ਸਫ਼ਾਈ ਸੇਵਕਾਂ ਦੀ ਲੜੀਵਾਰ ਹੜਤਾਲ ਚੌਥੇ ਦਿਨ ’ਚ ਦਾਖ਼ਲ, ਸ਼ਹਿਰ ’ਚ ਗੰਦਗੀ ਫੈਲੀ

ਨਬਜ਼-ਏ-ਪੰਜਾਬ, ਮੁਹਾਲੀ, 13 ਅਪਰੈਲ:
ਮੁਹਾਲੀ ਦੇ ਸਫ਼ਾਈ ਸੇਵਕ ਅਣਮਿੱਥੇ ਸਮੇਂ ਲਈ ਹੜਤਾਲ ’ਤੇ ਜਾਣ ਕਾਰਨ ਸ਼ਹਿਰ ਦੀ ਖ਼ੂਬਸੂਰਤੀ ਨੂੰ ਗ੍ਰਹਿਣ ਲੱਗਣਾ ਸ਼ੁਰੂ ਹੋ ਗਿਆ ਹੈ। ਮਾਰਕੀਟਾਂ ਅਤੇ ਡੰਪਿੰਗ ਪੁਆਇੰਟਾਂ ਦੇ ਬਾਹਰ ਤੱਕ ਗੰਦਗੀ ਫੈਲ ਰਹੀ ਹੈ। ਸਫ਼ਾਈ ਕਰਮਚਾਰੀਆਂ ਦੀ ਹੜਤਾਲ ਚੌਥੇ ਦਿਨ ਵਿੱਚ ਦਾਖ਼ਲ ਹੋ ਗਈ ਹੈ। ਅੱਜ ਇੱਥੋਂ ਦੇ ਫੇਜ਼-9 ਸਥਿਤ ਪੈਟਰੋਲ ਪੰਪ ਨੇੜਲੇ ਪਾਰਕ ਵਿੱਚ ਇਕੱਠੇ ਹੋਏ ਸਫ਼ਾਈ ਸੇਵਕਾਂ ਨੇ ‘ਆਪ’ ਸਰਕਾਰ ਅਤੇ ਨਗਰ ਨਿਗਮ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਮਹਿਲਾ ਸਫ਼ਾਈ ਕਰਮਚਾਰੀਆਂ ਨੇ ਵੀ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਇੱਥੇ ਸਫ਼ਾਈ ਸੇਵਕਾਂ ਨੇ ਆਪਣੀਆਂ ਹੱਕੀ ਮੰਗਾਂ ’ਤੇ ਚਰਚਾ ਕੀਤੀ ਅਤੇ ਡਾ. ਭੀਮ ਰਾਓ ਅੰਬੇਡਕਰ ਦਾ 133ਵਾਂ ਜਨਮ ਦਿਹਾੜਾ ਕੇਕ ਕੱਟ ਕੇ ਮਨਾਇਆ ਅਤੇ ਲੱਡੂ ਵੰਡੇ।
ਇਸ ਮੌਕੇ ਪੰਜਾਬ ਸਫ਼ਾਈ ਮਜ਼ਦੂਰ ਫੈਡਰੇਸ਼ਨ ਦੇ ਸੂਬਾ ਜਨਰਲ ਸਕੱਤਰ ਪਵਨ ਗੋਡਯਾਲ, ਮੋਹਣ ਸਿੰਘ, ਸੋਭਾ ਰਾਮ, ਜਗਬੀਰ ਸਿੰਘ, ਕਲਾਸ ਫੋਰ ਯੂਨੀਅਨ ਦੇ ਆਗੂ ਕ੍ਰਿਸ਼ਨ ਸਿੰਘ, ਚੰਦਨ ਸਿੰਘ, ਗੁਰਪ੍ਰੀਤ ਸਿੰਘ, ਅਨਿਲ ਕੁਮਾਰ, ਰਾਜੂ ਸੰਗੇਲਿਆ, ਬ੍ਰਿਜ ਮੋਹਨ, ਰੌਸ਼ਨ ਲਾਲ ਨੇ ਵੀ ਧਰਨੇ ਨੂੰ ਸੰਬੋਧਨ ਕੀਤਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਸਫ਼ਾਈ ਕਾਮਿਆਂ ਦੀਆਂ ਜਾਇਜ਼ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉਦੋਂ ਤੱਕ ਲੜੀਵਾਰ ਹੜਤਾਲ ਜਾਰੀ ਰਹੇਗੀ।
ਉਨ੍ਹਾਂ ਕਿਹਾ ਕਿ ਨਗਰ ਨਿਗਮ ਵੱਲੋਂ ਦੋ ਪਬਲਿਕ ਪਖਾਨਿਆਂ ’ਤੇ ਤਾਇਨਾਤ 200 ਸਫ਼ਾਈ ਸੇਵਕਾਂ ਨੂੰ ਫਾਰਗ ਕਰਕੇ ਉਨ੍ਹਾਂ ਨੂੰ ਬੇਰੁਜ਼ਗਾਰੀ ਦੀ ਭੱਠੀ ਵਿੱਚ ਝੋਕਿਆ ਜਾ ਰਿਹਾ ਹੈ। ਇਸ ਕਾਰਵਾਈ ਨਾਲ ਪੀੜਤ ਕਰਮਚਾਰੀਆਂ ਅਤੇ ਪਰਿਵਾਰ ਸੜਕਾਂ ’ਤੇ ਆ ਗਏ ਹਨ। ਉਨ੍ਹਾਂ ਕਿਹਾ ਕਿ ਮੇਅਰ ਅਤੇ ਕਮਿਸ਼ਨਰ ਵੱਲੋਂ ਅਨੇਕਾਂ ਵਾਰ ਸਫ਼ਾਈ ਸੇਵਕਾਂ ਦੀਆਂ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਗਿਆ ਹੈ ਪ੍ਰੰਤੂ ਹੁਣ ਤੱਕ ਕੋਈ ਮੰਗ ਪੂਰੀ ਨਹੀਂ ਹੋਈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਨਗਰ ਨਿਗਮ ਦੀ ਇਸ ਧੱਕੇਸ਼ਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਆਉਂਦੇ ਦਿਨਾਂ ਵਿੱਚ ਗੁਪਤ ਐਕਸ਼ਨ ਕੀਤੇ ਜਾਣਗੇ।

Load More Related Articles
Load More By Nabaz-e-Punjab
Load More In General News

Check Also

ਗੁਰੂ ਤੇਗ ਬਹਾਦਰ ਦਾ 403ਵਾਂ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਗੁਰੂ ਤੇਗ ਬਹਾਦਰ ਦਾ 403ਵਾਂ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 29 ਅਪਰੈਲ: ਇੱਥੋਂ ਦ…