ਬਰਖ਼ਾਸਤ ਏਆਈਜੀ ਸਿੱਧੂ ਮਾਮਲੇ ਵਿੱਚ ਪੱਤਰਕਾਰ ਰਜਿੰਦਰ ਤੱਗੜ ਦੀ ਗ੍ਰਿਫ਼ਤਾਰੀ ਦਾ ਮਾਮਲਾ ਭਖਿਆ

ਪੱਤਰਕਾਰਾਂ, ਵਕੀਲਾਂ, ਕਿਸਾਨਾਂ ਤੇ ਸਮਾਜਿਕ ਜਥੇਬੰਦੀਆਂ ਅਤੇ ਸਿਆਸੀ ਆਗੂਆਂ ਵੱਲੋਂ ਪੁਲੀਸ ’ਤੇ ਬਦਲਾਖੋਰੀ ਦਾ ਦੋਸ਼

ਨਬਜ਼-ਏ-ਪੰਜਾਬ, ਮੁਹਾਲੀ, 27 ਅਪਰੈਲ:
ਪੰਜਾਬ ਪੁਲੀਸ ਦੇ ਬਰਖ਼ਾਸਤ ਏਆਈਜੀ ਮਾਲਵਿੰਦਰ ਸਿੰਘ ਸਿੱਧੂ ਦੇ ਮਾਮਲੇ ਵਿੱਚ ਸੀਨੀਅਰ ਪੱਤਰਕਾਰ ਰਜਿੰਦਰ ਤੱਗੜ ਨੂੰ ਗ੍ਰਿਫ਼ਤਾਰ ਕਰਨ ਦਾ ਮਾਮਲਾ ਕਾਫ਼ੀ ਭਖ ਗਿਆ ਹੈ। ਪੱਤਰਕਾਰਾਂ, ਵਕੀਲਾਂ, ਕਿਸਾਨ ਤੇ ਸਮਾਜਿਕ ਜਥੇਬੰਦੀਆਂ ਸਮੇਤ ਵੱਖ ਵੱਖ ਸਿਆਸੀ ਤੇ ਧਾਰਮਿਕ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਪੁਲੀਸ ’ਤੇ ਬਦਲਾਖੋਰੀ ਦਾ ਦੋਸ਼ ਲਗਾਉਂਦਿਆਂ ਇਸ ਨੂੰ ਪ੍ਰੈਸ ਦੀ ਸੰਘੀ ਘੁੱਟਣ ਵਾਲੀ ਕਾਰਵਾਈ ਕਰਾਰ ਦਿੱਤਾ ਹੈ।
ਅੱਜ ਬਾਅਦ ਦੁਪਹਿਰ ਪੱਤਰਕਾਰ ਰਜਿੰਦਰ ਤੱਗੜ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਸਰਕਾਰੀ ਵਕੀਲ ਨੇ ਪੱਤਰਕਾਰ ਦੇ ਪੁਲੀਸ ਰਿਮਾਂਡ ਦੀ ਮੰਗ ਕਰਦਿਆਂ ਕਿਹਾ ਕਿ ਉਸ ਤੋਂ ਫੰਡਿੰਗ ਕਿੱਥੋਂ ਹੋਈ ਹੈ ਬਾਰੇ ਪਤਾ ਕਰਨਾ ਹੈ। ਜਦੋਂਕਿ ਬਚਾਅ ਪੱਖ ਦੇ ਵਕੀਲ ਨੇ ਪੁਲੀਸ ਕਾਰਵਾਈ ਨੂੰ ਬਦਲਾਖੋਰੀ ਦੱਸਦਿਆਂ ਕਿਹਾ ਕਿ ਪੱਤਰਕਾਰ ਨੂੰ ਝੂਠੇ ਮਾਮਲੇ ਵਿੱਚ ਫਸਾਇਆ ਜਾ ਰਿਹਾ ਹੈ। ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਨੇ ਤੱਗੜ ਨੂੰ ਦੋ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ। ਉਨ੍ਹਾਂ ਨੂੰ ਸੋਮਵਾਰ ਨੂੰ ਦੁਬਾਰਾ ਅਦਾਲਤ ਵਿੱਚ ਪੇਸ਼ ਕਰਨ ਲਈ ਕਿਹਾ ਹੈ।
