ਕੈਬਨਿਟ ਸਬ ਕਮੇਟੀ ਵੱਲੋਂ ਮੀਟਿੰਗ ਮੁੜ ਮੁਲਤਵੀ, ਕੱਚੇ ਮੁਲਾਜ਼ਮਾਂ ਵਿੱਚ ਭਾਰੀ ਰੋਸ, ਪੜਾਅਵਾਰ ਸੰਘਰਸ਼ ਦਾ ਐਲਾਨ

11 ਮਾਰਚ ਨੂੰ ਜ਼ਿਲ੍ਹਾ ਪੱਧਰੀ ਅਰਥੀ ਫੂਕ ਮੁਜ਼ਾਹਰੇ ਅਤੇ 13 ਨੂੰ ਮੁੱਖ ਮੰਤਰੀ ਦੀ ਕੋਠੀ ਵੱਲ ਕੀਤਾ ਜਾਵੇਗਾ ਮਾਰਚ

ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਤੇ ਤਨਖ਼ਾਹ ਕਟੌਤੀ ਖ਼ਿਲਾਫ਼ ਸੰਘਰਸ਼ ਦੀ ਰਾਹ ’ਤੇ ਦਫ਼ਤਰੀ ਮੁਲਾਜ਼ਮ

ਨਬਜ਼-ਏ-ਪੰਜਾਬ, ਮੁਹਾਲੀ, 6 ਮਾਰਚ:
ਸਰਵ ਸਿੱਖਿਆ ਅਭਿਆਨ ਦਫ਼ਤਰੀ ਕਰਮਚਾਰੀ ਯੂਨੀਅਨ ਦਾ ਸਿੱਖਿਆ ਭਵਨ ਦੇ ਬਾਹਰ ਲੜੀਵਾਰ ਧਰਨਾ ਜਾਰੀ ਹੈ। ਪਿਛਲੇ ਦਿਨੀਂ ਰੋਸ ਪ੍ਰਦਰਸ਼ਨ ਦੌਰਾਨ ਜਿਵੇਂ ਹੀ ਕੱਚੇ ਮੁਲਾਜ਼ਮਾਂ ਨੇ ਪੰਜਾਬ ਵਿਧਾਨ ਸਭਾ ਵੱਲ ਕੂਚ ਕਰਨ ਦਾ ਯਤਨ ਕੀਤਾ ਤਾਂ ਸਿੱਖਿਆ ਮੰਤਰੀ ਦੇ ਦਫ਼ਤਰ ਵੱਲੋਂ ਯੂਨੀਅਨ ਦੇ ਮੋਹਰੀ ਆਗੂਆਂ ਨੂੰ 6 ਮਾਰਚ ਨੂੰ ਕੈਬਨਿਟ ਸਬ ਕਮੇਟੀ ਨਾਲ ਪੈਨਲ ਮੀਟਿੰਗ ਕਰਵਾਉਣ ਦਾ ਲਿਖਤੀ ਭਰੋਸਾ ਦੇ ਕੇ ਸ਼ਾਂਤ ਕੀਤਾ ਗਿਆ ਸੀ ਲੇਕਿਨ ਅੱਜ ਐਨ ਮੌਕੇ ਕੈਬਨਿਟ ਸਬ ਕਮੇਟੀ ਵਿੱਚ ਸ਼ਾਮਲ ਕੈਬਨਿਟ ਮੰਤਰੀ ਮੁਲਾਜ਼ਮਾਂ ਨਾਲ ਮੀਟਿੰਗ ਕਰਨ ਲਈ ਨਹੀਂ ਪਹੁੰਚੇ। ਜਿਸ ਕਾਰਨ ਦਫ਼ਤਰੀ ਮੁਲਾਜ਼ਮਾਂ ਵਿੱਚ ਸੂਬਾ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਂਜ ਪੰਜਾਬ ਭਵਨ ਵਿੱਚ ਅਧਿਕਾਰੀਆਂ ਵੱਲੋਂ ਮੁਲਾਜ਼ਮ ਜਥੇਬੰਦੀ ਦੇ ਆਗੂਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਮੰਗਾਂ ’ਤੇ ਚਰਚਾ ਕੀਤੀ ਗਈ ਅਤੇ 11 ਮਾਰਚ ਨੂੰ ਕੈਬਨਿਟ ਸਬ ਕਮੇਟੀ ਨਾਲ ਮੀਟਿੰਗ ਦਾ ਭਰੋਸਾ ਦੇ ਕੇ ਵਾਪਸ ਤੋਰ ਦਿੱਤਾ।
