Nabaz-e-punjab.com

ਸਪੈਸ਼ਲ ਅਪਰੇਸ਼ਨ ਸੈੱਲ ਵੱਲੋਂ ਅਤਿਵਾਦੀ ਗਰੋਹ ਲਈ ਹਥਿਆਰਾਂ ਦਾ ਇੰਤਜ਼ਾਮ ਕਰਨ ਵਾਲਾ ਇੱਕ ਹੋਰ ਮੁਲਜ਼ਮ ਕਾਬੂ

ਮੁਹਾਲੀ ਅਦਾਲਤ ਨੇ ਇੱਕ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜਿਆ ਮੁਲਜ਼ਮ, ਮੁਲਜ਼ਮ ਕੋਲੋਂ ਇੱਕ ਪਿਸਤੌਲ ਬਰਾਮਦ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਅਪਰੈਲ:
ਪੰਜਾਬ ਪੁਲੀਸ ਦੇ ਸਟੇਟ ਸਪੈਸ਼ਲ ਅਪਰੇਸ਼ਨ ਸੈੱਲ ਨੇ ਅਤਿਵਾਦੀ ਗਰੋਹ ਲਈ ਕੰਮ ਕਰਨ ਵਾਲੇ ਵਿਅਕਤੀ ਦਲੇਰ ਸਿੰਘ ਵਾਸੀ ਰੋਹਨੀ, ਨਵੀਂ ਦਿੱਲੀ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਦਲੇਰ ਸਿੰਘ ’ਤੇ ਖਾੜਕੂ ਜਥੇਬੰਦੀ ਦੇ ਕਾਰਕੁਨਾਂ ਨੂੰ ਹਥਿਆਰਾਂ ਦਾ ਇੰਤਜ਼ਾਮ ਕਰਕੇ ਦੇਣ ਦਾ ਦੋਸ਼ ਹੈ। ਇਸ ਗੱਲ ਦਾ ਖੁਲਾਸਾ ਅੱਜ ਸ਼ਾਮੀ ਸਟੇਟ ਸਪੈਸ਼ਲ ਅਪਰੇਸ਼ਨ ਸੈੱਲ ਦੇ ਏਆਈਜੀ ਵਰਿੰਦਰਪਾਲ ਸਿੰਘ ਨੇ ਕੀਤਾ। ਉਨ੍ਹਾਂ ਦੱਸਿਆ ਕਿ ਮੁਲਜ਼ਮ ਦਾ ਅਪਰਾਧਿਕ ਪਿਛੋਕੜ ਹੈ। ਉਸ ਦੇ ਖ਼ਿਲਾਫ਼ ਦਿੱਲੀ ਤੇ ਹੋਰਨਾਂ ਥਾਵਾਂ ’ਤੇ ਕਤਲ, ਲੁੱਟ-ਖੋਹ ਅਤੇ ਹੋਰ ਜੁਰਮਾਂ ਦੇ ਕਈ ਕੇਸ ਦਰਜ ਹਨ।
ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਅਤਿਵਾਦੀ ਗਰੋਹ ਦਾ ਪਰਦਾਫਾਸ਼ ਕਰਦਿਆਂ ਪੰਜ ਮੁਲਜ਼ਮਾਂ ਹਰਵਿੰਦਰ ਸਿੰਘ ਵਾਸੀ ਪਿੰਡ ਰੈਲੀ, ਸੈਕਟਰ-12 ਪੰਚਕੂਲਾ, ਸੁਲਤਾਨ ਸਿੰਘ ਵਾਸੀ ਪਿੰਡ ਸੈਦਪੁਰਾ, ਜ਼ਿਲ੍ਹਾ ਕੁਰੂਕਸ਼ੇਤਰ, ਹਰਿਆਣਾ, ਕਰਮਜੀਤ ਸਿੰਘ ਵਾਸੀ ਪਿੰਡ ਰਾਓਕੇ ਕਲਾਂ ਜ਼ਿਲ੍ਹਾ ਮੋਗਾ, ਲਵਪ੍ਰੀਤ ਸਿੰਘ ਵਾਸੀ ਬਾਲੀਆਨ, ਤਹਿਸੀਲ ਧੂਰੀ, ਜ਼ਿਲ੍ਹਾ ਸੰਗਰੂਰ ਅਤੇ ਗੁਰਪ੍ਰੀਤ ਸਿੰਘ ਵਾਸੀ ਸੈਕਟਰ-20ਸੀ ਚੰਡੀਗੜ੍ਹ ਨੂੰ ਮੁਹਾਲੀ ਤੋਂ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਜੋ ਇਸ ਸਮੇਂ ਪੁਲੀਸ ਰਿਮਾਂਡ ’ਤੇ ਚੱਲ ਰਹੇ ਹਨ। ਉਨ੍ਹਾਂ ਦੀ ਪੁੱਛਗਿੱਛ ਤੋਂ ਵੀ ਦਲੇਰ ਸਿੰਘ ਦਾ ਨਾਂ ਸਾਹਮਣੇ ਆਇਆ ਹੈ। ਜਿਸ ਨੂੰ ਪੰਚਕੂਲਾ ਵਿੱਚ ਇਤਿਹਾਸਕ ਗੁਰਦੁਆਰਾ ਨਾਢਾ ਸਾਹਿਬ ਨੇੜਿਓਂ ਇੱਕ ਪਿਸਤੌਲ ਸਣੇ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਨੇ ਮੁਲਜ਼ਮ ਨੂੰ ਇੱਕ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ। ਉਨ੍ਹਾਂ ਦੱਸਿਆ ਕਿ ਭਲਕੇ ਵੀਰਵਾਰ ਨੂੰ ਉਕਤ ਸਾਰੇ ਮੁਲਜ਼ਮਾਂ ਨੂੰ ਦੁਬਾਰਾ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਏਆਈਜੀ ਨੇ ਦੱਸਿਆ ਕਿ ਉਕਤ ਵਿਅਕਤੀ ਕੁਝ ਅਜਿਹੇ ਖਾਸ ਹਿੰਦੂ ਆਗੂਆਂ ਅਤੇ ਡੇਰਾ ਸਿਰਸਾ ਦੇ ਪ੍ਰੇਮੀਆਂ ਦੇ ਕਤਲ ਦੀ ਯੋਜਨਾ ਬਣਾ ਰਹੇ ਸਨ, ਜੋ ਪੰਜਾਬ ਵਿੱਚ ਬੇਅਦਬੀ ਦੀਆਂ ਘਟਨਾਵਾਂ ਲਈ ਜ਼ਿੰਮੇਵਾਰ ਸਨ। ਇਨ੍ਹਾਂ ਵਿਅਕਤੀਆਂ ਨੂੰ ਯੂਰਪ ਵਿੱਚ ਬੈਠੇ ਸ਼ੱਕੀਆਂ ਨੇ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਵਰਗਲਾਇਆ ਸੀ। ਉਨ੍ਹਾਂ ਰਾਜ ਦੀ ਫਿਰਕੂ ਸਦਭਾਵਨਾ ਤੇ ਸ਼ਾਂਤੀ ਨੂੰ ਤਹਿਸ ਨਹਿਸ ਕਰਨ ਦੀ ਯੋਜਨਾ ਬਣਾਈ ਸੀ ਅਤੇ ਕਈ ਮੀਟਿੰਗਾਂ ਵੀ ਕੀਤੀਆਂ ਸਨ। ਉਨ੍ਹਾਂ ਕਿਹਾ ਇਸ ਸਬੰਧੀ ਮੁਹਾਲੀ ਵਿੱਚ ਸਪੈਸ਼ਲ ਸੈੱਲ ਦੇ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਵਿਅਕਤੀ ਇਸ ਸਮੇਂ ਆਪਣੀਆਂ ਕਾਰਵਾਈਆਂ ਲਈ ਫੰਡ ਜੁਟਾ ਰਹੇ ਸਨ ਅਤੇ ਉਨ੍ਹਾਂ ਹਥਿਆਰ ਵੀ ਹਾਸਲ ਕਰ ਲਏ ਸਨ। ਹੁਣ ਉਹ ਜੰਮੂ ਕਸ਼ਮੀਰ ਵਿੱਚ ਹਥਿਆਰਾਂ ਦੀ ਸਿਖਲਾਈ ਦੀ ਯੋਜਨਾ ਬਣਾ ਰਹੇ ਸਨ। ਉਹ ਜੇਲ੍ਹ ਵਿੱਚ ਬੰਦ ਬੱਬਰ ਖਾਲਸਾ ਦੇ ਖਾੜਕੂ ਜਗਤਾਰ ਸਿੰਘ ਹਵਾਰਾ ਅਤੇ ਜਰਮਨੀ ਵਿੱਚ ਖਾਲਿਸਤਾਨ ਟਾਈਗਰ ਫੋਰਸ ਦੇ ਸਰਗਰਮ ਮੈਂਬਰ ਰਣਜੀਤ ਸਿੰਘ ਪੱਖੋਕੇ ਦੇ ਵੀ ਸੰਪਰਕ ਵਿੱਚ ਸਨ। ਏਆਈਜੀ ਨੇ ਕਿਹਾ ਕਿ ਇਨ੍ਹਾਂ ਪਾਸੋਂ .32 ਬੋਰ ਦੀ ਇੱਕ ਪਿਸਤੌਲ (ਮੈਗਜ਼ੀਨ ਤੇ ਚਾਰ ਅਣਚੱਲੇ ਰੌਂਦ) ਅਤੇ ਬੱਬਰ ਖਾਲਸਾ ਇੰਟਰਨੈਸ਼ਨਲ ਦੇ 15 ਲੈਟਰ ਪੈਡ ਮਿਲੇ ਹਨ। ਉਨ੍ਹਾਂ ਦੱਸਿਆ ਕਿ ਭਾਰਤ ਤੇ ਵਿਦੇਸ਼ਾਂ ਤੋਂ ਚਲਦੇ ਇਸ ਗਰੋਹ ਦੀ ਸਮੁੱਚੇ ਨੈੱਟਵਰਕ ਅਤੇ ਪੂਰੀ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…