ਤੇਜ਼ ਬਾਰਸ਼ ਨਾਲ ਗਰਮੀ ਤੋਂ ਰਾਹਤ ਪਰ ਜਲ ਨਿਕਾਸੀ ਦੇ ਕੁ-ਪ੍ਰਬੰਧਾਂ ਕਾਰਨ ਲੋਕ ਪ੍ਰੇਸ਼ਾਨ

ਨਬਜ਼-ਏ-ਪੰਜਾਬ, ਮੁਹਾਲੀ, 11 ਅਗਸਤ:
ਲੰਘੀ ਰਾਤ ਅਤੇ ਐਤਵਾਰ ਨੂੰ ਦਿਨ ਵਿੱਚ ਤੇਜ਼ ਬਾਰਸ਼ ਹੋਣ ਨਾਲ ਅਤਿ ਦੀ ਪੈ ਰਹੀ ਗਰਮੀ ਤੋਂ ਭਾਵੇਂ ਰਾਹਤ ਜ਼ਰੂਰ ਮਿਲੀ ਹੈ ਪ੍ਰੰਤੂ ਸ਼ਹਿਰ ਵਿੱਚ ਕਈ ਥਾਵਾਂ ’ਤੇ ਜਮ੍ਹਾ ਹੋਏ ਮੀਂਹ ਦੇ ਪਾਣੀ ਨੇ ਮੁਹਾਲੀ ਪ੍ਰਸ਼ਾਸਨ ਦੇ ਜਲ ਨਿਕਾਸੀ ਪ੍ਰਬੰਧਾਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਗੰਦਾ ਪਾਣੀ ਜਮ੍ਹਾ ਹੋਣ ਨਾਲ ਸਥਾਨਕ ਲੋਕਾਂ ਅਤੇ ਰਾਹਗੀਰਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ। ਕਈ ਘਰਾਂ ਵਿੱਚ ਮੀਂਹ ਦਾ ਪਾਣੀ ਦਾਖ਼ਲ ਹੋਣ ਬਾਰੇ ਵੀ ਸੂਚਨਾ ਮਿਲੀ ਹੈ।
ਇੱਥੋਂ ਦੇ ਫੇਜ਼-4 ਅਤੇ ਫੇਜ਼-5 ਵਿੱਚ ਜਲ ਨਿਕਾਸੀ ਦਾ ਉਚਿੱਤ ਪ੍ਰਬੰਧ ਨਾ ਹੋਣ ਕਾਰਨ ਮੀਂਹ ਦਾ ਪਾਣੀ ਮੁੱਖ ਸੜਕ ਸਮੇਤ ਰਿਹਾਇਸ਼ੀ ਖੇਤਰ ਵਿੱਚ ਗੰਦਾ ਪਾਣੀ ਜਮ੍ਹਾ ਹੋ ਗਿਆ। ਰੈਜ਼ੀਡੈਂਟ ਵੈੱਲਫੇਅਰ ਐਸੋਸੀਏਸ਼ਨ ਫੇਜ਼-4 ਦੇ ਪ੍ਰਧਾਨ ਸੁਖਦੀਪ ਸਿੰਘ, ਜਨਰਲ ਸਕੱਤਰ ਮਨਮੋਹਨ ਸਿੰਘ, ਮੀਤ ਪ੍ਰਧਾਨ ਈਸ਼ ਕੁਮਾਰ, ਚਰਨਜੀਤ ਕੌਰ ਅਤੇ ਸੇਵਾਮੁਕਤ ਐਕਸੀਅਨ ਐਨਐਸ ਕਲਸੀ ਨੇ ਦੱਸਿਆ ਕਿ ਇਨ੍ਹਾਂ ਇਲਾਕਿਆਂ ਦੇ ਵਸਨੀਕ ਪਿਛਲੇ ਦੋ ਦਹਾਕਿਆਂ ਤੋਂ ਬਰਸਾਤੀ ਪਾਣੀ ਦੀ ਸਮੱਸਿਆ ਨਾਲ ਜੂਝ ਰਹੇ ਹਨ। ਰੋਡ-ਗਲੀਆਂ ਬੰਦ ਪਈਆਂ ਹਨ ਅਤੇ ਨਗਰ ਨਿਗਮ ਨੇ ਇਨ੍ਹਾਂ ਦੀ ਸਫ਼ਾਈ ਵੱਲ ਉੱਕਾ ਹੀ ਧਿਆਨ ਨਹੀਂ ਦਿੱਤਾ।
ਸੁਖਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਮੇਅਰ ਜੀਤੀ ਸਿੱਧੂ ਨੂੰ ਫੋਨ ’ਤੇ ਮੌਜੂਦਾ ਹਾਲਤਾਂ ਬਾਰੇ ਤਾਂ ਉਨ੍ਹਾਂ ਨੇ ਫਾਇਰ ਟੈਂਡਰ ਭੇਜਣ ਦਾ ਭਰੋਸਾ ਦਿੱਤਾ ਕਿ ਲੇਕਿਨ ਸ਼ਾਮ ਤੱਕ ਕੋਈ ਮਸ਼ੀਨਰੀ ਨਹੀਂ ਪਹੁੰਚੀ ਜਦੋਂਕਿ ਪਾਣੀ ਕੱਢਣ ਵਾਲੇ ਪੰਪ ਵੀ ਜਵਾਬ ਦੇ ਗਏ। ਉਨ੍ਹਾਂ ਦੱਸਿਆ ਕਿ ਇਸ ਖੇਤਰ ਦੇ ਕਈ ਘਰਾਂ ਵਿੱਚ ਮੀਂਹ ਦਾ ਪਾਣੀ ਦਾਖ਼ਲ ਹੋਣ ਨਾਲ ਲੋਕਾਂ ਦਾ ਕਾਫ਼ੀ ਸਮਾਨ ਖ਼ਰਾਬ ਹੋ ਗਿਆ।
