Share on Facebook Share on Twitter Share on Google+ Share on Pinterest Share on Linkedin ਪਿੰਡਾਂ ਵਿੱਚ ਅਣਅਧਿਕਾਰਤ ਕਲੋਨੀਆਂ ’ਤੇ ਚੱਲਿਆ ਗਮਾਡਾ ਦਾ ਪੀਲਾ ਪੰਜਾ ਗਮਾਡਾ ਨੇ ਪਿੰਡ ਝਾਂਮਪੁਰ ਤੇ ਬਹਿਲੋਲਪੁਰ ਵਿੱਚ ਅਣਅਧਿਕਾਰਤ ਕਲੋਨੀਆਂ ’ਚ ਉਸਾਰੀਆਂ ਢਾਹੀਆਂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਮਾਰਚ: ਗਮਾਡਾ ਦੀ ਵਿਸ਼ੇਸ਼ ਟੀਮ ਨੇ ਮੰਗਲਵਾਰ ਨੂੰ ਮੁਹਾਲੀ ਨੇੜਲੇ ਪੈਰੀਫੈਰੀ ਏਰੀਆ ਵਿੱਚ ਨਿਯਮਾਂ ਨੂੰ ਛਿੱਕੇ ’ਤੇ ਟੰਗ ਕੇ ਉਸਾਰੀਆਂ ਜਾ ਰਹੀਆਂ ਨਾਜਾਇਜ਼ ਕਲੋਨੀਆਂ ਦੇ ਖ਼ਿਲਾਫ਼ ਸ਼ਿਕੰਜਾ ਕੱਸ ਦਿੱਤਾ ਹੈ। ਗਮਾਡਾ ਦੇ ਐਸਡੀਓ ਹਰਪ੍ਰੀਤ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਅੱਜ ਮੁਹਾਲੀ ਦੀ ਜੂਹ ਵਿੱਚ ਪਿੰਡ ਝਾਂਮਪੁਰ ਅਤੇ ਪਿੰਡ ਬਹਿਲੋਲਪੁਰ ਵਿੱਚ ਅਣਅਧਿਕਾਰਤ ਕਲੋਨੀਆਂ ਵਿੱਚ ਕੀਤੀਆਂ ਜਾ ਰਹੀਆਂ ਨਾਜਾਇਜ਼ ਉਸਾਰੀਆਂ ਨੂੰ ਤਹਿਸ ਨਹਿਸ ਕੀਤਾ ਗਿਆ। ਗਮਾਡਾ ਦੇ ਨਾਜਾਇਜ਼ ਕਬਜ਼ਾ ਹਟਾਓ ਦਸਤੇ ਨੇ ਜੇਸੀਬੀ ਮਸ਼ੀਨ ਨਾਲ ਝਾਂਮਪੁਰ ਅਤੇ ਬਹਿਲੋਲਪੁਰ ਵਿੱਚ ਨਾਜਾਇਜ਼ ਉਸਾਰੀਆਂ ਨੂੰ ਢਾਹ ਦਿੱਤਾ ਗਿਆ। ਇਸ ਦੌਰਾਨ ਪਿੰਡ ਬਹਿਲੋਲਪੁਰ ਵਿੱਚ ਕੁਝ ਵਿਅਕਤੀਆਂ ਨੇ ਗਮਾਡਾ ਦੀ ਇਸ ਕਾਰਵਾਈ ਦਾ ਵਿਰੋਧ ਕਰਦਿਆਂ ਰਸਤੇ ਵਿੱਚ ਆਪਣੀਆਂ ਗੱਡੀਆਂ ਖੜੀਆਂ ਕਰਕੇ ਵਿਘਨ ਪਾਇਆ ਗਿਆ। ਵਿਰੋਧ ਕਰਨ ਵਾਲੇ ਵਿਅਕਤੀ ਅਣਅਧਿਕਾਰਤ ਕਲੋਨੀਆਂ ਕੱਟਣ ਵਾਲੇ ਕਲੋਨਾਈਜਰ ਦੱਸੇ ਜਾ ਰਹੇ ਹਨ। ਮੌਕੇ ਦੀ ਨਜ਼ਾਕਤ ਨੂੰ ਦੇਖਦੇ ਹੋਏ ਗਮਾਡਾ ਦੀ ਟੀਮ ਨੇ ਇੱਥੇ ਆਪਣੀ ਕਾਰਵਾਈ ਨੂੰ ਅੱਧ ਵਿਚਕਾਰ ਰੋਕ ਉੱਥੋਂ ਵਾਪਸ ਪਰਤਣਾ ਠੀਕ ਸਮਝਿਆ। ਇਸ ਉਪਰੰਤ ਗਮਾਡਾ ਦੀ ਟੀਮ ਨੇ ਨੇੜਲੇ ਪਿੰਡ ਝਾਂਮਪੁਰ ਵਿੱਚ ਨਾਜਾਇਜ਼ ਉਸਾਰੀਆਂ ਢਾਹੁਣ ਦੀ ਕਾਰਵਾਈ ਨੂੰ ਅੰਜਾਮ ਦਿੱਤਾ ਅਤੇ ਇੱਥੇ ਬਿਨਾਂ ਕਿਸੇ ਰੋਕ ਟੋਕ ਤੋਂ ਕਾਫੀ ਨਾਜਾਇਜ਼ ਉਸਾਰੀਆਂ ਢਾਹੀਆਂ ਗਈਆਂ। ਗਮਾਡਾ ਦੇ ਰੈਗੂਲੇਟਰੀ ਬਰਾਂਚ ਦੇ ਐਸਡੀਓ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਗਮਾਡਾ ਦੀ ਟੀਮ ਵੱਲੋਂ ਅੱਜ ਨਜ਼ਦੀਕੀ ਪਿੰਡ ਝਾਂਮਪੁਰ ਅਤੇ ਪਿੰਡ ਬਹਿਲੋਲਪੁਰ ਵਿੱਚ ਅਣਅਧਿਕਾਰਤ ਕਲੋਨੀਆਂ ਵਿੱਚ ਧੜੱਲੇ ਨਾਲ ਕੀਤੀਆਂ ਹੋ ਰਹੀਆਂ ਉਸਾਰੀਆਂ ਨੂੰ ਢਾਹਿਆ ਗਿਆ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਇਹ ਕਾਰਵਾਈ ਨਿਰੰਤਰ ਜਾਰੀ ਰਹੇਗੀ। ਪਿੰਡ ਬਹਿਲੋਲਪੁਰ ਵਿੱਚ ਅਣਅਧਿਕਾਰਤ ਕਲੋਨਾਈਜ਼ਰਾਂ ਵੱਲੋਂ ਰਸਤੇ ਵਿੱਚ ਆਪਣੀਆਂ ਗੱਡੀ ਖੜੀਆਂ ਕਰਕੇ ਕਾਰਵਾਈ ਵਿੱਚ ਵਿਘਨ ਪਾਉਣ ਦੀ ਪੁਸ਼ਟੀ ਕਰਦਿਆਂ ਗਮਾਡਾ ਅਧਿਕਾਰੀ ਨੇ ਕਿਹਾ ਕਿ ਰਸਤਾ ਬੰਦ ਹੋਣ ਕਾਰਨ ਅੱਜ ਗਮਾਡਾ ਦੀ ਟੀਮ ਉੱਥੋਂ ਵਾਪਸ ਆ ਗਈ ਪ੍ਰੰਤੂ ਭਲਕੇ ਬੁੱਧਵਾਰ ਨੂੰ ਗਮਾਡਾ ਵੱਲੋਂ ਪੁਲੀਸ ਦੀ ਮਦਦ ਨਾਲ ਬਹਿਲੋਲਪੁਰ ਵਿੱਚ ਨਾਜਾਇਜ਼ ਉਸਾਰੀਆਂ ਢਾਹੀਆਂ ਜਾਣਗੀਆਂ। (ਬਾਕਸ ਆਈਟਮ) ਸਮਾਜ ਸੇਵੀ ਸੰਸਥਾ ਪ੍ਰਣ ਸੰਗਠਨ ਦੇ ਸੂਬਾ ਪ੍ਰਧਾਨ ਕੇਵਲ ਕ੍ਰਿਸ਼ਨ ਸ਼ਰਮਾ ਨੇ ਮੁਹਾਲੀ ਵਿੱਚ ਕਾਰਜਕਾਰੀ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਇਕ ਮੰਗ ਪੱਤਰ ਸੌਂਪਦਿਆਂ ਮੁਹਾਲੀ ਸਮੇਤ ਜ਼ੀਰਕਪੁਰ ਅਤੇ ਆਸਪਾਸ ਇਲਾਕੇ ਚੱਲ ਰਹੇ ਹੋਟਲਾਂ ਅਤੇ ਢਾਂਬਿਆਂ ਵੱਲੋਂ ਕੀਤੀਆਂ ਨਾਜਾਇਜ਼ ਉਸਾਰੀਆਂ ਅਤੇ ਨਾਜਾਇਜ਼ ਕਬਜ਼ਿਆਂ ਸਬੰਧੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਜਾਂਚ ਦੌਰਾਨ ਜੇਕਰ ਸਬੰਧਤ ਵਿਭਾਗ ਦੇ ਅਧਿਕਾਰੀਆਂ ਦੀ ਮਿਲੀਭੁਗਤ ਸਾਹਮਣੇ ਆਉਂਦੀ ਹੈ ਤਾਂ ਉਨ੍ਹਾਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕੀਤਾ ਜਾਵੇ ਅਤੇ ਸਾਰੇ ਨਾਜਾਇਜ਼ ਕਬਜ਼ੇ ਅਤੇ ਗੈਰਕਾਨੂੰਨੀ ਉਸਾਰੀਆਂ ਢਾਹੀਆਂ ਜਾਣ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