼ਬਰਾਂ ਦੀ ਲਗਾਤਾਰ ਨਜ਼ਰਸਾਨੀ ਲਈ ਜ਼ਿਲ੍ਹਾ ਪੱਧਰੀ ਐਮਸੀਐਮਸੀ (ਮੀਡੀਆ ਸਰਟੀਫਿਕੇਸ਼ਨ ਤੇ ਮੋਨੀਟਰਿੰਗ ਕਮੇਟੀ) ਦਾ ਗਠਨ ਕੀਤਾ ਗਿਆ ਹੈ। ਇਹ ਕਮੇਟੀ ਪੇਡ ਨਿਊਜ਼ ਅਤੇ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਵਾਲੀਆਂ ਖ਼ਬਰਾਂ ਸਬੰਧੀ ਉਮੀਦਵਾਰ ਨੂੰ ਜ਼ਿਲ੍ਹਾ ਚੋਣ ਅਫ਼ਸਰ/ਆਰਓ/ਏਆਰਓ ਰਾਹੀਂ ਸਮੇਂ-ਸਮੇਂ ’ਤੇ ਨੋਟਿਸ ਜਾਰੀ ਕਰਵਾਉਣ ਲਈ ਪਾਬੰਦ ਹੈ। ਸ੍ਰੀਮਤੀ ਆਸ਼ਿਕਾ ਜੈਨ ਨੇ ਕਿਹਾ ਕਿ ਇੱਕੋ ਅਖ਼ਬਾਰ ਵਿੱਚ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਦੀ ਇੱਕੋ ਅਕਾਰ ਵਿੱਚ ਛਪੀਆਂ ਖ਼ਬਰਾਂ ਜਿਸ ਵਿੱਚ ਉਮੀਦਵਾਰ ਦੀ ਉਸਤਤ (ਵਡਿਆਈ) ਕੀਤੀ ਗਈ ਹੈ। ਉਮੀਦਵਾਰਾਂ ਨੂੰ ਹਰ ਵਰਗ ਦਾ ਸਮਰਥਨ ਪ੍ਰਾਪਤ ਹੈ ਅਤੇ ਇਹ ਉਮੀਦਵਾਰ ਜਿੱਤ ਦਰਜ ਕਰ ਸਕਦਾ ਹੈ, ਵੀ ਸ਼ੱਕੀ ਪੇਡ ਨਿਊਜ਼ ਦੀ ਸ਼੍ਰੇਣੀ ਵਿੱਚ ਆਉਂਦੀ ਹੈ। ਜਿਨ੍ਹਾਂ ਖ਼ਬਰਾਂ ਦੀ ਸੁਰਖੀ ਵਿੱਚ ਲਿਖਿਆ ਗਿਆ ਹੋਵੇ ਕਿ ਵਿਸ਼ੇਸ਼ ਉਮੀਦਵਾਰ ਨੂੰ ਪੂਰੀ ਜਨਤਾ ਦਾ ਸਮਰਥਨ ਪ੍ਰਾਪਤ ਹੈ, ਵੀ ਪੇਡ ਨਿਊਜ਼ ਹੈ। ਕਿਸੇ ਛੋਟੇ ਰਾਜਨੀਤਿਕ ਪ੍ਰੋਗਰਾਮ ਦੀ ਵਧਾ ਚੜ੍ਹਾ ਕੇ ਕੀਤੀ ਗਈ ਲਗਾਤਾਰ ਕਵਰੇਜ ਵੀ ਪੇਡ ਨਿਊਜ਼ ਮੰਨੀ ਜਾਵੇਗੀ। ਉਨ੍ਹਾਂ ਕਿਹਾ ਕਿ ਮੀਡੀਆ ਦੀ ਭਰੋਸੇਯੋਗਤਾ ਨੂੰ ਲੋਕਾਂ ਵਿੱਚ ਬਰਕਰਾਰ ਰੱਖਣ ਅਤੇ ਵੋਟਰਾਂ ਦੀ ਆਪਣੀ ਵੋਟ ਪ੍ਰਤੀ ਨਿਰਪੱਖਤਾ ਨੂੰ ਪ੍ਰਭਾਵਿਤ ਨਾ ਹੋਣ ਦੇਣ ਵਿੱਚ ਮੀਡੀਆ ਦੀ ਭੂਮਿਕਾ ਅਹਿਮ ਹੈ। ਇਸ ਲਈ ਪੇਡ ਨਿਊਜ਼ ਦੀ ਬੁਰਾਈ ਤੋਂ ਬਚਣਾ ਲੋਕਤੰਤਰ ਦੀ ਮਜ਼ਬੂਤੀ ਵਿੱਚ ਅਹਿਮ ਯੋਗਦਾਨ ਹੋਵੇਗਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਐਮ.ਸੀ.ਐਮ.ਸੀ ਦੇ ਪੇਡ ਨਿਊਜ਼ ਸਬੰਧੀ ਲਏ ਫ਼ੈਸਲੇ ਖਿਲਾਫ ਉਮੀਦਵਾਰ ਨੋਟਿਸ ਮਿਲਣ ਦੇ 48 ਘੰਟੇ ਵਿੱਚ ਸਟੇਟ ਲੈਵਲ ਐਮ.ਸੀ.ਐਮ.ਸੀ ਵਿਖੇ ਅਪੀਲ ਕਰ ਸਕਦਾ ਹੈ ਅਤੇ ਸਟੇਟ ਲੈਵਲ ਐਮ.ਸੀ.ਐਮ.ਸੀ. ਦੇ ਫ਼ੈਸਲੇ ਖਿਲਾਫ ਅਗਲੇ 48 ਘੰਟੇ ਚ ਮੁੱਖ ਚੋਣ ਕਮਿਸ਼ਨ ਤੱਕ ਜਾ ਸਕਦਾ ਹੈ, ਜਿਸ ਦਾ ਫੈਸਲਾ ਅੰਤਿਮ ਹੋਵੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