ਐਸਟੀਐਫ਼ ਮੁਹਾਲੀ ਵੱਲੋਂ 50 ਗਰਾਮ ਹੈਰੋਇਨ ਸਮੇਤ ਓਲਾ ਕੈਬ ਦਾ ਚਾਲਕ ਗ੍ਰਿਫ਼ਤਾਰ, ਜੇਲ੍ਹ ਭੇਜਿਆ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਜੂਨ:
ਐਸਟੀਐਫ਼ ਮੁਹਾਲੀ ਵੱਲੋਂ ਨਸ਼ਿਆਂ ਦੇ ਖ਼ਿਲਾਫ਼ ਵਿੱਢੀ ਵਿਸ਼ੇਸ਼ ਮੁਹਿੰਮ ਦੇ ਤਹਿਤ ਓਲਾ ਕੈਬ ਦੇ ਚਾਲਕ ਨੂੰ 50 ਗਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮ ਦੀ ਪਛਾਣ ਧੀਰਜ ਕੁਮਾਰ ਵਾਸੀ ਕਰਨਾਲ (ਹਰਿਆਣਾ) ਵਜੋਂ ਹੋਈ ਹੈ। ਮੁਲਜ਼ਮ ਦੇ ਖ਼ਿਲਾਫ਼ ਐਸਟੀਐਫ਼ ਥਾਣਾ ਫੇਜ਼-4, ਮੁਹਾਲੀ ਵਿੱਚ ਐਨਡੀਪੀਐਸ ਐਕਟ ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ।
ਇਹ ਜਾਣਕਾਰੀ ਦਿੰਦਿਆਂ ਐਸਟੀਐਫ਼ ਦੇ ਏਆਈਜੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਐਸਟੀਐਫ਼ ਦੇ ਐਸਐਚਓ ਹਰਭਿੰਦਰ ਸਿੰਘ ਨੂੰ ਗੁਪਤਾ ਸੂਚਨਾ ਮਿਲੀ ਸੀ ਕਿ ਧੀਰਜ ਕੁਮਾਰ ਆਪਣੇ ਪੱਕੇ ਗਾਹਕਾਂ ਨੂੰ ਹੈਰੋਇਨ ਦੀ ਸਪਲਾਈ ਦੇਣ ਲਈ ਜ਼ੀਰਕਪੁਰ ਦੇ ਰਸਤੇ ਮੁਹਾਲੀ ਵੱਲ ਆ ਰਿਹਾ ਹੈ। ਸੂਚਨਾ ਮਿਲਦੇ ਹੀ ਡੀਐਸਪੀ ਰਾਜਨ ਪਰਵਿੰਦਰ ਸਿੰਘ ਦੀ ਨਿਗਰਾਨੀ ਹੇਠ ਏਐਸਆਈ ਸੁਖਵਿੰਦਰ ਸਿੰਘ ਦੀ ਅਗਵਾਈ ਵਾਲੀ ਐਸਟੀਐਫ਼ ਦੀ ਟੀਮ ਨੇ ਏਅਰਫੋਰਸ ਸਟੇਸ਼ਨ ਦੇ ਸਾਹਮਣੇ ਐਚਪੀ ਦੇ ਪੈਟਰੋਲ ਪੰਪ ਨੇੜੇ ਨਾਕਾਬੰਦੀ ਕਰਕੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਸ਼ੁਰੂ ਕਰ ਦਿੱਤੀ।
ਏਆਈਜੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਦੌਰਾਨ ਪੁਲੀਸ ਨੇ ਧੀਰਜ ਕੁਮਾਰ ਨੂੰ ਰੋ ਕੇ ਜਿਵੇਂ ਹੀ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 50 ਗਰਾਮ ਹੈਰੋਇਨ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਮੁਲਜ਼ਮ ਨੇ ਆਪਣੇ ਬਿਆਨਾਂ ਵਿੱਚ ਦੱਸਿਆ ਕਿ ਉਹ ਗੁੜਗਾਓ ਵਿੱਚ ਓਲਾ ਕੈਬ ਚਲਾਉਂਦਾ ਹੈ ਅਤੇ ਕਿਰਾਏ ਦੇ ਮਕਾਨ ਵਿੱਚ ਰਹਿੰਦਾ ਹੈ। ਮੁਲਜ਼ਮ ਅਨੁਸਾਰ ਉਹ ਹਫ਼ਤੇ ਵਿੱਚ ਇਕ ਵਾਰ ਤੀਜੇ ਜਾਂ ਚੌਥੇ ਦਿਨ ਗੁੜਗਾਓ ਤੋਂ ਪੰਚਕੂਲਾ ਵਿੱਚ ਆਉਂਦਾ ਜਾਂਦਾ ਰਹਿੰਦਾ ਅਤੇ ਪੰਚਕੂਲਾ ਵਿੱਚ ਵੀ ਕਿਰਾਏ ’ਤੇ ਮਕਾਨ ਲਿਆ ਹੋਇਆ ਸੀ।
ਪੁਲੀਸ ਅਨੁਸਾਰ ਮੁਲਜ਼ਮ ਨੇ ਮੰਨਿਆ ਕਿ ਉਹ ਇਕ ਨਾਇਜੀਰੀਅਨ ਜੌਨ ਤੋਂ ਇਕ ਹਜ਼ਾਰ ਰੁਪਏ ਪ੍ਰਤੀ ਗਰਾਮ ਦੇ ਹਿਸਾਬ ਨਾਲ ਹੈਰੋਇਨ ਲਿਆਉਂਦਾ ਹੈ ਅਤੇ ਜ਼ੀਰਕਪੁਰ, ਮੁਹਾਲੀ ਅਤੇ ਖਰੜ ਇਲਾਕੇ ਵਿੱਚ ਦੋ ਹਜ਼ਾਰ ਰੁਪਏ ਪ੍ਰਤੀ ਗਰਾਮ ਦੇ ਹਿਸਾਬ ਨਾਲ ਵੇਚ ਦਿੰਦਾ ਹੈ। ਮੁਲਜ਼ਮ ਨੇ ਪੁਲੀਸ ਨੂੰ ਦੱਸਿਆ ਕਿ ਪਿਛਲੇ ਸਾਲ ਵੀ ਉਸ ਨੂੰ ਪੰਚਕੂਲਾ ਵਿੱਚ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਸ ਦੇ ਖ਼ਿਲਾਫ਼ ਕੇਸ ਦਰਜ ਹੈ। ਪੰਚਕੂਲਾ ਮਾਮਲੇ ਵਿੱਚ ਮੁਲਜ਼ਮ ਇਸ ਸਮੇਂ ਜ਼ਮਾਨਤ ’ਤੇ ਜੇਲ੍ਹ ’ਚੋਂ ਬਾਹਰ ਹੈ ਪ੍ਰੰਤੂ ਹੁਣ ਫਿਰ ਉਹ ਆਪਣੇ ਦੋਸਤ ਨਾਲ ਮਾੜੀ ਸੰਗਤ ਵਿੱਚ ਪੈ ਕੇ ਹੈਰੋਇਨ ਦਾ ਸੇਵਨ ਕਰਨ ਅਤੇ ਹੋਰਨਾਂ ਵਿਅਕਤੀਆਂ ਨੂੰ ਹੈਰੋਇਨ ਸਪਲਾਈ ਕਰਨ ਦਾ ਧੰਦਾ ਕਰਨ ਲੱਗ ਪਿਆ। ਮੁਲਜ਼ਮ ਕਾਰ ਚਾਲਕ ਨੂੰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਅਧੀਨ ਰੂਪਨਗਰ ਜੇਲ੍ਹ ਵਿੱਚ ਭੇਜ ਦਿੱਤਾ। ਇਸ ਤੋਂ ਪਹਿਲਾਂ ਮੁਲਜ਼ਮ ਦਾ ਸਰਕਾਰੀ ਹਸਪਤਾਲ ਵਿੱਚ ਮੈਡੀਕਲ ਕਰਵਾਇਆ ਗਿਆ।