ਜ਼ਿਕਰਯੋਗ ਹੈ ਕਿ ਰਜਿੰਦਰ ਤੱਗੜ ਨੇ ਪਹਿਲਾਂ ਹੀ ਇਹ ਖ਼ਦਸ਼ਾ ਜਾਹਰ ਕੀਤਾ ਸੀ ਕਿ ਪੁਲੀਸ ਉਨ੍ਹਾਂ ਨੂੰ ਕਿਸੇ ਝੂਠੇ ਕੇਸ ਵਿੱਚ ਗ੍ਰਿਫ਼ਤਾਰ ਕਰਨਾ ਚਾਹੁੰਦੀ ਹੈ। ਇਸ ਸਬੰਧੀ ਉਨ੍ਹਾਂ ਨੇ ਅਦਾਲਤ ਵਿੱਚ ਅਰਜ਼ੀ ਵੀ ਦਿੱਤੀ ਸੀ। ਅਦਾਲਤ ਨੇ ਤੱਗੜ ਦੀ ਗ੍ਰਿਫ਼ਤਾਰੀ ਤੋਂ ਪਹਿਲਾਂ ਸੱਤ ਦਿਨਾਂ ਦਾ ਨੋਟਿਸ ਦੇਣ ਦੀ ਹਦਾਇਤ ਕੀਤੀ ਸੀ। ਬੀਤੀ ਸ਼ਾਮ ਮੁਹਾਲੀ ਪੁਲੀਸ ਵੱਲੋਂ ਤੱਗੜ ਨੂੰ ਇੱਕ ਹਫ਼ਤੇ ਦਾ ਨੋਟਿਸ ਵੀ ਦਿੱਤਾ ਗਿਆ ਪ੍ਰੰਤੂ ਰਾਤ ਵੇਲੇ ਗ੍ਰਿਫ਼ਤਾਰ ਕਰ ਲਿਆ। ਜਿਸ ਦੀ ਚੁਫੇਰਿਓਂ ਨਿਖੇਧੀ ਕੀਤੀ ਜਾ ਰਹੀ ਹੈ।
ਪੰਜਾਬ ਅਗੇਂਸਟ ਕੁਰੱਪਸ਼ਨ ਦੇ ਪ੍ਰਧਾਨ ਸਤਨਾਮ ਸਿੰਘ ਦਾਊਂ ਨੇ ਕਿਹਾ ਕਿ ਤੱਗੜ ਵੱਲੋਂ ਪੁਲੀਸ ਤੰਤਰ ਖ਼ਿਲਾਫ਼ ਵੱਖ-ਵੱਖ ਰਿਪੋਰਟਾਂ ਨਸ਼ਰ ਕੀਤੀਆਂ ਗਈਆਂ ਸਨ। ਜਿਸ ਕਾਰਨ ਉਨ੍ਹਾਂ ਨੂੰ ਬਦਨਾਮ ਕਰਨ ਲਈ ਝੂਠੇ ਕੇਸ ਵਿੱਚ ਫਸਾਇਆ ਗਿਆ ਹੈ। ਉਨ੍ਹਾਂ ਸੰਸਥਾ ਪੁਲੀਸ ਦੀ ਧੱਕੇਸ਼ਾਹੀ ਵਿਰੁੱਧ ਕਾਨੂੰਨੀ ਲੜਾਈ ਲੜੇਗੀ। ਇੰਡੀਅਨ ਐਸੋਸੀਏਸ਼ਨ ਆਫ਼ ਲਾਇਲਜ ਦੇ ਸੂਬਾ ਸਕੱਤਰ ਜਸਪਾਲ ਸਿੰਘ ਦੱਪਰ ਅਤੇ ਦਰਸ਼ਨ ਸਿੰਘ ਧਾਲੀਵਾਲ ਨੇ ਵੀ ਸਖ਼ਤ ਨਿਖੇਧੀ ਕਰਦਿਆਂ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦਾ ਐਲਾਨ ਕੀਤਾ ਹੈ।
ਜ਼ਿਲ੍ਹਾ ਪ੍ਰੈਸ ਕਲੱਬ ਐਸ.ਏ.ਐਸ. ਨਗਰ (ਮੁਹਾਲੀ) ਦੇ ਚੇਅਰਮੈਨ ਦਰਸ਼ਨ ਸਿੰਘ ਸੋਢੀ, ਪ੍ਰਧਾਨ ਸਤਵਿੰਦਰ ਸਿੰਘ ਧੜਾਕ, ਜਨਰਲ ਸਕੱਤਰ ਕੁਲਦੀਪ ਸਿੰਘ, ਮੀਤ ਪ੍ਰਧਾਨ ਜਸਵੀਰ ਸਿੰਘ ਮੱਲ੍ਹੀ, ਵਾਈਸ ਚੇਅਰਮੈਨ ਐਮਪੀ ਕੌਸ਼ਿਕ ਨੇ ਪੱਤਰਕਾਰ ਤੱਗੜ ਦੀ ਗ੍ਰਿਫ਼ਤਾਰੀ ਦੀ ਨਿਖੇਧੀ ਕਰਦਿਆਂ ਕਿਹਾੈ ਕਿ ਇਹ ਪ੍ਰੈਸ ਦੀ ਆਜ਼ਾਦੀ ’ਤੇ ਸਿੱਧਾ ਹਮਲਾ ਹੈ। ਉਨ੍ਹਾਂ ਚੋਣ ਕਮਿਸ਼ਨ ਤੋਂ ਮੰਗ ਕੀਤੀ ਕਿ ਇਸ ਮਾਮਲੇ ਵਿੱਚ ਨਿੱਜੀ ਦਖ਼ਲ ਦੇ ਕੇ ਪੱਤਰਕਾਰ ਨੂੰ ਰਿਹਾਅ ਕਰਵਾਇਆ ਜਾਵੇ।
