Share on Facebook Share on Twitter Share on Google+ Share on Pinterest Share on Linkedin ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦੇ ਪੁਖ਼ਤਾ ਪ੍ਰਬੰਧ ਕਰੇ ਸਰਕਾਰ: ਭੋਜਰਾਜ ਨਬਜ਼-ਏ-ਪੰਜਾਬ, ਮੁਹਾਲੀ, 3 ਅਪਰੈਲ: ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਭਾਰਤ ਦੇ ਆਗੂ ਅਤੇ ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਦੇ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ ਨੇ ਨਜ਼ਦੀਕੀ ਪਿੰਡ ਭਾਗੋਮਾਜਰਾ ਵਿਖੇ ਜਥੇਬੰਦੀ ਦੇ ਜ਼ਿਲ੍ਹਾ ਮੁਹਾਲੀ ਦੇ ਆਗੂਆਂ ਨਾਲ ਮੀਟਿੰਗ ਕੀਤੀ ਅਤੇ ਹਰਿਆਣਾ ਦੇ ਬਾਰਡਰ ਉੱਤੇ ਚੱਲ ਰਹੇ ਕਿਸਾਨ ਮੋਰਚਿਆਂ ਅਤੇ ਅੰਨਦਾਤਾ ਨੂੰ ਦਰਪੇਸ਼ ਮੁਸ਼ਕਲਾਂ ’ਤੇ ਵਿਚਾਰਾਂ ਕੀਤੀਆਂ। ਕਿਸਾਨ ਆਗੂ ਸੁਖਦੇਵ ਸਿੰਘ ਭੋਜਰਾਜ ਨੇ ਕਿਹਾ ਕਿ ਕੁਝ ਦਿਨਾਂ ਤੱਕ ਕਣਕ ਦੀ ਫ਼ਸਲ ਪੱਕ ਕੇ ਮੰਡੀਆਂ ਵਿੱਚ ਪਹੁੰਚਣੀ ਸ਼ੁਰੂ ਹੋ ਜਾਵੇਗੀ। ਲਿਹਾਜ਼ਾ ਸੂਬੇ ਦੀਆਂ ਅਨਾਜ ਮੰਡੀਆਂ ਅਤੇ ਸੀਜ਼ਨਲ ਖ਼ਰੀਦ ਕੇਂਦਰਾਂ ਵਿੱਚ ਕਣਕ ਦੀ ਸਰਕਾਰੀ ਖ਼ਰੀਦ ਦੇ ਪੁਖ਼ਤਾ ਇੰਤਜ਼ਾਮ ਕੀਤੇ ਜਾਣ। ਕਿਉਂਕਿ ਅਕਸਰ ਦੇਖਣ ਵਿੱਚ ਆਉਂਦਾ ਹੈ ਕਿ ਮੰਡੀਆਂ ਵਿੱਚ ਪੁਖ਼ਤਾ ਪ੍ਰਬੰਧ ਨਾ ਹੋਣ ਕਾਰਨ ਕਿਸਾਨਾਂ ਨੂੰ ਮੰਡੀਆਂ ਵਿੱਚ ਖੱਜਲ-ਖੁਆਰ ਹੋਣਾ ਪੈਂਦਾ ਹੈ ਅਤੇ ਫ਼ਸਲ ਵੀ ਰੁਲਦੀ ਹੈ। ਕਿਸਾਨ ਆਗੂ ਨੇ ਕਿਹਾ ਕਿ ਮੰਡੀਆਂ ਵਿੱਚ ਕਣਕ ਦੀ ਭਰਾਈ ਲਈ ਬਰਦਾਨਾ, ਕਿਸਾਨਾਂ ਲਈ ਪੀਣ ਵਾਲਾ ਪਾਣੀ, ਬਿਜਲੀ, ਬੈਠਣ ਲਈ ਛਾਂਦਾਰ ਜਗ੍ਹਾ, ਆਰਜ਼ੀ ਪਖਾਨਿਆਂ ਅਤੇ ਸਫ਼ਾਈ ਦਾ ਪ੍ਰਬੰਧ ਕੀਤਾ ਜਾਵੇ। ਨਾਪਤੋਲ ਸਬੰਧੀ ਕਿਸਾਨਾਂ ਨੂੰ ਸ਼ੰਕਾ ਦੂਰ ਕਰਨ ਲਈ ਹਰੇਕ ਮੰਡੀ ਵਿੱਚ ਵੱਖਰੇ ਤੌਰ ’ਤੇ ਦੇਸੀ ਕੰਡੇ ਵੀ ਬਣਾਏ ਜਾਣ। ਕਿਸਾਨਾਂ ਨੂੰ 48 ਘੰਟੇ ਦੇ ਅੰਦਰ-ਅੰਦਰ ਫ਼ਸਲ ਦੀ ਅਦਾਇਗੀ ਕਰਨਾ ਯਕੀਨੀ ਬਣਾਇਆ ਜਾਵੇ। ਸੂਬਾ ਜਨਰਲ ਸਕੱਤਰ ਕੰਵਲਜੀਤ ਸਿੰਘ ਖੁਸ਼ਹਾਲਪੁਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਾਰਪੋਰੇਟ ਘਰਾਣਿਆਂ ਦੇ ਅੱਗੇ ਝੁਕਦਿਆਂ 26 ਮਾਰਕੀਟ ਕਮੇਟੀਆਂ ਅਤੇ ਸਰਕਾਰੀ ਮੰਡੀਆਂ ਤੋੜਨ ਵਾਲਾ ਫ਼ੈਸਲਾ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਸੂਬਾ ਜਨਰਲ ਸਕੱਤਰ ਕੰਵਲਜੀਤ ਸਿੰਘ ਖੁਸ਼ਹਾਲਪੁਰ, ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਖਾਸਾਵਾਲਾ, ਜ਼ਿਲ੍ਹਾ ਪ੍ਰਧਾਨ ਮੁਹਾਲੀ ਕੁਲਦੀਪ ਸਿੰਘ ਭਾਗੋਮਾਜਰਾ, ਮੀਤ ਪ੍ਰਧਾਨ ਕੁਲਬੀਰ ਸਿੰਘ ਮੁਹਾਲੀ, ਹਰਪ੍ਰੀਤ ਸਿੰਘ, ਪਰਮਪਾਲ ਸਿੰਘ ਮੇਤਲਾ, ਗੁਰਜੰਟ ਸਿੰਘ ਚਾਓਮਾਜਰਾ, ਨਰਿੰਦਰ ਸਿੰਘ ਸੋਹਾਣਾ ਅਤੇ ਕੁਲਵਿੰਦਰ ਸਿੰਘ ਸੰਤੇਮਾਜਰਾ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