ਸਿਹਤ ਵਿਭਾਗ ਵੱਲੋਂ ਹੁਣ ਪਿੰਡਾਂ ਵਿੱਚ ਡੇਂਗੂ ਵਿਰੋਧੀ ਮੁਹਿੰਮ, ਘਰ-ਘਰ ਜਾ ਕੇ ਸਰਵੇ

ਸਿਹਤ ਵਿਭਾਗ ਦੇ ਯਤਨਾਂ ਨਾਲ ਪਿੰਡ ਕੁੰਭੜਾ ਵਿੱਚ ਪੇਚਸ਼ ਤੇ ਹੈਜ਼ਾ ਕਾਬੂ ਹੇਠ

ਨਬਜ਼-ਏ-ਪੰਜਾਬ, ਮੁਹਾਲੀ, 29 ਜੁਲਾਈ:
ਮੁਹਾਲੀ ਨਗਰ ਨਿਗਮ ਦੇ ਪਿੰਡ ਕੁੰਭੜਾ ਵਿੱਚ ਪੇਚਸ਼ ਅਤੇ ਹੈਜ਼ਾ ਫੈਲਣ ਤੋਂ ਬਾਅਦ ਜ਼ਿਲ੍ਹਾ ਸਿਹਤ ਵਿਭਾਗ ਵੀ ਹਰਕਤ ਵਿੱਚ ਆ ਗਿਆ ਹੈ। ਹਾਲਾਂਕਿ ਕੁੰਭੜਾ ਵਿੱਚ ਸਥਿਤੀ ਕਾਬੂ ਹੇਠ ਆ ਗਈ ਹੈ ਪ੍ਰੰਤੂ ਹੁਣ ਸਿਹਤ ਵਿਭਾਗ ਨੇ ਡੇਂਗੂ ਅਤੇ ਮਲੇਰੀਆ ਦੇ ਖ਼ਾਤਮੇ ਲਈ ਕਮਰ-ਕੱਸ ਲਈ ਹੈ। ਇਸੇ ਦੌਰਾਨ ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਦੇ ਐਸਐਮਓ ਡਾ. ਅਲਕਜੋਤ ਕੌਰ ਦੀ ਅਗਵਾਈ ਹੇਠ ਦਾਰਾ ਸਟੂਡੀਓ ਦੇ ਪਿੱਛੇ ਜੁਝਾਰ ਨਗਰ ਸਮੇਤ ਪਿੰਡ ਤਿਊੜ ਅਤੇ ਸੁਹਾਲੀ ਵਿਖੇ ਡੇਂਗੂ ਅਤੇ ਮਲੇਰੀਆ ਵਿਰੋਧੀ ਮੁਹਿੰਮ ਦਾ ਨਿਰੀਖਣ ਕੀਤਾ ਅਤੇ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ।
ਸਿਹਤ ਵਿਭਾਗ ਦੀ ਟੀਮ ਨੇ ਉਕਤ ਪਿੰਡਾਂ ਵਿੱਚ ਵੱਖ-ਵੱਖ ਘਰਾਂ ਦਾ ਸਰਵੇ ਕਰਕੇ ਉਨ੍ਹਾਂ ਸਾਰੀਆਂ ਥਾਵਾਂ ਦੀ ਜਾਂਚ ਕੀਤੀ ਜਿੱਥੇ ਡੇਂਗੂ ਮੱਛਰ ਦਾ ਲਾਰਵਾ ਪੈਦਾ ਹੋਣ ਦੀ ਸੰਭਾਵਨਾ ਹੁੰਦੀ ਹੈ। ਐਸਐਮਓ ਨੇ ਪਿੰਡ ਵਾਸੀਆਂ ਨੂੰ ਸਾਵਧਾਨ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਡੇਂਗੂ ਜਾਨਲੇਵਾ ਬੁਖ਼ਾਰ ਹੈ, ਜਿਸ ਤੋਂ ਬਚਾਅ ਲਈ ਕਿਸੇ ਵੀ ਥਾਂ ਪਾਣੀ ਖੜਾ ਨਾ ਹੋਣ ਦਿੱਤਾ ਜਾਵੇ। ਜੇਕਰ ਕਿਸੇ ਕਾਰਨ ਡੇਂਗੂ ਬੁਖ਼ਾਰ ਹੋ ਜਾਂਦਾ ਹੈ ਤਾਂ ਘਬਰਾਉਣ ਦੀ ਲੋੜ ਨਹੀਂ। ਮਰੀਜ਼ ਨੂੰ ਤੁਰੰਤ ਸਰਕਾਰੀ ਹਸਪਤਾਲ ਵਿੱਚ ਲਿਆਂਦਾ ਜਾਵੇ, ਜਿੱਥੇ ਡੇਂਗੂ ਦਾ ਟੈੱਸਟ ਅਤੇ ਇਲਾਜ ਬਿਲਕੁਲ ਮੁਫ਼ਤ ਹੈ। ਉਨ੍ਹਾਂ ਕਿਹਾ ਕਿ ਮਰੀਜ਼ ਨੂੰ ਤਰਲ ਪਦਾਰਥਾਂ ਜਿਵੇਂ ਪਾਣੀ, ਜੂਸ, ਨਿੰਬੂ ਪਾਣੀ, ਨਾਰੀਅਲ ਪਾਣੀ ਦਾ ਵੱਧ ਤੋਂ ਵੱਧ ਸੇਵਨ ਅਤੇ ਆਰਾਮ ਕਰਨਾ ਚਾਹੀਦਾ ਹੈ। ਕਿਸੇ ਤਰ੍ਹਾਂ ਦੀ ਜਾਣਕਾਰੀ ਲਈ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਡਾ. ਕਿਰਨਜੀਤ ਕੌਰ, ਗੁਰਮੀਤ ਕੌਰ, ਹੈਲਥ ਸੁਪਰਵਾਈਜ਼ਰ ਭੁਪਿੰਦਰ ਸਿੰਘ ਤੇ ਹੋਰ ਅਧਿਕਾਰੀ ਮੌਜੂਦ ਸਨ।
ਡੇਂਗੂ ਇੱਕ ਬੁਖ਼ਾਰ ਹੈ ਜੋ ਏਡੀਜ਼ ਅਜਿਪਟੀਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਡੇਂਗੂ ਦੇ ਆਮ ਲੱਛਣਾਂ ਵਿੱਚ ਤੇਜ਼ ਸਿਰ ਦਰਦ ਅਤੇ ਤੇਜ਼ ਬੁਖ਼ਾਰ, ਮਾਸਪੇਸ਼ੀਆਂ ਅਤੇ ਜੋੜਾਂ ਵਿੱਚ ਦਰਦ, ਅੱਖ ਦੇ ਪਿਛਲੇ ਹਿੱਸੇ ਵਿੱਚ ਦਰਦ, ਹਾਲਤ ਖ਼ਰਾਬ ਹੋਣ ’ਤੇ ਨੱਕ, ਮੂੰਹ ਅਤੇ ਮਸੂੜ੍ਹਿਆਂ ’ਚੋਂ ਖ਼ੂਨ ਵਗਣਾ, ਜੀ ਕੱਚਾ ਹੋਣਾ ਅਤੇ ਉਲਟੀਆਂ ਆਉਣਾ ਸ਼ਾਮਲ ਹੈ। ਡੇਂਗੂ ਫੈਲਾਉਣ ਵਾਲੇ ਮੱਛਰ ਖੜੇ ਸਾਫ਼ ਪਾਣੀ ਵਿੱਚ ਪਲਦੇ ਹਨ ਜਿਵੇਂ ਕੂਲਰਾਂ, ਪਾਣੀ ਦੀਆਂ ਟੈਂਕੀਆਂ, ਗਮਲਿਆਂ, ਫ਼ਰਿੱਜ ਦੀ ਟਰੇਅ, ਟੁੱਟੇ-ਭੱਜੇ/ਸੁੱਟੇ ਭਾਂਡਿਆਂ ਅਤੇ ਖ਼ਾਲੀ ਟਾਇਰਾਂ ਅਤੇ ਢੋਲਾਂ ਆਦਿ ਵਿੱਚ ਪਾਣੀ ਖੜਾ ਨਾ ਹੋਣ ਦਿੱਤਾ ਜਾਵੇ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…