ਪ੍ਰੈਸ ਕਲੱਬ ਬਨੂੜ ਦੇ ਪ੍ਰਧਾਨ ਭੁਪਿੰਦਰ ਸਿੰਘ, ਸਰਪ੍ਰਸਤ ਕਰਮਜੀਤ ਸਿੰਘ ਚਿੱਲਾ ਅਤੇ ਜਨਰਲ ਸਕੱਤਰ ਅਵਤਾਰ ਸਿੰਘ ਨੇ ਪੱਤਰਕਾਰ ਦੀ ਗ੍ਰਿਫ਼ਤਾਰੀ ਦੀ ਨਿਖੇਧੀ ਕਰਦਿਆਂ ਉਸ ਨੂੰ ਰਿਹਾਅ ਕਰਨ ਦੀ ਮੰਗ ਕੀਤੀ ਹੈ। ਮੁਹਾਲੀ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਤੱਗੜ ਦੀ ਗ੍ਰਿਫ਼ਤਾਰੀ ਨੂੰ ਪ੍ਰੈਸ ਦਾ ਗਲਾ ਘੁੱਟਣ ਦੀ ਕਾਰਵਾਈ ਦੱਸਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਵੀ ਮੋਦੀ ਸਰਕਾਰ ਵਾਂਗ ਮੀਡੀਆ ’ਤੇ ਦਬਾਅ ਬਣਾਉਣ ਦੇ ਰਾਹ ਪੈ ਗਈ ਹੈ।
ਭਾਰਤੀ ਕਿਸਾਨ ਯੂਨੀਅਨ (ਭੁਪਿੰਦਰ ਮਾਨ) ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਬਲਵੰਤ ਸਿੰਘ ਨੰਡਿਆਲੀ, ਕਿਸਾਨ ਯੂਨੀਅਨ (ਰਾਜੇਵਾਲ) ਦੇ ਸੂਬਾ ਸਕੱਤਰ ਪਰਮਦੀਪ ਸਿੰਘ ਬੈਦਵਾਨ ਅਤੇ ਜ਼ਿਲ੍ਹਾ ਪ੍ਰਧਾਨ ਕਿਰਪਾਲ ਸਿੰਘ ਸਿਆਊ ਨੇ ਪੱਤਰਕਾਰ ਤੱਗੜ ਦੀ ਗ੍ਰਿਫ਼ਤਾਰੀ ਦੀ ਨਿਖੇਧੀ ਕਰਦਿਆਂ ਇਸ ਨੂੰ ਬਦਲੇ ਦੀ ਕਾਰਵਾਈ ਦੱਸਿਆ ਹੈ। ਐਸਜੀਪੀਸੀ ਮੈਂਬਰ ਪਰਮਜੀਤ ਕੌਰ ਲਾਂਡਰਾਂ ਨੇ ਸਾਰੀਆਂ ਧਿਰਾਂ ਨੂੰ ਲਾਮਬੰਦ ਹੋਣ ਅਤੇ ਸਾਂਝਾ ਮੋਰਚਾ ਲਗਾਉਣ ਦੀ ਅਪੀਲ ਕੀਤੀ ਹੈ। ਕਿਸਾਨ ਯੂਨੀਅਨ (ਲੱਖੋਵਾਲ) ਦੇ ਜ਼ਿਲ੍ਹਾ ਜਨਰਲ ਸਕੱਤਰ ਜਸਪਾਲ ਸਿੰਘ ਨਿਆਮੀਆਂ ਨੇ ਵੀ ਪੁਲੀਸ ਕਾਰਵਾਈ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।

Load More Related Articles
Load More By Nabaz-e-Punjab
Load More In General News

Check Also

ਮਾਤਾ ਸਾਹਿਬ ਕੌਰ ਨਰਸਿੰਗ ਕਾਲਜ ਦੀਆਂ ਵਿਦਿਆਰਥਣਾਂ ਨੇ ਨਰਸਿੰਗ ਹਫ਼ਤਾ ਮਨਾਇਆ

ਮਾਤਾ ਸਾਹਿਬ ਕੌਰ ਨਰਸਿੰਗ ਕਾਲਜ ਦੀਆਂ ਵਿਦਿਆਰਥਣਾਂ ਨੇ ਨਰਸਿੰਗ ਹਫ਼ਤਾ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 13 ਮਈ…