Share on Facebook Share on Twitter Share on Google+ Share on Pinterest Share on Linkedin ਪਹਿਲਕਦਮੀ: ਸਰਹੱਦੀ ਪਿੰਡਾਂ ਵਿੱਚ ਪੜ੍ਹਾਉਣ ਵਾਲੇ ਅਧਿਆਪਕਾਂ ਨੂੰ ਮਿਲੇਗਾ 1 ਇੰਕਰੀਮੈਂਟ ਵੱਧ ਪੰਜਾਬ ਦੇ ਸਰਹੱਦੀ ਪਿੰਡਾਂ ਦੇ ਸਰਕਾਰੀ ਸਕੂਲਾਂ ਦੀ ਹੁਣ ਬਦਲੇਗੀ ਨੁਹਾਰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਜੂਨ: ਸਿੱਖਿਆ ਵਿਭਾਗ ਨੇ ਪੰਜਾਬ ਦੇ ਸਰਹੱਦੀ ਪਿੰਡਾਂ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਦਾ ਬੀੜਾ ਚੁੱਕਿਆ ਹੈ। ਅਧਿਆਪਕਾਂ ਨੂੰ ਸਰਹੱਦੀ ਪਿੰਡਾਂ ਨੇੜਲੇ ਸਕੂਲਾਂ ਵਿੱਚ ਜਾ ਕੇ ਪੜ੍ਹਾਉਣ ਲਈ ਉਤਸ਼ਾਹਿਤ ਕਰਨ ਲਈ ਸਿੱਖਿਆ ਵਿਭਾਗ ਨੇ ਮੌਜੂਦਾ ਅਤੇ ਨਵੇਂ ਭਰਤੀ ਕੀਤੇ ਜਾਣ ਵਾਲੇ ਅਧਿਆਪਕਾਂ ਨੂੰ 1 ਇੰਕਰੀਮੈਂਟ ਵੱਧ ਦੇਣ ਦਾ ਫੈਸਲਾ ਲਿਆ ਹੈ। ਇਸ ਗੱਲ ਦਾ ਖੁਲਾਸਾ ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਨੇ ਵਿਸ਼ੇਸ਼ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਦੱਸਿਆ ਕਿ ਸਰਹੱਦੀ ਪਿੰਡਾਂ ਦੇ ਸਕੂਲਾਂ ਲਈ ਵੱਖਰਾ ਮਾਸਟਰ ਕਾਡਰ ਬਣਾਇਆ ਜਾ ਰਿਹਾ ਹੈ। ਇਹ ਫੈਸਲਾ ਫੀਲਡ ’ਚੋਂ ਅਧਿਆਪਕਾਂ ਅਤੇ ਸਿੱਖਿਆ ਸ਼ਾਸਤਰੀਆਂ ਅਤੇ ਲੋਕਾਂ ਦੇ ਸੁਝਾਅ ਜਾਣਨ ਤੋਂ ਬਾਅਦ ਲਿਆ ਹੈ। ਸਿੱਖਿਆ ਸਕੱਤਰ ਨੇ ਇਹ ਵੀ ਮੰਨਿਆਂ ਕਿ ਸਰਹੱਦੀ ਪਿੰਡਾਂ ਦੇ ਕਈ ਸਕੂਲਾਂ ਵਿੱਚ ਲੋੜ ਅਨੁਸਾਰ ਅਧਿਆਪਕ ਨਾ ਹੋਣ ਕਾਰਨ ਵਿਦਿਆਰਥੀਆਂ ਦੀ ਪੜ੍ਹਾਈ ’ਤੇ ਮਾੜਾ ਅਸਰ ਪੈ ਰਿਹਾ ਹੈ। ਜਿਸ ਕਾਰਨ ਸਾਲਾਨਾ ਪ੍ਰੀਖਿਆ ਦੌਰਾਨ ਵਿਦਿਆਰਥੀ ਪਾਸ ਹੋਣ ਲਈ ਨਕਲ ਦਾ ਸਹਾਰਾ ਲੈਂਦੇ ਹਨ। ਐਤਕੀਂ ਵਿਭਾਗ ਵੱਲੋਂ ਨਕਲ ਰੋਕਣ ਲਈ ਚੁੱਕੇ ਗਏ ਠੋਸ ਕਦਮਾਂ ਦੇ ਭਾਵੇਂ ਚੰਗੇ ਨਤੀਜੇ ਸਾਹਮਣੇ ਆਏ ਪ੍ਰੰਤੂ ਪ੍ਰੀਖਿਆ ਕੇਂਦਰਾਂ ਦੀ ਚੈਕਿੰਗ ਦੌਰਾਨ ਉਡਣ ਦਸਤਿਆਂ ਨੂੰ ਲੋਕਾਂ ਦੇ ਰੋਹ ਸਮੇਤ ਹੋਰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ। ਜਿਸ ਕਾਰਨ ਸਰਕਾਰ ਨੇ ਸਰਹੱਦੀ ਪਿੰਡਾਂ ਦੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਹਰ ਕੀਮਤ ’ਤੇ ਮਿਆਰੀ ਸਿੱਖਿਆ ਦੇਣ ਦੀ ਯੋਜਨਾ ਉਲੀਕੀ ਗਈ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਿੱਖਿਆ ਮੰਤਰੀ ਓਪੀ ਸੋਨੀ ਸਕੂਲੀ ਸਿੱਖਿਆ ਦੇ ਸੁਧਾਰ ਲਈ ਯਤਨਸ਼ੀਲ ਹਨ ਅਤੇ ਉਨ੍ਹਾਂ ਦੀ ਅਗਵਾਈ ਲੀਹਾਂ ਮੁਤਾਬਕ ਹੀ ਸਰਹੱਦੀ ਇਲਾਕੇ ਦੇ ਪਿੰਡਾਂ ਵਿਚਲੇ ਸਕੂਲਾਂ ਦੀ ਨੁਹਾਰ ਬਦਲਣ ਲਈ ਵਧੇਰੇ ਤਵੱਜੋ ਦਿੱਤੀ ਜਾ ਰਹੀ ਹੈ। ਆਉਣ ਵਾਲੇ ਸਮੇਂ ਵਿੱਚ ਸਰਹੱਦੀ ਪਿੰਡਾਂ ਸਮੇਤ ਹੋਰਨਾਂ ਇਲਾਕਿਆਂ ਵਿੱਚ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਭਰੀਆਂ ਜਾਣਗੀਆਂ ਅਤੇ ਸਾਰੇ ਸਕੂਲਾਂ ਵਿੱਚ ਲੋੜ ਅਨੁਸਾਰ ਬੁਨਿਆਦੀ ਢਾਂਚਾ ਵਿਕਸਤ ਕੀਤਾ ਜਾਵੇਗਾ। ਸ੍ਰੀ ਕ੍ਰਿਸ਼ਨ ਕੁਮਾਰ ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਛੇ ਵਿਸ਼ਿਆਂ (ਅੰਗਰੇਜ਼ੀ, ਪੰਜਾਬੀ, ਹਿੰਦੀ, ਗਣਿਤ, ਸਾਇੰਸ ਤੇ ਸਮਾਜਿਕ ਸਿੱਖਿਆ) ਦੇ 3582 ਅਸਾਮੀਆਂ ਲਈ ਨਵੇਂ ਅਧਿਆਪਕ ਭਰਤੀ ਕੀਤੀ ਜਾ ਰਹੀ ਹੈ। ਇਹ ਕੰਮ ਜੰਗੀ ਪੱਧਰ ’ਤੇ ਚਲ ਰਿਹਾ ਹੈ। ਪ੍ਰੰਤੂ ਅੰਗਰੇਜ਼ੀ ਅਤੇ ਹਿੰਦੀ ਵਿਸ਼ੇ ਦੇ 600 ਤੋਂ ਵੱਧ ਅਧਿਆਪਕਾਂ ਦੀ ਭਰਤੀ ਦਾ ਕੰਮ ਲਮਕ ਗਿਆ ਹੈ। ਇਸ ਸਬੰਧੀ ਕਰੀਬ 80 ਉਮੀਦਵਾਰਾਂ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਉਨ੍ਹਾਂ ਨੂੰ ਮੌਕਾ ਦੇਣ ਦੀ ਗੁਹਾਰ ਲਗਾਈ ਗਈ ਹੈ। ਇਹ ਉਨ੍ਹਾਂ 200 ਉਮੀਦਵਾਰਾਂ ’ਚੋਂ ਹਨ। ਜੋ ਪਿਛਲੇ ਸਾਲ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਭਰ ਵਿੱਚ ਨੈਸ਼ਨਲ ਹਾਈਵੇਅ ’ਤੇ ਲਗਾਏ ਜਾਮ ਕਾਰਨ ਪ੍ਰੀਖਿਆ ਦੇਣ ਤੋਂ ਵਾਂਝੇ ਰਹਿ ਗਏ ਸਨ। ਇਨ੍ਹਾਂ ਉਮੀਦਵਾਰਾਂ ਨੇ ਆਪਣੀ ਪਟੀਸ਼ਨ ਵਿੱਚ ਕਿਹਾ ਹੈ ਕਿ ਸੜਕਾਂ ਜਾਮ ਹੋਣ ਕਾਰਨ ਉਹ ਪ੍ਰੀਖਿਆ ਕੇਂਦਰਾਂ ਵਿੱਚ ਸਮੇਂ ਸਿਰ ਨਹੀਂ ਪਹੁੰਚ ਸਕੇ ਹਨ। ਇਸ ਸਬੰਧੀ ਸਿੱਖਿਆ ਸਕੱਤਰ ਦਾ ਕਹਿਣਾ ਹੈ ਕਿ ਸਰਕਾਰ ਨੇ ਪੀੜਤ ਉਮੀਦਵਾਰਾਂ ਦੇ ਹੱਕ ਵਿੱਚ 1 ਸਾਲ ਉਮਰ ਹੱਦ ਵਧਾਉਣ ਦਾ ਇੱਕ ਮਹੱਤਵਪੂਰਨ ਫੈਸਲਾ ਲਿਆ ਹੈ। ਇਸ ਫੈਸਲੇ ਮੁਤਾਬਕ ਆਉਣ ਵਾਲੇ ਸਮੇਂ ਵਿੱਚ ਭਰਤੀ ਪ੍ਰਕਿਰਿਆ ਦੌਰਾਨ ਇਨ੍ਹਾਂ ਉਮੀਦਵਾਰਾਂ ਨੂੰ ਉਮਰ ਹੱਦ ਸਬੰਧੀ ਇੱਕ ਸਾਲ ਦੀ ਛੋਟ ਦਿੱਤੀ ਜਾਵੇਗੀ। (ਬਾਕਸ ਆਈਟਮ) ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਦੱਸਿਆ ਕਿ 3582 (ਮਾਸਟਰ ਕਾਡਰ) ਨਵੇਂ ਭਰਤੀ ਅਧਿਆਪਕਾਂ ਨੂੰ 29 ਜੂਨ ਨੂੰ ਸਵੇਰੇ 9 ਵਜੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਿੱਖਿਆ ਮੰਤਰੀ ਓਪੀ ਸੋਨੀ ਵੱਲੋਂ ਨਿਯੁਕਤੀ ਪੱਤਰ ਵੰਡੇ ਜਾਣਗੇ। ਇਸ ਸਬੰਧੀ ਗੁਰੂ ਨਾਨਕ ਸਟੇਡੀਅਮ, ਸਾਹਮਣੇ ਕੰਪਨੀ ਬਾਗ ਅੰਮ੍ਰਿਤਸਰ ਵਿੱਚ ਨਿਯੁਕਤੀ ਪੱਤਰ ਵੰਡ ਸਮਾਰੋਹ ਆਯੋਜਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ 10 ਸਤੰਬਰ 2017 ਨੂੰ ਇਸ਼ਤਿਹਾਰ ਦੇ ਕੇ ਨਵੇਂ ਭਰਤੀ ਕੀਤੇ ਚਾਰ ਵਿਸ਼ਿਆਂ ਦੇ ਅਧਿਆਪਕਾਂ (ਕੋਰਟ ਕੇਸ ਵਾਲਿਆਂ ਨੂੰ ਛੱਡ ਕੇ) ਪੰਜਾਬੀ, ਸਮਾਜਿਕ ਸਿੱਖਿਆ, ਸਾਇੰਸ ਅਤੇ ਗਣਿਤ ਦੇ ਸਫਲ ਉਮੀਦਵਾਰਾਂ ਦੀ ਸੂਚੀ 26 ਜੂਨ ਨੂੰ ਸਿੱਖਿਆ ਵਿਭਾਗ ਦੀ ਵੈਬਸਾਈਟ ’ਤੇ ਅਪਲੋਡ ਕਰ ਦਿੱਤੀ ਜਾਵੇਗੀ। (ਬਾਕਸ ਆਈਟਮ) ਉਧਰ, ਜ਼ਿਲ੍ਹਾ ਤਰਨਤਾਰਨ ਦੇ ਪੱਟੀ ਹਾਲਕੇ ਤੋਂ ਕਾਂਗਰਸੀ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਅੱਜ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨਾਲ ਮੁਲਾਕਾਤ ਕਰਕੇ ਪੰਜਾਬ ਦੇ ਸਰਹੱਦੀ ਪਿੰਡਾਂ ਦੇ ਸਕੂਲਾਂ ਵਿੱਚ ਅਧਿਆਪਕਾਂ ਦੀਆਂ ਖਾਲੀਆਂ ਅਸਾਮੀਆਂ ਭਰਨ ਅਤੇ ਵਿਦਿਆਰਥੀਆਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਅਤੇ ਲੋੜ ਅਨੁਸਾਰ ਸਕੂਲਾਂ ਨੂੰ ਅਪਗਰੇਡ ਕਰਨ ਦੀ ਮੰਗ ਕੀਤੀ। ਸਕੱਤਰ ਨੇ ਭਰੋਸਾ ਦਿੱਤਾ ਕਿ ਆਉਣ ਵਾਲੇ ਦਿਨਾਂ ਵਿੱਚ ਸਾਰੀਆਂ ਦਿੱਕਤਾਂ ਦੂਰ ਕਰ ਦਿੱਤੀਆਂ ਜਾਣਗੀਆਂ। ਅਧਿਕਾਰੀ ਨੇ ਦੱਸਿਆ ਕਿ ਸਰਕਾਰ ਇਨ੍ਹਾਂ ਪੇਂਡੂ ਸਕੂਲਾਂ ਦੇ ਵਿਕਾਸ ਲਈ ਗੰਭੀਰ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