ਜ਼ਿਲ੍ਹਾ ਮੈਜਿਸਟਰੇਟ ਨੇ ਪਟਾਕੇ ਵੇਚਣ ਵਾਲੇ ਏਰੀਆ ਨੂੰ ਨੋ-ਸਮੋਕਿੰਗ ਜੋਨ ਐਲਾਨਿਆ

ਤਿਉਹਾਰਾਂ ਦੌਰਾਨ ਪਟਾਕੇ ਚਲਾਉਣ ਦਾ ਸਮਾਂ ਵੀ ਕੀਤਾ ਨਿਰਧਾਰਿਤ

ਹਸਪਤਾਲਾਂ, ਸਿੱਖਿਆ ਅਦਾਰੇ, ਅਦਾਲਤਾਂ ਸਾਇਲੈਂਸ ਜ਼ੋਨ ਘੋਸ਼ਿਤ, 100 ਮੀਟਰ ਦੇ ਘੇਰੇ ’ਚ ਪਟਾਕੇ ਚਲਾਉਣ ’ਤੇ ਪਾਬੰਦੀ

ਨਬਜ਼-ਏ-ਪੰਜਾਬ, ਮੁਹਾਲੀ, 10 ਨਵੰਬਰ:
ਮੁਹਾਲੀ ਦੇ ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਮੈਜਿਸਟਰੇਟ ਸ੍ਰੀਮਤੀ ਆਸ਼ਿਕਾ ਜੈਨ ਨੇ ਦੀਵਾਲੀ ਅਤੇ ਹੋਰ ਤਿਉਹਾਰਾਂ ਦੇ ਮੱਦੇਨਜ਼ਰ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਲੋਕਹਿੱਤ ਵਿੱਚ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। ਤਾਜ਼ਾ ਹੁਕਮਾਂ ਅਨੁਸਾਰ 12 ਨਵੰਬਰ ਨੂੰ ਦੀਵਾਲੀ ਵਾਲੇ ਦਿਨ ਰਾਤ 8 ਵਜੇ ਤੋਂ ਦੇਰ ਰਾਤ 10 ਵਜੇ ਤੱਕ ਪਟਾਕੇ ਚਲਾਉਣ ਦੀ ਪ੍ਰਵਾਨਗੀ ਹੋਵੇਗੀ। ਇਸੇ ਤਰ੍ਹਾਂ 27 ਨਵੰਬਰ ਨੂੰ ਗੁਰਪੁਰਬ ਵਾਲੇ ਦਿਨ ਸਵੇਰੇ 4 ਵਜੇ ਤੋਂ ਸਵੇਰੇ 5 ਵਜੇ ਤੱਕ ਅਤੇ ਸ਼ਾਮ ਨੂੰ 9 ਵਜੇ ਤੋਂ 10 ਵਜੇ ਤੱਕ ਪਟਾਕੇ ਚਲਾਏ ਜਾ ਸਕਣਗੇ। ਇਸ ਤੋਂ ਇਲਾਵਾ ਕ੍ਰਿਸਮਿਸ ਅਤੇ ਨਵੇਂ ਸਾਲ ਦੀ ਆਮਦ ’ਤੇ ਅੱਧੀ ਰਾਤ ਕਰੀਬ 11:55 ਵਜੇ ਤੋਂ 12:30 ਤੱਕ ਪਟਾਕੇ ਚਲਾਉਣ ਦੀ ਆਗਿਆ ਦਿੱਤੀ ਜਾਵੇਗੀ। ਇਹ ਹੁਕਮ ਅੱਜ ਤੋਂ 1 ਜਨਵਰੀ 2024 ਤੱਕ ਤੁਰੰਤ ਪ੍ਰਭਾਵ ਨਾਲ ਲਾਗੂ ਰਹਿਣਗੇ।
