ਭਾਜਪਾ ਆਗੂ ਬੀਬੀ ਰਾਮੂਵਾਲੀਆ ਨੂੰ ਸਦਮਾ, ਪਤੀ ਦੀ ਮੌਤ

ਉੱਘੇ ਕਾਰੋਬਾਰੀ ਸਨ ਅਰਵਿੰਦਰ ਸਿੰਘ ਭੁੱਲਰ, 27 ਅਪਰੈਲ ਨੂੰ ਚੰਡੀਗੜ੍ਹ ਵਿੱਚ ਕੀਤਾ ਜਾਵੇਗਾ ਸਸਕਾਰ

ਨਬਜ਼-ਏ-ਪੰਜਾਬ, ਮੁਹਾਲੀ, 25 ਅਪਰੈਲ:
ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਕੇਂਦਰੀ ਕਮੇਟੀ ਦੀ ਮੈਂਬਰ ਅਤੇ ਸੀਨੀਅਰ ਆਗੂ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਨੂੰ ਅੱਜ ਉਸ ਸਮੇਂ ਵੱਡਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੇ ਪਤੀ ਅਤੇ ਉੱਘੇ ਕਾਰੋਬਾਰੀ ਅਰਵਿੰਦਰ ਸਿੰਘ ਭੁੱਲਰ (58) (ਸਾਬਕਾ ਕੇਂਦਰੀ ਮੰਤਰੀ ਅਤੇ ਲੋਕ ਭਲਾਈ ਪਾਰਟੀ ਦੇ ਪ੍ਰਧਾਨ ਬਲਵੰਤ ਸਿੰਘ ਰਾਮੂਵਾਲੀਆ ਦੇ ਜਵਾਈ) ਦਾ ਸੰਖੇਪ ਬਿਮਾਰੀ ਦੌਰਾਨ ਦੇਹਾਂਤ ਹੋ ਗਿਆ। ਉਹ ਕੈਂਸਰ ਤੋਂ ਪੀੜਤ ਸਨ ਅਤੇ ਪਿਛਲੇ ਕੁੱਝ ਦਿਨਾਂ ਤੋਂ ਗੰਗਾ ਨਗਰ ਦੇ ਹਸਪਤਾਲ ਵਿੱਚ ਜੇਰੇ ਇਲਾਜ ਸਨ। ਜਿੱਥੇ ਅੱਜ ਉਨ੍ਹਾਂ ਨੇ ਆਖ਼ਰੀ ਸਾਹ ਲਏ। ਉਹ ਆਪਣੇ ਪਿੱਛੇ ਪਤਨੀ ਬੀਬੀ ਰਾਮੂਵਾਲੀਆ, ਬੇਟੀ ਡਾ. ਸਮੀਰ ਕੌਰ, ਦਮਾਦ ਡਾ. ਹਮਜੋਲ ਸਿੰਘ ਚੱਕਲ, ਦੋ ਦੋਹਤੀਆਂ ਬਾਣੀ ਤੇ ਫਲਕ ਛੱਡ ਗਏ ਹਨ। ਉਨ੍ਹਾਂ ਦਾ ਅੰਤਿਮ ਸੰਸਕਾਰ 27 ਅਪਰੈਲ ਨੂੰ ਚੰਡੀਗੜ੍ਹ ਦੇ ਸੈਕਟਰ-25 ਸਥਿਤ ਸ਼ਮਸ਼ਾਨਘਾਟ ਵਿਖੇ ਸਵੇਰੇ ਸਾਢੇ 10 ਵਜੇ ਕੀਤਾ ਜਾਵੇਗਾ।
ਅਰਵਿੰਦਰ ਸਿੰਘ ਭੁੱਲਰ ਦਾ ਭੁੱਲਰ ਸੀਮਿੰਟ ਕਾਰਪੋਰੇਸ਼ਨ ਤੇ ਭੁੱਲਰ ਫੀਲਿੰਗ ਸਟੇਸ਼ਨ ਸ੍ਰੀ ਆਨੰਦਪੁਰ ਸਾਹਿਬ ਅਤੇ ਅੰਮ੍ਰਿਤਸਰ ਵਿੱਚ ਮੈਟਰੋ ਮਾਲ ਕੈਸ਼ ਅਤੇ ਕੈਰੀ ਸਮੇਤ ਬਹੁਤ ਵੱਡੇ ਕਾਰੋਬਾਰ ਹਨ। ਉਹ ਅੰਮ੍ਰਿਤਸਰ ਦੇ ਪ੍ਰਸਿੱਧ ਬਿਜ਼ਨਸਮੈਨ ਬਲਬੀਰ ਸਿੰਘ ਭੁੱਲਰ ਦੇ ਸਪੁੱਤਰ ਅਤੇ ਕੈਨੇਡੀਅਨ ਸਿਟੀਜ਼ਨ ਸਨ। ਇਸ ਸਮੇਂ ਉਹ ਚੰਡੀਗੜ੍ਹ ਦੇ ਸੈਕਟਰ-33 ਵਿੱਚ ਆਪਣੀ ਪਤਨੀ ਅਮਨਜੋਤ ਕੌਰ ਰਾਮੂਵਾਲੀਆ ਨਾਲ ਰਹਿ ਰਹੇ ਸਨ।
ਸ਼੍ਰੋਮਣੀ ਅਕਾਲੀ ਦਲ ਨੇ ਸਾਲ 2012 ਵਿੱਚ ਸਾਬਕਾ ਕੇਂਦਰੀ ਮੰਤਰੀ ਅਤੇ ਲੋਕ ਭਲਾਈ ਪਾਰਟੀ ਦੇ ਪ੍ਰਧਾਨ ਬਲਵੰਤ ਸਿੰਘ ਰਾਮੂਵਾਲੀਆ ਨੂੰ ਮੁਹਾਲੀ ਹਲਕੇ ਤੋਂ ਅਕਾਲੀ ਦਲ ਦੀ ਟਿਕਟ ਦੇ ਕੇ ਚੋਣ ਲੜਾਈ ਸੀ। ਅਕਾਲੀ ਸਰਕਾਰ ਸਮੇਂ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਰਾਮੂਵਾਲੀਆ ਪਰਿਵਾਰ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਰਾਮੂਵਾਲੀਆ ਦੀ ਵੱਡੀ ਬੇਟੀ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਨੂੰ ਜ਼ਿਲ੍ਹਾ ਯੋਜਨਾ ਕਮੇਟੀ ਮੁਹਾਲੀ ਦੀ ਚੇਅਰਪਰਸਨ ਦੀ ਜ਼ਿੰਮੇਵਾਰੀ ਸੌਂਪ ਕੇ ਪੰਜਾਬ ਦੀ ਰਾਜਨੀਤੀ ਵਿੱਚ ਉਤਾਰਿਆ ਸੀ ਪ੍ਰੰਤੂ ਬਾਅਦ ਵਿੱਚ ਉਨ੍ਹਾਂ ਨੇ ਇਸ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ ਅਤੇ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਬੀਬੀ ਰਾਮੂਵਾਲੀਆ ਭਾਜਪਾ ਵਿੱਚ ਸ਼ਾਮਲ ਹੋ ਗਏ ਸੀ।
ਸ੍ਰੀ ਆਨੰਦਪੁਰ ਸਾਹਿਬ ਤੋਂ ਅਕਾਲੀ ਦਲ ਦੇ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ, ਮੁਹਾਲੀ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਮੁਹਾਲੀ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਬੈਦਵਾਨ, ਮੀਤ ਪ੍ਰਧਾਨ ਪਰਮਜੀਤ ਸਿੰਘ ਕਾਹਲੋਂ, ਹਰਮਨਪ੍ਰੀਤ ਸਿੰਘ ਪ੍ਰਿੰਸ, ਪੀਏਸੀ ਮੈਂਬਰ ਪ੍ਰਦੀਪ ਸਿੰਘ ਭਾਰਜ ਅਤੇ ਮਨਜੀਤ ਸਿੰਘ ਮਾਨ, ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਕਮਲਜੀਤ ਸਿੰਘ ਰੂਬੀ, ਸਕੱਤਰ ਜਨਰਲ ਸਰਬਜੀਤ ਸਿੰਘ ਪਾਰਸ, ਯੂਥ ਆਗੂ ਇਸ਼ਪ੍ਰੀਤ ਸਿੰਘ ਵਿੱਕੀ, ਕੁਲਦੀਪ ਸਿੰਘ, ਭਾਜਪਾ ਦੇ ਸੀਨੀਅਰ ਆਗੂ ਸੁਖਵਿੰਦਰ ਸਿੰਘ ਗੋਲਡੀ, ਅਰੁਣ ਸ਼ਰਮਾ, ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ, ਰਣਜੀਤ ਸਿੰਘ ਰਾਣਾ, ਅਮਰੀਕ ਸਿੰਘ ਹੈਪੀ, ਭਾਰਤ ਸੇਵਕ ਸਮਾਜ ਦੇ ਪ੍ਰਧਾਨ ਸਵਰਨ ਸਿੰਘ ਮੱਖਣ ਅਤੇ ਹੋਰਨਾਂ ਆਗੂਆਂ ਨੇ ਉੱਘੇ ਕਾਰੋਬਾਰੀ ਅਰਵਿੰਦਰ ਸਿੰਘ ਭੁੱਲਰ ਦੇ ਅਕਾਲ ਚਲਾਣੇ ’ਤੇ ਦੁੱਖ ਪ੍ਰਗਟ ਕਰਦਿਆਂ ਰਾਮੂਵਾਲੀਆ ਪਰਿਵਾਰ ਨਾਲ ਹਮਦਰਦੀ ਜਾਹਰ ਕੀਤੀ ਹੈ।

Load More Related Articles
Load More By Nabaz-e-Punjab
Load More In General News

Check Also

ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ 301ਵਾਂ ਜਨਮ ਦਿਹਾੜਾ ਧੂਮਧਾਮ ਨਾਲ ਮਨਾਇਆ

ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ 301ਵਾਂ ਜਨਮ ਦਿਹਾੜਾ ਧੂਮਧਾਮ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 6 ਮ…