Share on Facebook Share on Twitter Share on Google+ Share on Pinterest Share on Linkedin ਐਸਜੀਪੀਸੀ ਚੋਣਾਂ: ਵੋਟਾਂ ਬਣਾਉਣ ਦੀ ਤਰੀਕ ’ਚ ਮੁੜ ਵਾਧਾ, ਹੁਣ 30 ਅਪਰੈਲ ਤੱਕ ਭਰੇ ਜਾ ਸਕਣਗੇ ਫਾਰਮ ਕੋਈ ਵੀ ਕੇਸਾਧਾਰੀ ਸਿੱਖ ਵੋਟ ਬਣਾਉਣ ਤੋਂ ਵਾਂਝਾ ਨਾ ਰਹੇ: ਡੀਸੀ ਆਸ਼ਿਕਾ ਜੈਨ ਨਬਜ਼-ਏ-ਪੰਜਾਬ, ਮੁਹਾਲੀ, 2 ਮਾਰਚ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦੇ ਮੱਦੇਨਜ਼ਰ ਵੋਟਾਂ ਬਣਾਉਣ ਦੀ ਤਰੀਕ ਵਿੱਚ ਮੁੜ ਤੀਜੀ ਵਾਰ ਵਾਧਾ ਕੀਤਾ ਗਿਆ ਹੈ। ਹੁਣ 30 ਅਪਰੈਲ ਤੱਕ ਨਵੀਆਂ ਵੋਟਾਂ ਲਈ ਫਾਰਮ ਭਰੇ ਜਾ ਸਕਣਗੇ। ਮੁਹਾਲੀ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਚੀਫ਼ ਕਮਿਸ਼ਨਰ ਗੁਰਦੁਆਰਾ ਬੋਰਡ ਚੋਣਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਬਣਾਉਣ ਦੀ ਮਿਤੀ ਵਿੱਚ ਵਾਧਾ ਕਰ ਦਿੱਤਾ ਗਿਆ ਹੈ। ਚੀਫ਼ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਜਾਰੀ ਕੀਤੀ ਨਵੀਂ ਸਮਾਂ ਸਾਰਨੀ ਤਹਿਤ ਵੋਟਰ ਰਜਿਸਟਰੇਸ਼ਨ 30 ਅਪਰੈਲ ਤੱਕ ਕਰਵਾਈ ਜਾ ਸਕਦੀ ਹੈ। ਉਨ੍ਹਾਂ ਨੇ ਚੋਣਾਂ ਨਾਲ ਸਬੰਧਤ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਹਦਾਇਤ ਕੀਤੀ ਕਿ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਸਬੰਧੀ ਵੋਟਰ ਰਜਿਸਟਰੇਸ਼ਨ ਦਾ ਕੰਮ ਤੇਜ਼ੀ ਨਾਲ ਕੀਤਾ ਜਾਵੇ, ਤਾਂ ਜੋ ਕੋਈ ਵੀ ਕੇਸਾਧਾਰੀ ਸਿੱਖ ਵੋਟ ਬਣਾਉਣ ਤੋਂ ਵਾਂਝਾ ਨਾ ਰਹਿ ਸਕੇ। ਡੀਸੀ ਆਸ਼ਿਕਾ ਜੈਨ ਨੇ ਦੱਸਿਆ ਕਿ 1 ਮਈ 2024 ਤੋਂ 20 ਮਈ 2024 ਤੱਕ ਵੋਟਰ ਸੂਚੀਆਂ ਦੀ ਤਿਆਰੀ ਅਤੇ ਪ੍ਰਿੰਟਿੰਗ ਹੋਵੇਗੀ। ਇਸ ਤੋਂ ਬਾਅਦ 21 ਮਈ ਨੂੰ ਵੋਟਰ ਸੂਚੀਆਂ ਪ੍ਰਕਾਸ਼ਿਤ ਕੀਤੀਆਂ ਜਾਣਗੀਆਂ ਅਤੇ ਇਸੇ ਹੀ ਦਿਨ ਵੋਟਰ ਸੂਚੀਆਂ ਸਬੰਧੀ ਦਾਅਵੇ ਅਤੇ ਇਤਰਾਜ਼ ਲੈਣ ਸਬੰਧੀ ਚੋਣ ਹਲਕੇ ਅਨੁਸਾਰ ਨਿਯੁਕਤ ਅਧਿਕਾਰੀਆਂ ਦੀ ਸੂਚੀ ਜਾਰੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨ ਦੀ ਆਖਰੀ ਤਰੀਕ 11 ਜੂਨ 2024 ਨਿਰਧਾਰਿਤ ਕੀਤੀ ਗਈ। ਡੀਸੀ ਨੇ ਦੱਸਿਆ ਕਿ 21 ਜੂਨ ਤੱਕ ਦਾਅਵਿਆਂ ਅਤੇ ਇੰਦਰਾਜ਼ਾਂ ਦਾ ਸਿੱਖ ਗੁਰਦੁਆਰਾ ਬੋਰਡ ਚੋਣਾਂ 1959 ਦੇ ਰੂਲ ਨੰਬਰ 10 (3) ਅਨੁਸਾਰ ਨਿਪਟਾਰਾ ਕੀਤਾ ਜਾਵੇਗਾ। ਇਸ ਤੋਂ ਬਾਅਦ 2 ਜੁਲਾਈ ਨੂੰ ਸਪਲੀਮੈਂਟਰੀ ਸੂਚੀਆਂ ਦੀ ਤਿਆਰੀ ਅਤੇ ਪ੍ਰਿੰਟਿੰਗ ਕੀਤੀ ਜਾਵੇਗੀ ਅਤੇ 3 ਜੁਲਾਈ ਨੂੰ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਐਸਜੀਪੀਸੀ ਚੋਣਾਂ ਲਈ ਵੋਟਰ ਰਜਿਸਟਰੇਸ਼ਨ ਲਈ ਵਿਅਕਤੀ ਦਾ ਕੇਸਾਧਾਰੀ ਸਿੱਖ ਹੋਣਾ ਜ਼ਰੂਰੀ ਹੈ। ਡੀਸੀ ਨੇ ਸਬੰਧਤ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਨੂੰ ਫਾਰਮ ਜਮ੍ਹਾਂ ਕਰਵਾਉਣ ਵਿੱਚ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਉਪ ਮੰਡਲ ਮੈਜਿਸਟਰੇਟ (ਐਸਡੀਐਮ) ਅਤੇ ਹੋਰ ਨਾਮਜ਼ਦ ਅਧਿਕਾਰੀ ਵੀ ਨਿਯਮਤ ਤੌਰ ’ਤੇ ਇਸ ਪ੍ਰਕਿਰਿਆ ਦੀ ਨਜ਼ਰਸਾਨੀ ਕਰਨ ਤਾਂ ਜੋ ਵੋਟਰ ਰਜਿਸਟਰੇਸ਼ਨ ਨੂੰ ਉਤਸ਼ਾਹਿਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪੇਂਡੂ ਖੇਤਰ ਦੇ ਵੋਟਰ ਖ਼ੁਦ ਨੂੰ ਵੋਟਰ ਵਜੋਂ ਰਜਿਸਟਰਡ ਕਰਨ ਲਈ ਫਾਰਮ ਪਟਵਾਰੀਆਂ ਪਾਸ ਜਮ੍ਹਾਂ ਕਰਵਾ ਸਕਦੇ ਹਨ ਜਦੋਂਕਿ ਸ਼ਹਿਰੀ ਖੇਤਰ ਵਿੱਚ ਨਗਰ ਕੌਂਸਲ ਜਾਂ ਸਥਾਨਕ ਅਥਾਰਟੀ ਦੇ ਕਰਮਚਾਰੀ ਜਿਨ੍ਹਾਂ ਨੂੰ ਸਬੰਧਤ ਖੇਤਰ ਦੀ ਸੋਧ ਅਥਾਰਟੀ ਵੱਲੋਂ ਨਾਮਜ਼ਦ ਕੀਤਾ ਗਿਆ ਹੈ, ਪਾਸ ਆਪਣੇ ਫਾਰਮ ਜਮ੍ਹਾ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਲਈ ਫਾਰਮ ਨੰਬਰ 1 ਪ੍ਰਾਪਤ ਕਰਦੇ ਸਮੇਂ ਇਸ ਗੱਲ ਵੱਲ ਖਾਸ ਧਿਆਨ ਦਿੱਤਾ ਜਾਵੇ ਕਿ ਵੋਟਰ ਦੀ ਉਮਰ 21 ਸਾਲ ਤੋਂ ਘੱਟ ਨਾ ਹੋਵੇ ਅਤੇ ਉਹ ਕੇਸਾਧਾਰੀ ਸਿੱਖ ਹੋਵੇ। ਇਹ ਫਾਰਮ ਜ਼ਿਲ੍ਹਾ ਪ੍ਰਸ਼ਾਸਨ ਦੀ ਵੈੱਬਸਾਈਟ sasnagar.nic.in ਤੋਂ ਵੀ ਪ੍ਰਾਪਤ ਕੀਤਾ ਜਾ ਸਕਦਾ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