ਸ਼ੁਭਕਰਨ ਮਾਮਲਾ: ਵਰਦੀਧਾਰੀ ਪੁਲੀਸ ‘ਅਣਪਛਾਤੀ’ ਕਿਵੇਂ ਹੋ ਸਕਦੀ ਹੈ? ਚੰਦੂਮਾਜਰਾ ਨੇ ਮੁੱਖ ਮੰਤਰੀ ਨੂੰ ਕੀਤਾ ਸਵਾਲ

ਕਿਸਾਨਾਂ, ਨੌਜਵਾਨਾਂ ਤੇ ਅੌਰਤਾਂ ਸਮੇਤ ਪੰਜਾਬ ਦੇ ਲੋਕਾਂ ਨਾਲ ਮੁੱਖ ਮੰਤਰੀ ਭਗਵੰਤ ਮਾਨ ਨੇ ਧੋਖਾ ਕੀਤਾ: ਚੰਦੂਮਾਜਰਾ

ਨਬਜ਼-ਏ-ਪੰਜਾਬ, ਮੁਹਾਲੀ, 2 ਮਾਰਚ:
ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਕਿਸਾਨਾਂ, ਨੌਜਵਾਨਾਂ, ਅੌਰਤਾਂ ਸਮੇਤ ਪੰਜਾਬ ਦੇ ਸਾਰੇ ਵਰਗਾਂ ਦੇ ਲੋਕ ਮੁੱਖ ਮੰਤਰੀ ਭਗਵੰਤ ਮਾਨ ਤੋਂ ਠੱਗਿਆ ਮਹਿਸੂਸ ਕਰ ਰਹੇ ਹਨ ਕਿਉਂਕਿ ਉਹ ਕੇਂਦਰ ਅਤੇ ਹਰਿਆਣਾ ਸਰਕਾਰ ਦੇ ਏਜੰਟ ਵਜੋਂ ਵਾਅਦਾ ਮੁਆਫ਼ ਗਵਾਹ ਵਜੋਂ ਕੰਮ ਕਰ ਰਹੇ ਹਨ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਅਕਾਲੀ ਆਗੂ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਹਰਿਆਣਾ ਪੁਲੀਸ ਵੱਲੋਂ ਉਨ੍ਹਾਂ ਦੀ ਜ਼ਮੀਨ ’ਤੇ ਕਤਲ ਕੀਤਾ ਜਾ ਰਿਹਾ ਹੈ ਅਤੇ ਬੇਰਹਿਮੀ ਨਾਲ ਜ਼ਖ਼ਮੀ ਕੀਤਾ ਜਾ ਰਿਹਾ ਹੈ ਪ੍ਰੰਤੂ ਭਗਵੰਤ ਮਾਨ ਨੇ ਸ਼ਹੀਦ ਕਿਸਾਨ ਸ਼ੁਭਕਰਨ ਸਿੰਘ ਦੇ ਮਾਮਲੇ ਵਿੱਚ ਜ਼ੀਰੋ ਐਫ਼ਆਈਆਰ ਦਰਜ ਕੀਤੀ ਹੈ ਅਤੇ ਹਰਿਆਣਾ ਪੁਲੀਸ ਨੂੰ ‘ਅਣਪਛਾਤੀ’ ਕਰਾਰ ਦਿੱਤਾ ਗਿਆ ਹੈ। ਉਨ੍ਹਾਂ ਸਵਾਲ ਕੀਤਾ ਕਿ ਵਰਦੀਧਾਰੀ ਪੁਲੀਸ ‘ਅਣਪਛਾਤੀ’ ਕਿਵੇਂ ਹੋ ਸਕਦੀ ਹੈ? ਜਦੋਂ ਉਨ੍ਹਾਂ ਨੇ ਆਪਣੇ ਸਰਕਾਰੀ ਹਥਿਆਰਾਂ ਨਾਲ ਪੰਜਾਬ ਦੇ ਕਿਸਾਨ ਦਾ ਸ਼ਰ੍ਹੇਆਮ ਕਤਲ ਕੀਤਾ ਹੈ।
ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਕਿਸਾਨ, ਅੌਰਤ, ਨੌਜਵਾਨ ਅਤੇ ਦਲਿਤ ਵਿਰੋਧੀ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ 10 ਲੱਖ 50 ਹਜ਼ਾਰ ਗਰੀਬਾਂ ਦੇ ਨੀਲੇ ਕਾਰਡ ਕੱਟ ਦਿੱਤੇ ਗਏ ਅਤੇ ਜਦੋਂ ਗਰੀਬਾਂ ਨੇ ਰੋਸ ਜ਼ਾਹਰ ਕੀਤਾ ਤਾਂ ਉਨ੍ਹਾਂ ਦੇ ਕਾਰਡ ਬਹਾਲ ਕਰਦਿਆਂ ਇਹ ਕਹਿ ਦਿੱਤਾ ਗਿਆ ਕਿ ਅਧਿਕਾਰੀਆਂ ਨੇ ਗਲਤੀ ਨਾਲ ਕਾਰਡ ਕੱਟ ਦਿੱਤੇ ਸਨ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਸਵਾਲ ਕੀਤਾ ਕਿ ਉਹ ਦੱਸਣ ਕਿ ਗਰੀਬਾਂ ਨੂੰ ਉਨ੍ਹਾਂ ਦੀ ਸਰਕਾਰ ਵੱਲੋਂ ਦੋ ਸਾਲ ਤੱਕ ਰਾਸ਼ਨ ਦੇਣ ਤੋਂ ਇਨਕਾਰ ਕਰਨ ਲਈ ਕੌਣ ਜ਼ਿੰਮੇਵਾਰ ਹੈ? ਉਨ੍ਹਾਂ ਕਿਹਾ ਕਿ ਜ਼ਿੰਮੇਵਾਰ ਅਧਿਕਾਰੀਆਂ ਵਿਰੁੱਧ ਕੀ ਕਾਰਵਾਈ ਕੀਤੀ ਗਈ ਹੈ? ਉਨ੍ਹਾਂ ਕਿਹਾ ਕਿ ਭਗਵੰਤ ਮਾਨ ਹਮੇਸ਼ਾ ਇਹ ਯਾਦ ਰੱਖਣ ਕਿ ਜਿਹੜੇ ਵੀ ਸ਼ਾਸਕ ਗਰੀਬਾਂ ਦਾ ਮਖ਼ੌਲ ਉਡਾਉਂਦੇ ਹਨ, ਉਨ੍ਹਾਂ ਨੂੰ ਸਮਾਜ ਕਦੇ ਮੁਆਫ਼ ਨਹੀਂ ਕਰਦਾ।
ਪ੍ਰੋ. ਚੰਦੂਮਾਜਰਾ ਨੇ ਇਹ ਵੀ ਕਿਹਾ ਕਿ ਮੁੱਖ ਮੰਤਰੀ ਪੰਜਾਬੀਆਂ ਨੂੰ ਇਹ ਵੀ ਦੱਸਣ ਕਿ ਸ਼ੁਭਕਰਨ ਸਿੰਘ ਦੇ ਮਾਮਲੇ ਵਿੱਚ ਦਰਜ ਕੀਤੀ ਜ਼ੀਰੋ ਐਫ਼ਆਈਆਰ ਕਿਸ ਆਧਾਰ ’ਤੇ ਜੀਂਦ ਪੁਲੀਸ ਨੂੰ ਭੇਜੀ ਗਈ ਹੈ? ਉਨ੍ਹਾਂ ਪੁੱਛਿਆ ਕਿ ਕੀ ਸ਼ੁਭਕਰਨ ਦਾ ਕਤਲ ਪੰਜਾਬ ਦੀ ਧਰਤੀ ’ਤੇ ਨਹੀਂ ਹੋਇਆ? ਉਨ੍ਹਾਂ ਭਗਵੰਤ ਮਾਨ ਨੂੰ ਇਹ ਵੀ ਪੁੱਛਿਆ ਕਿ ਉਹ ਇਹ ਵੀ ਦੱਸਣ ਕਿ ਹਰਿਆਣਾ ਪੁਲੀਸ ਵੱਲੋਂ ਪੰਜਾਬ ਦੀ ਹੱਦ ਵਿੱਚ ਆ ਕਿ ਕਿਸਾਨਾਂ ’ਤੇ ਹਮਲੇ ਕਰਨ ਅਤੇ ਜ਼ਖ਼ਮੀ ਕਰਨ ਦੇ ਮਾਮਲੇ ਵਿੱਚ ਕੋਈ ਕਾਰਵਾਈ ਕਿਉਂ ਨਹੀਂ ਹੋਈ?
