ਲੋਕਾਂ ਦੀਆਂ ਮੁਸ਼ਕਲਾਂ ਹੱਲ ਕਰਨ ਵਾਲੀ ਸਰਕਾਰ ਖ਼ੁਦ ਮੁਸ਼ਕਲਾਂ ਵਿੱਚ ਘਿਰੀ: ਬਲਵਿੰਦਰ ਕੁੰਭੜਾ

ਦਲਿਤ ਸੰਗਠਨਾਂ ਨੇ ਪੰਜਾਬ ਦੇ ਰਾਜਪਾਲ ਨੂੰ ਵੀ ਲਿਖਿਆ ਪੱਤਰ

ਨਬਜ਼-ਏ-ਪੰਜਾਬ, ਮੁਹਾਲੀ, 27 ਮਾਰਚ:
ਐਸਸੀ\ਬੀਸੀ ਮਹਾਂ ਪੰਚਾਇਤ ਪੰਜਾਬ ਦੇ ਸੀਨੀਅਰ ਆਗੂ ਅਤੇ ਅੱਤਿਆਚਾਰ ਤੇ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਦੇ ਸੂਬਾ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ ਨੇ ਪੰਜਾਬ ਦੀ ਆਪ ਸਰਕਾਰ ਨੂੰ ਦਲਿਤ ਵਿਰੋਧੀ ਦੱਸਦਿਆਂ ਕਿਹਾ ਕਿ ਪਿਛਲੇ ਦੋ ਸਾਲ ਤੋਂ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਲਈ ਸੂਬਾ ਸਰਕਾਰ ਨੂੰ ਕੋਈ ਯੋਗ ਵਿਅਕਤੀ ਨਹੀਂ ਮਿਲ ਰਿਹਾ ਹੈ। ਪੰਜਾਬ ਵਿੱਚ ਸੱਤਾ ਪਰਿਵਰਤਨ ਤੋਂ ਬਾਅਦ ਸਰਕਾਰ ਨੇ ਕਿਸੇ ਦਲਿਤ ਆਗੂ ਜਾਂ ਸੀਨੀਅਰ ਅਫ਼ਸਰ ਨੂੰ ਐਸਸੀ ਕਮਿਸ਼ਨ ਦਾ ਚੇਅਰਮੈਨ ਨਿਯੁਕਤ ਨਹੀਂ ਕੀਤਾ ਹੈ। ਜਿਸ ਕਾਰਨ ਦਲਿਤ ਵਰਗ ਨਾਲ ਧੱਕੇਸ਼ਾਹੀ, ਜਾਤੀ ਵਿਤਕਰਾ ਤੇ ਅਪਮਾਨਿਤ ਹੋਣ ਦੀਆਂ ਘਟਨਾਵਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ।
ਮੁਹਾਲੀ ਦੇ ਫੇਜ਼-7 ਸਥਿਤ ਲਾਲ ਬੱਤੀ ਚੌਕ ਨੇੜੇ ਚੱਲ ਰਹੇ ਰਿਜ਼ਰਵੇਸ਼ਨ ਚੋਰ ਫੜੋ ਪੱਕਾ ਮੋਰਚੇ ਵਾਲੀ ਥਾਂ ਮੀਡੀਆ ਨਾਲ ਗੱਲਬਾਤ ਦੌਰਾਨ ਬਲਵਿੰਦਰ ਸਿੰਘ ਕੁੰਭੜਾ ਨੇ ਕਿਹਾ ਕਿ ‘ਆਪ’ ਸਰਕਾਰ ਨੇ ਜਾਣਬੱੁਝ ਕੇ ਡੂੰਘੀ ਸਾਜ਼ਿਸ਼ ਦੇ ਤਹਿਤ ਪਹਿਲਾਂ ਐਸਸੀ ਕਮਿਸ਼ਨ ਦੇ ਮੈਂਬਰਾਂ ਦੀ ਗਿਣਤੀ ਘਟਾ ਕੇ ਦਲਿਤ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ। ਹੁਣ ਸਰਕਾਰ ਨੇ ਇੱਕ ਕਰੋੜ ਅਨੁਸੂਚਿਤ ਜਾਤੀ ਲੋਕਾਂ ਨੂੰ ਅਣਗੌਲਿਆ ਕਰਦੇ ਹੋਏ ਜਨਰਲ ਕੈਟਾਗਰੀ ਦੇ ਅਧਿਕਾਰੀ ਵੀ.ਕੇ. ਤਿਵਾੜੀ ਨੂੰ ਕਮਿਸ਼ਨ ਦਾ ਕੰਮ ਸੰਭਾਲ ਕੇ ਵੱਡਾ ਧੋਖਾ ਹੈ। ਉਨ੍ਹਾਂ ਕਿਹਾ ਕਿ ਸ਼ਾਇਦ ਸੂਬਾ ਸਰਕਾਰ ਦੀ ਨਜ਼ਰ ਵਿੱਚ ਐਸਸੀ ਵਰਗ ਦਾ ਕੋਈ ਅਧਿਕਾਰੀ ਜਾਂ ਆਗੂ ਇਸ ਅਹੁਦੇ ਦੇ ਕਾਬਿਲ ਨਹੀਂ ਹੈ।
ਉਨ੍ਹਾਂ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਡਾ. ਭੀਮ ਰਾਓ ਅੰਬੇਡਕਰ ਅਤੇ ਸ਼ਹੀਦ ਭਗਤ ਸਿੰਘ ਦੀਆਂ ਫੋਟੋਆਂ ਲਗਾ ਕੇ ਲੋਕਾਂ ਨੂੰ ਗੁਮਰਾਹ ਕੀਤਾ ਜਾ ਰਿਹਾ ਹੈ ਜਦੋਂਕਿ ਸਚਾਈ ਇਹ ਹੈ ਕਿ ‘ਆਪ’ ਸਰਕਾਰ ਵੀ ਪਿਛਲੀਆਂ ਰਵਾਇਤੀ ਪਾਰਟੀ ਦੀਆਂ ਸਰਕਾਰਾਂ ਦੇ ਰਾਹ ਪੈ ਗਈ ਹੈ ਅਤੇ ਇਨਸਾਫ਼ ਲਈ ਲੋਕ ਧਰਨਿਆਂ ’ਤੇ ਬੈਠਣ ਲਈ ਮਜਬੂਰ ਹਨ। ਉਨ੍ਹਾਂ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਤੋਂ ਮੰਗ ਕੀਤੀ ਕਿ ਪ੍ਰਸ਼ਾਸਨਿਕ ਅਧਿਕਾਰੀ ਨੂੰ ਲਾਂਭੇ ਕਰਕੇ ਕਿਸੇ ਯੋਗ ਦਲਿਤ ਆਗੂ ਨੂੰ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਜਾਵੇ ਤਾਂ ਜੋ ਗਰੀਬ ਵਰਗ ਦੇ ਲੋਕਾਂ ਦੀਆਂ ਮੁਸ਼ਕਲਾਂ ਦਾ ਹੱਲ ਹੋ ਸਕੇ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪੰਜਾਬ ਦੇ ਰਾਜਪਾਲ ਨੂੰ ਵੀ ਪੱਤਰ ਲਿਖਿਆ ਗਿਆ ਹੈ।
ਇਸ ਮੌਕੇ ਐਸਸੀ\ਬੀਸੀ ਮਹਾਂ ਪੰਚਾਇਤ ਦੇ ਆਗੂ ਲਖਵੀਰ ਸਿੰਘ ਬਡਾਲਾ ਨੇ ਦਲਿਤ ਸਮਾਜ ਲਾਲ ਸਬੰਧਤ 34 ਵਿਧਾਇਕ ਨੂੰ ਅਪੀਲ ਕੀਤੀ ਕਿ ਉਹ ਆਪਣੀ ਚੁੱਪੀ ਤੋੜ ਕੇ ਭਾਈਚਾਰੇ ਦੀਆਂ ਮੰਗਾਂ ਅਤੇ ਮੁਸ਼ਕਲਾਂ ਹੱਲ ਕਰਵਾਉਣ ਲਈ ਯੋਗ ਪੈਰਵਾਈ ਕਰਨ। ਜੇ ਉਹ ਆਪਣੀ ਜ਼ਿੰਮੇਵਾਰ ਨਹੀਂ ਨਿਭਾ ਸਕਦੇ ਤਾਂ ਅਸਤੀਫ਼ੇ ਦੇ ਕੇ ਘਰ ਬੈਠ ਜਾਣ। ਉਨ੍ਹਾਂ ਮੰਗ ਕੀਤੀ ਕਿ ਐਸਸੀ ਕਮਿਸ਼ਨ ਦੇ ਮੈਂਬਰਾਂ ਦੀ ਗਿਣਤੀ ਘਟਾਉਣ ਦਾ ਫ਼ੈਸਲਾ ਤੁਰੰਤ ਵਾਪਸ ਲਿਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਉਪਰੋਕਤ ਮੰਗਾਂ ਨੂੰ ਜਲਦੀ ਹੱਲ ਨਹੀਂ ਕੀਤਾ ਗਿਆ ਤਾਂ ਲੋਕ ਸਭਾ ਚੋਣਾਂ ਵਿੱਚ ਦਲਿਤ ਭਾਈਚਾਰੇ ਵੱਲੋਂ ‘ਆਪ’ ਉਮੀਦਵਾਰਾਂ ਦਾ ਵਿਰੋਧ ਕੀਤਾ ਜਾਵੇਗਾ। ਇਸ ਮੌਕੇ ਕਰਮਜੀਤ ਸਿੰਘ, ਮੁਖ਼ਤਿਆਰ ਸਿੰਘ ਕਕਰਾਲਾ, ਬਾਪੂ ਹਰਪਾਲ ਸਿੰਘ, ਹਰਮਨਜੀਤ ਸਿੰਘ, ਬਲਜੀਤ ਸਿੰਘ ਸਮੇਤ ਹੋਰ ਆਗੂ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੱਕਾ ਮੋਰਚਾ: ਭੀਮ ਰਾਓ ਯਸ਼ਵੰਤ ਅੰਬੇਡਕਰ ਨੇ ਬੰਦੀ ਸਿੰਘਾਂ ਦੇ ਹੱਕ ’ਚ ਹਾਅ ਦਾ ਨਾਅਰਾ ਮਾਰਿਆ

ਪੱਕਾ ਮੋਰਚਾ: ਭੀਮ ਰਾਓ ਯਸ਼ਵੰਤ ਅੰਬੇਡਕਰ ਨੇ ਬੰਦੀ ਸਿੰਘਾਂ ਦੇ ਹੱਕ ’ਚ ਹਾਅ ਦਾ ਨਾਅਰਾ ਮਾਰਿਆ ਮੁਹਾਲੀ-ਚੰਡੀਗ…