ਮੁਹਾਲੀ ਪੁਲੀਸ ਵੱਲੋਂ ਵਾਹਨ ਚੋਰ ਗਰੋਹ ਦਾ ਪਰਦਾਫਾਸ਼, ਤਿੰਨ ਮੁਲਜ਼ਮ ਗ੍ਰਿਫ਼ਤਾਰ

ਮੁਲਜ਼ਮਾਂ ਦੀ ਨਿਸ਼ਾਨਦੇਹੀ ’ਤੇ ਦੋ ਮੋਟਰ ਸਾਈਕਲਾਂ ਸਣੇ ਚੋਰੀ ਦੇ 11 ਐਕਟਿਵਾ ਸਕੂਟਰ ਬਰਾਮਦ

ਨਬਜ਼-ਏ-ਪੰਜਾਬ, ਮੁਹਾਲੀ, 25 ਅਪਰੈਲ:
ਮੁਹਾਲੀ ਪੁਲੀਸ ਨੇ ਵਾਹਨ ਚੋਰ ਗਰੋਹ ਦਾ ਪਰਦਾਫਾਸ਼ ਕਰਦਿਆਂ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਮੁਲਜ਼ਮਾਂ ਦੀ ਨਿਸ਼ਾਨਦੇਹੀ ’ਤੇ ਚੋਰੀ ਦੇ 11 ਐਕਟਿਵਾ ਸਕੂਟਰ ਅਤੇ 2 ਮੋਟਰ ਸਾਈਕਲ ਬਰਾਮਦ ਕੀਤੇ ਗਏ ਹਨ। ਇਸ ਗੱਲ ਦਾ ਖ਼ੁਲਾਸਾ ਅੱਜ ਇੱਥੇ ਮੁਹਾਲੀ ਦੇ ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਉਕਤ ਵਿਅਕਤੀ ਪਿਛਲੇ ਕਾਫ਼ੀ ਸਮੇਂ ਤੋਂ ਇਸ ਖੇਤਰ ਵਿੱਚ ਸਕੂਟਰ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਸਨ। ਸੋਹਾਣਾ ਥਾਣਾ ਦੇ ਐਸਐਚਓ ਜਸਪ੍ਰੀਤ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਹੈ।
ਡੀਐਸਪੀ ਬੱਲ ਨੇ ਦੱਸਿਆ ਕਿ ਬੀਤੀ 17 ਅਪਰੈਲ ਨੂੰ ਰਿੰਪਲਦੀਪ ਕੌਰ ਵਾਸੀ ਪਿੰਡ ਜੋਗੀ ਚੀਮਾ, ਜ਼ਿਲ੍ਹਾ ਗੁਰਦਾਸਪੁਰ (ਹਾਲ ਵਾਸੀ ਫੇਜ਼-5) ਦੀ ਸ਼ਿਕਾਇਤ ’ਤੇ ਉਸ ਦਾ ਐਕਟਿਵਾ ਸਕੂਟਰ ਚੋਰੀ ਹੋਣ ਸਬੰਧੀ ਧਾਰਾ 379 ਤਹਿਤ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਸੀ। ਉਨ੍ਹਾਂ ਦੱਸਿਆ ਕਿ ਏਐਸਆਈ ਸ਼ੀਸ਼ਪਾਲ ਤੇ ਹੋਰ ਪੁਲੀਸ ਮੁਲਾਜ਼ਮ ਹਾਊਸਫੈੱਡ ਕੰਪਲੈਕਸ ਸੈਕਟਰ-85 ਨੇੜੇ ਨਾਕਾਬੰਦੀ ਕਰਕੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਚੈਕਿੰਗ ਕਰ ਰਹੇ ਸੀ। ਇਸ ਦੌਰਾਨ ਪੁਲੀਸ ਨੇ ਸਾਗਰ ਉਰਫ਼ ਸੈਣੀ ਵਾਸੀ ਈ-ਬਲਾਕ, ਕਮਾਂਡੋ ਕੰਪਲੈਕਸ ਫੇਜ਼-11 ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ’ਚੋਂ ਚੋਰੀ ਦੇ 9 ਐਕਟਿਵਾ ਸਕੂਟਰ ਬਰਾਮਦ ਕੀਤੇ ਗਏ।
ਡੀਐਸਪੀ ਨੇ ਦੱਸਿਆ ਕਿ ਮੁਲਜ਼ਮ ਸਾਗਰ ਦੀ ਪੁੱਛਗਿੱਛ ਦੌਰਾਨ ਉਸਨੇ ਆਪਣੇ ਦੋ ਹੋਰ ਸਹਿਯੋਗੀਆਂ ਬਾਰੇ ਜਾਣਕਾਰੀ ਦਿੱਤੀ। ਇਸ ਤਰ੍ਹਾਂ ਪੁਲੀਸ ਨੇ ਅੰਕੁਸ਼ ਵਾਸੀ ਫੇਜ਼-11 ਅਤੇ ਗੁਰਪ੍ਰਤਾਪ ਸਿੰਘ ਉਰਫ਼ ਮੋਹਿਤ ਵਾਸੀ ਪੰਜਾਬ ਮੰਡੀ ਬੋਰਡ ਕਲੋਨੀ ਸੈਕਟਰ-66 ਨੂੰ ਇਸ ਮਾਮਲੇ ਵਿੱਚ ਨਾਮਜ਼ਦ ਕਰਕੇ ਉਨ੍ਹਾਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੋਵਾਂ ਤੋਂ ਵੀ ਪੁਲੀਸ ਨੇ ਦੋ ਐਕਟਿਵਾ ਸਕੂਟਰ ਬਰਾਮਦ ਕੀਤੇ ਹਨ। ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਚੋਰੀ ਵਾਹਨਾਂ ਬਾਰੇ ਹੋਰ ਅਹਿਮ ਸੁਰਾਗ ਮਿਲਣ ਦੀ ਸੰਭਾਵਨਾ ਹੈ।

Load More Related Articles
Load More By Nabaz-e-Punjab
Load More In General News

Check Also

ਭਾਜਪਾ ਨੂੰ ਸੱਤਾ ਤੋਂ ਲਾਂਭੇ ਕਰਨ ਅਤੇ ‘ਆਪ’ ਸਰਕਾਰ ਨੂੰ ਚੋਣਾਂ ਵਿੱਚ ਸਬਕ ਸਿਖਾਉਣ ਦਾ ਮਤਾ ਪਾਸ

ਭਾਜਪਾ ਨੂੰ ਸੱਤਾ ਤੋਂ ਲਾਂਭੇ ਕਰਨ ਅਤੇ ‘ਆਪ’ ਸਰਕਾਰ ਨੂੰ ਚੋਣਾਂ ਵਿੱਚ ਸਬਕ ਸਿਖਾਉਣ ਦਾ ਮਤਾ ਪਾਸ ਨਬਜ਼-ਏ-ਪੰਜ…