nabaz-e-punjab.com

ਕੰਕਰੀਟ ਪਲਾਂਟ ਚਲਾਉਣ ਵਾਲੀ ਕੰਪਨੀ ਦੇ ਭਾਰੀ ਵਾਹਨਾਂ ਵੱਲੋਂ ਬੂਰੀ ਤਰ੍ਹਾਂ ਤਹਿਸ ਨਹਿਸ ਕੀਤੀਆਂ ਸੜਕਾਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਜਨਵਰੀ:
ਮੁਹਾਲੀ ਵਿੱਚ ਕੰਕਰੀਟ ਪਲਾਂਟ ਚਲਾਉਣ ਵਾਲੀਆਂ ਕੰਪਨੀਆਂ ਦੇ ਭਾਰੀ ਵਾਹਨਾਂ ਵੱਲੋਂ ਬੂਰੀ ਤਰ੍ਹਾਂ ਤਹਿਸ ਨਹਿਸ ਕੀਤੀਆਂ ਸੜਕਾਂ ਕਾਰਨ ਆਮ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕੰਪਨੀ ਪ੍ਰਬੰਧਕ ਰਸੂਖ ਵਾਲੇ ਹੋਣ ਕਰਕੇ ਨਗਰ ਨਿਗਮ ਉਨ੍ਹਾਂ ਖ਼ਿਲਾਫ਼ ਬਣਦੀ ਕਾਰਵਾਈ ਕਰਨ ਤੋਂ ਪੱਲਾ ਝਾੜ ਰਹੀ ਹੈ। ਇਸ ਸਬੰਧੀ ਆਈਟੀਆਈ ਕਾਰਕੁਨ ਅਤੇ ਕੌਂਸਲਰ ਕੁਲਜੀਤ ਸਿੰਘ ਬੇਦੀ ਨੇ ਅਗਸਤ ਮਹੀਨੇ ਹਾਊਸ ਦੀ ਮੀਟਿੰਗ ਵਿੱਚ ਇਹ ਮੁੱਦਾ ਬੜੇ ਜ਼ੋਰਾਂ ਸ਼ੋਰਾਂ ਨਾਲ ਚੁੱਕਿਆ ਸੀ ਲੇਕਿਨ ਹੁਣ ਤੱਕ ਕੋਈ ਕਾਰਵਾਈ ਨਹੀਂ ਹੋਈ।
ਜਾਣਕਾਰੀ ਅਨੁਸਾਰ ਮੁਹਾਲੀ ਵਿੱਚ ਪਿਛਲੇ ਕਾਫੀ ਸਮੇਂ ਤੋਂ ਕੰਕਰੀਟ ਪਲਾਂਟ ਚਲਾਉਣ ਵਾਲੀਆਂ ਕੰਪਨੀਆਂ ਦੇ ਭਾਰੀ ਵਾਹਨਾਂ ਨਾਲ ਸ਼ਹਿਰ ਦੀਆਂ ਕਾਫੀ ਸੜਕਾਂ ਟੁੱਟ ਗਈਆਂ ਹਨ ਅਤੇ ਕਈ ਸੜਕਾਂ ਦੀ ਹੋਂਦ ਹੀ ਮਿੱਟ ਚੁੱਕੀ ਹੈ। ਸੜਕ ਦੇ ਨਾਂ ’ਤੇ ਸਿਰਫ਼ ਮਿੱਟੀ, ਪੱਥਰ ਅਤੇ ਚਿੱਕੜ ਹੀ ਦਿਖਾਈ ਦਿੰਦਾ ਹੈ। ਨਗਰ ਨਿਗਮ ਨੇ ਅਗਸਤ ਮਹੀਨੇ ਦੀ ਮੀਟਿੰਗ ਵਿੱਚ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਸਬੰਧਤ ਕੰਕਰੀਟ ਪਲਾਂਟ ਦਾ ਬਿਜਲੀ ਦਾ ਕੁਨੈਕਸ਼ਨ ਕਟਾਉਣ ਅਤੇ ਪਾਣੀ ਅਤੇ ਸੀਵਰੇਜ ਕੁਨੈਕਸ਼ਨ ਕੱਟਣ ਦਾ ਫੈਸਲਾ ਲਿਆ ਸੀ ਲੇਕਿਨ ਚਾਰ ਮਹੀਨੇ ਬੀਤ ਜਾਣ ਦੇ ਬਾਵਜੂਦ ਹੁਣ ਤੱਕ ਕੋਈ ਕਾਰਵਾਈ ਨਹੀਂ ਹੋਈ।
ਸ੍ਰੀ ਬੇਦੀ ਨੇ ਕਿਹਾ ਕਿ ਬੜੀ ਹੈਰਾਨੀ ਦੀ ਗੱਲ ਹੈ ਕਿ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਦੀ ਜਮਾਤ ਵੱਲੋਂ ਹਾਊਸ ਵਿੱਚ ਸਰਬਸੰਮਤੀ ਨਾਲ ਮਤਾ ਪਾਸ ਕਰਨ ਦੇ ਬਾਵਜੂਦ ਹੁਣ ਤੱਕ ਕੋਈ ਕਾਰਵਾਈ ਨਾ ਹੋਣ ਨਾਲ ਅਧਿਕਾਰੀਆਂ ਦੀ ਕਥਿਤ ਮਿਲੀਭੁਗਤ ਦੀ ਬੂਹ ਆ ਰਹੀ ਹੈ। ਉਨ੍ਹਾਂ ਦੱਸਿਆ ਕਿ ਮੀਟਿੰਗ ਵਿੱਚ ਸਨਅਤੀ ਏਰੀਆ ਫੇਜ਼-3, ਫੇਜ਼-6 ਅਤੇ ਫੇਜ਼-7 ਵਿੱਚ ਸਥਿਤ ਕੰਕਰੀਟ ਪਲਾਂਟਾਂ ਦੇ ਭਾਰੀ ਵਾਹਨਾਂ ਨਾਲ ਟੁੱਟੀਆਂ ਸੜਕਾਂ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਇਹ ਫੈਸਲਾ ਲਿਆ ਗਿਆ ਸੀ ਕਿ ਸਬੰਧਤ ਕੰਪਨੀਆਂ ਨੂੰ ਇਕ ਮਹੀਨੇ ਦਾ ਨੋਟਿਸ ਭੇਜ ਕੇ ਸਬੰਧਤ ਸੜਕਾਂ ਦੀ ਮੁਰੰਮਤ ਕਰਵਾਈ ਜਾਵੇ। ਜੇਕਰ ਸੜਕਾਂ ਦੀ ਮੁਰੰਮਤ ਨਹੀਂ ਕੀਤੀ ਜਾਂਦੀ ਤਾਂ ਬਿਜਲੀ ਪਾਣੀ ਅਤੇ ਸੀਵਰੇਜ ਦੇ ਕੁਨੈਕਸ਼ਨ ਕੱਟੇ ਜਾਣ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…