Share on Facebook Share on Twitter Share on Google+ Share on Pinterest Share on Linkedin ਪੰਜਾਬ ਪੁਲੀਸ ਵੱਲੋਂ ਅੰਤਰਰਾਜੀ ਹਥਿਆਰ ਤਸਕਰੀ ਰੈਕੇਟ ਦਾ ਪਰਦਾਫਾਸ਼, ਅਸਲੇ ਸਣੇ ਮੁਲਜ਼ਮ ਕਾਬੂ ਮੱਧ ਪ੍ਰਦੇਸ਼ ਤੋਂ ਹਥਿਆਰ ਲਿਆ ਕੇ ਪੰਜਾਬ ਵਿੱਚ ਸਪਲਾਈ ਕਰਦਾ ਸੀ ਮੁਲਜ਼ਮ: ਡੀਜੀਪੀ ਗੌਰਵ ਯਾਦਵ ਨਬਜ਼-ਏ-ਪੰਜਾਬ, ਮੁਹਾਲੀ, 17 ਅਗਸਤ: ਪੰਜਾਬ ਪੁਲੀਸ ਦੇ ਸਟੇਟ ਸਪੈਸ਼ਲ ਅਪਰੇਸ਼ਨ ਸੈੱਲ (ਐਸਐਸਓਸੀ) ਮੁਹਾਲੀ ਨੇ ਅੰਤਰਰਾਜੀ ਹਥਿਆਰ ਤਸਕਰੀ ਰੈਕੇਟ ਦਾ ਪਰਦਾਫਾਸ਼ ਕਰਕੇ ਮੁਲਜ਼ਮ ਨੂੰ ਨਾਜਾਇਜ਼ ਅਸਲੇ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੇ ਕਬਜ਼ੇ ’ਚੋਂ .32 ਬੋਰ ਦੇ ਚਾਰ ਪਿਸਤੌਲ ਬਰਾਮਦ ਕੀਤੇ ਗਏ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਵਿਨੋਦ ਕੁਮਾਰ ਉਰਫ਼ ਰਾਹੁਲ ਵਾਸੀ ਗਿਆਸਪੁਰਾ (ਲੁਧਿਆਣਾ) ਵਜੋਂ ਹੋਈ ਹੈ। ਉਸ ਦੇ ਖ਼ਿਲਾਫ਼ ਐਸਐਸਓਸੀ ਦੇ ਮੁਹਾਲੀ ਥਾਣੇ ਵਿੱਚ ਅਸਲਾ ਐਕਟ ਅਤੇ ਬੀਐਨਐਸ ਦੀ ਧਾਰਾ 61(2) ਤਹਿਤ ਪਰਚਾ ਦਰਜ ਕੀਤਾ ਗਿਆ ਹੈ। ਪੁਲੀਸ ਅਨੁਸਾਰ ਮੁਲਜ਼ਮ ਅਪਰਾਧਿਕ ਪਿਛੋਕੜ ਵਾਲਾ ਹੈ, ਉਸ ਦੇ ਖ਼ਿਲਾਫ਼ ਪਹਿਲਾਂ ਵੀ ਚੋਰੀ ਅਤੇ ਲੁੱਟ-ਖੋਹ ਦੇ ਕਈ ਕੇਸ ਦਰਜ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁਲੀਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਮੱਧ ਪ੍ਰਦੇਸ਼ ਤੋਂ ਪੰਜਾਬ ਵਿੱਚ ਗੈਰ-ਕਾਨੂੰਨੀ ਹਥਿਆਰਾਂ ਅਤੇ ਗੋਲੀ ਸਿੱਕੇ ਦੀ ਸਪਲਾਈ ਕਰਨ ਵਾਲਾ ਮੁਲਜ਼ਮ ਵਿਨੋਦ ਕੁਮਾਰ ਅਪਰਾਧਿਕ ਤੱਤਾਂ ਨੂੰ ਹਥਿਆਰਾਂ ਦੀ ਖੇਪ ਪਹੁੰਚਾਉਣ ਲਈ ਲੁਧਿਆਣਾ ਤੋਂ ਖਰੜ ਜਾ ਰਿਹਾ ਹੈ। ਸੂਚਨਾ ਮਿਲਣ ’ਤੇ ਐਸਐਸਓਸੀ ਮੁਹਾਲੀ ਦੀ ਟੀਮ ਨੇ ਤੁਰੰਤ ਕਾਰਵਾਈ ਕਰਦਿਆਂ ਮੁਲਜ਼ਮ ਨੂੰ ਘੜੂੰਆਂ ਨੇੜੇ ਭਾਗੋਮਾਜਰਾ ਟੋਲ ਪਲਾਜ਼ਾ ’ਤੇ ਗ੍ਰਿਫ਼ਤਾਰ ਕਰ ਲਿਆ। ਪੁੱਛਗਿੱਛ ਮਗਰੋਂ ਮੁਲਜ਼ਮ ਦੀ ਨਿਸ਼ਾਨਦੇਹੀ ’ਤੇ .32 ਬੋਰ ਦੇ ਦੋ ਹੋਰ ਪਿਸਤੌਲ ਬਰਾਮਦ ਕੀਤੇ ਗਏ। ਡੀਜੀਪੀ ਨੇ ਦੱਸਿਆ ਕਿ ਇਹ ਮੁਲਜ਼ਮ ਪੰਜਾਬ ਵਿੱਚ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਤੋਂ ਇਲਾਵਾ ਵੱਖ-ਵੱਖ ਗਰੋਹਾਂ ਨੂੰ ਲੌਜਿਸਟਿਕ ਸਹਾਇਤਾ ਵੀ ਪ੍ਰਦਾਨ ਕਰ ਰਿਹਾ ਸੀ। ਉਨ੍ਹਾਂ ਦੱਸਿਆ ਕਿ ਇਸ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇ-ਪਿਛਲੇ ਸਬੰਧ ਸਥਾਪਿਤ ਕਰਨ ਲਈ ਹੋਰ ਜਾਂਚ ਜਾਰੀ ਹੈ। ਮੀਡੀਆ ਨਾਲ ਹੋਰ ਵੇਰਵੇ ਸਾਂਝੇ ਕਰਦਿਆਂ ਡੀਆਈਜੀ (ਕਾਉਂਟਰ ਇੰਟੈਲੀਜੈਂਸ) ਜੇ. ਏਲੈਂਚੇਜ਼ੀਅਨ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਲੁਧਿਆਣਾ ਜੇਲ੍ਹ ਵਿੱਚ ਸਜਾ ਕੱਟਣ ਦੌਰਾਨ ਜੇਲ੍ਹ ਵਿੱਚ ਬੰਦ ਅਤੇ ਬਾਹਰ ਬੈਠੇ ਗੈਂਗਸਟਰਾਂ ਦੇ ਸੰਪਰਕ ਵਿੱਚ ਆਇਆ ਸੀ ਅਤੇ ਹੁਣ ਉਹ ਉਨ੍ਹਾਂ ਗੈਂਗਸਟਰਾਂ ਲਈ ਮੱਧ ਪ੍ਰਦੇਸ਼ ਤੋਂ ਹਥਿਆਰਾਂ ਦੀ ਖੇਪ ਲਿਆ ਕੇ ਪੰਜਾਬ ਵਿੱਚ ਕਾਰਜਸ਼ੀਲ ਵੱਖ-ਵੱਖ ਗਰੋਹਾਂ ਤੱਕ ਪਹੁੰਚਾਉਣ ਦਾ ਕੰਮ ਕਰ ਰਿਹਾ ਸੀ। ਪੁੱਛਗਿੱਛ ਦੌਰਾਨ ਮੁਲਜ਼ਮ ਨੇ ਇਹ ਵੀ ਖ਼ੁਲਾਸਾ ਕੀਤਾ ਕਿ ਪਿਛਲੇ ਮਹੀਨੇ ਦੌਰਾਨ ਉਹ ਗੈਰ-ਕਾਨੂੰਨੀ ਹਥਿਆਰਾਂ ਦੀਆਂ ਦੋ ਵੱਡੀਆਂ ਖੇਪਾਂ ਲਿਆ ਚੁੱਕਾ ਹੈ ਜੋ ਕਿ ਉਸਨੇ ਪਿੰਡ ਜਸੌਂਦੀ, ਬੁਰਹਾਨਪੁਰ, ਮੱਧ ਪ੍ਰਦੇਸ਼ ਤੋਂ ਲਿਆ ਕੇ ਮੁਹਾਲੀ ਖੇਤਰ ਵਿੱਚ ਸਪਲਾਈ ਕੀਤੀਆਂ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