ਪੰਜਾਬ ਵਿਜੀਲੈਂਸ ਵੱਲੋਂ ਪਰਲਜ਼ ਗਰੁੱਪ ਦਾ ਫ਼ਰਾਰ ਡਾਇਰੈਕਟਰ ਧਰਮਿੰਦਰ ਸੰਧੂ ਗ੍ਰਿਫ਼ਤਾਰ

ਇੱਕ ਹੋਰ ਡਾਇਰੈਕਟਰ ਸੰਦੀਪ ਮਾਹਲ ਅਤੇ ਸੀਏ ਜਸਵਿੰਦਰ ਡਾਂਗ ਨੂੰ ਪਹਿਲਾਂ ਹੀ ਕੀਤਾ ਜਾ ਚੁੱਕਾ ਹੈ ਚਾਰਜਸ਼ੀਟ

ਨਬਜ਼-ਏ-ਪੰਜਾਬ, ਮੁਹਾਲੀ, 5 ਸਤੰਬਰ:
ਪੰਜਾਬ ਵਿਜੀਲੈਂਸ ਬਿਊਰੋ ਨੇ ਪਰਲਜ਼ ਐਗਰੋਟੈੱਕ ਕਾਰਪੋਰੇਸ਼ਨ ਲਿਮਟਿਡ (ਪੀਏਸੀਐਲ) ਘੁਟਾਲੇ ਦੇ ਮਾਮਲੇ ਵਿੱਚ ਅੱਜ ਕੰਪਨੀ ਦੇ ਫ਼ਰਾਰ ਚੱਲ ਰਹੇ ਡਾਇਰੈਕਟਰ ਧਰਮਿੰਦਰ ਸਿੰਘ ਸੰਧੂ ਵਾਸੀ ਵਾਸੀ ਰਾਮਾ ਮੰਡੀ, ਜਲੰਧਰ ਨੂੰ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਅਨੁਸਾਰ ਸੰਧੂ ਦੀ ਡਾਇਰੈਕਟਰ ਵਜੋਂ ਨਿਯੁਕਤੀ ਗੈਰਕਾਨੂੰਨੀ ਸੀ। ਪਰਲਜ਼ ਗਰੁੱਪ ਵੱਲੋਂ ਤਕਰੀਬਨ 5 ਕਰੋੜ ਭੋਲੇ-ਭਾਲੇ ਨਿਵੇਸ਼ਕਾਂ ਨਾਲ ਲਗਪਗ 50 ਹਜ਼ਾਰ ਕਰੋੜ ਰੁਪਏ ਦਾ ਘਪਲਾ ਕੀਤਾ ਗਿਆ ਹੈ। ਮੁਹਾਲੀ ਸਥਿਤ ਪੰਜਾਬ ਪੁਲੀਸ ਦੇ ਸਟੇਟ ਕ੍ਰਾਈਮ ਪੁਲੀਸ ਸਟੇਸ਼ਨ ਵਿੱਚ 21 ਫਰਵਰੀ 2023 ਨੂੰ ਧਾਰਾ 406, 420, 465, 467, 468, 471, 384 ਅਤੇ 120 ਬੀ ਤਹਿਤ ਤਹਿਤ ਮਾਮਲੇ ਵਿੱਚ ਧਰਮਿੰਦਰ ਸੰਧੂ ਵਿੱਚ ਨਾਮਜ਼ਦ ਕਰਕੇ ਗ੍ਰਿਫ਼ਤਾਰ ਕੀਤਾ ਗਿਆ ਹੈ। ਦੱਸ ਦਈਏ ਇਹ ਕੇਸ ਦਰਜ ਸਟੇਟ ਕ੍ਰਾਈਮ ਥਾਣੇ ਵਿੱਚ ਦਰਜ ਕੀਤਾ ਗਿਆ ਸੀ ਪ੍ਰੰਤੂ ਬਾਅਦ ਵਿੱਚ ਮੁੱਖ ਮੰਤਰੀ ਦੇ ਹੁਕਮਾਂ ’ਤੇ ਇਹ ਕੇਸ ਵਿਜੀਲੈਂਸ ਦੇ ਸਪੁਰਦ ਕਰ ਦਿੱਤਾ ਗਿਆ ਸੀ। ਮੁਹਾਲੀ ਅਤੇ ਆਸਪਾਸ ਇਲਾਕੇ ਵਿੱਚ ਪਰਲਜ਼ ਗਰੁੱਪ ਨੂੰ ਅਰਬਾਂ ਦੀ ਜ਼ਮੀਨ ਹੈ।
ਵਿਜੀਲੈਂਸ ਅਨੁਸਾਰ ਪਰਲਜ਼ ਗਰੁੱਪ ਦੀ ਐਕਸਟਰਾਅੌਰਡਨਰੀ ਜਨਰਲ ਬਾਡੀ ਮੀਟਿੰਗ (ਈਓਜੀਐਮ) 1 ਜਨਵਰੀ 2022 ਨੂੰ ਜੈਪੁਰ (ਰਾਜਸਥਾਨ) ਵਿੱਚ ਮੈਸਰਜ਼ ਪੀਏਸੀਐਲ ਲਿਮਟਿਡ ਦੇ ਰਜਿਸਟਰਡ ਦਫ਼ਤਰ ਵਿੱਚ ਹੋਈ ਦਿਖਾਈ ਗਈ ਸੀ, ਜਦੋਂਕਿ ਇਹ ਦਫ਼ਤਰ 7-8 ਸਾਲਾਂ ਤੋਂ ਬੰਦ ਪਿਆ ਹੈ। ਇਸ ਤੋਂ ਇਲਾਵਾ ਈਓਜੀਐਮ ਦੀਆਂ ਫ਼ਰਜ਼ੀ ਪ੍ਰੋਸੀਡਿੰਗ ਦੇ ਆਧਾਰ ਉੱਤੇ ਪੀਏਸੀਐਲ ਦੇ ਤਿੰਨ ਨਵੇਂ ਡਾਇਰੈਕਟਰਾਂ ਹਿਰਦੇਪਾਲ ਸਿੰਘ ਢਿੱਲੋਂ, ਸੰਦੀਪ ਸਿੰਘ ਮਾਹਲ ਅਤੇ ਧਰਮਿੰਦਰ ਸੰਧੂ ਦੀ ਨਿਯੁਕਤੀ ਕੀਤੀ ਗਈ, ਜਦੋਂਕਿ ਅਸਲ ਵਿੱਚ ਇਹ ਮੀਟਿੰਗ ਕਦੇ ਹੋਈ ਹੀ ਨਹੀਂ ਸੀ।
ਉਕਤ ਮੁਲਜ਼ਮਾਂ ਨੇ ਲੁਧਿਆਣਾ ਦੇ ਚਾਰਟਰਡ ਅਕਾਊਂਟੈਂਟ (ਸੀਏ) ਜਸਵਿੰਦਰ ਸਿੰਘ ਡਾਂਗ ਰਾਹੀਂ ਰਜਿਸਟਰਾਰ ਆਫ਼ ਕੰਪਨੀਜ਼, ਜੈਪੁਰ ਕੋਲ ਆਪਣੇ ਜਾਅਲੀ ਦਸਤਾਵੇਜ਼ ਜਮ੍ਹਾਂ ਕਰਵਾਏ ਅਤੇ ਕੰਪਨੀ ਮਾਮਲਿਆਂ ਬਾਰੇ ਮੰਤਰਾਲੇ (ਐਮਸੀਏ) ਦੀ ਵੈੱਬਸਾਈਟ ’ਤੇ ਪੀਏਸੀਐਲ ਲਿਮਟਿਡ ਦੇ ਡਾਇਰੈਕਟਰਾਂ ਵਜੋਂ ਆਪਣੇ ਨਾਂ ਦਰਜ ਕਰਵਾ ਲਏ। ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿੱਚ ਸੰਦੀਪ ਸਿੰਘ ਮਾਹਲ ਅਤੇ ਸੀਏ ਜਸਵਿੰਦਰ ਸਿੰਘ ਡਾਂਗ ਨੂੰ ਪਹਿਲਾਂ ਹੀ ਚਾਰਜਸ਼ੀਟ ਕੀਤਾ ਜਾ ਚੁੱਕਾ ਹੈ ਅਤੇ ਉਹ ਨਿਆਂਇਕ ਹਿਰਾਸਤ ਵਿੱਚ ਹਨ।