ਸਰਵ ਸਿੱਖਿਆ ਅਭਿਆਨ ਦਫ਼ਤਰੀ ਕਰਮਚਾਰੀ ਯੂਨੀਅਨ ਦੇ ਆਗੂ ਕੁਲਦੀਪ ਸਿੰਘ, ਪ੍ਰਵੀਨ ਸ਼ਰਮਾ, ਰਜਿੰਦਰ ਸਿੰਘ ਸੰਧਾ, ਵਰਿੰਦਰ ਵੋਹਰਾ, ਰਾਮੇਸ਼ ਸਹਾਰਨ, ਜਗਮੋਹਨ ਸਿੰਘ ਅਤੇ ਰਮਨ ਕੁਮਾਰ ਨੇ ਪੰਜਾਬ ਸਰਕਾਰ ਨੂੰ ਮੁਲਾਜ਼ਮ ਵਿਰੋਧੀ ਦੱਸਦਿਆਂ ਕਿਹਾ ਕਿ ਮੁੱਖ ਮੰਤਰੀ ਅਤੇ ਸਾਥੀ ਕੈਬਨਿਟ ਮੰਤਰੀ ਵਾਰ-ਵਾਰ ਮੀਟਿੰਗ ਤੋਂ ਭੱਜ ਰਹੇ ਹਨ ਜਦੋਂਕਿ ਵਿਧਾਨ ਸਭਾ ਚੋਣਾਂ ਸਮੇਂ ਪਹਿਲੀ ਕੈਬਨਿਟ ਮੀਟਿੰਗ ਵਿੱਚ ਸਾਰੇ ਕੱਚੇ ਕਰਮਚਾਰੀਆਂ ਨੂੰ ਪੱਕੇ ਕਰਨ ਦਾ ਵਾਅਦਾ ਕੀਤਾ ਗਿਆ ਸੀ ਲੇਕਿਨ ਹੁਣ ਹੁਕਮਰਾਨ ਆਪਣੇ ਵਾਅਦੇ ਤੋਂ ਮੁਨਕਰ ਹੋ ਰਹੇ ਹਨ।
ਆਗੂਆਂ ਨੇ ਐਲਾਨ ਕੀਤਾ ਕਿ 11 ਮਾਰਚ ਨੂੰ ਪੰਜਾਬ ਭਰ ਵਿੱਚ ਜ਼ਿਲ੍ਹਾ ਪੱਧਰ ’ਤੇ ਇਕੱਠ ਕਰਕੇ ਅਰਥੀ ਫੂਕ ਮੁਜ਼ਾਹਰੇ ਕੀਤੇ ਜਾਣਗੇ ਅਤੇ ਜੇਕਰ 11 ਮਾਰਚ ਨੂੰ ਹੋਣ ਵਾਲੀ ਕੈਬਨਿਟ ਸਬ ਕਮੇਟੀ ਦੀ ਮੀਟਿੰਗ ਵਿੱਚ ਕਿਸੇ ਮਸਲੇ ਦਾ ਹੱਲ ਨਾ ਹੋਇਆ ਜਾਂ ਕੋਈ ਬਹਾਨਾ ਲਗਾ ਕੇ ਦੁਬਾਰਾ ਮੀਟਿੰਗ ਮੁਲਤਵੀ ਕੀਤੀ ਗਈ ਤਾਂ 13 ਮਾਰਚ ਨੂੰ ਸਿੱਖਿਆ ਭਵਨ ਮੁਹਾਲੀ ਦੇ ਬਾਹਰ ਸੂਬਾ ਪੱਧਰੀ ਰੋਸ ਮੁਜ਼ਾਹਰਾ ਕੀਤਾ ਜਾਵੇਗਾ ਅਤੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਵੱਲ ਕੂਚ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਲੋੜ ਮਹਿਸੂਸ ਹੋਈ ਤਾਂ ਗੁਪਤ ਐਕਸ਼ਨ ਕਰਨ ਦਾ ਵੀ ਐਲਾਨ ਕੀਤਾ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…