ਇੱਥੋਂ ਦੇ ਸੈਕਟਰ-70 ਅਤੇ ਸੈਕਟਰ-71 ਨੂੰ ਵੰਡਦੀ ‘ਬੀ’ ਸੜਕ ਅਤੇ ਅੰਦਰਲੀ ਸੜਕ ਤਲਾਬ ਬਣੀ ਹੋਈ ਸੀ। ਮਟੌਰ ਟੀ-ਪੁਆਇੰਟ ਤੋਂ ਇਨ੍ਹਾਂ ਸੈਕਟਰਾਂ ਨੂੰ ਜਾਣ ਵਾਲੀ ਸੜਕ ’ਤੇ ਗੋਡੇ ਗੋਡੇ ਪਾਣੀ ਖੜਾ ਹੋਣ ਕਾਰਨ ਸ਼ਹਿਰ ਵਾਸੀਆਂ ਅਤੇ ਰਾਹਗੀਰਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਇੰਜ ਹੀ ਬਲੌਂਗੀ ਤੋਂ ਮੁਹਾਲੀ ਜਾਣ ਵਾਲੀ ਸੜਕ ’ਤੇ ਗਊਸ਼ਾਲਾ ਦੇ ਬਾਹਰ ਪੁਲ ਉੱਤੇ ਮੀਂਹ ਦਾ ਪਾਣੀ ਜਮ੍ਹਾ ਹੋਣ ਕਾਰਨ ਰਾਹਗੀਰਾਂ ਨੂੰ ਚਿੱਕੜ ’ਚੋਂ ਲੰਘਣਾ ਪਿਆ।
ਰਾਜਾ ਕੰਵਰਜੋਤ ਸਿੰਘ ਨੇ ਦੱਸਿਆ ਕਿ ਫੇਜ਼-4 ਤੋਂ ਰਿਹਾਇਸ਼ੀ ਖੇਤਰ ਫੇਜ਼-2 ਨੂੰ ਜਾਣ ਵਾਲੀ ਸੜਕ ’ਤੇ ਮੀਂਹ ਦਾ ਪਾਣੀ ਇਕੱਠਾ ਹੋਣ ਕਾਰਨ ਸਥਾਨਕ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਪਿਆ। ਉਨ੍ਹਾਂ ਕਿਹਾ ਕਿ ਸਬੰਧਤ ਅਧਿਕਾਰੀਆਂ ਦੀ ਜ਼ਿੰਮੇਵਾਰੀ ਤੈਅ ਹੋਣੀ ਚਾਹੀਦੀ ਹੈ। ਨੌਜਵਾਨ ਕੁਸ਼ਤੀ ਦੰਗਲ ਦੇ ਪ੍ਰਧਾਨ ਲਖਮੀਰ ਸਿੰਘ ਲੱਖਾ ਪਹਿਲਵਾਨ ਅਤੇ ਜਨਰਲ ਸਕੱਤਰ ਆਸ਼ੂ ਵੈਦ ਨੇ ਦੱਸਿਆ ਕਿ ਜਲ ਨਿਕਾਸੀ ਦੇ ਪੁਖ਼ਤਾ ਪ੍ਰਬੰਧ ਨਾ ਹੋਣ ਕਾਰਨ ਪਿੰਡ ਮਟੌਰ ਅਤੇ ਸੈਕਟਰ-70 ਅਤੇ ਸੈਕਟਰ-71 ਦੇ ਵਸਨੀਕਾਂ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਪ੍ਰਸ਼ਾਸਨ ਵੱਲੋਂ ਇਸ ਸਮੱਸਿਆ ਦੇ ਹੱਲ ਲਈ ਠੋਸ ਯਤਨ ਨਹੀਂ ਕੀਤੇ ਜਾ ਰਹੇ ਹਨ। ਇੰਜ ਹੀ ਕੁੰਭੜਾ ਚੌਂਕ ਤੋਂ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਨੂੰ ਜਾਣ ਵਾਲੀ ਮੁੱਖ ਸੜਕ ਉੱਤੇ ਮੀਂਹ ਦਾ ਪਾਣੀ ਜਮ੍ਹਾ ਹੋਣ ਕਾਰਨ ਲੋਕ ਪ੍ਰਸ਼ਾਸਨ ਨੂੰ ਕੋਸਦੇ ਨਜ਼ਰ ਆਏ। ਲਾਂਡਰਾਂ-ਖਰੜ ਸੜਕ ਸਮੇਤ ਲਾਲ ਲਗਦੀਆਂ ਕਲੋਨੀਆਂ ਅਤੇ ਸੁਸਾਇਟੀਆਂ ਵਿੱਚ ਵੀ ਬਾਰਸ਼ ਦਾ ਪਾਣੀ ਦਾਖ਼ਲ ਹੋਣ ਦੀ ਖ਼ਬਰ ਮਿਲੀ ਹੈ।