ਉਨ੍ਹਾਂ ਕਿਹਾ ਕਿ ਖਨੌਰੀ ਵਿੱਚ ਜੋ ਕੁਝ ਵੀ ਵਾਪਰਿਆ, ਉਹ ਇੰਡੀਆ ਬਲਾਕ ਅਤੇ ਐਨਡੀਏ ਦਾ ਸਾਂਝਾ ਅਪਰੇਸ਼ਨ ਹੈ, ਜਿਸ ਵਿੱਚ ਪੰਜਾਬ ਦੇ ਕਿਸਾਨਾਂ ਨੂੰ ਨਿਸ਼ਾਨਾ ਬਣਾਇਆ ਗਿਆ। ਉਨ੍ਹਾਂ ਨੇ ਸੂਬੇ ਦੇ ਕਿਸਾਨ ਸੰਗਠਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਭਗਵੰਤ ਮਾਨ ਵੱਲੋਂ ਉਨ੍ਹਾਂ ਵਿੱਚ ਪਾੜੋ ਤੇ ਰਾਜ ਕਰੋ ਦੀ ਨੀਤੀ ਅਪਣਾਉਣ ਦੀ ਗੱਲ ਨੂੰ ਸਮਝਣ ਕਿਉਂਕਿ ਮੁੱਖ ਮੰਤਰੀ ਕਿਸਾਨ ਜਥੇਬੰਦੀਆਂ ਵਿੱਚ ਪਾੜਾ ਪਾਉਣਾ ਚਾਹੁੰਦੇ ਹਨ ਜਦੋਂਕਿ ਉਨ੍ਹਾਂ ਨੂੰ ਇਕਜੁੱਟ ਰਹਿਣਾ ਚਾਹੀਦਾ ਹੈ।
ਇਸ ਮੌਕੇ ਸਾਬਕਾ ਮੰਤਰੀ ਹੀਰਾ ਸਿੰਘ ਗਾਬੜੀਆ, ਮੁਹਾਲੀ ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਕਮਲਜੀਤ ਸਿੰਘ ਰੂਬੀ, ਸ਼ਮਸ਼ੇਰ ਸਿੰਘ ਪੁਰਖਾਲਵੀ, ਰਾਮਗੜ੍ਹੀਆ ਸਭਾ ਮੁਹਾਲੀ ਦੇ ਪ੍ਰਧਾਨ ਕਰਮ ਸਿੰਘ ਬੱਬਰਾ, ਕਿਸਾਨ ਆਗੂ ਕੁਲਵੰਤ ਸਿੰਘ ਤ੍ਰਿਪੜੀ, ਸਿੱਖਿਆ ਬੋਰਡ ਦੇ ਅਧੀਨ ਸਕੱਤਰ (ਸੇਵਾਮੁਕਤ), ਰਾਜਿੰਦਰ ਸਿੰਘ ਤੂਰ, ਅਮਰਪਾਲ ਢਿੱਲੋਂ, ਜੁਗਰਾਜ ਸਿੰਘ ਮਨਹੇੜੀ, ਯੂਥ ਆਗੂ ਗੁਰਜਿੰਦਰ ਸਿੰਘ ਤਾਜਲਪੁਰ, ਖ਼ੁਸ਼ਇੰਦਰ ਸਿੰਘ ਸੋਹਾਣਾ ਤੇ ਹੋਰ ਪਤਵੰਤੇ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…