ਬੁਲਾਰੇ ਨੇ ਦੱਸਿਆ ਕਿ ਗੈਰ-ਕਾਨੂੰਨੀ ਤੌਰ ’ਤੇ ਨਿਯੁਕਤ ਕੀਤੇ ਗਏ ਇਨ੍ਹਾਂ ਤਿੰਨਾਂ ਡਾਇਰੈਕਟਰਾਂ ਨੇ ਜਸਟਿਸ (ਸੇਵਾਮੁਕਤ) ਆਰ.ਐਮ. ਲੋਢਾ ਦੀ ਪ੍ਰਧਾਨਗੀ ਹੇਠ ਸੁਪਰੀਮ ਕੋਰਟ ਵੱਲੋਂ ਗਠਿਤ ਕਮੇਟੀ ਦੀ ਇਜਾਜ਼ਤ ਬਗ਼ੈਰ ਪੀਏਸੀਐਲ ਲਿਮਟਿਡ ਦੀਆਂ ਜਾਇਦਾਦਾਂ ਖ਼ਰੀਦਣ ਵਾਲੇ ਵੱਖ-ਵੱਖ ਵਿਅਕਤੀਆਂ ਨੂੰ ਸੰਦੀਪ ਸਿੰਘ ਮਾਹਲ ਦੇ ਦਸਤਖਤਾਂ ਹੇਠ ਨੋਟਿਸ ਜਾਰੀ ਕੀਤੇ ਅਤੇ ਉਨ੍ਹਾਂ ਤੋਂ ਪੈਸੇ ਵਸੂਲਣੇ ਸ਼ੁਰੂ ਕਰ ਦਿੱਤੇ।
ਦੱਸਣਯੋਗ ਹੈ ਕਿ ਪੀਏਸੀਐਲ ਲਿਮਟਿਡ ਦੀਆਂ ਜਾਇਦਾਦਾਂ ਨੂੰ ਵੇਚਣ ਅਤੇ ਵਿਕਰੀ ਤੋਂ ਹੋਣ ਵਾਲੀ ਕਮਾਈ ਪੀਏਸੀਐਲ ਲਿਮਟਿਡ ਵਿੱਚ ਨਿਵੇਸ਼ ਕਰਨ ਵਾਲੇ ਨਿਵੇਸ਼ਕਾਂ ਨੂੰ ਵਾਪਸ ਕਰਨ ਵਾਸਤੇ ਸੁਪਰੀਮ ਕੋਰਟ ਦੇ ਹੁਕਮਾਂ ਉਤੇ ਜਸਟਿਸ (ਸੇਵਾਮੁਕਤ) ਆਰਐਮ ਲੋਢਾ ਦੀ ਪ੍ਰਧਾਨਗੀ ਹੇਠ ਇੱਕ ਕਮੇਟੀ ਗਠਿਨ ਕੀਤੀ ਗਈ ਹੈ। ਹਾਲ ਹੀ ਵਿੱਚ, ਕੰਪਨੀ ਮਾਮਲਿਆਂ ਬਾਰੇ ਮੰਤਰਾਲੇ ਨੇ ਪੀ.ਏ.ਸੀ.ਐਲ. ਲਿਮਟਿਡ ਦੇ ਡਾਇਰੈਕਟਰਾਂ ਦੀ ਸੂਚੀ ਵਿੱਚੋਂ ਹਿਰਦੇਪਾਲ ਸਿੰਘ ਢਿੱਲੋਂ, ਸੰਦੀਪ ਸਿੰਘ ਮਾਹਲ ਅਤੇ ਧਰਮਿੰਦਰ ਸਿੰਘ ਸੰਧੂ ਦੇ ਨਾਂ ਹਟਾ ਦਿੱਤੇ ਹਨ।

Load More Related Articles
Load More By Nabaz-e-Punjab
Load More In General News

Check Also

ਪਹਿਲੇ ਮੁੱਖ ਗ੍ਰੰਥੀ ਗਿਆਨੀ ਬਲਵੰਤ ਸਿੰਘ ਦੀ 39ਵੀਂ ਬਰਸੀ ਸ਼ਰਧਾ ਨਾਲ ਮਨਾਈ

ਪਹਿਲੇ ਮੁੱਖ ਗ੍ਰੰਥੀ ਗਿਆਨੀ ਬਲਵੰਤ ਸਿੰਘ ਦੀ 39ਵੀਂ ਬਰਸੀ ਸ਼ਰਧਾ ਨਾਲ ਮਨਾਈ ਨਬਜ਼-ਏ-ਪੰਜਾਬ, ਮੁਹਾਲੀ, 15 ਮਈ:…