ਇਸੇ ਤਰ੍ਹਾਂ ਫੇਜ਼-1 ਅਤੇ ਫੇਜ਼-6 ਵਿੱਚ ਵੀ ਮੀਂਹ ਦੇ ਪਾਣੀ ਕਾਰਨ ਲੋਕਾਂ ਨੂੰ ਕਾਫ਼ੀ ਮੁਸ਼ਕਲ ਹੋਈ ਹੈ। ਉਧਰ, ਇਸੇ ਦੌਰਾਨ ਫੇਜ਼-11 ਵਿਖੇ ਸਥਾਨਕ ਵਸਨੀਕਾਂ ਨੇ ਜਲ ਨਿਕਾਸੀ ਦੇ ਮਾੜੇ ਪ੍ਰਬੰਧਾਂ ਨੂੰ ਲੈ ਕੇ ਮੁੱਖ ਸੜਕ ਜਾਮ ਕਰ ਕੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਸੂਚਨਾ ਮਿਲਣ ’ਤੇ ਸਬ ਇੰਸਪੈਕਟਰ ਬਰਮ ਸਿੰਘ ਅਤੇ ਹੋਰ ਪੁਲੀਸ ਕਰਮਚਾਰੀ ਮੌਕੇ ’ਤੇ ਪਹੁੰਚੇ ਅਤੇ ਲੋਕਾਂ ਨੂੰ ਗੱਲੀਬਾਤੀ ਸਮਝਾ ਕੇ ਜਾਮ ਖੁਲਵਾਇਆ।

ਇਸੇ ਤਰ੍ਹਾਂ ਸਮਾਜ ਸੇਵੀ ਆਗੂ ਹਰਜੀਤ ਸਿੰਘ ਪੰਨੂ ਨੇ ਟਰੈਕਟਰ ’ਤੇ ਚੜ੍ਹ ਕੇ ਖਰੜ ਸ਼ਹਿਰ ਦਾ ਦੌਰਾ ਕਰਕੇ ਮੌਜੂਦਾ ਹਾਲਾਤਾਂ ਨੂੰ ਬਿਆਨ ਕੀਤਾ ਅਤੇ ਪਾਣੀ ਵਿੱਚ ਫਸੇ ਕਈ ਵਿਅਕਤੀਆਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ। ਉਨ੍ਹਾਂ ਕਿਹਾ ਕਿ ਖਰੜ ਨਗਰ ਕੌਂਸਲ ਦੇ ਅਧਿਕਾਰੀ ਅਤੇ ਲੋਕਾਂ ਦੇ ਚੁਣੇ ਹੋਏ ਨੁਮਾਇੰਦੇ\ਕੌਂਸਲਰ ਜਲ ਨਿਕਾਸੀ ਦੇ ਪੁਖਤਾ ਪ੍ਰਬੰਧ ਕਰਨ ਵਿੱਚ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਏ ਹਨ। ਉਨ੍ਹਾਂ ਕਿਹਾ ਕਿ ਜਿਹੜੇ ਕੌਂਸਲਰ ਆਪਣੇ ਵੋਟਰਾਂ\ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਦਾ ਹੱਲ ਨਹੀਂ ਕਰ ਸਕਦੇ ਤਾਂ ਉਨ੍ਹਾਂ ਨੂੰ ਆਪਣੇ ਅਹੁਦਿਆਂ ’ਤੇ ਬਣੇ ਰਹਿਣ ਦਾ ਕੋਈ ਹੱਕ ਅਧਿਕਾਰ ਨਹੀਂ ਹੈ। ਪੰਨੂ ਨੇ ਪੀੜਤ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਵਾਰਡਾਂ ਦੇ ਕੌਂਸਲਰਾਂ ਅਤੇ ਸਿਆਸੀ ਆਗੂਆਂ ਨੂੰ ਸਵਾਲ ਕਰਿਆ ਕਰਨ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…