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਅਨੁਸਾਰ ਪ੍ਰਬੰਧਕਾਂ ਵੱਲੋਂ ਤਿਉਹਾਰਾਂ ਨੂੰ ਸਮੂਹਿਕ ਤੌਰ ’ਤੇ ਮਨਾਉਣ ਲਈ ਸਬੰਧਤ ਸਬ ਡਿਵੀਜ਼ਨ ਦੇ ਐਸਡੀਐਮ ਤੋਂ ਪ੍ਰਵਾਨਗੀ ਪ੍ਰਾਪਤ ਕਰਨੀ ਜ਼ਰੂਰੀ ਹੋਵੇਗੀ। ਇਨ੍ਹਾਂ ਦਿਨਾਂ ਦੌਰਾਨ ਮਿਥੀ ਤਰੀਕ ਅਤੇ ਨਿਰਧਾਰਿਤ ਸਮੇਂ ਤੋਂ ਪਹਿਲਾਂ ਜਾਂ ਬਾਅਦ ਵਿੱਚ ਕੋਈ ਵੀ ਵਿਅਕਤੀ ਚਾਇਨੀਜ਼ ਫਾਇਰ ਕਰੈਕਰਜ਼, ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ਨਹੀ ਕਰੇਗਾ। ਇਸ ਤੋਂ ਇਲਾਵਾ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪਟਾਕੇ ਵੇਚਣ ਵਾਲੇ ਏਰੀਆ ਨੂੰ ਨੋ-ਸਮੋਕਿੰਗ ਜ਼ੋਨ ਘੋਸ਼ਿਤ ਕੀਤਾ ਗਿਆ ਹੈ। ਮੁਹਾਲੀ ਨਗਰ ਨਿਗਮ ਸਮੇਤ ਸਮੂਹ ਨਗਰ ਕੌਂਸਲਾਂ ਨੂੰ ਇਨ੍ਹਾਂ ਸਥਾਨਾਂ ਉੱਤੇ ਨੋ-ਸਮੋਕਿੰਗ ਜ਼ੋਨ ਦੇ ਸਾਈਨ ਬੋਰਡ ਲਗਾਉਣ ਦੀ ਹਦਾਇਤ ਕੀਤੀ ਗਈ ਹੈ।
ਹੁਕਮਾਂ ਅਨੁਸਾਰ ਮੁਹਾਲੀ ਜ਼ਿਲ੍ਹੇ ਵਿੱਚ ਸਰਕਾਰੀ, ਪ੍ਰਾਈਵੇਟ ਹਸਪਤਾਲਾਂ, ਨਰਸਿੰਗ ਹੋਮ, ਪ੍ਰਾਇਮਰੀ ਅਤੇ ਜ਼ਿਲ੍ਹਾ ਹੈਲਥ ਕੇਅਰ ਸੈਂਟਰ, ਵਿੱਦਿਅਕ ਅਦਾਰੇ, ਅਦਾਲਤਾਂ ਨੂੰ ਸਾਇਲੈਂਸ ਜ਼ੋਨ ਘੋਸ਼ਿਤ ਕੀਤਾ ਗਿਆ ਹੈ। ਇਨ੍ਹਾਂ ਅਦਾਰਿਆਂ ਦੇ 100 ਮੀਟਰ ਦੇ ਘੇਰੇ ਵਿੱਚ ਪਟਾਕੇ ਚਲਾਉਣ ’ਤੇ ਪਾਬੰਦੀ ਹੋਵੇਗੀ। ਪਟਾਕੇ ਵੇਚਣ ਸਬੰਧੀ ਜਲਨਸ਼ੀਲ ਵੈਲਿਡ ਲਾਇਸੈਂਸ ਹੋਣਾ ਲਾਜ਼ਮੀ ਹੈ। ਪਟਾਕਿਆਂ ਦੀ ਵਿਕਰੀ ਸਿਰਫ਼ ਨਿਰਧਾਰਿਤ ਸਥਾਨਾਂ ’ਤੇ ਹੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…