nabaz-e-punjab.com

ਜ਼ਿਲ੍ਹਾ ਪ੍ਰੈਸ ਕਲੱਬ ਵੱਲੋਂ ‘ਸਹਾਇਕ ਧੰਦਿਆਂ ਨੂੰ ਪ੍ਰਫੁੱਲਤ ਕਰਨ ਲਈ ਮੀਡੀਆ ਦੀ ਭੂਮਿਕਾ ਵਿਸ਼ੇ ’ਤੇ ਸੈਮੀਨਾਰ

ਪ੍ਰੈਸ ਨੂੰ ਨਰੋਏ ਸਮਾਜ ਦੀ ਸਿਰਜਣਾ ਲਈ ਉਸਾਰੂ ਭੂਮਿਕਾ ਨਿਭਾਉਣ ਦੀ ਲੋੜ: ਸਿੱਧੂ
ਸਿੱਧੂ ਵੱਲੋਂ ਜ਼ਿਲ੍ਹਾ ਪ੍ਰੈੱਸ ਕਲੱਬ ਲਈ ਢੁਕਵੀਂ ਥਾਂ ਦਿਵਾਉਣ ਅਤੇ 5 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ
ਸਹਾਇਕ ਧੰਦਿਆਂ ਨੂੰ ਪ੍ਰਫੁੱਲਤ ਕਰਨ ਲਈ ਪਸ਼ੂ ਪਾਲਣ ਵਿਭਾਗ ਸੂਬੇ ਵਿੱਚ ਕਰਵਾਏਗਾ ਵਿਸ਼ੇਸ਼ ਸੈਮੀਨਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਜੁਲਾਈ:
ਨਰੋਏ ਸਮਾਜ ਦੀ ਸਿਰਜਣਾ ਲਈ ਪ੍ਰੈਸ ਨੂੰ ਸਕਾਰਾਤਮਕ ਭੂਮਿਕਾ ਨਿਭਾਉਣੀ ਚਾਹੀਦੀ ਹੈ ਅਤੇ ਸਮਾਜਿਕ ਕੁਰੀਤੀਆਂ ਦੇ ਖਾਤਮੇ ਲਈ ਅੱਗੇ ਆਉਣਾ ਚਾਹੀਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਕਿਰਤ ਮੰਤਰੀ ਬਲਬੀਰ ਸਿੰਘ ਨੇ ਗਿਆਨ ਜਯੋਤੀ ਇੰਸਟੀਚਿਊਟ ਵਿਖੇ ਜ਼ਿਲ੍ਹਾ ਪ੍ਰੈੱਸ ਕਲੱਬ, ਐਸ.ਏ.ਐਸ.ਨਗਰ ਵੱਲੋਂ ‘ਸਹਾਇਕ ਧੰਦਿਆਂ ਨੂੰ ਪ੍ਰਫੁੱਲਤ ਕਰਨ ਲਈ ਮੀਡੀਆ ਦੀ ਭੂਮਿਕਾ’ ਵਿਸ਼ੇ ’ਤੇ ਕਰਵਾਏ ਗਏ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਤੋਂ ਪਹਿਲਾਂ ਕਲੱਬ ਦੇ ਪ੍ਰਧਾਨ ਦਰਸ਼ਨ ਸਿੰਘ ਸੋਢੀ ਨੇ ਸ੍ਰੀ ਸਿੱਧੂ ਨੂੰ ਸੈਮੀਨਾਰ ਵਿੱਚ ਪੁੱਜਣ ’ਤੇ ਜੀ ਆਇਆਂ ਆਖਿਆ। ਸ੍ਰੀ ਸਿੱਧੂ ਨੇ ਇਸ ਮੌਕੇ ਬੋਲਦਿਆਂ ਦੱਸਿਆ ਕਿ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਨੌਜਵਾਨਾਂ ਨੂੰ ਸਹਾਇਕ ਧੰਦਿਆਂ ਲਈ ਉਤਸ਼ਾਹਤ ਕਰਨ ਵਾਸਤੇ ਵਿਸ਼ੇਸ਼ ਸੈਮੀਨਾਰ ਕਰਵਾਏ ਜਾਣਗੇ। ਇਸ ਤੋਂ ਇਲਾਵਾ ਵਿਧਾਨ ਸਭਾ ਹਲਕਾ ਐਸ.ਏ.