ਜ਼ਿਲ੍ਹਾ ਪ੍ਰਸ਼ਾਸਨ ਦੇ ਆਊਟਰੀਚ ਪ੍ਰੋਗਰਾਮ ਨੂੰ ਮਿਲਿਆ ਭਰਵਾਂ ਹੁੰਗਾਰਾ: ਲੋਕਾਂ ਨੇ ਫਾਰਮ ਭਰੇ

ਡੀਸੀ ਆਸ਼ਿਕਾ ਜੈਨ ਨੇ ਯੋਗ ਸਿੱਖ ਵੋਟਰਾਂ ਨੂੰ ਐਸਜੀਪੀਸੀ ਚੋਣਾਂ ਲਈ ਅੱਗੇ ਆਉਣ ਦੀ ਅਪੀਲ ਕੀਤੀ

ਨਬਜ਼-ਏ-ਪੰਜਾਬ, ਮੁਹਾਲੀ, 13 ਜਨਵਰੀ:
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਹੋਣ ਵਾਲੀਆਂ ਆਮ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਮੁਹਾਲੀ ਵੱਲੋਂ ਯੋਗ ਸਿੱਖ ਵੋਟਰਾਂ ਨੂੰ ਆਪਣੀ ਵੋਟ ਬਣਾਉਣ ਲਈ ਸ਼ੁਰੂ ਕੀਤੀ ਆਊਟਰੀਚ ਮੁਹਿੰਮ ਨੂੰ ਭਰਵਾਂ ਦਾ ਹੁੰਗਾਰਾ ਮਿਲਿਆ ਹੈ। ਅੱਜ ਛੁੱਟੀ ਵਾਲੇ ਦਿਨ ਮੁਹਾਲੀ ਸਮੇਤ ਸਮੁੱਚੇ ਜ਼ਿਲ੍ਹੇ ਅੰਦਰ ਗੁਰਦੁਆਰਾ ਸਹਿਬਾਨਾਂ ਵਿੱਚ ਲਗਾਏ ਗਏ ਵਿਸ਼ੇਸ਼ ਕੈਂਪਾਂ ਵਿੱਚ ਵੋਟਾਂ ਬਣਾਉਣ ਲਈ ਵੱਡੀ ਗਿਣਤੀ ਵਿੱਚ ਲੋਕਾਂ ਨੇ ਫਾਰਮ ਭਰ ਕੇ ਦਿੱਤੇ। ਪਿੰਡ ਕੁੰਭੜਾ ਵਿੱਚ ਦਲਿਤ ਆਗੂ ਬਲਵਿੰਦਰ ਸਿੰਘ ਕੁੰਭੜਾ ਦੀ ਅਗਵਾਈ ਹੇਠ ਸਿੱਖ ਵੋਟਰਾਂ ਨੇ ਆਪਣੀਆਂ ਵੋਟਾਂ ਬਣਾਉਣ ਲਈ ਫਾਰਮ ਭਰ ਕੇ ਦਿੱਤੇ ਅਤੇ ਹੋਰਨਾਂ ਪਿੰਡਾਂ ਦੀਆਂ ਸੱਥਾਂ ਵਿੱਚ ਵੋਟਰ ਰਜਿਸਟਰੇਸ਼ਨ ਦਾ ਹੋਕਾ ਦੇਣ ਦੀ ਗੱਲ ਕਹੀ।
ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਜੋ ਕਿ ਵੋਟਰ ਰਜਿਸਟ੍ਰੇਸ਼ਨ ਮੁਹਿੰਮ ਵਿੱਚ ਖ਼ੁਦ ਡੂੰਘੀ ਦਿਲਚਸਪੀ ਲੈ ਰਹੇ ਹਨ, ਨੇ ਦੱਸਿਆ ਕਿ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਪੁੱਤਰ ਸਾਹਿਬਜ਼ਾਦਾ ਅਜੀਤ ਸਿੰਘ ਦੇ ਨਾਮ ’ਤੇ ਵਸੇ ਮੁਹਾਲੀ ਵਿੱਚ ਪਛੜ ਰਹੀ ਵੋਟਰ ਰਜਿਸਟ੍ਰੇਸ਼ਨ ਮੁਹਿੰਮ ਨੂੰ ਹੁਲਾਰਾ ਦੇਣਾ ਸਮੁੱਚੀ ਪ੍ਰਸ਼ਾਸਨਿਕ ਟੀਮ ਲਈ ਵੱਡੀ ਚੁਨੌਤੀ ਸੀ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਗੁਰਦੁਆਰਾ ਕਮੇਟੀਆਂ ਨਾਲ ਨਿੱਜੀ ਰਾਬਤਾ ਕਾਇਮ ਕਰਕੇ ਯੋਗ ਸਿੱਖ ਵੋਟਰਾਂ ਨਾਲ ਜੋੜਨ ਦੀ ਰਣਨੀਤੀ ਬਣਾਈ ਗਈ। ਜਿਸ ਦੇ ਚੰਗੇ ਨਤੀਜੇ ਆਉਣੇ ਸ਼ੁਰੂ ਹੋ ਗਏ। ਅੱਜ ਕੈਂਪਾਂ ਦੌਰਾਨ ਲੋਕਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।
ਡੀਸੀ ਆਸ਼ਿਕਾ ਜੈਨ ਨੇ ਕਿਹਾ ਕਿ ਗੁਰਦੁਆਰਾ ਸਾਹਿਬਾਨ ’ਚੋਂ ਹੋਣ ਵਾਲੀਆਂ ਅਨਾਊਸਮੈਂਟਾਂ ਦਾ ਸਿੱਖ ਵੋਟਰਾਂ ’ਤੇ ਧਾਰਮਿਕ ਅਤੇ ਅਸਰਦਾਇਕ ਪ੍ਰਭਾਵ ਪੈਂਦਾ ਹੈ। ਸਾਡਾ ਮਕਸਦ ਹਰ ਯੋਗ ਵੋਟਰ ਨੂੰ 29 ਫਰਵਰੀ ਨੂੰ ਖ਼ਤਮ ਹੋਣ ਜਾ ਰਹੀ ਵੋਟਰ ਰਜਿਸਟ੍ਰੇਸ਼ਨ ਮੁਹਿੰਮ ਨਾਲ ਜੋੜਨ ਦੀ ਹਰ ਸੰਭਵ ਕੋਸ਼ਿਸ਼ ਕਰਨਾ ਹੈ। ਉਨ੍ਹਾਂ ਕਿਹਾ ਕਿ ਸਮੂਹ ਐਸਡੀਐਮਜ਼ ਨੂੰ ਰੀਵਾਈਜਿੰਗ ਅਥਾਰਟੀ ਅਫ਼ਸਰ ਨਿਯੁਕਤ ਕੀਤਾ ਗਿਆ ਹੈ ਜਦੋਂਕਿ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਨੂੰ ਸਹਾਇਕ ਰੀਵਾਈਜਿੰਗ ਅਥਾਰਟੀ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਚੀਫ਼ ਕਮਿਸ਼ਨਰ ਗੁਰਦੁਆਰਾ ਚੋਣਾਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵੋਟਰ ਰਜਿਸਟ੍ਰੇਸ਼ਨ ਮੁਹਿੰਮ ਤਹਿਤ ਅਧਿਕਾਰੀਆਂ ਵੱਲੋਂ ਪੇਂਡੂ ਖੇਤਰ ਵਿੱਚ ਪਟਵਾਰੀਆਂ ਅਤੇ ਸ਼ਹਿਰੀ ਖੇਤਰ ਵਿੱਚ ਨਗਰ ਨਿਗਮ ਅਤੇ ਨਗਰ ਕੌਂਸਲਾਂ ਦੇ ਸਹਿਯੋਗ ਨਾਲ ਗੁਰਦੁਆਰਾ ਚੋਣਾਂ ਲਈ ਵੋਟਰ ਰਜਿਸਟ੍ਰੇਸ਼ਨ ਦਾ ਕੰਮ ਵਧੀਆ ਢੰਗ ਨਾਲ ਕੀਤਾ ਜਾ ਰਿਹਾ ਹੈ।
