ਅਕਾਲੀ-ਭਾਜਪਾ ਗੱਠਜੋੜ ਵਿਕਾਸ ਦੇ ਨਾਂ ’ਤੇ ਚੋਣ ਲੜੇਗਾ ਅਤੇ ਤੀਜੀ ਵਾਰ ਸਰਕਾਰ ਬਣਾਈ ਜਾਵੇਗੀ: ਮਲੂਕਾ
ਅਕਾਲੀ ਵਿਧਾਇਕਾਂ ਤੇ ਸੀਨੀਅਰ ਆਗੂਆਂ ਦੇ ਕਾਂਗਰਸ ਜਾਂ ਆਪ ’ਚ ਜਾਣ ਨਾਲ ਅਕਾਲੀ ਦਲ ਨੂੰ ਕੋਈ ਫਰਕ ਨਹੀਂ ਪੈਂਦਾ:
ਨਿਊਜ ਡੈਸਕ, ਮੁਹਾਲੀ, 10 ਦਸੰਬਰ
ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਪੱਸ਼ਟ ਆਖਿਆ ਕਿ 10 ਸਾਲ ਅਕਾਲੀ-ਭਾਜਪਾ ਸਰਕਾਰ ਵਿੱਚ ਰਹਿੰਦਿਆਂ ਸੱਤਾ ਦਾ ਨਿੱਘ ਮਾਣਨ ਤੋਂ ਬਾਅਦ ਪਾਰਟੀ ਛੱਡ ਕੇ ਜਾਣ ਵਾਲੇ ਵਿਧਾਇਕਾਂ ਅਤੇ ਹੋਰ ਸੀਨੀਅਰ ਆਗੂਆਂ ਕਾਰਨ ਸ਼੍ਰੋਮਣੀ ਅਕਾਲੀ ਦਲ ਨੂੰ ਚੋਣਾਂ ਵਿੱਚ ਕੋਈ ਫਰਕ ਨਹੀਂ ਪਵੇਗਾ। ਉਨ੍ਹਾਂ ਕਿਹਾ ਕਿ ਰਾਜ ਦੇ ਲੋਕਾਂ ਨੇ ਕਦੇ ਵੀ ਦਲ ਬਦਲੂਆਂ ਨੂੰ ਮੂੰਹ ਨਹੀਂ ਲਾਇਆ ਹੈ। ਉਂਜ ਏਨਾ ਜਰੂਰ ਕਿਹਾ ਕਿ ਸੀਨੀਅਰ ਆਗੂ ਸਰਵਣ ਸਿੰਘ ਫਲੋਰ ਦੇ ਜਾਣ ਦਾ ਪਾਰਟੀ ਹਾਈ ਕਮਾਂਡ ਅਤੇ ਉਨ੍ਹਾਂ ਨੂੰ ਨਿੱਜੀ ਤੌਰ ’ਤੇ ਕਾਫੀ ਦੁੱਖ ਹੋਇਆ ਹੈ।
ਸ੍ਰੀ ਮਲੂਕਾ ਨੇ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਅਮਨ ਸ਼ਾਂਤੀ ਅਤੇ ਵਿਕਾਸ ਦੇ ਮੁੱਦੇ ’ਤੇ ਚੋਣ ਲੜੇਗਾ ਅਤੇ ਪੰਜਾਬ ਵਿੱਚ ਅਗਲੇ ਵਰ੍ਹੇ ਜਨਵਰੀ ਦੇ ਅੰਤ ਜਾਂ ਫਰਵਰੀ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਹੂੰਝਾਫੇਰ ਜਿੱਤ ਹਾਸਲ ਕਰਕੇ ਸੂਬੇ ਵਿੱਚ ਲਗਾਤਾਰ ਤੀਜੀ ਵਾਰ ਸਰਕਾਰ ਬਣਾਉਣ ਦਾ ਇਤਿਹਾਸ ਸਿਰਜਿਆ ਜਾਵੇਗਾ। ਜਦੋਂ ਕਿ ਕਾਂਗਰਸ ਅਤੇ ਆਪ ਨੂੰ ਛੁਪਣ ਲਈ ਲੱਭਿਆਂ ਵੀ ਕੋਈ ਥਾਂ ਟਿਕਾਣਾ ਨਹੀਂ ਮਿਲੇਗਾ। ਉਨ੍ਹਾਂ ਦਾਅਵਾ ਕੀਤਾ ਕਿ ਅਕਾਲੀ ਦਲ ਤੇ ਭਾਜਪਾ ਦੀ ਸਰਕਾਰ ਨੇ ਪਿਛਲੇ 10 ਸਾਲਾਂ ਵਿੱਚ ਜੋ ਰਿਕਾਰਡਤੋੜ ਵਿਕਾਸ ਕੀਤਾ ਹੈ। ਉਹ ਕਾਂਗਰਸ ਨੇ ਪਿਛਲੇ 50 ਸਾਲਾਂ ਵਿੱਚ ਵੀ ਨਹੀਂ ਕੀਤਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਸਰਕਾਰ ਨੇ ਰਾਜ ਨੂੰ ਵਿਕਾਸ ਦੀਆਂ ਬੁਲੰਦੀਆਂ ’ਤੇ ਪਹੁੰਚਾਇਆ ਹੈ।
ਸ੍ਰੀ ਮਲੂਕਾ ਨੇ ਕਿਹਾ ਕਿ ਹੁਣ ਵੀ ਕਾਂਗਰਸੀ ਰਾਜ ਹਥਿਆਉਣ ਲਈ ਹਰ ਤਰ੍ਹਾਂ ਦੇ ਹੱਥਕੰਡੇ ਅਤੇ ਝੂਠੇ ਵਾਅਦੇ ਕਰ ਰਹੇ ਹਨ ਪ੍ਰੰਤੂ ਪੰਜਾਬ ਦੇ ਲੋਕ ਉਨ੍ਹਾਂ ਦੀਆਂ ਲੁੰਮੜ ਚਾਲਾਂ ਤੋਂ ਭਲੀ ਭਾਂਤ ਜਾਣੂ ਹੋ ਚੁੱਕੇ ਹਨ। ਪੰਜਾਬ ਦੇ ਲੋਕ ਨਾ ਤਾਂ ਕਾਂਗਰਸ ਪਾਰਟੀ ਅਤੇ ਨਾਂ ਹੀ ਧੋਖੇਬਾਜ ਆਮ ਆਦਮੀ ਪਾਰਟੀ ਨੂੰ ਮੂੰਹ ਲਗਾਉਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਪਾਰਟੀਆਂ ’ਤੇ ਵਿਸ਼ਵਾਸ਼ ਕਰਨਾ ਆਪਣੇ ਆਪ ਨੂੰ ਧੋਖਾ ਦੇਣ ਦੇ ਬਰਾਬਰ ਹੈ।