Share on Facebook Share on Twitter Share on Google+ Share on Pinterest Share on Linkedin ਨਮੀ ਦੇ ਮਾਪ ਨੂੰ ਸਟੈਂਡਰਡਾਈਜ਼ ਕਰਨ ਲਈ ਮੰਡੀਆਂ ਵਿੱਚ ਪੀਏਯੂ ਦੁਆਰਾ ਕੈਲੀਬਰੇਟਿਡ ਨਮੀ ਮੀਟਰ ਲਾਏਗੀ ਪੰਜਾਬ ਸਰਕਾਰ ਖੇਤੀਬਾੜੀ ਮੰਤਰੀ ਖੁੱਡੀਆਂ ਨੇ ਫੈਡਰੇਸ਼ਨ ਆਫ਼ ਆੜ੍ਹਤੀਆ ਐਸੋਸੀਏਸ਼ਨ ਨਾਲ ਮੰਤਰੀ ਸਮੂਹ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ ਕੈਬਨਿਟ ਮੰਤਰੀਆਂ ਨੇ ਅਨਾਜ ਮੰਡੀਆਂ ਵਿੱਚ ਸੁਚਾਰੂ ਖਰੀਦ ਕਾਰਜਾਂ ਲਈ ਸਾਰੇ ਜ਼ਰੂਰੀ ਪ੍ਰਬੰਧਾਂ ਦਾ ਭਰੋਸਾ ਦਿੱਤਾ ਨਬਜ਼-ਏ-ਪੰਜਾਬ, ਚੰਡੀਗੜ੍ਹ, 26 ਅਗਸਤ 2025: ਸਾਉਣੀ ਖਰੀਦ ਸੀਜ਼ਨ ਤੋਂ ਪਹਿਲਾਂ ਝੋਨੇ ਦੇ ਸੁਚਾਰੂ ਖਰੀਦ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਵਾਲੇ ਮੰਤਰੀ ਸਮੂਹ (ਜੀਓਐਮਜ਼) ਨੇ ਅੱਜ ਫੈਡਰੇਸ਼ਨ ਆਫ਼ ਆੜਤੀਆ ਐਸੋਸੀਏਸ਼ਨ, ਪੰਜਾਬ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਅਤੇ ਚਿੰਤਾਵਾਂ ਨੂੰ ਦੂਰ ਕਰਨ ਦਾ ਭਰੋਸਾ ਦਿੱਤਾ। ਪੰਜਾਬ ਭਵਨ ਵਿਖੇ ਹੋਈ ਮੀਟਿੰਗ ਦੌਰਾਨ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਆੜ੍ਹਤੀਆ ਐਸੋਸੀਏਸ਼ਨ, ਜਿਸਦੀ ਅਗਵਾਈ ਐਸੋਸੀਏਸ਼ਨ ਦੇ ਪ੍ਰਧਾਨ ਵਿਜੇ ਕਾਲੜਾ ਕਰ ਰਹੇ ਸਨ, ਨਾਲ ਉਸਾਰੂ ਵਿਚਾਰ-ਵਟਾਂਦਰਾ ਕੀਤਾ। ਕੈਬਨਿਟ ਮੰਤਰੀਆਂ ਨੇ ਐਸੋਸੀਏਸ਼ਨ ਦੀਆਂ ਮੰਗਾਂ ਅਤੇ ਚਿੰਤਾਵਾਂ ਨੂੰ ਧਿਆਨ ਨਾਲ ਸੁਣਿਆ ਅਤੇ ਉਨ੍ਹਾਂ ਦੇ ਸਾਰੇ ਜਾਇਜ਼ ਮੁੱਦਿਆਂ ਦੇ ਹੱਲ ਦਾ ਭਰੋਸਾ ਦਿੱਤਾ। ਐਸੋਸੀਏਸ਼ਨ ਦੀ ਮੁੱਖ ਮੰਗ ਨੂੰ ਸੰਬੋਧਨ ਕਰਦਿਆਂ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਨਮੀ ਦੇ ਮਾਪ ਨੂੰ ਸਟੈਂਡਰਡਾਈਜ਼ ਕਰਨ ਲਈ ਸਾਰੀਆਂ ਅਨਾਜ ਮੰਡੀਆਂ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ), ਲੁਧਿਆਣਾ ਦੁਆਰਾ ਕੈਲੀਬਰੇਟ ਕੀਤੇ ਨਮੀ ਮੀਟਰ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਇਸ ਕਦਮ ਦਾ ਉਦੇਸ਼ ਨਮੀ ਦੀ ਮਾਤਰਾ ਦੇ ਮੁਲਾਂਕਣ ਵਿੱਚ ਇਕਸਾਰਤਾ ਅਤੇ ਸਟੀਕਤਾ ਲਿਆਉਣਾ ਹੈ। ਐਸੋਸੀਏਸ਼ਨ ਨੇ ਫ਼ਸਲ ਦੀ ਵਾਢੀ ਦੀ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਅਤੇ ਝੋਨੇ ਦੀ ਫਸਲ ਵਿੱਚ ਨਮੀ ਦੀ ਮਾਤਰਾ ਦੇ ਪ੍ਰਬੰਧਨ ਲਈ ਕੰਬਾਈਨ ਨਾਲ ਵਾਢੀ ਦਾ ਸਮਾਂ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਨਿਰਧਾਰਤ ਕਰਨ ਦੀ ਵੀ ਬੇਨਤੀ ਕੀਤੀ। ਖਰੀਦ ਕਾਰਜਾਂ ਵਿੱਚ ਆੜ੍ਹਤੀਆਂ ਦੀ ਮਹੱਤਵਪੂਰਨ ਭੂਮਿਕਾ ਨੂੰ ਮੰਨਦਿਆਂ ਕੈਬਨਿਟ ਮੰਤਰੀਆਂ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆੜ੍ਹਤੀਆਂ ਦੀ ਭਲਾਈ ਲਈ ਵਚਨਬੱਧ ਹੈ। ਕੈਬਨਿਟ ਮੰਤਰੀਆਂ ਨੇ ਐਸੋਸੀਏਸ਼ਨ ਨੂੰ ਇਹ ਵੀ ਭਰੋਸਾ ਦਿੱਤਾ ਕਿ ਸਾਉਣੀ ਖਰੀਦ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਮੰਡੀਆਂ ਵਿੱਚ ਸਾਫ਼-ਸਫ਼ਾਈ, ਪੀਣ ਵਾਲੇ ਪਾਣੀ ਦੀ ਉਪਲਬਧਤਾ, ਸ਼ੈੱਡ, ਬਿਜਲੀ ਸਮੇਤ ਸਾਰੇ ਜ਼ਰੂਰੀ ਬੁਨਿਆਦੀ ਢਾਂਚੇ ਦੀ ਵਿਵਸਥਾ ਕੀਤੀ ਜਾਵੇਗੀ। ਇਸ ਦੌਰਾਨ, ਆੜ੍ਹਤੀਆ ਐਸੋਸੀਏਸ਼ਨ ਨੇ ਮੰਡੀ ਲੇਬਰ ਦਰਾਂ ਵਿੱਚ ਹਾਲ ਹੀ ਵਿੱਚ ਕੀਤੇ ਗਏ 10 ਫੀਸਦ ਵਾਧੇ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਹ ਫੈਸਲਾ ਮੰਡੀਆਂ ‘ਚ ਕੰਮ ਕਰਨ ਵਾਲੇ ਮਜ਼ਦੂਰਾਂ ਦੀ ਭਲਾਈ ਲਈ ਵਧੇਰੇ ਮਹੱਤਵਪੂਰਨ ਹੈ। ਇਸ ਮੌਕੇ ਪ੍ਰਬੰਧਕੀ ਸਕੱਤਰ ਖੇਤੀਬਾੜੀ ਤੇ ਕਿਸਾਨ ਭਲਾਈ ਡਾ. ਬਸੰਤ ਗਰਗ, ਸਕੱਤਰ ਪੰਜਾਬ ਮੰਡੀ ਬੋਰਡ ਸ੍ਰੀ ਰਾਮਵੀਰ, ਐਮਡੀ ਪਨਸਪ ਸੋਨਾਲੀ ਗਿਰੀ, ਡਾਇਰੈਕਟਰ ਖੁਰਾਕ ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਰਿੰਦਰ ਸ਼ਰਮਾ ਅਤੇ ਸਬੰਧਤ ਵਿਭਾਗਾਂ ਦੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ। ———-
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