ਸਫ਼ਾਈ ਕਾਮਿਆਂ ਤੋਂ ਰੁਜ਼ਗਾਰ ਖੋਹ ਕੇ ਪ੍ਰਾਈਵੇਟ ਕੰਪਨੀ ਦੇਣ ਖ਼ਿਲਾਫ਼ ਰੋਹ ਭਖਿਆ

ਜਨਤਕ ਪਖਾਨਿਆਂ ਦੇ 200 ਸਫ਼ਾਈ ਸੇਵਕਾਂ ਨੂੰ ਬੇਰੁਜ਼ਗਾਰ ਕਰਨ ਵਿਰੁੱਧ ਸੰਘਰਸ਼ ਵਿੱਢਣ ਦਾ ਐਲਾਨ

ਨਬਜ਼-ਏ-ਪੰਜਾਬ, ਮੁਹਾਲੀ, 4 ਅਪਰੈਲ:
ਪੰਜਾਬ ਸਫ਼ਾਈ ਮਜ਼ਦੂਰ ਫੈਡਰੇਸ਼ਨ ਦੀ ਮੀਟਿੰਗ ਅੱਜ ਸੂਬਾ ਸੀਨੀਅਰ ਮੀਤ ਪ੍ਰਧਾਨ ਮੋਹਨ ਸਿੰਘ ਦੀ ਪ੍ਰਧਾਨਗੀ ਹੇਠ ਮੁਹਾਲੀ ਨਗਰ ਨਿਗਮ ਦਫ਼ਤਰ ਵਿਖੇ ਹੋਈ। ਮੀਟਿੰਗ ਵਿੱਚ ਸਫ਼ਾਈ ਸੇਵਕਾਂ ਦੀਆਂ ਮੰਗਾਂ ਬਾਰੇ ਚਰਚਾ ਕਰਦਿਆਂ ਅਧਿਕਾਰੀਆਂ ਵੱਲੋਂ ਜਨਤਕ ਪਖਾਨਿਆਂ ’ਤੇ ਤਾਇਨਾਤ ਲਗਪਗ 200 ਸਫ਼ਾਈ ਸੇਵਕਾਂ ਤੋਂ ਰੁਜ਼ਗਾਰ ਖੋਹਣ ਦੀ ਕਾਰਵਾਈ ਦੀ ਸਖ਼ਤ ਨਿਖੇਧੀ ਕੀਤੀ।
ਸੂਬਾ ਜਨਰਲ ਸਕੱਤਰ ਪਵਨ ਗੋਡਯਾਲ ਨੇ ਕਿਹਾ ਕਿ ਮੁਹਾਲੀ ਦੇ ਮੇਅਰ ਜੀਤੀ ਸਿੱਧੂ ਅਤੇ ਕਮਿਸ਼ਨਰ ਡਾ. ਨਵਜੋਤ ਕੌਰ ਵੱਲੋਂ ਜਥੇਬੰਦੀ ਦੇ ਨੁਮਾਇੰਦਿਆਂ ਨਾਲ ਪਿਛਲੀਆਂ ਮੀਟਿੰਗਾਂ ਵਿੱਚ ਸਫ਼ਾਈ ਸੇਵਕਾਂ ਦੀਆਂ ਤਨਖ਼ਾਹਾਂ ਵਿੱਚ ਵਾਧਾ ਕਰਕੇ 15000 ਰੁਪਏ ਕਰਨ ਦਾ ਭਰੋਸਾ ਦਿੱਤਾ ਸੀ। ਨਾਲ ਹੀ ਸਫ਼ਾਈ ਸੇਵਕਾਂ ਨੂੰ ਮੈਡੀਕਲ ਸੁਵਿਧਾ ਅਤੇ ਵਰਦੀਆਂ ਦੇਣ ਦੀ ਹਾਮੀ ਭਰੀ ਸੀ। ਜਥੇਬੰਦੀ ਦੇ ਵਾਰ-ਵਾਰ ਕਹਿਣ ਦੇ ਬਾਵਜੂਦ ਸਫ਼ਾਈ ਸੇਵਕਾਂ ਦੀ ਭਰਤੀ ਨਹੀਂ ਕੀਤੀ ਜਾ ਰਹੀ ਹੈ ਅਤੇ ਨਾ ਹੀ ਕੋਈ ਫ਼ੈਸਲਾ ਅਮਲ ਵਿੱਚ ਲਿਆਂਦਾ ਜਾ ਰਿਹਾ ਹੈ। ਸਗੋਂ ਇਸ ਦੇ ਉਲਟ ਅਫ਼ਸਰਸ਼ਾਹੀ ਵੱਲੋਂ ਜਨਤਕ ਪਖਾਨਿਆਂ ਦੀ ਸਫ਼ਾਈ ਦਾ ਠੇਕਾ ਇਕ ਅਜਿਹੀ ਕੰਪਨੀ ਨੂੰ ਦਿੱਤਾ ਗਿਆ ਜੋ ਇਕ ਪਬਲਿਕ ਪਖ਼ਾਨੇ ’ਤੇ ਚਾਰ ਕਰਮਚਾਰੀਆਂ ਦੀ ਥਾਂ ਸਿਰਫ਼ ਦੋ ਕਰਮਚਾਰੀਆਂ ਤੋਂ ਕੰਮ ਲੈ ਰਹੀ ਹੈ। ਚਾਰ ਬੰਦਿਆਂ ਦਾ ਕੰਮ ਦੋ ਬੰਦਿਆਂ ਤੋਂ ਲੈਣਾ ਅਤੇ 8 ਘੰਟੇ ਤੋਂ ਵੱਧ ਡਿਊਟੀ ਰੂਲਾਂ ਦੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀ ਇਹ ਮੁਲਾਜ਼ਮ ਮਾਰੂ ਫ਼ੈਸਲਾ ਕਿਸੇ ਵੀ ਕੀਮਤ ’ਤੇ ਲਾਗੂ ਨਹੀਂ ਹੋਣ ਦੇਵੇਗੀ।
ਆਗੂਆਂ ਨੇ ਕਿਹਾ ਕਿ ਇਕ ਪਾਸੇ ਆਪ ਸਰਕਾਰ ਲੋਕਾਂ ਨੂੰ ਰੁਜ਼ਗਾਰ ਦੇਣ ਦੇ ਵੱਡੇ-ਵੱਡੇ ਦਾਅਵੇ ਅਤੇ ਵਾਅਦੇ ਕਰ ਰਹੀ ਹੈ ਅਤੇ ਦੂਜੇ ਪਾਸੇ ਨਿਗਮ ਅਧਿਕਾਰੀਆਂ ਵੱਲੋਂ ਰੁਜ਼ਗਾਰ ਦੇਣ ਦੀ ਥਾਂ ਪਿਛਲੇ ਕਈ ਸਾਲਾਂ ਤੋਂ ਕੰਮ ਕਰਦੇ ਆ ਰਹੇ 200 ਕਰਮਚਾਰੀਆਂ ਨੂੰ ਬੇਰੁਜ਼ਗਾਰੀ ਦੀ ਭੱਠੀ ਵਿੱਚ ਝੋਕਿਆ ਜਾ ਰਿਹਾ ਹੈ। ਉਨ੍ਹਾਂ ਐਲਾਨ ਕੀਤਾ ਕਿ ਜੇਕਰ ਇਸ ਕਾਰਵਾਈ ’ਤੇ ਰੋਕ ਨਾ ਲਗਾਈ ਗਈ ਤਾਂ ਆਉਂਦੇ ਦਿਨਾਂ ਵਿੱਚ ਸ਼ਹਿਰ ਵਿੱਚ ਸਫ਼ਾਈ ਦਾ ਕੰਮ ਠੱਪ ਕਰਕੇ ਹੜਤਾਲ ਕੀਤੀ ਜਾਵੇਗੀ। ਮੀਟਿੰਗ ਵਿੱਚ ਮੁਹਾਲੀ ਦੇ ਪ੍ਰਧਾਨ ਸ਼ੋਭਾ ਰਾਮ, ਸੀਨੀਅਰ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ, ਮੀਤ ਪ੍ਰਧਾਨ ਰਾਜਨ ਚਾਵਰੀਆ, ਅਨਿਲ ਕੁਮਾਰ, ਮਨੀਕੰਡਨ ਸਮੇਤ ਜਨਤਕ ਪਖਾਨਿਆਂ ’ਤੇ ਕੰਮ ਕਰਦੇ ਸਫ਼ਾਈ ਸੇਵਕ ਆਗੂ ਦੌਲਤ ਰਾਮ, ਧੰਨਜੈ, ਕਰਮਵੀਰ ਅਤੇ ਰਿਸ਼ੀਰਾਜ ਸਮੇਤ ਵੱਡੀ ਗਿਣਤੀ ਵਿੱਚ ਸਫ਼ਾਈ ਸੇਵਕ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…