ਆਰਐਸਐਸ ਤੇ ਭਾਜਪਾ ਦੇ ਏਜੰਟ ਦੀਪ ਸਿੱਧੂ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ: ਹਰਪਾਲ ਚੀਮਾ

ਕਿਸਾਨਾਂ ਆਗੂਆਂ ‘ਤੇ ਦਰਜ ਕੀਤੇ ਝੂਠੇ ਪੁਲਿਸ ਕੇਸ ਵਾਪਸ ਲਏ ਜਾਣ

ਝੂਠੀਆਂ ਅਫਵਾਹਾਂ ਤੋਂ ਸੁਚੇਤ ਰਹਿਣ ਲੋਕ, ਸ਼ਾਂਤੀ ਬਣਾਈ ਰੱਖਣ ਦੀ ਅਪੀਲ

ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਜੋਰ ਸ਼ੋਰ ਨਾਲ ਪਾਰਲੀਮੈਂਟ ਵਿੱਚ ਚੁੱਕਣਗੇ ਕਿਸਾਨੀ ਮੁੱਦਾ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 28 ਜਨਵਰੀ 2021
ਲਾਲ ਕਿਲ੍ਹੇ ਉਤੇ 26 ਜਨਵਰੀ ਨੂੰ ਆਰਐਸਐਸ ਤੇ ਭਾਜਪਾ ਦੇ ਏਜੰਟਾਂ ਵੱਲੋਂ ਕਿਸਾਨ ਅੰਦੋਲਨ ਨੂੰ ਬਦਨਾਮ ਕਰਨ ਲਈ ਕੀਤੀ ਗਈ ਕਾਰਵਾਈ ਨੂੰ ਲੈ ਕੇ ਕਿਸਾਨਾਂ ਉੱਤੇ ਦਰਜ ਕੀਤੇ ਝੂਠੇ ਪੁਲਿਸ ਕੇਸਾਂ ਦੀ ਆਮ ਆਦਮੀ ਪਾਰਟੀ ਵੱਲੋਂ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ। ਪਾਰਟੀ ਹੈੱਡਕੁਆਟਰ ਤੋਂ ਜਾਰੀ ਕੀਤੇ ਬਿਆਨ ਵਿੱਚ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਦਲ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਿਸਾਨ ਅੰਦੋਲਨ ਨੂੰ ਖਤਮ ਕਰਨ ਲਈ ਆਰਐਸਐਸ, ਭਾਜਪਾ ਅਤੇ ਏਜੰਸੀਆਂ ਨਾਲ ਮਿਲਕੇ ਮੋਦੀ ਸਰਕਾਰ ਦੀਆਂ ਘਟੀਆਂ ਚਾਲਾਂ ਨੇ ਅੱਜ ਦੇਸ਼ ਨੂੰ ਦੁਨੀਆ ਭਰ ਵਿੱਚ ਸ਼ਰਮਸਾਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕਈ ਮਹੀਨਿਆਂ ਤੋਂ ਲੋਕਤੰਤਰਿਕ ਢੰਗ ਨਾਲ ਸ਼ਾਂਤਮਈ ਅੰਦੋਲਨ ਕਰ ਰਹੇ ਕਿਸਾਨਾਂ ਨੇ ਸਾਡੇ ਲੋਕਤੰਤਰ ਦੇਸ਼ ਦਾ ਸਿਰ ਉੱਚਾ ਕੀਤਾ ਸੀ, ਪ੍ਰੰਤੂ ਭਾਜਪਾ ਦੀ ਘਟੀਆ ਸੋਚ ਨੇ ਆਪਣੇ ਆਦਮੀਆਂ ਰਾਹੀਂ ਦੇਸ਼ ਦੇ ਲੋਕਤੰਤਰ ਨੂੰ ਬਹੁਤ ਵੱਡੀ ਢਾਹ ਲਗਾਈ ਹੈ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜੋ ਕਿਸਾਨ ਇਸ ਘਟਨਾ ਵਿੱਚ ਸ਼ਾਮਲ ਨਹੀਂ ਸਨ, ਪੁਲਿਸ ਨੇ ਉਨ੍ਹਾਂ ਕਿਸਾਨਾਂ ਆਗੂਆਂ ਉੱਤੇ ਝੂਠੇ ਕੇਸ ਦਰਜ ਕਰਕੇ ਇਹ ਸਿੱਧ ਕਰ ਦਿੱਤਾ ਹੈ ਕਿ ਇਹ ਸਿਰਫ ਇਕ ਸਿਆਸਤ ਦੇ ਤਹਿਤ ਹੀ ਹੋਇਆ ਹੈ। ਉਨ੍ਹਾਂ ਕਿਹਾ ਚਾਹੀਦਾ ਤਾਂ ਇਹ ਸੀ ਕਿ ਦਿੱਲੀ ਪੁਲਿਸ ਭਾਜਪਾ ਦੇ ਏਜੰਟ ਦੀਪ ਸਿੱਧੂ ਨੂੰ ਤੁਰੰਤ ਗ੍ਰਿਫਤਾਰ ਕਰਕੇ ਉਸ ਉਤੇ ਕਾਰਵਾਈ ਕਰਦੀ, ਪ੍ਰੰਤੂ ਸ਼ਾਂਤਮਈ ਅੰਦੋਲਨ ਕਰਨ ਵਾਲਿਆਂ ਨੂੰ ਬਦਨਾਮ ਕਰਨ ਲਈ ਸਰਗਰਮ ਹੋ ਗਈ। ਉਨ੍ਹਾਂ ਕਿਹਾ ਕਿ ਕਿਸਾਨ ਆਗੂ ਪਿਛਲੇ ਲੰਬੇ ਸਮੇਂ ਤੋਂ ਹੀ ਇਹ ਕਹਿੰਦੇ ਆਏ ਹਨ ਕਿ ਦੀਪ ਸਿੱਧੂ ਭਾਜਪਾ ਦਾ ਏਜੰਟ ਹੈ ਅਤੇ ਅੰਦੋਲਨ ਨੂੰ ਗਲਤ ਰੰਗਤ ਦੇਣਾ ਚਾਹੁੰਦਾ ਹੈ, ਲਾਲ ਕਿਲੇ ਦੀ ਘਟਨਾ ਸਬੰਧੀ ਵੀ ਦੀਪ ਸਿੱਧੂ ਨੇ ਸੋਸ਼ਲ ਮੀਡੀਆ ਉੱਤੇ ਆਪ ਲਾਈਵ ਹੋ ਕੇ ਸਾਰੇ ਸਬੂਤ ਦਿੱਤੇ, ਪ੍ਰੰਤੂ ਕੇਂਦਰ ਦੀ ਮੋਦੀ ਸਰਕਾਰ ਨੇ ਆਪਣੇ ਚਹੇਤੇ ਨੂੰ ਖੁੱਲ੍ਹੇਆਮ ਛੱਡ ਦਿੱਤਾ, ਜਿਸ ਤੋਂ ਦਿੱਲੀ ਪੁਲਿਸ ਦੀ ਨੀਅਤ ਉੱਤੇ ਸ਼ੱਕ ਹੁੰਦਾ ਹੈ।
ਹਰਪਾਲ ਸਿੰਘ ਚੀਮਾ ਨੇ ਕਿਸਾਨ ਅੰਦੋਲਨ ਨੂੰ ਬਦਨਾਮ ਕਰਨ ਲਈ ਤਰ੍ਹਾਂ-ਤਰ੍ਹਾਂ ਦੀਆਂ ਝੂਠੀਆਂ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ, ਉਨ੍ਹਾਂ ਪੰਜਾਬ ਦੇ ਲੋਕਾਂ, ਦੇਸ਼ ਵਾਸੀਆਂ ਨੂੰ ਅਪੀਲ ਕੀਤੀ ਕਿ ਅਜਿਹੀਆਂ ਅਫਵਾਹਾਂ ਵੱਲ ਧਿਆਨ ਨਾ ਦੇਣ। ਉਨ੍ਹਾਂ ਸਮੂਹ ਪੰਜਾਬ ਵਾਸੀਆਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨਾਂ ਯੂਨੀਅਨ ਦੀ ਸਿਰਫ ਇਕ ਮੰਗ ਹੈ ਕਿ ਖੇਤੀ ਬਾਰੇ ਲਿਆਂਦੇ ਗਏ ਤਿੰਨੋ ਕਾਲੇ ਕਾਨੂੰਨ ਤੁਰੰਤ ਰੱਦ ਕੀਤੇ ਜਾਣ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪਹਿਲੇ ਦਿਨ ਤੋਂ ਕਿਸਾਨਾਂ ਦੇ ਅੰਦੋਲਨ ਦਾ ਸਮਰਥਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸਿੱਧੀ ਤੇ ਸੈਂਪਲ ਮੰਗ ਹੈ ਕਿ ਜੋ ਕੇਂਦਰ ਸਰਕਾਰ ਧੱਕੇ ਨਾਲ ਕਾਲੇ ਕਾਨੂੰਨ ਕਿਸਾਨਾਂ ਉਤੇ ਥੋਪਣਾ ਚਾਹੁੰਦੀ ਹੈ ਉਨ੍ਹਾਂ ਨੂੰ ਤੁਰੰਤ ਰੱਦ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸ਼ਾਂਤਮਈ ਢੰਗ ਨਾਲ ਅੰਦੋਲਨ ਕਰ ਰਹੇ ਕਿਸਾਨਾਂ ਦੇ ਹੱਕ ਵਿੱਚ ‘ਆਪ’ ਪਹਿਲੇ ਦਿਨ ਤੋਂ ਡੱਟੀ ਹੋਈ ਹੈ ਅਤੇ ਡੱਟੀ ਰਹੇਗੀ। ਉਨ੍ਹਾਂ ਕਿਹਾ ਕਿ ਪਾਰਟੀ ਦੇ ਸੰਸਦ ਮੈਂਬਰ ਅਤੇ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਵੱਲੋਂ ਇਸ ਮਾਮਲੇ ਨੂੰ ਆਉਣ ਵਾਲੇ ਪਾਰਲੀਮੈਂਟ ਸੈਸ਼ਨ ਵਿੱਚ ਜੋਰ ਸੋਰ ਨਾਲ ਉਠਾਇਆ ਜਾਵੇਗਾ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਤਾਨਾਸ਼ਾਹੀ ਢੰਗ ਨਾਲ ਅੰਦੋਲਨ ਨੂੰ ਖਤਮ ਕਰਨ ਦੀ ਬਜਾਏ ਕਿਸਾਨ ਦੀ ਮੰਗ ਨੂੰ ਮੰਨਦੀ ਹੋਈ ਤੁਰੰਤ ਕਾਲੇ ਕਾਨੂੰਨ ਰੱਦ ਕਰੇ।

Load More Related Articles
Load More By Nabaz-e-Punjab
Load More In Awareness/Campaigns

Check Also

ਅਦਾਲਤ ਦੇ ਹੁਕਮਾਂ ’ਤੇ ਮਾਲਵਿੰਦਰ ਮਾਲੀ ਜੇਲ੍ਹ ’ਚੋਂ ਰਿਹਾਅ, ਦੋਸਤ ਨੇ ਭਰਿਆ ਜ਼ਮਾਨਤੀ ਬਾਂਡ

ਅਦਾਲਤ ਦੇ ਹੁਕਮਾਂ ’ਤੇ ਮਾਲਵਿੰਦਰ ਮਾਲੀ ਜੇਲ੍ਹ ’ਚੋਂ ਰਿਹਾਅ, ਦੋਸਤ ਨੇ ਭਰਿਆ ਜ਼ਮਾਨਤੀ ਬਾਂਡ ਪੰਜਾਬ ਸਰਕਾਰ ਤ…