Share on Facebook Share on Twitter Share on Google+ Share on Pinterest Share on Linkedin ਭਰਾਤਰੀ ਜਥੇਬੰਦੀਆਂ ਵੱਲੋਂ ਡੇਲੀਵੇਜ ਕਰਮਚਾਰੀਆਂ ਦੇ ਹੱਕ ਵਿੱਚ ਸੂਬਾ ਪੱਧਰੀ ਰੈਲੀ ਨਬਜ਼-ਏ-ਪੰਜਾਬ, ਮੁਹਾਲੀ, 9 ਫਰਵਰੀ: ਪੰਜਾਬ ਰਾਜ ਸਹਿਕਾਰੀ ਬੋਰਡ\ਕਾਰਪੋਰੇਸ਼ਨ ਮਹਾਸੰਘ ਅਤੇ ਸੀਟੂ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਡੇਲੀਵੇਜ ਕਰਮਚਾਰੀਆਂ ਦੇ ਹੱਕ ਵਿੱਚ ਅੱਜ ਸੂਬਾ ਪੱਧਰੀ ਰੈਲੀ ਕੀਤੀ ਗਈ। ਵੱਖ-ਵੱਖ ਮੁਲਾਜ਼ਮ ਅਤੇ ਸਮਾਜਿਕ ਜਥੇਬੰਦੀਆਂ ਦੇ ਪ੍ਰਮੁੱਖ ਆਗੂ ਤੇ ਕਾਰਕੁਨ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਦੇ ਸਾਹਮਣੇ ਇਕੱਠੇ ਹੋਏ। ਜਿੱਥੋਂ ਵੱਡੇ ਕਾਫ਼ਲੇ ਵਿੱਚ ਰੋਸ ਮਾਰਚ ਕਰਦੇ ਹੋਏ ਸਿੱਖਿਆ ਬੋਰਡ ਦੇ ਬਾਹਰ ਪਹੁੰਚੇ। ਰੈਲੀ ਵਿੱਚ ਆਂਗਨਵਾੜੀ ਵਰਕਰ, ਆਸ਼ਾ ਵਰਕਰ, ਪੀਐਸਆਈਈਸੀ, ਪੀਐਸਆਈਡੀਸੀ, ਪੰਜਾਬ ਮੰਡੀ ਬੋਰਡ, ਜਲ ਸਰੋਤ ਨਿਗਮ, ਮਨਰੇਗਾ, ਵੇਰਕਾ ਕਰਮਚਾਰੀਆਂ ਨੇ ਸ਼ਮੂਲੀਅਤ ਕੀਤੀ। ਈਪੀਐਫ਼ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਦੀ ਅਗਵਾਈ ਹੇਠ ਬੋਰਡ\ਕਾਰਪੋਰੇਸ਼ਨ ਅਤੇ ਹੋਰ ਅਦਾਰਿਆਂ ਦੇ ਸੇਵਾਮੁਕਤ ਕਰਮਚਾਰੀਆਂ ਨੇ ਕੱਚੇ ਮੁਲਾਜ਼ਮਾਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਿਆ। ਸਿੱਖਿਆ ਬੋਰਡ ਡੇਲੀਵੇਜ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਰਾਜ ਕੁਮਾਰ ਅਤੇ ਜਨਰਲ ਸਕੱਤਰ ਇੰਦਰਜੀਤ ਸਿੰਘ ਨੇ ਪੰਜਾਬ ਸਰਕਾਰ ’ਤੇ ਵਾਅਦਾਖ਼ਿਲਾਫ਼ੀ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਉਹ ਪਿਛਲੇ ਮਹੀਨੇ ਤੋਂ ਸੰਘਰਸ਼ ਦੀ ਰਾਹ ’ਤੇ ਹਨ ਅਤੇ ਇੱਕ ਫਰਵਰੀ ਤੋਂ ਬੋਰਡ ਦੇ ਬਾਹਰ ਪੱਕਾ ਮੋਰਚਾ ਕੇ ਲਗਾ ਕੇ ਬੈਠੇ ਹਨ ਲੇਕਿਨ ਹੁਣ ਤੱਕ ਸਰਕਾਰ ਜਾਂ ਬੋਰਡ ਮੈਨੇਜਮੈਂਟ ਦੇ ਕੰਨ ’ਤੇ ਜੂੰ ਤੱਕ ਨਹੀਂ ਸਰਕੀ। ਉਨ੍ਹਾਂ ਮੰਗਾਂ ਬਾਰੇ ਦੱਸਿਆ ਕਿ ਡੇਲੀਵੇਜ ਕਰਮਚਾਰੀਆਂ ਨੂੰ ਪੱਕਾ ਕੀਤਾ ਜਾਵੇ, ਘੱਟੋ-ਘੱਟ ਉਜਰਤ ਤੇ ਛੁੱਟੀਆਂ ਸਬੰਧੀ ਕਿਰਤ ਵਿਭਾਗ ਵੱਲੋਂ ਜਾਰੀ ਨੋਟੀਫ਼ਿਕੇਸ਼ਨ ਲਾਗੂ ਕੀਤਾ ਜਾਵੇ ਅਤੇ ਕੰਮ ਮੁਤਾਬਕ ਤਨਖ਼ਾਹ ਦਿੱਤੀ ਜਾਵੇ। ਉਨ੍ਹਾਂ ਦੱਸਿਆ ਕਿ ਪਿਛਲੇ ਡੇਢ ਦਹਾਕੇ ਤੋਂ ਬੋਰਡ ਵਿੱਚ ਕੰਮ ਕਰ ਰਹੇ ਹਨ ਪਰ ਹਾਲੇ ਵੀ ਉਨ੍ਹਾਂ ਨੂੰ ਦਿਹਾੜੀਦਾਰ ਮਜ਼ਦੂਰ ਸਮਝਿਆ ਜਾ ਰਿਹਾ ਹੈ ਜਦੋਂਕਿ ਕੰਮ ਕਲਰਕ ਦਾ ਲਿਆ ਜਾ ਰਿਹਾ ਹੈ। ਬੁਲਾਰਿਆਂ ਨੇ ਕਿਹਾ ਕਿ ਬੋਰਡ ਦੇ ਸਕੱਤਰ ਅਵੀਕੇਸ਼ ਗੁਪਤਾ ਨਾਲ ਦੋ ਵਾਰ ਮੀਟਿੰਗਾਂ ਹੋ ਚੁੱਕੀਆਂ ਹਨ ਪ੍ਰੰਤੂ ਬੋਰਡ ਮੈਨੇਜਮੈਂਟ ਘੱਟੋ-ਘੱਟ ਉਜਰਤ ਅਤੇ ਛੁੱਟੀਆਂ ਦਾ ਨੋਟੀਫ਼ਿਕੇਸ਼ਨ ਲਾਗੂ ਕਰਨ ਤੋਂ ਇਨਕਾਰੀ ਹੈ। ਰੈਲੀ ਨੂੰ ਪੀਐਸਆਈਈਸੀ ਦੇ ਆਗੂ ਬਲਵੰਤ ਸਿੰਘ, ਰਾਕੇਸ਼ ਰਾਣਾ, ਮੰਡੀ ਬੋਰਡ ਦੇ ਗੁਰਵਿੰਦਰ ਸਿੰਘ, ਜਲ ਸਰੋਤ ਨਿਗਮ ਦੇ ਕਮਲ ਪਟਵਾਰੀ, ਆਂਗਨਵਾੜੀ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਗੁਰਦੀਪ ਕੌਰ, ਆਸ਼ਾ ਵਰਕਰ ਭੁਪਿੰਦਰ ਕੌਰ, ਈਪੀਐਫ਼ ਪੈਨਸ਼ਨਰ ਵੈੱਲਫੇਅਰ ਯੂਨੀਅਨ ਦੇ ਜਨਰਲ ਸਕੱਤਰ ਗੁਰਦਿਆਲ ਸਿੰਘ, ਵੇਰਕਾ ਆਗੂ ਹਰਚੰਦ ਸਿੰਘ, ਪੀਐਸਆਈਈਸੀ ਸੇਵਾਮੁਕਤ ਐਸੋਸੀਏਸ਼ਨ ਦੇ ਮਨਸਾ ਰਾਮ ਤੇ ਕੁਲਵਿੰਦਰ ਸਿੰਘ, ਕਿਸਾਨ ਯੂਨੀਅਨ ਦੇ ਆਗੂ ਪਰਮਦੀਪ ਸਿੰਘ ਬੈਦਵਾਨ, ਕਿਰਪਾਲ ਸਿੰਘ ਸਿਆਊ, ਜਸਪਾਲ ਸਿੰਘ ਕਾਮੀ ਕਲਾਂ, ਮੁਲਾਜ਼ਮ ਭਲਾਈ ਮੰਚ ਦੇ ਪ੍ਰਧਾਨ ਹਰਦੇਵ ਸਿੰਘ, ਜਨਰਲ ਕੈਟਾਗਰੀ ਵੈੱਲਫੇਅਰ ਫੈਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਜਸਵੀਰ ਸਿੰਘ ਗੜਾਂਗ ਨੇ ਵੀ ਸੰਬੋਧਨ ਕੀਤਾ। ਸੀਟੂ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ, ਸੂਬਾ ਸਕੱਤਰ ਅਮਰਨਾਥ ਕੁੰਮਕਲਾਂ ਨੇ ਵੀ ਸੰਘਰਸ਼ ਦੀ ਹਮਾਇਤ ਕੀਤੀ। ਬੁਲਾਰਿਆਂ ਨੇ ਜ਼ੋਰ ਦੇ ਕੇ ਆਖਿਆ ਕਿ ਪੰਜਾਬ ਸਰਕਾਰ ਵਰਕਰਾਂ ਦਾ ਸ਼ੋਸ਼ਣ ਬੰਦ ਕਰਕੇ ਉਨ੍ਹਾਂ ਨੂੰ ਰੈਗੂਲਰ ਕੀਤਾ ਜਾਵੇ। ਇਸੇ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਨੇ ਡੇਲੀਵੇਜ ਕਰਮਚਾਰੀਆਂ ਦੇ ਸੰਘਰਸ਼ ਪ੍ਰਤੀ ਦ੍ਰਿੜਤਾ ਨੂੰ ਦੇਖਦੇ ਹੋਏ 15 ਫਰਵਰੀ ਨੂੰ ਸਿੱਖਿਆ ਮੰਤਰੀ ਨਾਲ ਪੈਨਲ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ। ਇਸ ਸਬੰਧੀ ਬਕਾਇਦਾ ਲਿਖਤੀ ਸੱਦਾ ਪੱਤਰ ਸੌਂਪ ਕੇ ਕੱਚੇ ਕਰਮਚਾਰੀਆਂ ਨੂੰ ਸ਼ਾਂਤ ਕੀਤਾ ਗਿਆ। ਯੂਨੀਅਨ ਆਗੂਆਂ ਨੇ ਦੱਸਿਆ ਕਿ ਫਿਲਹਾਲ 15 ਫਰਵਰੀ ਤੱਕ ਹੜਤਾਲ ਮੁਲਤਵੀ ਕੀਤੀ ਗਈ ਹੈ। ਜੇਕਰ ਇਸ ਦੌਰਾਨ ਸਰਕਾਰ ਨੇ ਉਨ੍ਹਾਂ ਦੀ ਬਾਂਹ ਨਹੀਂ ਫੜੀ ਤਾਂ ਉਹ ਸਾਲਾਨਾ ਪ੍ਰੀਖਿਆਵਾਂ ਦੌਰਾਨ ਦੁਬਾਰਾ ਪੱਕਾ ਮੋਰਚਾ ਲਗਾਉਣ ਲਈ ਮਜਬੂਰ ਹੋਣਗੇ। ਉਨ੍ਹਾਂ ਨੇ 16 ਫਰਵਰੀ ਨੂੰ ਦੇਸ਼-ਵਿਆਪੀ ਹੜਤਾਲ ਦਾ ਸਮਰਥਨ ਦਾ ਐਲਾਨ ਕੀਤਾ ਅਤੇ ਸਹਿਯੋਗ ਦੇਣ ਲਈ ਸਾਰੀਆਂ ਜਥੇਬੰਦੀਆਂ ਦਾ ਧੰਨਵਾਦ ਕੀਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