nabaz-e-punjab.com

ਐਸਟੀਐਫ਼ ਮੁਹਾਲੀ ਵੱਲੋਂ 110 ਗਰਾਮ ਹੈਰੋਇਨ ਸਮੇਤ ਮੁਲਜ਼ਮ ਗ੍ਰਿਫ਼ਤਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਫਰਵਰੀ:
ਪੰਜਾਬ ਪੁਲੀਸ ਦੀ ਸਪੈਸ਼ਲ ਟਾਸਕ ਫੋਰਸ (ਐਸਟੀਐਫ਼) ਵੱਲੋਂ ਡੀਐਸਪੀ ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਨਸ਼ਿਆਂ ਖ਼ਿਲਾਫ਼ ਵਿੱਢੀ ਵਿਸ਼ੇਸ਼ ਮੁਹਿੰਮ ਦੇ ਤਹਿਤ ਇਕ ਵਿਅਕਤੀ ਨੂੰ 110 ਗਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਜਾਂਚ ਅਧਿਕਾਰੀ ਸਬ ਇੰਸਪੈਕਟਰ ਪਵਨ ਕੁਮਾਰ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਕੁਲਦੀਪ ਸਿੰਘ ਉਰਫ਼ ਗੋਸਲ ਵਾਸੀ ਫੇਜ਼-7 ਵਜੋਂ ਹੋਈ ਹੈ। ਮੁਲਜ਼ਮ ਦੇ ਖ਼ਿਲਾਫ਼ ਐਸਟੀਐਫ਼ ਥਾਣਾ ਫੇਜ਼-4 ਵਿੱਚ ਐਨਡੀਪੀਐਸ ਐਕਟ ਦੇ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਸਬ ਇੰਸਪੈਕਟਰ ਪਵਨ ਕੁਮਾਰ ਨੇ ਦੱਸਿਆ ਕਿ ਐਸਟੀਐਫ਼ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਕੁਲਦੀਪ ਸਿੰਘ ਨਾਂ ਵਿਅਕਤੀ ਆਪਣੇ ਪੱਕੇ ਗਾਹਕਾਂ ਨੂੰ ਹੈਰੋਇਨ ਦੀ ਸਪਲਾਈ ਦੇਣ ਲਈ ਇੱਥੋਂ ਦੇ ਫੇਜ਼-4 ਸਥਿਤ ਬੋਗਨਵਿਲੀਆ ਪਾਰਕ ਵਿੱਚ ਆ ਰਿਹਾ ਹੈ। ਸੂਚਨਾ ਮਿਲਦੇ ਹੀ ਐਸਟੀਐਫ਼ ਨੇ ਏਐਸਆਈ ਗੁਰਮੁੱਖ ਸਿੰਘ ਦੀ ਅਗਵਾਈ ਹੇਠ ਸਥਾਨਕ ਫੇਜ਼-3\5 ਦੀਆਂ ਟਰੈਫ਼ਿਕ ਲਾਈਟਾਂ ਵਾਲੇ ਚੌਂਕ ਨੇੜੇ ਨਾਕਾਬੰਦੀ ਕਰਕੇ ਮੁਲਜ਼ਮ ਨੂੰ ਰਸ਼ਤੇ ਵਿੱਚ ਹੀ ਕਾਬੂ ਕਰ ਲਿਆ ਅਤੇ ਤਲਾਸ਼ੀ ਦੌਰਾਨ ਮੌਕੇ ’ਤੇ ਉਸ ਕੋਲੋਂ 10 ਗਰਾਮ ਹੈਰੋਇਨ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਮੁੱਢਲੀ ਪੁੱਛਗਿੱਛ ਵਿੱਚ ਮੁਲਜ਼ਮ ਨੇ ਦੱਸਿਆ ਕਿ 100 ਗਰਾਮ ਹੈਰੋਇਨ ਉਸ ਨੇ ਆਪਣੇ ਘਰ ਵਿੱਚ ਛੁਪਾ ਕੇ ਰੱਖੀ ਹੋਈ ਹੈ। ਇਸ ਮਗਰੋਂ ਐਸਟੀਐਫ਼ ਦੀ ਟੀਮ ਨੇ ਮੁਲਜ਼ਮ ਦੇ ਫੇਜ਼-7 ਸਥਿਤ ਮਕਾਨ ਵਿੱਚ ਛਾਪੇਮਾਰੀ ਕਰਕੇ ਮੁਲਜ਼ਮ ਦੀ ਨਿਸ਼ਾਨਦੇਹੀ ’ਤੇ 100 ਗਰਾਮ ਹੋਰ ਹੈਰੋਇਨ ਬਰਾਮਦ ਕੀਤੀ ਗਈ।
ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਪਤਾ ਲੱਗਾ ਹੈ ਕਿ ਮੁਲਜ਼ਮ ਕੁਲਦੀਪ ਸਿੰਘ ਦੇ ਖ਼ਿਲਾਫ਼ ਪਹਿਲਾਂ ਵੀ ਤਿੰਨ ਪੁਲੀਸ ਕੇਸ ਦਰਜ ਹਨ। ਜਿਨ੍ਹਾਂ ’ਚੋਂ ਦੋ ਕੇਸ ਨਸ਼ਾ ਤਸਕਰੀ ਅਤੇ ਇਕ ਕੇਸ ਨਾਜਾਇਜ਼ ਅਸਲੇ ਦਾ ਦਰਜ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮ ਨੂੰ ਤਿੰਨ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ। ਇਸ ਤੋਂ ਪਹਿਲਾਂ ਉਸ ਦਾ ਸਰਕਾਰੀ ਹਸਪਤਾਲ ਵਿੱਚ ਮੈਡੀਕਲ ਕਰਵਾਇਆ ਗਿਆ। ਜਾਂਚ ਅਧਿਕਾਰੀ ਨੇ ਕਿਹਾ ਕਿ ਪੁੱਛਗਿੱਛ ਦੌਰਾਨ ਪਤਾ ਲਗਾਇਆ ਜਾਵੇਗਾ ਕਿ ਉਹ ਹੈਰੋਇਨ ਕਿੱਥੋਂ ਲੈ ਕੇ ਆਉਂਦਾ ਹੈ ਅਤੇ ਅੱਗੇ ਕਿੱਥੇ ਕਿੱਥੇ ਵੇਚਦਾ ਹੈ।

Load More Related Articles
Load More By Nabaz-e-Punjab
Load More In Police

Check Also

War on Gangsters: Punjab Police conducted 409 Raids, 132 held

War on Gangsters: Punjab Police conducted 409 Raids, 132 held Nabaz-e-Punjab, Chandigarh, …