ਐਸਐਮਓ ’ਤੇ ਹਮਲੇ ਵਿਰੁੱਧ ਸੜਕਾਂ ’ਤੇ ਉਤਰੇ ਡਾਕਟਰ ਤੇ ਸਟਾਫ਼, ਰੋਸ ਮਾਰਚ ਕੀਤਾ

ਸਿਹਤ ਸੰਸਥਾਵਾਂ ਦੇ ਅਫ਼ਸਰਾਂ ਤੇ ਸਟਾਫ਼ ਦੀ ਸੁਰੱਖਿਆ ਯਕੀਨੀ ਬਣਾਏ ਸਰਕਾਰ: ਡਾ. ਐਚਐਸ ਚੀਮਾ

ਨਬਜ਼-ਏ-ਪੰਜਾਬ, ਮੁਹਾਲੀ, 22 ਅਪਰੈਲ:
ਈਐਸਆਈ ਹਸਪਤਾਲ ਹੁਸ਼ਿਆਰਪੁਰ ਦੇ ਐਸਐਮਓ ਡਾ. ਸੁਨੀਲ ਭਗਤ ਅਤੇ ਉਨ੍ਹਾਂ ਦੇ ਪਰਿਵਾਰ ਉੱਤੇ ਮਰੀਜ਼ ਦੇ ਰਿਸ਼ਤੇਦਾਰਾਂ ਵੱਲੋਂ ਕੀਤੇ ਗਏ ਹਮਲੇ ਦੇ ਵਿਰੋਧ ਵਿੱਚ ਡਾਕਟਰ ਅਤੇ ਪੈਰਾ ਮੈਡੀਕਲ ਸਟਾਫ਼ ਸੜਕ ’ਤੇ ਉਤਰ ਆਏ ਹਨ। ਅੱਜ ਇੱਥੋਂ ਦੇ ਫੇਜ਼-6 ਸਥਿਤ ਜ਼ਿਲ੍ਹਾ ਪੱਧਰੀ ਸਰਕਾਰੀ ਹਸਪਤਾਲ ਅਤੇ ਮੈਡੀਕਲ ਕਾਲਜ ਦੇ ਡਾਕਟਰਾਂ ਅਤੇ ਸਟਾਫ਼ ਨੇ ਏਕੇ ਦਾ ਸਬੂਤ ਦਿੰਦੇ ਹੋਏ ਸਾਂਝੇ ਤੌਰ ’ਤੇ ਵਿਸ਼ਾਲ ਰੋਸ ਮਾਰਚ ਕੀਤਾ।
ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ (ਐਸਐਮਓ) ਡਾ. ਐਚ.ਐਸ. ਚੀਮਾ ਨੇ ਕਿਹਾ ਕਿ ਪੀਸੀਐਮਐਸਏ ਅਤੇ ਸਮੁੱਚਾ ਸਿਹਤ ਸਟਾਫ਼ ਡਾ. ਸੁਨੀਲ ਭਗਤ ਅਤੇ ਉਨ੍ਹਾਂ ਦੇ ਪਰਿਵਾਰ ’ਤੇ ਹੋਏ ਹਮਲੇ ਦੀ ਸਖ਼ਤ ਨਿਖੇਧੀ ਕਰਦਾ ਹੈ। ਉਨ੍ਹਾਂ ਐਸਐਮਓ ’ਤੇ ਹਮਲੇ ਦਾ ਗੰਭੀਰ ਨੋਟਿਸ ਲੈਂਦਿਆਂ ਇਸ ਘਟਨਾ ਨੂੰ ਮੰਦਭਾਗਾ ਦੱਸਦਿਆਂ ਪੀੜਤ ਡਾਕਟਰ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਚਟਾਨ ਵਾਂਗ ਖੜੇ ਹੋਣ ਦੀ ਗੱਲ ਕਹੀ। ਉਨ੍ਹਾਂ ਕਿਹਾ ਕਿ ਜੇਕਰ ਮਰੀਜ਼ਾਂ ਦਾ ਇਲਾਜ ਕਰਨ ਵਾਲੇ ਡਾਕਟਰਾਂ ਨੂੰ ਨਿਸ਼ਾਨਾ ਬਣਾਇਆ ਜਾਣਾ ਬਹੁਤ ਗੰਭੀਰ ਚਿੰਤਾ ਦਾ ਵਿਸ਼ਾ ਹੈ। ਇਸ ਘਟਨਾ ਪ੍ਰਤੀ ਸੂਬਾ ਸਰਕਾਰ ਵੱਲੋਂ ਕੀਤੀ ਗਈ ਕਾਰਵਾਈ ਤਸੱਲੀਬਖ਼ਸ਼ ਰਹੀ ਹੈ। ਜਿਸ ਕਾਰਨ ਡਾਕਟਰਾਂ ਅਤੇ ਸਟਾਫ਼ ਪਹਿਲਾਂ ਅਣਮਿੱਥੇ ਸਮੇਂ ਲਈ ਹੜਤਾਲ ’ਤੇ ਜਾਣ ਦੇ ਉਲੀਕੇ ਪ੍ਰੋਗਰਾਮ ਨੂੰ ਰੱਦ ਕਰ ਕੇ ਅੱਜ ਸਿਰਫ਼ ਰੋਸ ਮਾਰਚ ਕਰਕੇ ਘਟਨਾ ਦੀ ਨਿਖੇਧੀ ਕੀਤੀ ਗਈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਡਾਕਟਰਾਂ ਅਤੇ ਸਟਾਫ਼ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਖ਼ਤ ਕਦਮ ਚੁੱਕੇ ਜਾਣ। ਰੋਸ ਮਾਰਚ ਵਿੱਚ ਐਸਐਮਓ ਡਾ. ਵਿਜੈ ਭਗਤ, ਐਮਐਸ ਡਾ. ਨਵਦੀਪ ਸੈਣੀ, ਡਾ. ਪਰਮਿੰਦਰਜੀਤ ਸਿੰਘ ਸੰਧੂ ਅਤੇ ਹੋਰ ਡਾਕਟਰ ਅਤੇ ਸਟਾਫ਼ ਨੇ ਸ਼ਮੂਲੀਅਤ ਕੀਤੀ।

Load More Related Articles
Load More By Nabaz-e-Punjab
Load More In General News

Check Also

ਕਿਸਾਨਾਂ ਵੱਲੋਂ ਖੇਤਾਂ ’ਚੋਂ ਬਿਜਲੀ ਦੀ ਲਾਈਨ ਕੱਢਣ ਦਾ ਵਿਰੋਧ, ਸੰਘਰਸ਼ ਦੀ ਚਿਤਾਵਨੀ

ਕਿਸਾਨਾਂ ਵੱਲੋਂ ਖੇਤਾਂ ’ਚੋਂ ਬਿਜਲੀ ਦੀ ਲਾਈਨ ਕੱਢਣ ਦਾ ਵਿਰੋਧ, ਸੰਘਰਸ਼ ਦੀ ਚਿਤਾਵਨੀ ਕਿਸਾਨ ਯੂਨੀਅਨ ਲੱਖੋਵਾ…