ਐਸ ਨਗਰ ਵਿੱਚ ਪਸ਼ੂਆਂ ਦੇ ਦੁੱਧ ਚੁਆਈ ਮੁਕਾਬਲੇ ਵੀ ਕਰਵਾਏ ਜਾਣਗੇ, ਜਿਨ੍ਹਾਂ ਸਬੰਧੀ ਹਫਤਾਵਾਰੀ ਪ੍ਰੋਗਰਾਮ ਉਲੀਕੇ ਗਏ ਹਨ। ਪ੍ਰੈੱਸ ਕਲੱਬ ਵੱਲੋਂ ਕਰਵਾਏ ਗਏ ਸੈਮੀਨਾਰ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਸ੍ਰੀ ਸਿੱਧੂ ਨੇ ਕਿਹਾ ਕਿ ਅਜਿਹੇ ਪ੍ਰੋਗਰਾਮ ਪਸ਼ੂ ਪਾਲਣ ਵਿਭਾਗ ਵੱਲੋਂ ਵੀ ਕਰਵਾਏ ਜਾਣਗੇ, ਜਿਹੜੇ ਨੌਜਵਾਨਾਂ ਲਈ ਰਾਹ ਦਸੇਰਾ ਬਣਨਗੇ। ਸ੍ਰੀ ਸਿੱਧੂ ਨੇ ਕਿਹਾ ਕਿ ਕਿਸਾਨਾਂ ਨੂੰ ਖੇਤੀਬਾੜੀ ਦੇ ਨਾਲ-ਨਾਲ ਡੇਅਰੀ ਫਾਰਮਿੰਗ ਦਾ ਧੰਦਾ ਵੀ ਅਪਣਾਉਣਾ ਚਾਹੀਦਾ ਹੈ ਅਤੇ ਚੰਗੀ ਨਸਲ ਦੇ ਪਸ਼ੂ ਤਿਆਰ ਕਰ ਕੇ ਚੌਖੀ ਕਮਾਈ ਕੀਤੀ ਜਾ ਸਕਦੀ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁਰਗੀਆਂ ਤੇ ਸੂਰਾਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਵਿਸ਼ੇਸ਼ ਵੈਕਸੀਨ ਤਿਆਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਚੰਗੇ ਮੁਨਾਫੇ ਲਈ ਦੇਸੀ ਨਸਲ ਦੇ ਮੁਰਗੇ ਅਤੇ ਬੱਕਰੀਆਂ ਪਾਲਣ ਦੇ ਧੰਦੇ ਵੱਲ ਵੀ ਮੁੜਨਾ ਚਾਹੀਦਾ ਹੈ। ਇਸ ਸਬੰਧੀ ਮੰਡੀਕਰਨ ਦੀ ਵੀ ਸਮੱਸਿਆ ਨਹੀਂ ਆਉਂਦੀ। ਉਨ੍ਹਾਂ ਕਿਹਾ ਕਿ ਸਮਂੇ ਦੀ ਲੋੜ ਹੈ ਕਿ ਕਿਸਾਨ ਆਪਣੀਆਂ ਫਸਲਾਂ ਦਾ ਮੰਡੀਕਰਨ ਖੁਦ ਕਰਨ ਤਾਂ ਜੋ ਉਨ੍ਹਾਂ ਨੂੰ ਫਸਲਾਂ ਦਾ ਚੰਗਾ ਭਾਅ ਮਿਲ ਸਕੇ। ਉਨ੍ਹਾਂ ਦੱਸਿਆ ਕਿ ਕਈ ਪ੍ਰਾਈਵੇਟ ਸੰਸਥਾਵਾਂ ਨੇ ਵੈਟਰਨਰੀ ਕਾਲਜਾਂ ਲਈ ਮਾਨਤਾ ਲੈਣ ਦੀ ਅਪੀਲ ਕੀਤੀ ਸੀ ਪਰ ਸਰਕਾਰ ਦਾ ਹਾਲੇ ਅਜਿਹਾ ਕੋਈ ਵਿਚਾਰ ਨਹੀਂ ਹੈ। ਉਨ੍ਹਾਂ ਦਲੀਲ ਦਿੱਤੀ ਕਿ ਸਰਕਾਰ ਮਿਆਰੀ ਸਿੱਖਿਆ ਦੇਣ ਲਈ ਵਚਨਬੱਧ ਹੈ ਤੇ ਸਰਕਾਰੀ ਕਾਲਜਾਂ ਅਤੇ ਹਸਪਤਾਲਾਂ ਨੂੰ ਹੋਰ ਮਿਆਰੀ ਬਣਾਇਆ ਜਾਵੇਗਾ। ਗੁਰੂ ਅੰਗਦ ਦੇਵ ਵੈਟਰਨਰੀ ਯੂਨੀਵਰਸਿਟੀ, ਲੁਧਿਆਣਾ ਨੂੰ ਚੰਗੀਆ ਤਕਨੀਕਾਂ ਅਤੇ ਸੇਵਾਵਾਂ ਬਦਲੇ ਕੇਂਦਰ ਸਰਕਾਰ ਵੱਲੋਂ ਕੌਮੀ ਐਵਾਰਡ ਦੇ ਕੇ ਸਨਮਾਨਿਤ ਕੀਤਾ ਗਿਆ ਹੈ। ਉਨ੍ਹਾਂ ਨੇ ਇਸ ਮੌਕੇ ਪ੍ਰੈੱਸ ਕਲੱਬ ਲਈ ਢੁਕਵੀਂ ਥਾਂ ਦਿਵਾਉਣ ਦੇ ਨਾਲ-ਨਾਲ 5 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਇਸ ਮੌਕੇ ਪ੍ਰੈਸ ਕਲੱਬ ਦੇ ਅਹੁਦੇਦਾਰਾਂ ਵੱਲੋਂ ਸ੍ਰੀ ਸਿੱਧੂ ਅਤੇ ਉਨ੍ਹਾਂ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਵੀ ਕੀਤਾ ਗਿਆ। ਸੈਮੀਨਾਰ ਦੌਰਾਨ ਡਾਇਰੈਕਟਰ, ਪਸ਼ੂ ਪਾਲਣ ਵਿਭਾਗ ਅਰਮਜੀਤ ਸਿੰਘ ਨੇ ਕਿਹਾ ਕਿ ਮੀਡੀਆ ਨੂੰ ਸਫ਼ਲ ਪਸ਼ੂ ਪਾਲਕਾਂ ਦੀਆਂ ਵਿਕਾਸ ਕਹਾਣੀਆਂ ਪ੍ਰਕਾਸ਼ਿਤ ਕਰ ਕੇ ਹੋਰਨਾਂ ਲੋਕਾਂ ਨੂੰ ਵੀ ਪਸ਼ੂ ਪਾਲਣ ਸਬੰਧੀ ਉਤਸ਼ਾਹਿਤ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪੋਲਟਰੀ, ਪਿਗਰੀ ਅਤੇ ਬੱਕਰੀਆਂ ਪਾਲਣ ਦੇ ਧੰਦੇ ਲਈ ਸਬਸਿਡੀ ਵੀ ਦਿੱਤੀ ਜਾਂਦੀ ਹੈ।
ਇਸ ਮੌਕੇ ਡਾਇਰੈਕਟਰ, ਡੇਅਰੀ ਵਿਕਾਸ ਵਿਭਾਗ, ਪੰਜਾਬ ਇੰਦਰਜੀਤ ਸਿੰਘ ਨੇ ਕਿਹਾ ਕਿ ਡੇਅਰੀ ਦੇ ਧੰਦੇ ਨੂੰ ਉਤਸ਼ਾਹਤ ਕਰਨ ਲਈ ਕਲੱਬ ਵੱਲੋਂ ਪਹਿਲੀ ਵਾਰ ਅਜਿਹਾ ਸੈਮੀਨਾਰ ਕਰਵਾਇਆ ਗਿਆ ਹੈ, ਜੋ ਕਿ ਕਿਸਾਨਾਂ ਲਈ ਪ੍ਰੇਰਨਾਸਰੋਤ ਹੋਵੇਗਾ। ਉਨ੍ਹਾਂ ਕਿਹਾ ਕਿ ਟਰਾਈਸਿਟੀ ਹੋਣ ਕਾਰਨ ਇਸ ਖਿੱਤੇ ਵਿੱਚ ਡੇਅਰੀ ਦੇ ਧੰਦੇ ਦੀਆਂ ਵਧੇਰੇ ਸੰਭਾਵਨਵਾਂ ਮੌਜੂਦ ਹਨ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਦੁੱਧ ਦੀਆਂ ਮਿਲਾਵਟੀ ਵਸਤਾਂ ਵੇਚਣ ਵਾਲਿਆਂ ਵਿਰੁੱਧ ਸ਼ਿਕੰਜਾ ਕਸਿਆ ਜਾ ਰਿਹਾ ਹੈ, ਜਿਸ ਲਈ ਮੀਡੀਏ ਦੇ ਸਹਿਯੋਗ ਦੀ ਵੀ ਲੋੜ ਹੈ। ਇਸ ਮੌਕੇ ਅਗਾਂਹਵਧੂ ਕਿਸਾਨ ਗਿਆਨ ਸਿੰਘ ਧੜਾਕ, ਪੰਜਾਬ ਪ੍ਰੋਗਰੈਸਿਵ ਡੇਅਰੀ ਫਾਰਮਿੰਗ ਐਸੋਸੀਏਸ਼ਨ ਦੇ ਪ੍ਰਧਾਨ ਸੁਖਦੇਵ ਸਿੰਘ ਬਰੋਲੀ, ਬਲਜਿੰਦਰ ਸਿੰਘ ਭਾਗੋਮਾਜਰਾ, ਖੁੰਭਾਂ ਦੇ ਕਾਸ਼ਤਕਾਰ ਵਿਕਾਸ ਬੈਨਲ, ਪੇਂਡੂ ਸੰਘਰਸ਼ ਕਮੇਟੀ ਦੇ ਪ੍ਰਧਾਨ ਪਰਮਦੀਪ ਸਿੰਘ ਬੈਦਵਾਣ, ਸੀਨੀਅਰ ਸਿਟੀਜਨ ਵੈਲਫੇਅਰ ਫੋਰਮ ਦੇ ਚੇਅਰਮੈਨ ਐਮ.ਡੀ.ਐਸ. ਸੋਢੀ, ਪੱਤਰਕਾਰ ਇਕਬਾਲ ਸਿੰਘ ਅਤੇ ਰਵਿੰਦਰ ਵੈਸ਼ਨਵ ਨੇ ਵੀ ਆਪਣੇ ਤਜਰਬੇ ਸਾਂਝੇ ਕੀਤੇ।
ਇਸ ਮੌਕੇ ਸੀਨੀਅਰ ਡਿਪਟੀ ਮੇਅਰ ਰਿਸ਼ਵ ਜੈਨ, ਗਿਆਨ ਜਯੋਤੀ ਇੰਸਟੀਚਿਊਟ ਦੇ ਚੇਅਰਮੈਨ ਜੀ.ਐਸ. ਬੇਦੀ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਰਜਿੰਦਰ ਸਿੰਘ ਰਾਣਾ, ਕੌਂਸਲਰ ਆਰ.ਪੀ. ਸ਼ਰਮਾ, ਪਰਮਜੀਤ ਸਿੰਘ ਕਾਹਲੋਂ, ਜਸਵਿੰਦਰ ਸਿੰਘ ਵਿਰਕ, ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਦੇ ਪ੍ਰਧਾਨ ਐੱਮ.ਡੀ.ਐੱਸ. ਸੋਢੀ, ਜੀ.ਐਸ. ਰਿਆੜ, ਡਿਪਟੀ ਡਾਇਰੈਟਰ ਪਸ਼ੂ ਪਾਲਣ ਵਿਭਾਗ ਪ੍ਰਮਾਤਮਾ ਸਰੂਪ, ਸੀਨੀਅਰ ਮੱਛੀ ਪਾਲਣ ਅਫ਼ਸਰ ਜਤਿੰਦਰ ਸਿੰਘ ਗਿੱਲ, ਡੇਅਰੀ ਇੰਸਪੈਕਟਰ ਸੇਵਾ ਸਿੰਘ, ਕੰਜ਼ਿਊਮਰ ਪ੍ਰੋਟੈਕਸ਼ਨ ਫੋਰਮ ਦੇ ਪ੍ਰਧਾਨ ਪੀ.ਐੱਸ. ਵਿਰਦੀ, ਰਾਜੀਵ ਵਸ਼ਿਸ਼ਟ ਵੀ ਹਾਜ਼ਰ ਸਨ। ਸਟੇਜ ਸੰਚਾਲਨ ਸੀਨੀਅਰ ਪੱਤਰਕਾਰ ਗੁਰਪ੍ਰੀਤ ਸਿੰਘ ਨਿਆਮੀਆਂ ਵੱਲੋਂ ਕੀਤਾ ਗਿਆ ਅਤੇ ਕਲੱਬ ਦੇ ਜਨਰਲ ਸਕੱਤਰ ਸਤਵਿੰਦਰ ਸਿੰਘ ਧੜਾਕ ਅਤੇ ਵਾਈਸ ਚੇਅਰਮੈਨ ਐਮ.ਪੀ. ਕੌਸ਼ਿਕ ਨੇ ਸੈਮੀਨਾਰ ਵਿੱਚ ਸ਼ਾਮਲ ਹੋਈਆਂ ਸ਼ਖ਼ਸੀਅਤਾਂ ਦਾ ਧੰਦਵਾਦ ਕੀਤਾ।

Load More Related Articles
Load More By Nabaz-e-Punjab
Load More In General News

Check Also

ਕਿਸਾਨਾਂ ਦੀ ਸਹਿਮਤੀ ਨਾਲ ਹੀ ਜ਼ਮੀਨਾਂ ਐਕਵਾਇਰ ਕੀਤੀਆਂ ਜਾਣਗੀਆਂ: ਕੁਲਵੰਤ ਸਿੰਘ

ਕਿਸਾਨਾਂ ਦੀ ਸਹਿਮਤੀ ਨਾਲ ਹੀ ਜ਼ਮੀਨਾਂ ਐਕਵਾਇਰ ਕੀਤੀਆਂ ਜਾਣਗੀਆਂ: ਕੁਲਵੰਤ ਸਿੰਘ ਭਾਰਤੀ ਕਿਸਾਨ ਮਜ਼ਦੂਰ ਸੰਘਰਸ਼…