ਇਸ ਤੋਂ ਇਲਾਵਾ ਜੇਕਰ ਕੋਈ ਆਪਣੇ ਤੌਰ ’ਤੇ ਫਾਰਮ ਜਮ੍ਹਾਂ ਕਰਵਾਉਣਾ ਚਾਹੁੰਦਾ ਹੈ ਤਾਂ ਉਹ ਇਸ ਦੀ ਕਾਪੀ ਜ਼ਿਲ੍ਹੇ ਦੀ ਵੈੱਬਸਾਈਟ S1SNagar.nic.in ਤੋਂ ਪ੍ਰਾਪਤ ਕਰ ਸਕਦਾ ਹੈ ਅਤੇ ਧਿਆਨ ਨਾਲ ਦੇਖਣ ਅਤੇ ਭਰਨ ਤੋਂ ਬਾਅਦ ਨਜ਼ਦੀਕੀ ਰੀਵਾਈਜਿੰਗ ਅਥਾਰਟੀ ਅਫ਼ਸਰ ਨੂੰ ਇਸ ਨੂੰ ਜਮ੍ਹਾਂ ਕਰਵਾ ਸਕਦਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਵਿਧਾਨ ਸਭਾ ਅਤੇ ਲੋਕ ਸਭਾ ਚੋਣਾਂ ਦੇ ਉਲਟ, ਗੁਰਦੁਆਰਾ ਚੋਣਾਂ ਦੇ ਪ੍ਰੋਗਰਾਮ ਦੇ ਐਲਾਨ ਤੋਂ ਪਹਿਲਾਂ ਗੁਰਦੁਆਰਾ ਚੋਣਾਂ ਲਈ ਵੋਟਰ ਸੂਚੀ ਨਵੇਂ ਸਿਰੇ ਤੋਂ ਤਿਆਰ ਕਰਨੀ ਹੁੰਦੀ ਹੈ, ਇਸ ਲਈ ਸਾਰੇ ਵੋਟਰਾਂ ਨੂੰ ਨਵੇਂ ਸਿਰੇ ਤੋਂ ਰਜਿਸਟਰ ਕੀਤਾ ਜਾਂਦਾ ਹੈ।

ਮੁਹਾਲੀ ਦੇ ਐਸਡੀਅਮੈ ਚੰਦਰਜੋਤੀ ਸਿੰਘ, ਐਸਡੀਐਮ ਡੇਰਾਬੱਸੀ ਹਿਮਾਂਸ਼ੂ ਗੁਪਤਾ ਅਤੇ ਐਸਡੀਐਮ ਖਰੜ ਗੁਰਮੰਦਰ ਸਿੰਘ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਵੱਲੋਂ ਸਥਾਨਕ ਗੁਰਦੁਆਰਾ ਕਮੇਟੀਆਂ ਨੂੰ ਨਾਲ ਜੋੜਨ ਦੀ ਰਣਨੀਤੀ ਉਲੀਕਣ ਤੋਂ ਬਾਅਦ ਵੋਟਰ ਰਜਿਸਟ੍ਰੇਸ਼ਨ ਮੁਹਿੰਮ ਨੇ ਤੇਜ਼ੀ ਫੜ ਲਈ ਹੈ। ਉਨ੍ਹਾਂ ਅੱਜ ਕੈਂਪ ਦਫ਼ਤਰ ਵਿਖੇ ਐਸ.ਡੀ.ਐਮਜ਼-ਕਮ-ਰਿਵਾਈਜਿੰਗ ਅਥਾਰਟੀ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਵੀ ਕੀਤੀ ਅਤੇ ਉਨ੍ਹਾਂ ਨੂੰ ਗੁਰਦੁਆਰਾ ਬੋਰਡ ਚੋਣਾਂ ਲਈ ਵੱਧ ਤੋਂ ਵੱਧ ਵੋਟਰਾਂ ਨੂੰ ਸ਼ਾਮਲ ਕਰਨ ਲਈ ਵੋਟਰ ਨਾਮਾਂਕਣ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਕਿਹਾ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…