nabaz-e-punjab.com

ਬਾਰ੍ਹਵੀਂ ਦੀ ਵਿਵਾਦਿਤ ਪੁਸਤਕ: ਛੇ ਮੈਂਬਰੀ ਵਿਸ਼ੇਸ਼ ਕਮੇਟੀ ਨੇ ਸਿਖਿਆ ਬੋਰਡ ਵਿੱਚ ਕੀਤੀ ਬੰਦ ਕਮਰਾ ਮੀਟਿੰਗ

ਮੀਟਿੰਗ ਦੌਰਾਨ ਕਮੇਟੀ ਮੈਂਬਰਾਂ ਤੇ ਬੋਰਡ ਅਧਿਕਾਰੀਆਂ ਨੇ ਮੀਡੀਆ ਤੋਂ ਦੂਰੀ ਵੱਟੀ, 5 ਜੁਲਾਈ ਨੂੰ ਮੁੜ ਮੀਟਿੰਗ ਸੱਦੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਜੂਨ:
ਪੰਜਾਬ ਸਰਕਾਰ ਵਲੋਂ 12ਵੀਂ ਜਮਾਤ ਦੀ ਇਤਿਹਾਸ ਦੀ ਵਿਵਾਦਿਤ ਪੁਸਤਕ ਸਬੰਧੀ ਉੱਘੇ ਇਤਿਹਾਸਕਾਰ ਪ੍ਰੋਫੈਸਰ ਡਾ. ਕਿਰਪਾਲ ਸਿੰਘ ਦੀ ਅਗਵਾਈ ਵਿੱਚ ਗਠਿਤ ਕੀਤੀ 6 ਮੈਂਬਰੀ ਵਿਸ਼ੇਸ਼ ਕਮੇਟੀ ਦੀ ਅੱਜ ਸਿਖਿਆ ਬੋਰਡ ਦੇ ਮੁੱਖ ਦਫ਼ਤਰ ਵਿੱਚ ਮੀਟਿੰਗ ਹੋਈ। ਸਵੇਰੇ ਕਰੀਬ 11:30 ਵਜੇ ਬੰਦ ਕਮਰੇ ਵਿੱਚ ਸ਼ੁਰੂ ਹੋਈ ਇਹ ਮੀਟਿੰਗ ਬਾਅਦ ਦੁਪਹਿਰ ਤਕਰੀਬਨ 2:30 ਵਜੇ ਚੱਲੀ। ਜਿਸ ਵਿੱਚ ਜੀ. ਐੱਸ. ਗਰੇਵਾਲ, ਪ੍ਰਿਥੀਪਾਲ ਸਿੰਘ ਕਪੂਰ, ਇੰਦੂ ਬੰਗਾ, ਬਲਵੰਤ ਸਿੰਘ ਢਿੱਲੋਂ ਅਤੇ ਇੰਦਰਜੀਤ ਸਿੰਘ ਵੀ ਸ਼ਾਮਲ ਸਨ। ਉਂਜ ਬੋਰਡ ਦੀ ਸਕੱਤਰ ਸ੍ਰੀਮਤੀ ਹਰਗੁਣਜੀਤ ਕੌਰ ਵੀ ਕਾਫੀ ਭੱਜ ਨੱਠ੍ਹ ਕਰਦੇ ਦੇਖੇ ਗਏ ਹਨ ਪ੍ਰੰਤੂ ਕਮੇਟੀ ਮੈਂਬਰਾਂ ਅਤੇ ਬੋਰਡ ਅਧਿਕਾਰੀਆਂ ਨੇ ਮੀਡੀਆ ਤੋਂ ਪੂਰੀ ਤਰ੍ਹਾਂ ਦੂਰੀ ਬਣਾ ਕੇ ਰੱਖੀ। ਇੱਕ ਕਮੇਟੀ ਮੈਂਬਰ ਤੇ ਸਕੱਤਰ ਨੇ ਮੀਡੀਆ ਨੂੰ ਦੱਸਿਆ ਕਿ ਇਸ ਸਬੰਧੀ ਅਗਲੀ ਮੀਟਿੰਗ 5 ਜੁਲਾਈ ਨੂੰ ਬੁਲਾਈ ਗਈ ਹੈ।
ਮੀਟਿੰਗ ਖਤਮ ਹੋਣ ਉਪਰੰਤ ਤਾਲਮੇਲ ਕਰਨ ਦੀ ਬਹੁਤ ਕੋਸ਼ਿਸ਼ਾਂ ਕੀਤੀਆਂ ਗਈਆਂ ਤਾਂ ਆਖ਼ਰਕਾਰ ਕਮੇਟੀ ਦੇ ਕੁੱਝ ਮੈਂਬਰਾਂ ਨੇ ਦੱਸਿਆ ਕਿ ਪਿਛਲੀ ਮੀਟਿੰਗ ਵਿੱਚ ਸਾਰੇ ਮੈਂਬਰਾਂ ਨੂੰ ਉਕਤ ਵਿਵਾਦਿਤ ਪੁਸਤਕ ਵਿੱਚ ਦਰਜ ਕਥਿਤ ਗੈਰ ਮਿਆਰੀ ਇਤਿਹਾਸਕ ਜਾਣਕਾਰੀ, ਵਰਤੀ ਗਈ ਗਲਤ ਸ਼ਬਦਾਵਲੀ ਸਬੰਧੀ ਆਪੋ-ਆਪਣੀ ਰਿਪੋਰਟ ਤਿਆਰ ਕਰਕੇ ਲਿਆਉਣ ਲਈ ਕਿਹਾ ਗਿਆ ਸੀ ਇਸ ਲਈ ਸਾਰੇ ਮੈਂਬਰਾਂ ਨੇ ਆਪੋ ਆਪਣੀਆਂ ਰਿਪੋਰਟਾਂ ਕਮੇਟੀ ਚੇਅਰਮੈਨ ਪ੍ਰੋ. ਕਿਰਪਾਲ ਸਿੰਘ ਦੇ ਸਪੁਰਦ ਕੀਤੀਆਂ ਗਈਆਂ ਹਨ। ਮੈਂਬਰਾਂ ਨੇ ਦੱਸਿਆ ਕਿ ਸਾਰੇ ਅਧਿਕਾਰ ਚੇਅਰਮੈਨ ਨੂੰ ਸੌਂਪੇ ਗਏ ਹਨ। ਇਹ ਵੀ ਜਾਣਕਾਰੀ ਮਿਲੀ ਹੈ ਕਿ ਕਮੇਟੀ ਇਸ ਪੁਸਤਕ ਦੇ ਪਾਠਕ੍ਰਮ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਨਹੀਂ ਹੈ। ਮੈਂਬਰਾਂ ਦਾ ਮੰਨਣਾ ਹੈ ਕਿ ਪੰਜਾਬ ਅਤੇ ਸਿੱਖ ਇਤਿਹਾਸ ਸਬੰਧੀ ਵੱਧ ਤੋਂ ਵੱਧ ਜਾਣਕਾਰੀ 12ਵੀਂ ਦੀ ਪੁਸਤਕ ਵਿੱਚ ਹੋਣੀ ਚਾਹੀਦੀ ਸੀ ਕਿਉਂਕਿ ਬੋਰਡ ਦੀ ਪ੍ਰੀਖਿਆ ਵਾਲੀ ਕਲਾਸ ਦੀ ਪੜ੍ਹਾਈ ਨੂੰ ਹੀ ਵਿਦਿਆਰਥੀ ਜ਼ਿਆਦਾ ਮਹੱਤਤਾ ਦਿੰਦੇ ਹਨ।
ਇਸ ਸਬੰਧੀ ਪੰਜਾਬ ਬੋਰਡ ਦੀ ਸਕੱਤਰ ਸ੍ਰੀਮਤੀ ਹਰਗੁਣਜੀਤ ਕੌਰ ਨੇ ਦੱਸਿਆ ਕਿ ਪਿਛਲੀ ਮੀਟਿੰਗ ਵਿੱਚ ਅੰਤਰਿਮ ਰਿਪੋਰਟ ਦੀ ਕਾਪੀ ਕਮੇਟੀ ਵਲੋਂ ਉਨ੍ਹਾਂ ਨੂੰ ਵੀ ਦਿੱਤੀ ਗਈ ਸੀ। ਉਨ੍ਹਾਂ ਦੱਸਿਆ ਕਿ ਰਿਪੋਰਟ ਸਰਕਾਰ ਨੂੰ ਭੇਜੀ ਗਈ ਹੈ। ਇਹ ਪੁੱਛੇ ਜਾਣ ਤੇ ਕਿ ਪਹਿਲੀ ਜੁਲਾਈ ਨੂੰ ਸਕੂਲਾਂ ਦੀਆਂ ਛੁੱਟੀਆਂ ਖ਼ਤਮ ਹੋਣ ਮਗਰੋਂ ਵਿਦਿਆਰਥੀਆਂ ਦੀ ਪੜ੍ਹਾਈ ਦੁਬਾਰਾ ਸ਼ੁਰੂ ਹੋ ਜਾਵੇਗੀ ਅਤੇ ਵਿਦਿਆਰਥੀਆਂ ਨੂੰ ਕਲਾਸ ਵਿੱਚ ਪੜ੍ਹਾਉਣ ਲਈ ਬੋਰਡ ਨੇ ਕੀ ਪ੍ਰਬੰਧ ਕੀਤੇ ਹਨ ਤਾਂ ਬੋਰਡ ਅਧਿਕਾਰੀ ਦਾ ਕਹਿਣਾ ਸੀ ਕਿ ਵਿਦਿਆਰਥੀਆਂ ਦੀ ਪੜ੍ਹਾਈ ਪ੍ਰਭਾਵਿਤ ਨਾ ਹੋਵੇ, ਇਸ ਸਬੰਧੀ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਬੋਰਡ ਵਲੋਂ ਰਸਮੀ ਐਲਾਨ ਵੀ ਕੀਤਾ ਜਾ ਸਕਦਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਬੱਚਿਆਂ ਦੀ ਪੜ੍ਹਾਈ ਦਾ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ। ਇੱਥੇ ਇਹ ਖਾਸ ਜ਼ਿਕਰਯੋਗ ਹੈ ਕਿ ਪੰਜਾਬ ਬੋਰਡ ਵਲੋਂ ਪਹਿਲੀ ਵਾਰ ਬਾਰ੍ਹਵੀਂ ਕਲਾਸ ਲਈ ਇਤਿਹਾਸ ਦੀ ਜੋ ਪੁਸਤਕ ਤਿਆਰ ਕੀਤੀ ਗਈ ਸੀ ਉਸ ਨੂੰ ਲੈ ਕੇ ਵਿਰੋਧੀ ਧਿਰ ਸ਼੍ਰੋਮਣ ਅਕਾਲੀ ਦਲ ਅਤੇ ਸਾਬਕਾ ਸਿਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਬੋਰਡ ਦੀ ਕਾਰਗੁਜ਼ਾਰੀ ’ਤੇ ਸਵਾਲੀਆ ਨਿਸਾਨ ਲਗਾਏ ਸਨ ਅਤੇ ਇਸ ਤੋਂ ਬਾਅਦ ਪੰਜਾਬ ਵਿੱਚ ਵਾਦ ਵਿਵਾਦ ਖੜ੍ਹਾ ਹੋ ਗਿਆ ਸੀ ਕਿਉਂਕਿ ਵਿਰੋਧੀਆਂ ਅਤੇ ਹੋਰ ਪ੍ਰਮੁੰਖ ਸ਼ਖ਼ਸੀਅਤਾਂ ਨੇ ਇਹ ਗੰਭੀਰ ਦੋਸ਼ ਲਗਾਏ ਗਏ ਸਨ ਕਿ ਇਹ ਕਾਰਾ ਕਿਸੇ ਡੂੰਘੀ ਸਾਜਿਸ਼ ਦੇ ਅਧੀਨ ਕਰਦਿਆਂ ਪੁਸਤਕ ’ਚੋਂ ਪੰਜਾਬ ਅਤੇ ਸਿੱਖ ਇਤਿਹਾਸ ਨੂੰ ਘਟਾ ਦਿੱਤਾ ਗਿਆ ਹੈ। ਇਸ ਸਬੰਧੀ ਥਾਂ-ਥਾਂ ’ਤੇ ਰੋਸ ਪ੍ਰਦਰਸ਼ਨ ਵੀ ਹੋਏ ਸਨ। ਇਸ ਤੋਂ ਬਾਅਦ ਪੰਜਾਬ ਸਰਕਾਰ ਨੇ ਅਗਲੇ ਹੁਕਮਾਂ ਤੱਕ ਇਸ ਪੁਸਤਕ ਦੀ ਵਿਕਰੀ ’ਤੇ ਰੋਕ ਲਗਾ ਦਿੱਤੀ ਗਈ ਹੈ।

Load More Related Articles
Load More By Nabaz-e-Punjab
Load More In Education and Board

Check Also

ਸਹੁੰ ਚੁੱਕ ਸਮਾਗਮ: ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਦੇ ਨਵੇਂ ਅਹੁਦੇਦਾਰਾਂ ਦਾ ਸਨਮਾਨ

ਸਹੁੰ ਚੁੱਕ ਸਮਾਗਮ: ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਦੇ ਨਵੇਂ ਅਹੁਦੇਦਾਰਾਂ ਦਾ ਸਨਮਾਨ ਨਬਜ਼-ਏ…