ਪੇਸ਼ੀ ’ਤੇ ਆਏ ਨੌਜਵਾਨ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਸ਼ੂਟਰ ਗ੍ਰਿਫ਼ਤਾਰ
ਨਬਜ਼-ਏ-ਪੰਜਾਬ, ਮੁਹਾਲੀ, 1 ਮਾਰਚ:
ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਨੇ ਕਰੀਬ ਮਹੀਨਾ ਪਹਿਲਾਂ ਬੀਤੀ 28 ਜਨਵਰੀ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ (ਐਸਐਸਪੀ ਦਫ਼ਤਰ) ਦੇ ਬਾਹਰ ਪੇਸ਼ੀ ’ਤੇ ਆਏ ਨੌਜਵਾਨ ਗੁਰਵਿੰਦਰ ਸਿੰਘ ਨੂੰ ਸ਼ਰ੍ਹੇਆਮ ਗੋਲੀਆਂ ਮਾਰ ਕੇ ਕਤਲ ਕਰਨ ਦੇ ਮਾਮਲੇ ਵਿੱਚ ਸ਼ੂਟਰ ਗੌਰਵ ਉਰਫ਼ ਬਾਵਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਹਾਲੀ ਦੇ ਐਸਐਸਪੀ ਹਰਮਨਦੀਪ ਸਿੰਘ ਹਾਂਸ ਨੇ ਦੱਸਿਆ ਕਿ ਬੀਤੀ 28 ਜਨਵਰੀ ਨੂੰ ਗੁਰਵਿੰਦਰ ਸਿੰਘ ਆਪਣੀ ਪਤਨੀ ਅਮਰਦੀਪ ਕੌਰ ਨਾਲ ਉਸਦੇ ਵਿਰੁੱਧ ਦਰਜ ਕੇਸ ਦੀ ਤਾਰੀਕ ਪੇਸ਼ੀ ਭੁਗਤਣ ਲਈ ਅਦਾਲਤ ਵਿਖੇ ਪੇਸ਼ੀ ਭੁਗਤਣ ਆਇਆ ਸੀ ਅਤੇ ਪੇਸ਼ੀ ਤੋਂ ਬਾਅਦ ਜਦੋਂ ਉਹ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਖੜ੍ਹੀ ਆਪਣੀ ਕਾਰ ਕੋਲ ਪੁੱਜਾ ਸੀ ਤਾਂ ਇੱਕ ਮੋਟਰਸਾਈਕਲ ’ਤੇ ਆਏ ਦੋ ਵਿਅਕਤੀਆਂ ਨੇ ਉਸ ਉੱਤੇ ਅੰਨੇ੍ਹਵਾਹ ਫਾਇਰਿੰਗ ਕਰਕੇ ਉਸ ਨੂੰ ਕਤਲ ਕਰ ਦਿੱਤਾ ਸੀ। ਇਸ ਮਾਮਲੇ ਵਿੱਚ ਪਹਿਲਾਂ ਵੀ (2 ਫਰਵਰੀ ਨੂੰ) ਬਲਤੇਜ ਸਿੰਘ ਉਰਫ਼ ਬੰਟੀ ਵਾਸੀ ਪਿੰਡ ਤੋਹਣਾ, ਜ਼ਿਲ੍ਹਾ ਫ਼ਰੀਦਕੋਟ ਅਤੇ ਮੰਗਤ ਸਿੰਘ ਉਰਫ਼ ਮੈਕਸ ਵਾਸੀ ਜਲਾਲਾਬਾਦ, ਜ਼ਿਲ੍ਹਾ ਫ਼ਾਜ਼ਿਲਕਾ ਨੂੰ (03-02-2026) ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।
ਐਸਐਸਪੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਪੁਲੀਸ ਵੱਲੋਂ ਮ੍ਰਿਤਕ ਗੁਰਵਿੰਦਰ ਸਿੰਘ ਦੀ ਪਤਨੀ ਅਮਨਦੀਪ ਕੌਰ ਦੇ ਬਿਆਨਾਂ ਦੇ ਆਧਾਰ ’ਤੇ ਗੈਂਗਸਟਰ ਗੋਲਡੀ ਬਰਾੜ ਅਤੇ 2 ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਬੀਐਨਐਸ ਦੀ ਧਾਰਾ 103 (1), 109, 3(5) ਅਤੇ ਅਸਲਾ ਐਕਟ ਦੀ ਧਾਰਾ 25-54-59 ਤਹਿਤ ਕੇਸ ਦਰਜ ਕੀਤਾ ਸੀ। ਉਨ੍ਹਾਂ ਦੱਸਿਆ ਕਿ ਸੰਗੀਨ ਅਪਰਾਧ ਹੋਣ ਕਰਕੇ ਵਾਰਦਾਤ ਵਾਲੇ ਦਿਨ ਤੋਂ ਹੀ ਪੁਲੀਸ ਵੱਲੋਂ ਸੀਨੀਅਰ ਅਧਿਕਾਰੀਆਂ ਦੀ ਅਗਵਾਈ ਵਿੱਚ ਸੀ.ਆਈ.ਏ. ਸਟਾਫ਼ ਅਤੇ ਥਾਣਿਆਂ ਦੀਆਂ ਟੀਮਾਂ ਬਣਾ ਕੇ ਮੁਲਜ਼ਮਾਂ ਦਾ ਸੁਰਾਗ ਲਗਾ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਤਾਇਨਾਤ ਕੀਤੀਆਂ ਗਈਆਂ ਸਨ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਮੁਲਜ਼ਮ ਗੌਰਵ ਉਰਫ਼ ਬਾਵਾ ਨੂੰ ਟੈਕਨੀਕਲ ਅਤੇ ਹਿਊਮਨ ਸੋਰਸਾਂ ਦੇ ਅਧਾਰ ਤੇ ਨਾਮਜ਼ਦ ਕੀਤਾ ਗਿਆ ਸੀ ਅਤੇ ਉਸਦੀ ਗ੍ਰਿਫ਼ਤਾਰੀ ਸਬੰਧੀ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਸੀ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਇੰਸਪੈਕਟਰ ਹਰਮਿੰਦਰ ਸਿੰਘ, ਥਾਣਾ ਅਈਟੀ ਸਿਟੀ ਦੇ ਐਸਐਚਓ ਇੰਸਪੈਕਟਰ ਅਮਨਦੀਪ ਕੰਬੋਜ, ਥਾਣਾ ਫੇਜ਼-11 ਦੇ ਐਸਐਚਓ ਇੰਸਪੈਕਟਰ ਯੋਗੇਸ਼ ਕੁਮਾਰ ਅਤੇ ਥਾਣਾ ਸੋਹਾਣਾ ਦੀਆਂ ਟੀਮਾਂ ਵੱਲੋਂ ਵੱਖ-ਵੱਖ ਜਗ੍ਹਾ ’ਤੇ ਛਾਪੇਮਾਰੀ ਕਰਕੇ ਗੌਰਵ ਉਰਫ਼ ਬਾਵਾ ਨੂੰ ਅੱਜ ਮੋਗੇ ’ਚੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਗੌਰਵ ਦੀ ਪੁੱਛਗਿੱਛ ਤੋਂ ਖ਼ੁਲਾਸਾ ਹੋਇਆ ਕਿ ਉਹ 3-4 ਮਹੀਨੇ ਪਹਿਲਾਂ ਵਿਦੇਸ਼ ਵਿੱਚ ਬੈਠੇ ਗੈਂਗਸਟਰ ਗੋਲਡੀ ਬਰਾੜ, ਵਿੱਕੀ ਸਟੇਵਾਲ ਅਤੇ ਰਵੀ ਫਰੀਦਕੋਟੀਆ ਦੇ ਸੰਪਰਕ ਵਿੱਚ ਆਇਆ ਸੀ ਅਤੇ ਉਸਨੇ ਗੈਗਸਟਰ ਗੋਲਡੀ ਬਰਾੜ ਅਤੇ ਉਸਦੇ ਸਾਥੀਆਂ ਵੱਲੋਂ ਭੇਜੇ ਗਏ ਇੱਕ ਹੋਰ ਮੁੱਖ ਦੋਸ਼ੀ ਨਾਲ ਮਿਲ ਕੇ ਉਕਤ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਅੱਜ ਅਦਾਲਤ ਵਿੱਚ ਪੇਸ਼ ਕਰਕੇ ਉਸਦਾ ਪੁਲੀਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ ਅਤੇ ਉਸਦੇ ਸਾਥੀ ਮੁਲਜ਼ਮ ਵੀ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਉਸ ਤੋਂ ਵਾਰਦਾਤ ਵਿੱਚ ਵਰਤੇ ਗਏ ਹਥਿਆਰਾਂ ਸਬੰਧੀ ਪੁੱਛਗਿੱਛ ਕੀਤੀ ਜਾ ਰਹੀ ਹੈ।
ਐਸਐਸਪੀ ਹਾਂਸ ਨੇ ਦੱਸਿਆ ਕਿ ਗੋਰਵ ਦਾ ਵੱਡਾ ਭਰਾ ਪ੍ਰਿੰਸ ਆਈਪੀਸੀ ਦੀ ਧਾਰਾ 302, 379ਬੀ, 341, 427, 148, 149 ਤਹਿਤ ਥਾਣਾ ਸਿਟੀ ਫ਼ਿਰੋਜਪੁਰ ਵਿੱਚ ਦਰਜ ਇੱਕ ਮਾਮਲੇ ਵਿੱਚ 26-04-2024 ਤੋਂ ਭਗੌੜਾ ਚੱਲਿਆ ਆ ਰਿਹਾ ਸੀ ਅਤੇ ਉਹ ਗੌਰਵ ਨੂੰ ਅੱਡ-ਅੱਡ ਥਾਵਾਂ ਤੇ ਠਾਹਰ ਦਿੰਦਾ ਸੀ ਅਤੇ ਪੁਲੀਸ ਵੱਲੋਂ ਉਸ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।