Nabaz-e-punjab.com

ਡੀਸੀ ਗਿਰੀਸ਼ ਦਿਆਲਨ ਵੱਲੋਂ ਘੱਗਰ ਦਰਿਆ ਦੀਆਂ ਸੰਵੇਦਨਸ਼ੀਲ ਥਾਵਾਂ ਦਾ ਦੌਰਾ

ਨਬਜ਼-ਏ-ਪੰਜਾਬ ਬਿਊਰੋ, ਡੇਰਾਬੱਸੀ, 16 ਜੁਲਾਈ:
ਘੱਗਰ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਅੱਜ ਹੋਰ ਅਧਿਕਾਰੀਆਂ ਨਾਲ ਜ਼ਿਲ੍ਹੇ ਵਿੱਚ ਪੈਂਦੀਆਂ ਦਰਿਆ ਦੀਆਂ ਨਾਜ਼ੁਕ ਥਾਵਾਂ ਦਾ ਦੌਰਾ ਕੀਤਾ ਅਤੇ ਅਧਿਕਾਰੀਆਂ ਨੂੰ ਆਦੇਸ਼ ਦਿੱਤਾ ਕਿ ਉਹ ਬਰਸਾਤ ਦੇ ਮੌਸਮ ਨੂੰ ਦੇਖਦਿਆਂ ਦਰਿਆ ਦੇ ਕਿਨਾਰਿਆਂ ਨੂੰ ਮਜ਼ਬੂਤ ਕਰਨ। ਆਪਣੇ ਇਸ ਦੌਰੇ ਦੌਰਾਨ ਉਨ੍ਹਾਂ ਪੰਚਕੂਲਾ ਤੋਂ ਲੈ ਕੇ ਡੇਰਾਬੱਸੀ ਵਿੱਚ ਪੈਂਦੇ ਪਿੰਡ ਭਾਂਖਰਪੁਰ, ਟਿਵਾਣਾ ਅਤੇ ਨਗਲਾ ਵਿੱਚ ਦਰਿਆ ਦੇ ਕਿਨਾਰੇ ਦੇਖੇ ਅਤੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਹੜ੍ਹ ਰੋਕੂ ਪ੍ਰਬੰਧ ਮੁਕੰਮਲ ਕਰਨ ਅਤੇ ਅਧਿਕਾਰੀ ਆਪਸ ਵਿੱਚ ਤਾਲਮੇਲ ਰੱਖਣ। ਉਨ੍ਹਾਂ ਆਦੇਸ਼ ਦਿੱਤਾ ਕਿ ਬਰਸਾਤ ਦੇ ਮੌਸਮ ਵਿੱਚ ਨੁਕਸਾਨ ਨੂੰ ਘੱਟ ਤੋਂ ਘੱਟ ਕਰਨ ਲਈ ਹੜ੍ਹਾਂ ਦੀ ਸੰਭਾਵਨਾ ਵਾਲੇ ਇਲਾਕਿਆਂ ਵਿੱਚ ਦਰਿਆ ਦੇ ਕਿਨਾਰਿਆਂ ਨੂੰ ਮਜ਼ਬੂਤ ਕੀਤਾ ਜਾਵੇ।
ਡੀਸੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਇਹ ਗੱਲ ਯਕੀਨੀ ਬਣਾਉਣ ਕਿ ਬਰਸਾਤ ਦੌਰਾਨ ਪਿੰਡਾਂ ਦੇ ਵਾਸੀਆਂ ਨੂੰ ਕੋਈ ਦਿੱਕਤ ਨਾ ਆਵੇ। ਉਨ੍ਹਾਂ ਪਿੰਡਾਂ ਦੇ ਲੋਕਾਂ ਨਾਲ ਵੀ ਗੱਲਬਾਤ ਕੀਤੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰੇ ਸਹਿਯੋਗ ਦਾ ਯਕੀਨ ਦਿਵਾਇਆ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਹੜ੍ਹਾਂ ਦੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਵਿਆਪਕ ਪ੍ਰਬੰਧ ਕੀਤੇ ਹਨ ਅਤੇ ਲੋੜ ਪੈਣ ਉਤੇ ਲੋਕਾਂ ਨੂੰ ਸੁਰੱਖਿਅਤ ਥਾਵਾਂ ਉਤੇ ਤਬਦੀਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹੜ੍ਹ ਕੰਟਰੋਲ ਰੂਮ ਪੂਰੀ ਤਰ੍ਹਾਂ ਕਾਰਜਸ਼ੀਲ ਹੈ ਅਤੇ ਪਟਵਾਰੀਆਂ ਤੇ ਹੋਰ ਅਧਿਕਾਰੀਆਂ ਨੂੰ ਚੌਕਸ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਚਕੂਲਾ ਜ਼ਿਲ੍ਹਾ ਪ੍ਰਸ਼ਾਸਨ ਅਤੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਕਿਹਾ ਗਿਆ ਹੈ ਕਿ ਘੱਗਰ ਤੇ ਸੁਖਨਾ ਚੋਅ ਵਿੱਚ ਪਾਣੀ ਛੱਡਣ ਬਾਰੇ ਅਗਾਊਂ ਸੂਚਨਾ ਦਿੱਤੀ ਜਾਵੇ ਤਾਂ ਜੋ ਕਿਸੇ ਅਸੁਖਾਵੀਂ ਸਥਿਤੀ ਨਾਲ ਸਮਾਂ ਰਹਿੰਦਿਆਂ ਨਜਿੱਠਿਆ ਜਾ ਸਕੇ।
ਬਾਅਦ ਵਿੱਚ ਪਟਿਆਲਾ ਦੇ ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਸ੍ਰੀ ਦਿਆਲਨ ਨਾਲ ਮਿਲ ਕੇ ਸਾਂਝੇ ਤੌਰ ਉੱਤੇ ਘੱਗਰ ਦਰਿਆ ਦਾ ਦੌਰਾ ਕੀਤਾ। ਉਨ੍ਹਾਂ ਉਹ ਸੰਵੇਦਨਸ਼ੀਲ ਥਾਵਾਂ ਦੇਖੀਆਂ, ਜਿੱਥੋਂ ਦਰਿਆ ਦੇ ਕਿਨਾਰੇ ਟੁੱਟ ਸਕਦੇ ਹਨ। ਇਸ ਦੌਰੇ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਸਾਕਸ਼ੀ ਸਾਹਨੀ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਦੀਪ ਸਿੰਘ ਬੈਂਸ, ਮੁਹਾਲੀ ਦੇ ਐਸਡੀਐਮ ਜਗਦੀਪ ਸਹਿਗਲ, ਡੇਰਾਬੱਸੀ ਦੀ ਐਸਡੀਐਮ ਸ੍ਰੀਮਤੀ ਪੂਜਾ ਸਿਆਲ, ਜ਼ਿਲ੍ਹਾ ਮਾਲ ਅਫ਼ਸਰ ਗੁਰਦੀਪ ਬੈਨੀਪਾਲ ਅਤੇ ਡਰੇਨੇਜ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…